ਸਾਹਿਬ-ਏ-ਕਮਾਲ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਿਸ਼ਵ ਦੇ ਧਾਰਮਿਕ ਇਤਿਹਾਸ ਅੰਦਰ ਉਹ ਰਹਿਬਰ ਹਨ, ਜਿਨ੍ਹਾਂ ਨੇ ਆਪਣਾ ਸਰਬੰਸ ਧਰਮ ਤੇ ਮਨੁੱਖੀ ਕਦਰਾਂ-ਕੀਮਤਾਂ ਦੀ ਮਜ਼ਬੂਤੀ ਅਤੇ ਜ਼ੁਲਮ ਦੇ ਖ਼ਾਤਮੇ ਲਈ ਕੁਰਬਾਨ ਕੀਤਾ। ਦਸਮੇਸ਼ ਪਿਤਾ ਜੀ ਨੇ ਹਰ ਨਸਲ, ਜਾਤ, ਰੰਗ, ਧਰਮ ਤੇ ਵਰਣ ਦੇ ਲੋਕਾਂ ਨੂੰ ਬਿਨਾਂ ਕਿਸੇ ਭੇਦ-ਭਾਵ ਇੱਕ ਪਰਮਾਤਮਾ ਦੀ ਸੰਤਾਨ ਸਮਝਦਿਆਂ ਆਪਣੇ ਗਲ਼ ਨਾਲ ਲਾਇਆ ਅਤੇ ਅਧਿਆਤਮਕ ਉਪਦੇਸ਼ ਦੇ ਕੇ ਉਨ੍ਹਾਂ ਦਾ ਮਾਰਗ ਦਰਸ਼ਨ ਕੀਤਾ। ਉਨ੍ਹਾਂ ਦੀ ਕ੍ਰਾਂਤੀਕਾਰੀ ਸ਼ਖ਼ਸੀਅਤ ਨੂੰ ਇਤਿਹਾਸਕਾਰਾਂ ਨੇ ਆਪੋ-ਆਪਣੀ ਸਮਝ ਅਨੁਸਾਰ ਬਿਆਨ ਕੀਤਾ ਹੈ ਪਰ ਉਨ੍ਹਾਂ ਦੀ ਸ਼ਖ਼ਸੀਅਤ ਦੀ ਸੰਪੂਰਨ ਵਿਆਖਿਆ ਕਰਨੀ ਮਨੁੱਖੀ ਸਮਝ ਤੋਂ ਪਰ੍ਹੇ ਹੈ। ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਦ੍ਰਿੜ੍ਹਤਾ, ਸਬਰ ਤੇ ਸਿਦਕ ਭਰਪੂਰ ਅਦੁੱਤੀ ਜੀਵਨ ਗਾਥਾ ਸਮੁੱਚੀ ਮਨੁੱਖਤਾ ਅੰਦਰ ਹੱਕ-ਸੱਚ ਲਈ ਜੂਝਣ ਦਾ ਜਜ਼ਬਾ ਭਰਨ ਵਾਲੀ ਹੈ। ਜਿਸ ਸਮੇਂ ਭਾਰਤ ਵਿਚ ਮੰਦਰਾਂ ਨੂੰ ਢਾਹ ਕੇ ਮਸਜਿਦਾਂ ਦੀ ਸਥਾਪਨਾ ਕੀਤੀ ਜਾ ਰਹੀ ਸੀ ਉਸ ਸਮੇਂ ਦਸਮ ਪਾਤਸ਼ਾਹ ਜੀ ਵੱਲੋਂ 'ਦੇਹੁਰਾ ਮਸੀਤ ਸੋਈ ਪੂਜਾ ਔ ਨਿਵਾਜ ਓਈ ਮਾਨਸ ਸਬੈ ਏਕ ਪੈ ਅਨੇਕ ਕੋ ਭ੍ਰਮਾਉ ਹੈ॥' ਦੀ ਆਵਾਜ਼ ਬੁਲੰਦ ਕਰਨੀ ਵਿਸ਼ੇਸ਼ ਅਰਥ ਰੱਖਦੀ ਹੈ। ਸੰਤ ਸਿਪਾਹੀ, ਮਰਦ ਅਗੰਮੜੇ, ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਸਾਰਾ ਜੀਵਨ ਹੀ ਵਿਲੱਖਣ ਅਤੇ ਲਾਸਾਨੀ ਹੈ। ਉਨ੍ਹਾਂ ਆਪਣੀ 42 ਕੁ ਸਾਲਾਂ ਦੀ ਉਮਰ ਹੰਢਾਉਂਦਿਆਂ ਹੋਇਆਂ ਉਹ ਕਾਰਜ ਕਰ ਦਿਖਾਏ ਜੋ ਸੰਸਾਰੀ ਲੋਕਾਂ ਲਈ ਰਾਹ-ਦਸੇਰਾ ਸਾਬਤ ਹੋਏ। ਪਟਨਾ ਸਾਹਿਬ (ਬਿਹਾਰ) ਵਿਖੇ ਸੰਸਾਰ ਆਗਮਨ ਅਤੇ ਬਚਪਨ ਦੀਆਂ ਲੀਲ੍ਹਾਵਾਂ ਤੋਂ ਲੈ ਕੇ ਨੰਦੇੜ ਸਾਹਿਬ (ਮਹਾਂਰਾਸ਼ਟਰ) ਵਿਖੇ ਜੋਤੀ-ਜੋਤ ਸਮਾਉਣ ਤਕ ਦਾ ਉਨ੍ਹਾਂ ਦਾ ਜੀਵਨ-ਸਫ਼ਰ ਅਨਗਿਣਤ ਹੈਰਾਨ ਕਰਨ ਵਾਲੇ ਕਾਰਨਾਮਿਆਂ ਨਾਲ ਭਰਪੂਰ ਹੈ।
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਦਾ ਉਦੇਸ਼ ਧਰਮ ਦੀ ਸਥਾਪਨਾ, ਮਜ਼ਲੂਮਾਂ ਦੀ ਰਾਖੀ ਅਤੇ ਜਬਰ-ਜ਼ੁਲਮ ਦਾ ਡਟ ਕੇ ਟਾਕਰਾ ਕਰਨਾ ਸੀ। ਆਪ ਆਪਣੇ ਉਦੇਸ਼ ਨੂੰ 'ਬਚਿਤ੍ਰ ਨਾਟਕ' ਵਿਚ ਸਪਸ਼ਟ ਕਰਦਿਆਂ ਫੁਰਮਾਉਂਦੇ ਹਨ:
ਹਮ ਇਹ ਕਾਜ ਜਗਤ ਮੋ ਆਏ॥ ਧਰਮ ਹੇਤ ਗੁਰਦੇਵ ਪਠਾਏ॥
ਜਹਾਂ ਤਹਾਂ ਤੁਮ ਧਰਮ ਬਿਥਾਰੋ॥ ਦੁਸਟ ਦੋਖੀਅਨਿ ਪਕਰਿ ਪਛਾਰੋ॥
ਉਨ੍ਹਾਂ ਦਾ ਆਗਮਨ ਭਾਰਤੀ ਇਤਿਹਾਸ ਵਿਚ ਇੱਕ ਇਨਕਲਾਬ ਦਾ ਆਰੰਭ ਸੀ। ਉਸ ਸਮੇਂ ਸਮਾਜ ਵਿਚ ਮਨੁੱਖੀ ਆਜ਼ਾਦੀ ਨੂੰ ਕਾਇਮ ਰੱਖਣਾ ਅਸੰਭਵ ਜਾਪਦਾ ਸੀ। ਉਨ੍ਹਾਂ 9 ਸਾਲ ਦੀ ਛੋਟੀ ਉਮਰ ਵਿਚ ਆਪਣੇ ਪਿਤਾ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨੂੰ ਮਜ਼ਲੂਮਾਂ ਅਤੇ ਧਰਮ ਦੀ ਰੱਖਿਆ ਲਈ ਸ਼ਹਾਦਤ ਦੇਣ ਲਈ ਤੋਰਿਆ, ਖਾਲਸਾ ਪੰਥ ਦੀ ਸਿਰਜਣਾ ਕੀਤੀ, ਜ਼ੁਲਮ ਵਿਰੁੱਧ ਅਨੇਕਾਂ ਧਰਮ ਯੁੱਧ ਲੜੇ ਅਤੇ ਮੁਰਦਾ ਹੋ ਚੁੱਕੀ ਕੌਮ ਵਿਚ ਨਵੀਂ ਰੂਹ ਫੂਕਦਿਆਂ ਔਰੰਗਜ਼ੇਬ ਦੇ ਵਿਸ਼ਾਲ ਸਾਮਰਾਜ ਨਾਲ ਟਾਕਰਾ ਕੀਤਾ। ਉਸ ਸਮੇਂ ਮੁਗਲ ਬਾਦਸ਼ਾਹ ਔਰੰਗਜੇਬ ਨੇ ਭਾਰਤੀਆਂ 'ਤੇ ਕਈ ਤਰਾਂ ਦੀਆਂ ਬੰਦਸ਼ਾਂ ਲਗਾਈਆਂ ਹੋਈਆਂ ਸਨ। ਗੁਰੂ ਸਾਹਿਬ ਜੀ ਨੇ ਲੋਕਾਂ ਵਿਚ ਹਿੰਮਤ ਅਤੇ ਦਲੇਰੀ ਭਰਨ ਲਈ ਸ੍ਰੀ ਅਨੰਦਪੁਰ ਸਾਹਿਬ ਦੀਆਂ ਪਹਾੜੀਆਂ ਵਿਚ ਰਣਜਿਤ ਨਗਾਰੇ 'ਤੇ ਚੋਟਾਂ ਲਗਵਾਈਆਂ, ਕੇਸਰੀ ਨਿਸ਼ਾਨ ਸਾਹਿਬ ਝੁਲਾਏ, ਘੋੜ-ਸਵਾਰੀ ਤੇ ਸ਼ਸਤਰ ਵਿੱਦਿਆ ਦਾ ਪ੍ਰਬੰਧ ਕੀਤਾ। ਇਸ ਦੇ ਨਾਲ ਹੀ ਗੁਰੂ ਜੀ ਨੇ ਲੋਕਾਂ ਅੰਦਰ ਬਹਾਦਰੀ ਪੈਦਾ ਕਰਨ ਲਈ ਬੀਰ-ਰਸੀ ਸਾਹਿਤ ਦੀ ਰਚਨਾ ਕੀਤੀ ਤੇ ਕਰਵਾਈ, ਜਿਸ ਨੇ ਅਜਿਹਾ ਕ੍ਰਿਸ਼ਮਾ ਦਿਖਾਇਆ ਕਿ ਗੁਰੂ ਕੇ ਸਿੱਖ ਸਵਾ-ਸਵਾ ਲੱਖ ਨਾਲ ਇਕੱਲੇ ਲੜ ਗਏ।
ਗੁਰੂ ਸਾਹਿਬ ਜੀ ਨੇ ਆਪਣੀ ਬਾਣੀ ਵਿਚ ਪਾਖੰਡਵਾਦ ਅਤੇ ਕਰਮਕਾਡਾਂ ਦਾ ਖੰਡਨ ਕੀਤਾ ਅਤੇ ਲੋਕਾਈ ਨੂੰ ਉੱਤਮ ਜੀਵਨ ਦੇ ਧਾਰਨੀ ਹੋਣ ਦੀ ਪ੍ਰੇਰਨਾ ਕੀਤੀ। ਉਨ੍ਹਾਂ ਉਪਦੇਸ਼ ਕੀਤਾ ਕਿ ਮੂਰਤੀ-ਪੂਜਾ, ਬੁੱਤ-ਪੂਜਾ, ਤੀਰਥ ਯਾਤਰਾ ਜਾਂ ਸਮਾਧੀਆਂ ਨਾਲ ਅਕਾਲ-ਪੁਰਖ ਦੀ ਪ੍ਰਾਪਤੀ ਨਹੀਂ ਹੋ ਸਕਦੀ। ਗੁਰੂ ਜੀ ਦਾ ਫੁਰਮਾਣ ਹੈ:
ਕਹਾ ਭਯੋ ਜੋ ਦੋਊ ਲੋਚਨ ਮੂੰਦ ਕੈ ਬੈਠਿ ਰਹਿਓ ਬਕ ਧਿਆਨ ਲਗਾਇਓ॥
ਨ੍ਹਾਤ ਫਿਰਿਓ ਲੀਏ ਸਾਤ ਸਮੁੰਦ੍ਰਨਿ ਲੋਕ ਗਯੋ ਪਰਲੋਕ ਗਵਾਇਓ॥
