74ਵੇਂ ਅਜਾਦੀ ਦਿਹਾੜੇ ਮੌਕੇ ਡੀ.ਏ.ਸੀ. ਵਿਖੇ ਜਿਲ੍ਹਾ ਪੱਧਰੀ ਸਮਾਗਮ-ਡਿਪਟੀ ਕਮਿਸ਼ਨਰ ਨੇ ਲਹਿਰਾਇਆ ਤਿਰੰਗਾ
'ਨਸ਼ਾ ਮੁਕਤ ਭਾਰਤ' ਮੁਹਿੰਮ ਦੀ ਵੀ ਕੀਤੀ ਸ਼ੁਰੂਆਤ
ਕਪੂਰਥਲਾ, 15 ਅਗਸਤ 2020: ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ ਕਿਹਾ ਹੈ ਕਿ ਪੰਜਾਬ ਦੇ ਲੋਕਾਂ ਨੇ ਹਮੇਸ਼ਾ ਔਖੀ ਘੜੀ ਵਿਚ ਦੇਸ਼ ਦੀ ਅਗਵਾਈ ਕੀਤੀ ਹੈ ਅਤੇ ਆਜਾਦੀ ਦੀ ਲੜਾਈ ਵਾਂਗ ਕਰੋਨਾ ਵਿਰੁੱਧ ਜੰਗ ਵਿਚ ਵੀ ਪੰਜਾਬ ਦੇ ਲੋਕ ਜੇਤੂ ਹੋ ਕੇ ਨਿਕਲਣਗੇ।
ਅੱਜ ਇੱਥੇ ਜਿਲ੍ਹਾ ਪ੍ਰਸ਼ਾਸ਼ਕੀ ਕੰਪਲੈਕਸ ਵਿਖੇ 74ਵੇਂ ਆਜਾਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਗਏ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਨੇ ਕੌਮੀ ਝੰਡੇ ਨੂੰ ਲਹਿਰਾਉਣ ਦੀ ਰਸਮ ਅਦਾ ਕੀਤੀ। ਆਪਣੇ ਸੰਬੋਧਨ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਹ ਆਸਵੰਦ ਹਨ ਕਿ ਜਿਸ ਹੌਂਸਲੇ ਅਤੇ ਹਿੰਮਤ ਨਾਲ ਅਸੀਂ ਆਜ਼ਾਦੀ ਦੀ ਜੰਗ ਜਿੱਤੀ ਸੀ, ਉਸੇ ਤਰ੍ਹਾਂ ਕਰੋਨਾ ਨੂੰ ਵੀ ਜਲਦ ਹੀ ਹਰਾ ਦੇਵਾਂਗੇ।
ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਮਾਣ ਹੈ ਕਿ ਉਨ੍ਹਾਂ ਨੂੰ ਪੰਜਾਬ ਦਾ ਪੈਰਿਸ ਕਹੀ ਜਾਂਦੀ ਧਰਤੀ 'ਤੇ ਕੌਮੀ ਝੰਡਾ ਲਹਿਰਾਉਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਦੇਸ਼ ਦੀ ਅਜਾਦੀ ਦੀ ਲੜਾਈ ਵਿਚ ਪੰਜਾਬ ਦੇ ਸੂਰਬੀਰਾਂ ਵਲੋਂ ਪਾਏ ਯੋਗਦਾਨ ਨੂੰ ਯਾਦ ਕਰਦਿਆਂ ਕਿਹਾ ਕਿ ਵੱਖ-ਵੱਖ ਲਹਿਰਾਂ ਅਤੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ, ਸਰਦਾਰ ਕਰਤਾਰ ਸਿੰਘ ਸਰਾਭਾ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਦੀਵਾਨ ਸਿੰਘ ਕਾਲੇਪਾਣੀ, ਸ਼ਹੀਦ ਊਧਮ ਸਿੰਘ ਅਤੇ ਹੋਰ ਆਜ਼ਾਦੀ ਘੁਲਾਟੀਆਂ ਵੱਲੋਂ ਸਮੇਂ-ਸਮੇਂ 'ਤੇ ਆਰੰਭੇ ਗਏ ਸੰਘਰਸ਼ਾਂ ਕਾਰਣ ਹੀ ਅੱਜ ਅਸੀਂ ਆਜ਼ਾਦ ਮੁਲਕ ਦੇ ਵਾਸੀ ਹਾਂ।
ਉਨਾਂ ਕਿਹਾ ਕਿ ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਘਰਸ਼ ਦੌਰਾਨ ਪੰਜਾਬੀਆਂ ਦੀਆਂ ਕੁਰਬਾਨੀਆਂ ਸਭ ਤੋਂ ਜ਼ਿਆਦਾ ਰਹੀਆਂ ਅਤੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਸ਼ਹੀਦ ਹੋਏ ਕੁੱਲ ਆਜ਼ਾਦੀ ਘੁਲਾਟੀਆਂ ਵਿਚ 80 ਫੀਸਦੀ ਦੇ ਕਰੀਬ ਯੋਗਦਾਨ ਪੰਜਾਬੀਆਂ ਦਾ ਰਿਹਾ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਪੂਰਥਲਾ ਦੇ ਵਿਕਾਸ ਵੱਲ ਵਿਸ਼ੇਸ਼ ਤਵੱਜੋਂ ਦਿੱਤੀ ਜਾ ਰਹੀ ਹੈ, ਜਿਸ ਤਹਿਤ ਕਪੂਰਥਲਾ ਵਿਖੇ ਜਿੱਥੇ ਸਿੱਧਵਾਂ ਦੋਨਾ ਵਿਖੇ 11 ਲੱਖ ਰੁਪਏ ਨਾਲ ਸਮਾਰਟ ਸਕੂਲ ਦਾ ਉਦਘਾਟਨ ਕੀਤਾ ਗਿਆ ਹੈ , ਉਥੇ ਹੀ ਸਿਵਲ ਹਸਪਤਾਲ ਕਪੂਰਥਲਾ ਵਿਖੇ ਸੱਖੀ ਵਨ ਸਟਾਪ ਸੈਂਟਰ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਉੱਪਰ 42.35 ਲੱਖ ਰੁਪਏ ਖਰਚ ਹੋਏ ਹਨ , ਇਸ ਤੋਂ ਇਲਾਵਾ ਕਪੂਰਥਲਾ ਅਤੇ ਸੁਲਤਾਨਪੁਰ ਲੋਧੀ ਹਲਕਿਆਂ ਅੰਦਰ87.16 ਲੱਖ ਰੁਪਏ ਨਾਲ ਲਿੰਕ ਸੜ੍ਹਕਾਂ ਨੂੰ ਚੌੜਾ ਕੀਤਾ ਜਾ ਰਿਹਾ ਹੈ ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਮੱਛੀ ਪਾਲਣ ਨੂੰ ਉਤਸ਼ਾਹਿਤ ਕਰਨ ਲਈ ਨਵਾਂ ਸਿਖਲਾਈ ਕੇਂਦਰ ਸਥਾਪਿਤ ਕੀਤਾ ਗਿਆ ਹੈ, ਜਿਸ ਉੱਪਰ 60 ਲੱਖ ਰੁਪਏ ਦੀ ਲਾਗਤ ਆਈ ਹੈ। ਇਸ ਤੋਂ ਇਲਾਵਾ ਕਪੂਰਥਲਾ ਵਿੱਚ ਪੇਂਡੂ ਖੇਤਰ ਦੇ ਵਿਕਾਸ ਲਈ ਮਨਰੇਗਾ ਤਹਿਤ 46 ਕਰੋੜ ਰੁਪਏ ਜਾਰੀ ਕੀਤੇ ਗਏ ਹਨ ।
ਉਨਾਂ ਜ਼ਿਲ੍ਹੇ ਵਿੱਚ ਨਸ਼ੇ ਦੇ ਖਾਤਮੇ, ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਅਤੇ ਸਿਹਤ ਵਿਭਾਗ ਵੱਲੋਂ ਨਸ਼ਾ ਪੀੜਤਾਂ ਦਾ ਇਲਾਜ ਤੇ ਮੁੜ ਵਸੇਬੇ ਲਈ 'ਨਸ਼ਾ ਮੁਕਤ ਭਾਰਤ' ਮੁਹਿੰਮ ਦੀ ਸ਼ੁਰੂਆਤ ਵੀ ਕੀਤੀ। ਇਸ ਮੁਹਿੰਮ ਤਹਿਤ ਇਕ ਵਿਸ਼ੇਸ਼ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜੋ ਕਿ ਇਸ ਮੁਹਿੰਮ ਨੂੰ ਜ਼ਿਲ੍ਹੇ ਵਿੱਚ ਸਫਲਤਾਪੂਰਵਕ ਲਾਗੂ ਕਰੇਗੀ। ਇਸ ਕਮੇਟੀ ਵੱਲੋਂ ਉੱਚ ਵਿਦਿਅਕ ਸੰਸਥਾਵਾਂ ਵਿੱਚ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਤੋਂ ਇਲਾਵਾ ਹਸਪਤਾਲਾਂ ਵਿੱਚ ਨਸ਼ਾ ਪੀੜਤਾਂ ਦੀ ਕਾਊਸਲਿੰਗ ਅਤੇ ਮੁੜ ਵਸੇਬੇ ਲਈ ਯਤਨਾਂ ਨੂੰ ਪਹਿਲ ਦਿੱਤੀ ਜਾਵੇਗੀ ।
ਉਨ੍ਹਾਂ ਇਸ ਗੱਲ ਉੱਪਰ ਤਸੱਲੀ ਪ੍ਰਗਟਾਈ ਕਿ ਕਪੂਰਥਲਾ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਨੇ 12ਵੀਂ ਜਮਾਤ ਦੇ ਨਤੀਜਿਆਂ ਵਿੱਚ ਪਹਿਲੀ ਵਾਰ ਹੈ ਕਿ ਪਾਸ ਪ੍ਰਤੀਸ਼ਤਤਾ ਵਿੱਚ ਸੂਬੇ ਭਰ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ।
ਉਨਾਂ ਲੋਕਾਂ ਕੋਲੋਂ ਕਰੋਨਾ ਨੂੰ ਹਰਾਉਣ ਲਈ ਸਹਿਯੋਗ ਦੀ ਮੰਗ ਕਰਦਿਆਂ ਕਰੋਨਾ ਵਿਰੁੱਧ ਲੜਾਈ ਲੜ ਰਹੇ ਹਰ ਵਿਅਕਤੀ ਵਿਸ਼ੇਸ਼ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਅਤੇ ਮਾਹਿਰਾਂ ਵੱਲੋਂ ਜਾਰੀ ਹਦਾਇਤਾਂ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾਵੇ।
ਇਸ ਤੋਂ ਪਹਿਲਾਂ ਡੀ.ਐਸ.ਪੀ. ਸਨਦੀਪ ਸਿੰਘ ਮੰਡ ਦੀ ਅਗਵਾਈ ਵਾਲੀ ਪੁਲਿਸ ਟੁਕੜੀ ਵਲੋਂ ਕੌਮੀ ਝੰਡੇ ਨੂੰ ਸਲਾਮੀ ਦਿੱਤੀ ਗਈ।
ਇਸ ਮੌਕੇ ਐਸ.ਐਸ.ਪੀ. ਸ. ਜਸਪ੍ਰੀਤ ਸਿੰਘ ਸਿੱਧੂ, ਜਿਲ੍ਹਾ ਤੇ ਸ਼ੈਸ਼ਨ ਜੱਜ ਸ੍ਰੀ ਕਿਸ਼ੋਰ ਕੁਮਾਰ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਜੱਜ ਸ੍ਰੀ ਅਜੀਤ ਪਾਲ ਸਿੰਘ, ਐਸ.ਡੀ.ਐਮ. ਵਰਿੰਦਰਪਾਲ ਸਿੰਘ ਬਾਜਵਾ, ਐਸ.ਪੀ. ਮਨਦੀਪ ਸਿੰਘ, ਸੈਨਿਕ ਸਕੂਲ ਦੇ ਪ੍ਰਿੰਸੀਪਲ, ਆਬਕਾਰੀ ਵਿਭਾਗ ਦੀ ਡਿਪਟੀ ਕਮਿਸ਼ਨਰ ਹਰਦੀਪ ਬਾਂਵਰਾ,ਜਿਲ੍ਹਾ ਕਾਂਗਰਸ ਦਿਹਾਤੀ ਦੇ ਪ੍ਰਧਾਨ ਅਮਰਜੀਤ ਸਿੰਘ ਸੈਦੋਵਾਲ, ਵਿਧਾਇਕ ਰਾਣਾ ਗੁਰਜੀਤ ਸਿੰਘ ਦੇ ਨਿੱਜੀ ਸਹਾਇਕ ਸੀਨੀਅਰ ਕਾਂਗਰਸੀ ਆਗੂ ਤੇ ਇੰਮਪਰੂਵਮੈਂਟ ਟਰੱਸਟ ਦੇ ਚੇਅਰਮੈਨ ਮਨੋਜ ਭਸੀਨ, ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਨੂਪ ਕੱਲਣ, ਸੁਰਿੰਦਰ ਨਾਥ ਮੜੀਆ ਤੇ ਹੋਰ ਅਹਿਮ ਸ਼ਖਸ਼ੀਅਤਾਂ ਹਾਜ਼ਰ ਸਨ।