ਅਸ਼ੋਕ ਵਰਮਾ
ਚੰਡੀਗੜ੍ਹ, 20 ਸਤੰਬਰ 2020 - ਪੰਜਾਬ ਦੇ ਪਿੰਡਾਂ ’ਚ ਅੱਜ ਪੂਰਾ ਦਿਨ ਅਰਥੀ ਫੂਕ ਮੁਜਾਹਰਿਆਂ ਦੀ ਝੜੀ ਲੱਗੀ ਰਹੀ ਜਿਸ ਦਾ ਸੱਦਾ ਪੰਜਾਬ ਦੀਆਂ 30 ਕਿਸਾਨ ਜੱਥੇਬੰਦੀਆਂ ਵੱਲੋਂ ਦਿੱਤਾ ਗਿਆ ਸੀ। ਇਹ ਰੋਸ ਮੁਜਾਹਰੇ ਮੋਦੀ ਸਰਕਾਰ ਵੱਲੋਂ ਲਿਆਂਦੇ ਤਿੰਨ ਆਰਡੀਨੈਂਸਾਂ ਨੂੰ ਕਨੂੰਨੀ ਰੂਪ ਦੇਣ ਦੇ ਖਿਲਾਫ ਕੀਤੇ ਗਏ ਹਨ। ਕਿਸਾਨ ਤੇ ਮਜ਼ਦੂਰ ਆਗੂਆਂ ਨੇ ਅੱਜ ਪੂਰਾ ਦਿਨ ਮੋਦੀ ਸਰਕਾਰ ਅਤੇ ਉਨਾਂ ਦੇ ਭਾਈਵਾਲ ਅਕਾਲੀ ਦਲ ਬਾਦਲ ਖਿਲਾਫ ਜ਼ਿੰਦਾਬਾਦ ਮੁਰਦਾਬਾਦ ਕਰਦਿਆਂ ਕਾਲੇ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ।
ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵੱਲੋਂ ਵੀ ਅੱਜ ਪੰਜਾਬ ਦੇ ਵੱਖ ਵੱਖ ਪਿੰਡਾਂ ’ਚ ਸਰਕਾਰ ਦੀਆਂ ਅਰਥੀਆਂ ਸਾੜੀਆਂ ਗਈਆਂ।ਯੂਨੀਅਨ ਦੇ ਸੂਬਾ ਪ੍ਰਧਾਨ ਸੁਰਜੀਤ ਸਿੰਘ ਫੂਲ ਅਤੇ ਜਿਲਾ ਪ੍ਰਧਾਨ ਪ੍ਰਸ਼ੋਤਮ ਮਹਿਰਾਜ ਨੇ ਕਿਹਾ ਕਿ ਇਹ ਬਿੱਲ ਕਿਸਾਨ ਮਾਰੂ ਹਨ ਅਤੇ ਇਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਉਹ ਸੜਕਾਂ ’ਤੇ ਉੱਤਰੇ ਹਨ ਪਰ ਕੇਂਦਰ ਸਰਕਾਰ ਕਿਸਾਨਾਂ ਦੀ ਮੰਗ ਨੂੰ ਅਣਗੌਲਿਆਂ ਕਰ ਰਹੀ ਹੈ। ਉਨਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਇਸ ਸਰਹੱਦੀ ਸੂਬੇ ਵਿਚ ਲੋਕ ਰੋਹ ਅਤੇ ਅਸੰਤੁਸ਼ਟੀ ਪੈਦਾ ਕਰਕੇ ਅੱਗ ਨਾਲ ਖੇਡ ਰਹੀ ਹੈ, ਜਿਸ ਨਾਲ ਪੰਜਾਬ ਦਾ ਨੁਕਸਾਨ ਹੋਣ ਦੇ ਨਾਲ-ਨਾਲ ਸਮੁੱਚੇ ਦੇਸ਼ ਦਾ ਵੱਡਾ ਨੁਕਸਾਨ ਹੋਣ ਦਾ ਖਤਰਾ ਖੜਾ ਹੋ ਗਿਆ ਹੈ। ਉਨਾਂ ਅੱਜ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਿਆਸੀ ਧਿਰਾਂ ਤੋਂ ਕੋਈ ਝਾਕ ਨਾ ਰੱਖਣ ਅਤੇ ਕਿਸਾਨੀ ਸੰਘਰਸ਼ ਨਾਲ ਜੁੜਨ।
ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਨੇ ਅੱਜ ਕਿਸਾਨ ਧਿਰਾਂ ਦੇ ਸਾਂਝੇ ਸੱਦੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ‘ਅਰਥੀ ਫੂਕ ਸਿਆਪਾ’ ਕਰਦਿਆਂ ਸਰਕਾਰ ਤੋਂ ਲੋਕ ਸਭਾ ’ਚ ਪਾਸ ਹੋਏ ਖੇਤੀ ਬਿੱਲਾਂ ਨੂੰ ਰੱਦ ਕਰਨ ਦੀ ਮੰਗ ਕੀਤੀ। ਕਿਸਾਨ ਆਗੂ ਬਲਦੇਵ ਸਿੰਘ ਸੰਦੋਹਾ ਅਤੇ ਰੇਸ਼ਮ ਸਿੰਘ ਯਾਤਰੀ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਕਿਸਾਨੀ ਸਬੰਧੀ ਲਿਆਂਦੇ ਗਏ ਆਰਡੀਨੈਂਸ ਪੰਜਾਬ ਦੇ ਕਿਸਾਨਾਂ, ਮੰਡੀਕਰਨ ਪ੍ਰਣਾਲੀ ਸਮੇਤ ਪੰਜਾਬ ਦੇ ਸਮੁੱਚੇ ਅਰਥਚਾਰੇ ਨੂੰ ਤਬਾਹ ਕਰ ਦੇਣਗੇ। ਉਨਾਂ ਆਖਿਆ ਕਿ ਜੇਕਰ ਮੋਦੀ ਸਰਕਾਰ ਨੇ ਕਾਲੇ ਕਾਨੂੰਨ ਰੱਦ ਨਾ ਕੀਤੇ ਤਾਂ ‘ਕਰੋ ਜਾਂ ਮਰੋ’ ਸੰਘਰਸ਼ ਕੀਤਾ ਜਾਏਗਾ ।
ਇਸੇ ਤਰ੍ਹਾਂ ਹੀ ਜਮਹੂਰੀ ਕਿਸਾਨ ਸਭਾ ਨੇ ਵੀ ਅੱਜ ਪੁਤਲੇ ਫੂਕ ਮੁਜਾਹਰਿਆਂ ਦਾ ਦੌਰ ਚਲਾਇਆ। ਜਮਹੂਰੀ ਕਿਸਾਨ ਸਭਾ ਦੇ ਆਗੂ ਕੁਲਵੰਤ ਸਿੰਘ ਸੰਧੂ ਨੇ ਦੋਸ਼ ਲਾਇਆ ਕਿ ਪੇਸ਼ ਕਾਨੂੰਨਾਂ ਰਾਹੀਂ ਕੇਂਦਰ ਨੇ ਕਿਸਾਨਾਂ ਨੂੰ ਮੰਡੀਆਂ ਤੋਂ ਬਾਹਰ ਕੱਢ ਕੇ ਕਾਰਪੋਰੇਟ ਦਾ ਕਬਜ਼ਾ ਕਰਨ ਕਰਵਾਉਣ ਦੀ ਚਾਲ ਖੇਡੀ ਹੈ, ਜਿਸ ਦਾ ਮਕਸਦ ਸਿਰਫ਼ ਆਪਣੇ ਕਾਰੋਬਾਰੀ ਮਿੱਤਰਾਂ ਨੂੰ ਲਾਹਾ ਦੇਣਾ ਹੈ। ਉਨ੍ਹਾਂ ਕਿਹਾ ਕਿ ਇਹ ਬਿੱਲ ਕਿਸਾਨਾਂ ਨੂੰ ਮੰਡੀਆਂ ਦੀ ਬਜਾਏ ਬਾਹਰ ਆਪਣੀਆਂ ਜਿਣਸਾਂ ਵੇਚਣ ਤੇ ਫਸਲ ਬੀਜਣ ਤੋਂ ਪਹਿਲਾਂ ਕੰਪਨੀਆਂ ਨਾਲ ਕਰਾਰ ਕਰਨ ਦੀ ਤਾਕਤ ਦਿੰਦੇ ਹਨ।
ਇਸੇ ਤਰ੍ਹਾਂ ਹੀ ਭਾਰਤੀ ਕਿਸਾਨ ਯੂਨੀਅਨ ਮਾਨਸਾ ਨੇ ਵੀ ਅੱਜ ਮੋਦੀ ਸਰਕਾਰ ਨੂੰ ਕਟਹਿਰੇ ’ਚ ਖੜਾ ਕਰਦਿਆਂ ਸਵੇਰ ਤੋਂ ਹੀ ਅਰਥੀਆਂ ਫੂਕਣ ਦੀ ਸ਼ੁਰੂਆਤ ਕੀਤੀ ਜੋ ਬਾਅਦ ਦੁਪਹਿਰ ਤੱਕ ਜਾਰੀ ਰਹੀ। ਜੱਥੇਬੰਦੀ ਦੇ ਸੂਬਾ ਪ੍ਰਧਾਨ ਬੋਘ ਸਿੰਘ ਮਾਨਸਾ, ਸੀਨੀਅਰ ਆਗੂ ਬੇਅੰਤ ਸਿੰਘ ਮਹਿਮਾ ਸਰਜਾ ਅਤੇ ਜਿਲਾ ਬਠਿੰਡਾ ਦੇ ਪ੍ਰਧਾਨ ਜਗਸੀਰ ਸਿੰਘ ਜੀਦਾ ਨੇ ਦੋਸ਼ ਲਾਇਆ ਕਿ ਇਨਾਂ ਬਿੱਲਾਂ ਕਾਰਨ ਕਿਸਾਨ ਕੁਝ ਸਮੇਂ ਬਾਅਦ ਕਾਰਪੋਰੇਟ ਘਰਾਣਿਆਂ ਦੇ ਰਹਿਮੋ-ਕਰਮ ’ਤੇ ਨਿਰਭਰ ਹੋ ਜਾਣਗੇ, ਜੋ ਨਹੀਂ ਹੋਣ ਦਿੱਤਾ ਜਾਵੇਗਾ।
ਕੁੱਲ ਹਿੰਦ ਕਿਸਾਨ ਸਭਾ ਨੇ ਵੀ ਅੱਜ ਪੰਜਾਬ ’ਚ ਮੋਦੀ ਸਰਕਾਰ ਨੂੰ ਨਿਸ਼ਾਨਾ ਬਣਾਇਆ ਅਤੇ ਪੁਤਲੇ ਸਾੜੇ। ਜੱਥੇਬੰਦੀ ਦੇ ਸੂਬਾ ਵਰਕਿੰਗ ਪ੍ਰਧਾਨ ਬਲਕਰਨ ਸਿੰਘ ਬਰਾੜ ਦਾ ਕਹਿਣਾ ਸੀ ਕਿ ਨਵੇੇਂ ਖੇਤੀ ਕਾਨੂੰਨਾਂ ਨੂੰ ਪੰਜਾਬ ਦੀ ਧਰਤੀ ’ਤੇ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ। ਉਨਾਂ ਕਿਹਾ ਕਿ ਮੋਦੀ ਸਰਕਾਰ ਦੀਆਂ ਸਰਕਾਰ ਮਾਰੂ ਨੀਤੀਆਂ ਤਿੰਨ ਹੀ ਆਰਡੀਨੈਂਸ ਸਾਬਿਤ ਕਰਦੇ ਹਨ ਕਿ ਉਹ ਸਰਮਾਏਦਾਰਾਂ ਦੀ ਯਾਰ ਹੈ। ਉਨਾਂ ਪੰਜਾਬ ਦੇ ਸਮੂਹ ਵਸਨੀਕਾਂ ਨੂੰ ਇਸ ਬੰਦ ਲਈ ਸਹਿਯੋਗ ਦੇਣ ਦੀ ਅਪੀਲ ਕੀਤੀ।
ਇਸੇ ਤਰ੍ਹਾਂ ਹੀ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਸੂਬਾਈ ਆਗੂਆਂ ਜਗਰੂਪ ਸਿੰਘ ਲਹਿਰਾ,ਜਗਸੀਰ ਸਿੰਘ ਭੰਗੂ ਦੀ ਅਗਵਾਈ ਵਿੱਚ ਥਰਮਲ ਪਲਾਂਟ ਸਾਹਮਣੇ ਬਠਿੰਡਾ+ਚੰਡੀਗੜ ਨੈਸ਼ਨਲ ਹਾਈਵੇ 07 ਤੇ ਰੈਲੀ ਕਰਨ ਉਪਰੰਤ ਹਰਿਆਣਾ ਦੇ ਕਿਸਾਨਾਂ ਵੱਲੋਂ ਦਿੱਤੇ ਬੰਦ ਦੇ ਸੱਦੇ ਦੀ ਹਮਾਇਤ ਵਿੱਚ ਮੋਦੀ ਸਰਕਾਰ ਦੀ ਅਰਥੀ ਫੂਕੀ ਗਈ। ਮੁਲਾਜ਼ਮ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਜਾਰੀ ਕੀਤੇ ਗਏ ਤਿੰਨ ਆਰਡੀਨੈਂਸਾਂ ਕਾਰਨ ਪੰਜਾਬ ਦੀ ਕਿਸਾਨੀ, ਜਵਾਨੀ, ਆੜਤੀਏ ਅਤੇ ਸਮੁੱਚੀ ਆਰਥਿਕਤਾ ਤਬਾਹ ਹੋ ਜਾਵੇਗੀ । ਉਨਾਂ ਨੇ ਕਿਹਾ ਕਿ ਇਹ ਆਰਡੀਨੈਂਸ ਪੰਜਾਬ ਦੇ ਲੋਕਾਂ ਲਈ ਜਿਉਣ ਮਰਨ ਦਾ ਸਵਾਲ ਹਨ ਅਤੇ ਜਿੰਨਾ ਸਮਾਂ ਇਹ ਆਰਡੀਨੈਂਸ ਰੱਦ ਨਹੀਂ ਹੁੰਦੇ ਉਹ ਆਪਣਾ ਸੰਘਰਸ਼ ਖਤਮ ਨਹੀਂ ਕਰਨਗੇ।