ਅਸ਼ੋਕ ਵਰਮਾ
ਬਠਿੰਡਾ, 4 ਨਵੰਬਰ 2020 - ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨ ਅੰਦੋਲਨ ਦਾ ਖਾਕਾ ਅੱਜ ਤਿਆਰ ਕਰ ਲਿਆ ਗਿਆ ਹੈ ਜਿਸ ਤਹਿਤ ਬਠਿੰਡਾ ਜ਼ਿਲ੍ਹੇ ਦੀਆਂ ਸੜਕਾਂ ਤੇ ਜਾਮ ਲਾਇਆ ਜਾਣਾ ਹੈ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂਆਂ ਨੇ ਕੇਂਦਰ ਸਰਕਾਰ ਦੇ ਅੜੀਅਲ ਰਵੱਈਏ ਨੂੰ ਲੈ ਸੜਕਾਂ ਕਰਨ ਦੀ ਰੂਪ-ਰੇਖਾ ਤਿਆਰ ਕਰ ਲਈ ਹੈ। ਵੀਰਵਾਰ ਵਾਲੇ ਦਿਨ 5 ਨਵੰਬਰ ਨੂੰ ਦੇਸ਼ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਭਾਰਤ ਵਿੱਚ ਸੜਕ ਜਾਮ ਦੇ ਸੱਦੇ ਨੂੰ ਆਗੂ ਕਰਦਿਆਂ ਜਿਲ੍ਹਾ ਬਠਿੰਡਾ ਵੱਲੋਂ ਪੰਜ ਥਾਂਵਾਂ ਤੇ ਸੜਕ ਜਾਮ ਕੀਤੀ ਜਾਵੇਗੀ। ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਨੇ ਦੱਸਿਆ ਕਿ ਜੀਦਾ ਟੌਲ ਪਲਾਜਾ , ਟੌਲ ਪਲਾਜਾ ਭੁੱਚੋ, ਰਿਲਾਇੰਸ ਪੰਪ ਨੇੜੇ ਰਾਮਪੁਰਾ , ਭੁੱਚੋ- ਮੋਗਾ ਰੋਡ ਤੇ ਭਗਤਾ ਚੌਂਕ ਅਤੇ ਬਠਿੰਡਾ - ਬਾਦਲ ਰੋਡ ਤੇ ਘੁੱਦਾ ਵਿਖੇ 12 ਤੋਂ 4 ਵਜੇ ਤੱਕ ਸੜਕਾਂ ਜਾਮ ਕੀਤੀਆਂ ਜਾਣਗੀਆਂ ।
ਅੱਜ 35ਵੇਂ ਦਿਨ ’ਚ ਦਾਖਲ ਹੋਏ ਮੋਰਚਿਆਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ, ਸੂਬਾ ਸਕੱਤਰ ਹਰਿੰਦਰ ਕੌਰ ਬਿੰਦੂ, ਹਰਜਿੰਦਰ ਸਿੰਘ ਬੱਗੀ, ਕਿਸਾਨ ਆਗੂ ਰਾਜਵਿੰਦਰ ਸਿੰਘ ਰਾਜੂ , ਦਰਸ਼ਨ ਸਿੰਘ ਮਾਈਸਰਖਾਨਾ, ਬਸੰਤ ਸਿੰਘ ਕੋਠਾ ਗੁਰੂ ਅਤੇ ਜਗਦੇਵ ਸਿੰਘ ਜੋਗੇਵਾਲਾ ਨੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਕਿਸਾਨਾਂ ਦੀ ਗੱਲ ਸੁਣਨ ਦੀ ਬਜਾਏ ਹੋਰ ਕਾਨੂੰਨ ਬਣਾ ਕੇ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਕਰੋੜਾਂ ਰੁਪਏ ਦੀ ਜੁਰਮਾਨੇ ਅਤੇ 5 ਸਾਲ ਤੱਕ ਦੀ ਸਜਾ ਦੀ ਨਿਖੇਧੀ ਕਰਦਿਆਂ ਕਿਹਾ ਕਿ ਕਿਸਾਨਾਂ ਕੋਲ ਪਰਾਲੀ ਦੀ ਸੰਭਾਲ ਦਾ ਕੋਈ ਹੋਰ ਪ੍ਰਬੰਧ ਨਾ ਹੋਣ ਕਰਕੇ ਮਜਬੂਰੀ ਬੱਸ ਅੱਗ ਲਾਉਣੀ ਪੈਂਦੀ ਹੈ। ਕਿਸਾਨ ਬੁਲਾਰਿਆਂ ਨੇ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਸੰਭਾਲ ਲਈ ਸੁਪਰੀਮ ਕੋਰਟ ਨੇ ਵੀ ਪਿਛਲੇ ਸਾਲ 2500 ਰੁਪਏ ਪ੍ਰਤੀ ਏਕੜ ਮੁਆਵਜਾ ਦੇਣ ਦੀ ਸਰਕਾਰ ਨੂੰ ਹਦਾਇਤ ਕੀਤੀ ਸੀ ਪਰ ਕੇਂਦਰ ਅਤੇ ਰਾਜ ਸਰਕਾਰਾਂ ਵੱਲੋਂ ਕਿਸੇ ਵੀ ਕਿਸਾਨ ਨੂੰ ਪਰਾਲੀ ਸੰਭਾਲਣ ਦਾ ਕੋਈ ਮੁਆਵਜਾ ਨਹੀਂ ਦਿੱਤਾ।
ਉਹਨਾਂ ਮੰਗ ਕੀਤੀ ਕਿ ਕਿਸਾਨਾਂ ਨੂੰ 200 ਰੁਪਏ ਪ੍ਰਤੀ ਕੁਇੰਟਲ ਪਰਾਲੀ ਦੀ ਸੰਭਾਲ ਲਈ ਝੋਨੇ ਤੇ ਮੁਆਵਜਾ ਦਿੱਤਾ ਜਾਵੇ। ਕਿਸਾਨ ਆਗੂਆਂ ਨੇ ਕਿਸਾਨਾਂ ਮਜਦੂਰਾਂ ਅਤੇ ਸਮੂਹ ਕਿਰਤੀ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੀਰਵਾਰ ਨੂੰ ਲਾਏ ਜਾ ਰਹੇ ਪੂਰੇ ਭਾਰਤ ਦੇ ਸੜਕ ਜਾਮਾਂ ਵਿੱਚ ਪਰਿਵਾਰਾਂ ਸਮੇਤ ਸਮੂਲੀਅਤ ਕਾਰਨ। ਇਹਨਾਂ ਬੁਲਾਰਿਆਂ ਤੋਂ ਇਲਾਵਾ ਨਿੱਕਾ ਸਿੰਘ ਜੇਠੂਕੇ, ਕੁਲਵੰਤ ਸ਼ਰਮਾ , ਹੁਸ਼ਿਆਰ ਸਿੰਘ ਚੱਕ ਫਤਿਹ ਸਿੰਘ ਵਾਲਾ, ਬਲਜੀਤ ਸਿੰਘ ਪੂਹਲਾ, ਪਾਲਾ ਸਿੰਘ ਕੋਠਾ ਗੁਰੂ, ਜਗਸੀਰ ਸਿੰਘ ਝੁੰਬਾ, ਅਮਰੀਕ ਸਿੰਘ ਸਿਵੀਆ, ਕੁਲਵੰਤ ਰਾਏ ਸ਼ਰਮਾ, ਰਾਮ ਸਿੰਘ ਕੋਟ ਗੁਰੂ, ਬਿੰਦਰ ਸਿੰਘ ਜੋਗੇਵਾਲਾ, ਪਰਮਜੀਤ ਕੌਰ ਪਿੱਥੋ ,ਹਰਪ੍ਰੀਤ ਕੌਰ ਜੇਠੂਕੇ , ਕਰਮਜੀਤ ਕੌਰ ਲਹਿਰਾ ਖਾਨਾ, ਚਰਨਜੀਤ ਕੌਰ ਭੁੱਚੋ ਖੁਰਦ ਅਤੇ ਤਰਕਸ਼ੀਲ ਸੁਸਾਇਟੀ ਦੇ ਆਗੂ ਰਾਮ ਸਿੰਘ ਨਿਰਮਾਣ ਨੇ ਵੀ ਸੰਬੋਧਨ ਕੀਤਾ।ਲੋਕ ਪੱਖੀ ਗਾਇਕ ਨਿਰਮਲ ਸਿੰਘ ਸਿਵੀਆ ਨੇ ਗੀਤ ਪੇਸ਼ ਕੀਤੇ । ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਅਗਵਾਈ ਹੇਠ ਅੱਜ ਵੀ ਮੋਰਚਿਆਂ ਦੌਰਾਨ ਸਿਹਤ ਸੇਵਾਵਾਂ ਜਾਰੀ ਰਹੀਆਂ।