ਇਸਤੋਂ ਪਹਿਲਾਂ ਕਿਸ਼ਤ ਦੂਜੀ 'ਚ ਤੁਸੀਂ ਪੜ੍ਹਿਆ---
ਅੰਗਰੇਜ਼ਾਂ ਦੇ ਖਿਲਾਫ ਅਜਿਹੀ ਬਿਆਨਬਾਜ਼ੀ ਦੇ ਮੱਦੇਨਜ਼ਰ ਇਹ ਕਿਵੇਂ ਕਿਹਾ ਜਾ ਸਕਦਾ ਹੈ ਕਿ.... (ਕਿਸ਼ਤ ਤੀਜੀ ਦੀ ਲੜੀ ਜੋੜਨ ਲਈ ਹੇਠ ਲਿੰਕ 'ਤੇ ਕਲਿੱਕ ਕਰੋ)
...ਤੇ ਹੁਣ ਪੜ੍ਹੋ ਕਿਸ਼ਤ ਨੰਬਰ ਚੌਥੀ
10. ਜਿਨਾਹ ਦਾ ਐਲਾਨ: ਜਾਂ ਹਿੰਦ ਦਾ ਵੰਡਾਰਾ ਕਰਾਂਗੇ ਜਾਂ ਸਾਰਾ ਤਬਾਹ ਕਰਾਂਗੇ: 29 ਜੁਲਾਈ ਨੂੰ ਬੰਬਈ ਵਿਚ ਹੀ ਉਸਨੇ ਹਜ਼ਾਰਾਂ ਮੁਸਲਮਾਨਾਂ ਸਾਹਮਣੇ ਤਕਰੀਰ ਕਰਦਿਆਂ 16 ਜੁਲਾਈ 1946 ਨੂੰ ਡਾਇਰੈਕਟ ਐਕਸ਼ਨ ਭਾਵ ਦੋ-ਦੋ ਹੱਥ ਕਰਨ ਦਾ ਦਿਨ ਮਿੱਥ ਦਿੱਤਾ। ਕਾਂਗਰਸ ਨੂੰ ਸੰਬੋਧਨ ਹੁੰਦਿਆਂ ਉਸਨੇ ਕਿਹਾ, "ਜੇਕਰ ਤੁਸੀਂ ਅਮਨ ਚਾਹੁੰਦੇ ਹੋ ਤਾਂ ਅਸੀਂ ਜੰਗ ਨਹੀਂ ਚਾਹੁੰਦੇ। ਜੇਕਰ ਤੁਸੀਂ ਜੰਗ ਚਾਹੁੰਦੇ ਹੋ ਤਾਂ ਉਹ ਵੀ ਅਸੀਂ ਬੇ-ਝਿਜਕ ਕਬੂਲਦੇ ਹਾਂ। ਅਸੀਂ ਜਾਂ ਤਾਂ ਹਿੰਦ ਦਾ ਵੰਡਾਰਾ ਕਰਾਂਗੇ ਜਾਂ ਸਾਰਾ ਤਬਾਹ ਕਰਾਂਗੇ।" ਮੁਸਲਮ ਲੀਗੀ ਇਹ ਸੁਣ ਕੇ ਆਪਣੀਆਂ ਸੀਟਾਂ ਤੋਂ ਉਛਲ ਪਏ, ਆਪਣੀਆਂ ਫੈਜ਼ੀ ਟੋਪੀਆਂ ਹਵਾ ਵਿਚ ਸੁੱਟ ਦਿੱਤੀਆਂ ਤੇ ਆਕਾਸ਼ 'ਪਾਕਿਸਤਾਨ ਜ਼ਿੰਦਾਬਾਦ' ਦੇ ਨਾਅਰਿਆਂ ਨਾਲ ਕੰਬ ਉਠਿਆ। ਮੁਸਲਮਾਨਾਂ ਵਲੋਂ ਜਿਨਾਹ ਦੀ ਤਕਰੀਰ ਨਾਲ ਐਨੇ ਜੋਸ਼ ਵਿਚ ਆਉਣ ਦਾ ਭਾਵ ਇਹ ਸੀ ਕਿ ਉਨ੍ਹਾਂ ਦੇ ਲੀਡਰ ਦੀ ਤਕਰੀਰ ਨੇ ਉਨ੍ਹਾਂ ਦੀਆਂ ਭਾਵਨਾਵਾਂ ਦੀ ਤ੍ਰਿਪਤੀ ਕੀਤੀ ਹੈ। ਅਸਲ ਗੱਲ ਇਹ ਨਹੀਂ ਸੀ ਕਿ ਜੋ ਜਿਨਾਹ ਕਹਿੰਦਾ ਸੀ ਇਹ ਸਿਰਫ ਉਸਦੀ ਆਪਣੀ ਹੀ ਸੋਚ ਸੀ ਬਲਕਿ ਉਹਦੀ ਸੋਚ ਹਿੰਦੁਸਤਾਨ ਦੇ ਲਗਭਗ ਸਮੁੱਚੇ ਮੁਸਲਮਾਨਾਂ ਦੀ ਤਰਜਮਾਨੀ ਕਰਦੀ ਸੀ। 1946 ਦੀਆਂ ਚੋਣਾਂ ਉਹਨੇ ਪਾਕਿਸਤਾਨ ਦੇ ਮੁੱਦੇ 'ਤੇ ਹੀ ਲੜੀਆਂ ਸਨ ਤੇ ਉਹਨੂੰ ਲਾਮਿਸਾਲ ਕਾਮਯਾਬੀ ਮਿਲੀ ਸੀ। ਜਦੋਂ ਪੱਤਰਕਾਰਾਂ ਨੇ ਜਿਨਾਹ ਤੋਂ ਡਾਇਰੈਕਟ ਐਕਸ਼ਨ ਡੇ ਦਾ ਮਤਲਬ ਪੁੱਛਿਆ ਤਾਂ ਉਹਨੇ ਕਿਹਾ "ਮੇਰੇ ਕੋਲੋਂ ਡਾਇਰੈਕਟ ਐਕਸ਼ਨ ਦਾ ਮਤਲਬ ਕਿਉਂ ਪੁਛਦੇ ਹੋ? ਕਾਂਗਰਸ ਕੋਲ ਜਾਓ। ਉਨ੍ਹਾਂ ਕੋਲੋਂ ਉਨ੍ਹਾਂ ਦੀਆਂ ਵਿਉਂਤਾਂ ਪੁੱਛੋਂ। ਜੇਕਰ ਉਹ ਤੁਹਾਨੂੰ ਦੱਸ ਦੇਣਗੇ ਤਾਂ ਮੈਂ ਵੀ ਦੱਸ ਦੇਵਾਂਗਾ। ਮੇਰੇ ਕੋਲੋਂ ਕਿਉਂ ਆਸ ਰੱਖਦੇ ਹੋ ਕਿ ਮੈਂ ਹੱਥ ਜੋੜ ਕੇ ਬੈਠਾ ਰਿਹਾ? ਮੈਂ ਵੀ ਹੁਣ ਅੰਦੋਲਨ ਕਰਨ ਵਾਲਾ ਹਾਂ। ਅਸੀਂ ਆਤਮ ਰੱਖਿਆ ਲਈ ਵਿਧਾਨਕ ਤਰੀਕਿਆਂ ਦਾ ਤਿਆਗ ਕਰਨ ਲਈ ਮਜ਼ਬੂਰ ਹਾਂ।" ਇਹ ਗੱਲਾਂ ਸਪੱਸ਼ਟ ਕਰਦੀਆਂ ਸਨ ਕਿ ਡਾਇਰੈਕਟ ਐਕਸ਼ਨ ਰਾਹੀਂ ਜ਼ਰੂਰ ਫਸਾਦ ਪੈਦਾ ਹੋਵੇਗਾ, ਜੋ ਕਿ ਹੋ ਕੇ ਰਿਹਾ।
11. ਡਾਇਰੈਕਟ ਐਕਸ਼ਨ ਡੇ ਦਾ ਨਤੀਜਾ: ਹਜ਼ਾਰਾਂ ਹਿੰਦੂਆਂ ਦਾ ਕਤਲੇਆਮ: ਬੰਗਾਲ ਵਿਚ ਮੁਸਲਿਮ ਲੀਗ ਦੀ ਹਕੂਮਤ ਸੀ ਅਤੇ ਜਨਾਬ ਸੁਹਾਰਵਰਦੀ ਇਸਦੇ ਮੁੱਖ ਮੰਤਰੀ ਸਨ (ਭਾਰਤ ਵਿਚਲੇ ਸੂਬੇ ਪੱਛਮੀ ਬੰਗਾਲ ਅਤੇ ਸਾਰੇ ਬੰਗਲਾ ਦੇਸ਼ ਨੂੰ ਰਲਾ ਕੇ ਬੰਗਾਲ ਬਣਦਾ ਸੀ)। 15 ਅਗਸਤ 1946 ਨੂੰ ਬੰਗਾਲ ਵਿਧਾਨ ਸਭਾ ਦਾ ਇਜਲਾਸ ਚੱਲ ਰਿਹਾ ਸੀ, ਜਿਸ ਵਿਚ ਮੁੱਖ ਮੰਤਰੀ ਨੇ ਡਾਇਰੈਕਟ ਐਕਸ਼ਨ ਡੇ 16 ਅਗਸਤ ਨੂੰ ਸੂਬੇ ਵਿਚ ਛੁੱਟੀ ਦਾ ਐਲਾਨ ਕਰ ਦਿੱਤਾ।ਕਾਂਗਰਸੀ ਮੈਂਬਰਾਂ ਨੇ ਛੁੱਟੀ ਕਰਨ ਦਾ ਵਿਰੋਧ ਕਰਦਿਆਂ ਕਿਹਾ ਕਿ "ਇਹ ਸੋਚਣਾ ਮੂਰਖਤਾ ਹੈ ਕਿ ਬੰਗਾਲ ਦੀ ਮੁਸਲਮਾਨ ਹਕੂਮਤ ਨੇ ਹੁੱਲੜਬਾਜ਼ੀ ਤੇ ਗੁੰਡਾਗਰਦੀ ਨੂੰ ਖਤਮ ਕਰਨ ਲਈ 16 ਅਗਸਤ ਦੀ ਛੁੱਟੀ ਦਾ ਐਲਾਨ ਕੀਤਾ ਹੈ। ਵਿਹਲੇ ਲੋਕਾਂ ਵਾਸਤੇ ਛੁੱਟੀ ਖਰਾਬੀ ਪੈਦਾ ਕਰੇਗੀ, ਕਿਉਂਕਿ ਇਹ ਜ਼ਰੂਰੀ ਹੈ ਕਿ ਉਹ ਹਿੰਦੂ ਜਿਹੜੇ ਆਪਣਾ ਕੰਮ ਧੰਦਾ ਕਰਨਾ ਚਾਹੁਣਗੇ, ਆਪਣੀਆਂ ਦੁਕਾਨਾਂ ਖੋਲ੍ਹਣਗੇ ਤੇ ਉਨ੍ਹਾਂ ਨੂੰ ਜ਼ਬਰਦਸਤੀ ਦੁਕਾਨਾਂ ਬੰਦ ਕਰਨ ਨੂੰ ਕਿਹਾ ਜਾਵੇਗਾ। ਇਸ ਤੋਂ ਫਿਰਕੂ ਫਸਾਦ ਮਚ ਉਠਣ ਦੀ ਸੰਭਾਵਨਾ ਹੋ ਸਕਦੀ ਹੈ।" ਇਹ ਗੱਲ ਬਿਲਕੁਲ ਸੱਚ ਸਾਬਤ ਹੋਈ ਕਿ ਜਿਹੜੇ ਹਿੰਦੂਆਂ ਨੇ 16 ਅਗਸਤ ਨੂੰ ਦੁਕਾਨਾਂ ਖੋਲ੍ਹੀਆਂ ਉਨ੍ਹਾਂ ਨੂੰ ਮੁਸਲਮਾਨਾਂ ਨੇ ਮਾਰਨਾ ਸ਼ੁਰੂ ਕਰ ਦਿੱਤਾ। ਦੁਪਹਿਰ ਤਕ ਸਾਰਾ ਸ਼ਹਿਰ ਅਗਜ਼ਨੀ ਅਤੇ ਛੁਰੇਬਾਜ਼ੀ ਅਤੇ ਕਤਲੋਗਾਰਤ ਵਾਲਾ ਬਣ ਗਿਆ ਸੀ। ਇਹ ਮਾਹੌਲ ਤਿੰਨ ਦਿਨ ਤਕ ਜਾਰੀ ਰਿਹਾ ਜਿਸਨੂੰ ਕਿ ਫੌਜ ਨੇ ਆ ਕੇ ਕਾਬੂ ਕੀਤਾ, ਇਸ ਵਿਚ ਬਹੁਤੇ ਹਿੰਦੂ ਮਾਰੇ ਗਏ ਤੇ ਥੋੜ੍ਹੇ ਮੁਸਲਮਾਨ। ਸਰਕਾਰੀ ਅੰਦਾਜ਼ੇ ਮੁਤਾਬਕ ਮੌਤਾਂ ਦੀ ਗਿਣਤੀ 4000 ਅਤੇ 10,000 ਫੱਟੜ ਹੋਏ। ਅਕਤੂਬਰ ਮਹੀਨੇ ਵਿਚ ਪੂਰਬੀ ਬੰਗਾਲ ਦੇ ਸ਼ਹਿਰ ਨੋਆਖਲੀ ਅਤੇ ਤਪੇਰਾ (ਇਹ ਅੱਜਕਲ੍ਹ ਬੰਗਲਾ ਦੇਸ਼ ਵਿਚ ਨੇ) ਵਿਚ ਵੀ ਮੁਸਲਿਮ ਲੀਗੀਆਂ ਨੇ ਕਤਲੇਆਮ ਮਚਾਇਆ, ਜਿਸ ਵਿਚ ਹਜ਼ਾਰਾਂ ਹਿੰਦੂ ਮਾਰੇ ਗਏ।
12. ਬਦਲੇ ਵਿਚ ਹਜ਼ਾਰਾਂ ਮੁਸਲਮਾਨਾਂ ਦੇ ਕਤਲ: ਬੰਗਾਲ ਵਿਚ ਹੋਏ ਹਿੰਦੂਆਂ ਦੇ ਕਤਲੇਆਮ ਦੇ ਬਦਲੇ ਵਿਚ ਬਿਹਾਰ ਦੇ ਸ਼ਹਿਰਾਂ ਵਿਚ 25 ਅਕਤੂਬਰ ਤੋਂ ਲੈ ਕੇ 7 ਨਵੰਬਰ ਤਕ ਹਿੰਦੂਆਂ ਵਲੋਂ ਮੁਸਲਮਾਨਾਂ ਦਾ ਕਤਲੇਆਮ ਮਚਾਇਆ ਗਿਆ। ਬਹੁਤੀ ਹਿੰਸਾ ਵਾਲੇ ਸ਼ਹਿਰਾਂ ਵਿਚ ਛਪਰਾ, ਸਰਾਨ, ਪਟਨਾ ਅਤੇ ਭਾਗਲਪੁਰ ਦੇ ਜ਼ਿਲ੍ਹੇ ਸ਼ਾਮਿਲ ਸਨ। ਬਰਤਾਨਵੀ ਪਾਰਲੀਮੈਂਟ ਵਿਚ ਇਨ੍ਹਾਂ ਕਤਲਾਂ ਦੀ ਗਿਣਤੀ 5000 ਹਜ਼ਾਰ ਦੱਸੀ ਗਈ। 