ਖ਼ਬਰ ਹੈ ਕਿ ਅਕਾਲੀ ਦਲ ਦੇ ਸਰਪਰਸਤ ਤੇ ਸਾਬਕਾ ਮੁੱਖਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸਪਸ਼ਟ ਕੀਤਾ ਹੈ ਕਿ ਉਹਨਾ ਵਲੋਂ ਬਹਿਬਲ ਕਲਾਂ 'ਚ ਗੋਲੀ ਚਲਾਉਣ ਦਾ ਕੋਈ ਹੁਕਮ ਨਹੀਂ ਦਿੱਤਾ ਗਿਆ ਅਤੇ ਉਹਨਾ ਦੀ ਸਰਕਾਰ ਨੇ ਮਾਹੌਲ ਨੂੰ ਸ਼ਾਂਤ ਬਣਾਈ ਰੱਖਣ ਲਈ ਲਗਾਤਾਰ ਯਤਨ ਕੀਤੇ ਸਨ। ਬਾਦਲ ਨੇ ਕਿਹਾ ਕਿ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਮੇਰੇ ਖਿਲਾਫ ਵਰਤੀ ਗਈ ਨੀਵੇਂ ਪੱਧਰ ਦੀ ਸ਼ਬਦਾਵਲੀ ਨਾਲ ਮੁੱਖਮੰਤਰੀ ਦੇ ਅਹੁਦੇ ਦੀ ਮਰਿਆਦਾ ਨੂੰ ਡੂੰਘੀ ਸੱਟ ਵੱਜੀ ਹੈ। ਯਾਦ ਰਹੇ ਪੰਜਾਬ ਅਸੰਬਲੀ ਵਿੱਚ ਬਹਿਬਲ ਕਲਾਂ 'ਚ ਗੋਲੀ ਕਾਂਡ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ 'ਚ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਪੇਸ਼ ਕਰਨ ਸਮੇਂ ਅਕਾਲੀ ਭਾਜਪਾ ਸਰਕਾਰ ਦੇ ਉਸ ਵੇਲੇ ਦੇ ਮੁੱਖਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲ ਸੰਕੇਤ ਕੀਤੇ ਗਏ ਸਨ। ਉਧਰ ਪ੍ਰਕਾਸ਼ ਸਿੰਘ ਬਾਦਲ ਨੇ ਇਹ ਵੀ ਕਿਹਾ ਕਿ ਕਾਂਗਰਸ ਸਿੱਖਾਂ ਖਿਲਾਫ ਸਾਜਿਸ਼ ਰਚ ਰਹੀ ਹੈ।
ਸਭ ਗੱਦੀ ਬਚਾਉਣ ਅਤੇ ਅੱਗੋਂ ਸੰਭਾਲੀ ਰੱਖਣ ਦੇ ਰੰਗ ਹਨ। ਜੋ ਕੁਝ ਅਕਾਲੀ-ਭਾਜਪਾ ਵਾਲੇ ਆਪਣੇ ਸਮੇਂ 'ਚ ਕਰਦੇ ਰਹੇ, ਉਹੀ ਗਾਟੀਆਂ ਤੇ ਖੇਡਾਂ ਕਾਂਗਰਸੀ ਖੇਡ ਰਹੇ ਆ। ਵੱਡੀਆਂ ਘਟਨਾਵਾਂ ਵਾਪਰਦੀ ਹਨ ਜਾਂ ਵਾਪਰਨ ਦਿੱਤੀਆਂ ਜਾਂਦੀਆਂ ਹਨ। ਲੋਕ ਮਾਰੇ ਜਾਂਦੇ ਹਨ ਜਾਂ ਮਰਨ ਦਿੱਤੇ ਜਾਂਦੇ ਹਨ। ਲੋਕ ਗੁੰਮਰਾਹ ਹੁੰਦੇ ਹਨ ਜਾਂ ਗੁੰਮਰਾਹ ਹੋਣ ਦਿੱਤੇ ਜਾਂਦੇ ਹਨ। ਸਭ ਵੋਟਾਂ ਦੀ ਬਾਜੀ ਹੈ, ਬਾਬਾ ਜੀ!!
ਪੰਜ ਵੇਰ ਪੰਜਾਬ ਦੇ ਮੁੱਖਮੰਤਰੀ ਬਣੇ ਸਾਡੇ ਬਾਬਾ ਜੀ! ਜਿਹੜਾ ਬਾਬੇ ਵਿਰੁੱਧ ਬੋਲਿਆ, ਉਹ ਘਰ ਅੰਦਰ ਵੜਿਆ, ਮੁੜ ਉਸ ਕੁੰਡਾ ਵੀ ਨਾ ਖੋਲਿਆ! ਉਸ ਬਿਸਤਰ ਮੱਲਿਆ ਜਾਂ ਅਗਿਆਤਵਾਸ ਹੋਕੇ ਪਤਾ ਨਹੀਂ ਕਿਹੜੀਆਂ ਕੁੰਦਰਾਂ 'ਚ ਜਾ ਛੁਪਿਆ। ਰਾਜ ਭਾਗ ਤਾਂ ਬਣਾਈ ਰੱਖਣਾ ਸੀ। ਕਾਕੇ ਨੂੰ ਮੁੱਖ ਮੰਤਰੀ ਵੀ ਬਨਾਉਣਾ ਸੀ। ਪੰਜਾਬ ਦਾ ਖਜ਼ਾਨਾ ਖਾਲੀ ਕਰਨਾ ਸੀ। ਪੰਜਾਬ ਦੀ ਜੁਆਨੀ ਨੂੰ ਕਿਸੇ ਬਿਲੇ ਲਾਉਣਾ ਸੀ! ਬਸ ਕਰ ਲਿਆ ਸਾਰਾ ਕੰਮ ਤੇ ਹੁਣ ਬਾਬਾ ਜੀ ਨੂੰ ਅਰਾਮ ਕਰਨ ਲਾਤਾ।
ਹੁਣ ਬੇਗਾਨਾ ਆਏ ਆ। ਭਾਜੀਆ ਪਾ ਰਹੇ ਆ। ਖੇਡਾਂ ਖੇਡ ਰਹੇ ਆ ਤੇ ਬਾਬਾ ਜੀ ਬਿਸਤਰ ਉਤੇ ਪਏ ਬੇਬਸੀ 'ਚ ਆਹ ਆਪਣੇ ਪੁਰਾਣੇ ਸਮਿਆਂ ਦੇ ਕਵੀ ਸ਼ਾਹ ਮੁਹੰਮਦ ਦੇ ਬੋਲਾਂ ਨੂੰ ਯਾਦ ਕਰ ਰਹੇ ਆ ਤੇ ਸੋਚ ਰਹੇ ਆ ਕਿ ਮਹਾਰਾਜਾ ਉਹਨਾ ਨਾਲ ਕੀ ਕਰੂੰ, "ਜਿਹੜੀ ਹੋਈ ਸੋ ਲਈ ਵੇਖ ਅੱਖੀਂ, ਅੱਗੋਂ ਹੋਰ ਕੀ ਬਣਤ ਬਣਾਵਣੀ ਜੀ, ਸ਼ਾਹ ਮੁਹੰਮਦਾਂ ਨਹੀਂ ਮਲੂਮ ਸਾਨੂੰ ਅੱਗੇ ਹੋਰ ਕੀ ਖੇਡ ਵਖਾਵਣੀ ਜੀ"।
-
ਗੁਰਮੀਤ ਪਲਾਹੀ, ਲੇਖਕ
gurmitpalahi@yahoo.com
9815802070
Disclaimer : The opinions expressed within this article are the personal opinions of the writer/author. The facts and opinions appearing in the article do not reflect the views of Babushahi.com or Tirchhi Nazar Media. Babushahi.com or Tirchhi Nazar Media does not assume any responsibility or liability for the same.