ਬਾਸ ਕੀਓ ਬਿਖਿਆਨ ਸੋ ਬੈਠ ਕੈ ਐਸੇ ਹੀ ਐਸੇ ਸੁ ਬੈਸ ਬਿਤਾਇਓ॥
ਸਾਚੁ ਕਹੋਂ ਸੁਨ ਲੇਹੁ ਸਭੈ ਜਿਨ ਪ੍ਰੇਮ ਕੀਓ ਤਿਨ ਹੀ ਪ੍ਰਭ ਪਾਇਓ॥
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਮਨੁੱਖਤਾ ਨੂੰ ਸੁਖੀ ਵੇਖਣ ਦੀ ਲੋਚਾ ਨਾਲ ਆਪਣਾ ਸਾਰਾ ਪਰਵਾਰ ਵਾਰ ਦਿੱਤਾ। ਇਸੇ ਲਈ ਆਪ ਜੀ ਨੂੰ ਸਰਬੰਸਦਾਨੀ ਆਖਿਆ ਜਾਂਦਾ ਹੈ। ਆਪ ਜੀ ਨੇ ਚਮਕੌਰ ਸਾਹਿਬ ਦੇ ਜੰਗ ਅੰਦਰ ਆਪਣੇ ਵੱਡੇ ਸਾਹਿਬਜ਼ਾਦਿਆਂ ਨੂੰ ਆਪਣੇ ਹੱਥੀਂ ਤਿਆਰ ਕਰ ਸ਼ਹਾਦਤਾਂ ਲਈ ਤੋਰਿਆ। ਛੋਟੇ ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਤੋਂ ਪਿਛੋਂ ਵੀ ਆਪ ਨੇ ਪਰਮਾਤਮਾ ਦਾ ਸ਼ੁਕਰ ਅਦਾ ਕੀਤਾ। ਗੁਰੂ ਸਾਹਿਬ ਜੀ ਨੇ ਆਪਣੇ ਜੀਵਨ ਵਿਚ ਕਈ ਉਤਾਰ ਚੜ੍ਹਾਅ ਵੇਖੇ, ਦੁਸ਼ਮਣ ਦੇ ਘੇਰੇ ਸਮੇਂ ਭੁੱਖਾਂ ਕੱਟੀਆਂ, ਉਨੀਂਦਰੇ ਰਹੇ, ਮਾਛੀਵਾੜੇ ਦੇ ਜੰਗਲਾਂ ਵਿਚ ਨੰਗੇ ਪੈਰੀਂ ਸਫਰ ਕੀਤਾ। ਇੰਨੀਆਂ ਕਠਿਨਾਈਆਂ ਦੇ ਬਾਵਜੂਦ ਵੀ ਕੋਈ ਸ਼ਿਕਵਾ ਜਾਂ ਸ਼ਿਕਾਇਤ ਨਹੀਂ ਕੀਤੀ ਸਗੋਂ ਪਰਮਾਤਮਾ ਦਾ ਸ਼ੁਕਰਾਨਾ ਹੀ ਕੀਤਾ।
ਇਸ ਤਰ੍ਹਾਂ ਅਸੀਂ ਦੇਖਦੇ ਹਾਂ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਨੇ ਸਾਰਾ ਜੀਵਨ ਹੀ ਮਨੁੱਖਤਾ ਦੀ ਭਲਾਈ ਲਈ ਜੀਵਿਆ। ਉਨ੍ਹਾਂ ਨੇ ਮਨੁੱਖਤਾ ਨੂੰ ਅਗਿਆਨਤਾ ਰੂਪੀ ਹਨੇਰੇ ਵਿੱਚੋਂ ਬਾਹਰ ਕੱਢ ਕੇ ਜੀਵਨ ਦੀ ਅਸਲ ਸਚਾਈ ਦੇ ਰੂਬਰੂ ਕੀਤਾ ਪਰ ਦੁਖ ਦੀ ਗੱਲ ਹੈ ਕਿ ਅੱਜ ਅਸੀਂ ਆਪਣੇ ਸ਼ਾਨਾਮੱਤੇ ਇਤਿਹਾਸ ਅਤੇ ਕੌਮੀ ਵਿਰਸੇ ਤੋਂ ਦੂਰ ਹੁੰਦੇ ਜਾ ਰਹੇ ਹਾਂ। ਅੱਜ ਲੋੜ ਇਸ ਗੱਲ ਦੀ ਹੈ ਕਿ ਦਸਮ ਪਾਤਸ਼ਾਹ ਜੀ ਵੱਲੋਂ ਦਰਸਾਏ ਜੀਵਨ ਮਾਰਗ 'ਤੇ ਚੱਲ ਕੇ ਖਾਲਸਾਈ ਰਹਿਣੀ ਦੇ ਧਾਰਨੀ ਬਣੀਏ। ਗੁਰਬਾਣੀ ਨੂੰ ਆਪਣੇ ਅਮਲੀ ਜੀਵਨ ਦਾ ਹਿੱਸਾ ਬਣਾਈਏ। ਮਜ਼ਲੂਮਾਂ ਦੀ ਰੱਖਿਆ ਲਈ ਅੱਗੇ ਆਈਏ। ਭਾਵ ਕਿ ਖਾਲਸਾ ਪੰਥ ਦੇ ਸੱਚੇ ਸਿਪਾਹੀ ਬਣ ਕੇ ਪੰਥ ਦੀ ਚੜ੍ਹਦੀ ਕਲਾ ਲਈ ਯਤਨ ਕਰੀਏ। ਅਸਲ ਵਿਚ ਇਹੀ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਦਾ ਸਾਡੇ ਲਈ ਸੁਨੇਹਾ ਹੈ।
( ਫ਼ੋਟੋ ਸ੍ਰੀ ਗੁਰੁ ਗੋਬਿੰਦ ਸਿੰਘ ਜੀ , ਸੰਤਾ ਬੰਤਾ ਡਾਟ ਕਾਮ ਦੇ ਧਨਵਾਦ ਸਾਹਿਤ )
-
ਭਾਈ ਗੋਬਿੰਦ ਸਿੰਘ ਲੌਂਗੋਵਾਲ, ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ,ਸ੍ਰੀ ਅੰਮ੍ਰਿਤਸਰ
sgpcptamedia@gmail.com
+91-9417200542
Disclaimer : The opinions expressed within this article are the personal opinions of the writer/author. The facts and opinions appearing in the article do not reflect the views of Babushahi.com or Tirchhi Nazar Media. Babushahi.com or Tirchhi Nazar Media does not assume any responsibility or liability for the same.