'ਸਟੇਟਸਮੈਨ' ਅਖਬਾਰ ਨੇ ਇਹ ਗਿਣਤੀ 7500 ਤੋਂ 10,000 ਦੱਸੀ। ਕਾਂਗਰਸ ਪਾਰਟੀ ਨੇ 2000 ਕਤਲ ਮੰਨੇ ਜਦਕਿ ਜਿਨਾਹ ਨੇ ਇਹ ਗਿਣਤੀ 30,000 ਦੱਸੀ। ਇਸੇ ਤਰ੍ਹਾਂ ਯੂ.ਪੀ. ਵਿਚ ਮੇਰਠ ਦੇ ਨੇੜੇ ਗੜ੍ਹਮੁਕਟੇਸ਼ਵਰ ਵਿਚ ਲੱਗੇ ਇਕ ਮੇਲੇ ਦੌਰਾਨ ਹਿੰਦੂਆਂ ਨੇ 1000 ਤੋਂ ਲੈ ਕੇ 2000 ਤਕ ਮੁਸਲਮਾਨਾਂ ਨੂੰ ਕਤਲ ਕਰ ਦਿੱਤਾ। ਇਸਦੇ ਬਦਲੇ ਵਿਚ ਮੁਸਲਮਾਨਾਂ ਨੇ ਉਤਰ-ਪੱਛਮੀ ਸਰਹੱਦੀ ਸੂਬੇ (ਜੋ ਅੱਜਕਲ੍ਹ ਪਾਕਿਸਤਾਨ ਵਿਚ ਹੈ) ਖਾਸ ਕਰ ਹਜ਼ਾਰਾ ਇਲਾਕੇ ਵਿਚ ਹਿੰਦੂਆਂ ਅਤੇ ਸਿੱਖਾਂ ਦਾ ਕਤਲੇਆਮ ਕੀਤਾ। ਜਿਨ੍ਹਾਂ ਦੀ ਗਿਣਤੀ ਵੀ ਹਜ਼ਾਰਾਂ ਵਿਚ ਸੀ। ਕਬਾਇਲੀ ਮੁਸਲਮਾਨਾਂ ਵਲੋਂ ਐਨੀ ਵੱਡੀ ਗਿਣਤੀ ਵਿਚ ਇਕੱਠੇ ਹੋ ਕੇ ਇਹ ਹਮਲੇ ਕੀਤੇ ਕਿ ਉਨ੍ਹਾਂ ਨੂੰ ਰੋਕਣ ਲਈ ਫੌਜੀ ਹਵਾਈ ਜਹਾਜ਼ਾਂ ਨੇ ਬੰਬ-ਬਾਰੀ ਵੀ ਕੀਤੀ ਜਿਸ ਵਿਚ ਵੱਡੀ ਤਾਦਾਦ ਵਿਚ ਮੁਸਲਮਾਨ ਵੀ ਮਾਰੇ ਗਏ। ਇਹ ਗੱਲ ਦਸੰਬਰ 1946 ਦੀ ਹੈ। ਸੂਬਾ ਸਰਹੱਦ ਵਿਚ ਉਸ ਮੌਕੇ ਕਾਂਗਰਸ ਦੀ ਹਕੂਮਤ ਸੀ।
13. ਨਹਿਰੂ ਦੀ ਅਗਵਾਈ ਵਿਚ ਕੇਂਦਰੀ ਵਜ਼ਾਰਤ ਕਾਇਮ: 19 ਸਤੰਬਰ 1946 ਨੂੰ ਵਾਇਸਰਾਏ ਨੇ ਇਕ ਵਜ਼ਾਰਤ ਕਾਇਮ ਕੀਤੀ ਜਿਸ ਨੂੰ ਵਾਇਸਰਾਏ ਦੀ ਐਗਜ਼ੈਕਟਿਵ ਕੌਂਸਲ ਕਿਹਾ ਗਿਆ। ਵਾਇਸਰਾਏ ਇਸ ਦਾ ਮੁਖੀ ਸੀ ਅਤੇ ਜਵਾਹਰ ਲਾਲ ਨਹਿਰੂ ਇਸਦਾ ਉਪ ਮੁਖੀ ਸੀ (ਜੋ ਕਿ ਅੱਜਕਲ੍ਹ ਦੇ ਪ੍ਰਧਾਨ ਮੰਤਰੀ ਬਰਾਬਰ ਸੀ) ਸਰਕਾਰ ਦਾ ਸਾਰਾ ਕੰਟਰੋਲ ਉਪ ਮੁਖੀ ਨੂੰ ਦਿੱਤਾ ਗਿਆ ਸੀ ਅਤੇ ਮੁਖੀ ਸਿਰਫ ਫੌਜਾਂ ਦਾ ਚੀਫ ਕਮਾਂਡਰ ਹੀ ਸੀ। ਕੌਂਸਲ ਦੇ ਮੈਂਬਰ ਵਜ਼ੀਰਾਂ ਬਰਾਬਰ ਸਨ। 13 ਅਕਤੂਬਰ 1946 ਨੂੰ ਮੁਸਲਿਮ ਲੀਗ ਵੀ ਵਜ਼ਾਰਤ ਵਿਚ ਸ਼ਾਮਿਲ ਹੋ ਗਈ। ਕਾਂਗਰਸੀ ਹਿੱਸੇ ਦੇ ਵਜ਼ੀਰ ਇਸ ਤਰ੍ਹਾਂ ਸਨ। ਗ੍ਰਹਿ ਮੰਤਰੀ ਬੱਲਭ ਭਾਈ ਪਟੇਲ, ਵਿਦਿਆ ਮੰਤਰੀ ਸੀ. ਰਾਜਗੋਪਾਲਚਾਰੀਆ, ਰੇਲਵੇ ਅਤੇ ਟਰਾਂਸਪੋਰਟ ਮੰਤਰੀ ਆਸਿਫ ਅਲੀ, ਖੇਤੀਬਾੜੀ ਅਤੇ ਖੁਰਾਕ ਮੰਤਰੀ ਰਜਿੰਦਰ ਪ੍ਰਸਾਦ, ਸਨਅਤ ਅਤੇ ਸਿਵਲ ਸਪਲਾਈ ਮੰਤਰੀ ਜੌਹਨ ਮੈਥਾਈ।
ਮੁਸਲਿਮ ਲੀਗ ਦੇ ਮੰਤਰੀਆਂ ਵਿਚ ਖਜ਼ਾਨਾ ਮੰਤਰੀ ਲਿਆਕਤ ਅਲੀ ਖਾਨ, ਡਾਕ ਮੰਤਰੀ ਅਬਦੁਰ ਰੱਬ ਨਿਸਤਰ, ਵਪਾਰ ਮੰਤਰੀ ਇਬਰਾਹਿਮ ਇਸਮਾਇਲ, ਕਾਨੂੰਨ ਮੰਤਰੀ ਦਲਿਤ ਕੋਟੇ ਵਿਚੋਂ ਜੋਗਿੰਦਰ ਨਾਥ ਮੰਡਲ ਸਨ। ਵਾਇਸਰਾਏ ਨੇ ਸਿੱਖਾਂ ਦੇ ਨੁਮਾਇੰਦੇ ਵਜੋਂ ਸ. ਬਲਦੇਵ ਸਿੰਘ ਨੂੰ ਖੁਦ ਨਾਮਜ਼ਦ ਕਰਕੇ ਰੱਖਿਆ ਮੰਤਰੀ ਬਣਾਇਆ ਸੀ।
14. ਮੁਸਲਿਮ ਲੀਗ ਨੇ ਸੰਵਿਧਾਨ ਸਭਾ ਦਾ ਬਾਈਕਾਟ ਕੀਤਾ: ਸੰਵਿਧਾਨ ਘੜ੍ਹਨੀ ਅਸੈਂਬਲੀ ਦਾ 9 ਦਸੰਬਰ ਇਜਲਾਸ ਸੱਦਣ ਬਾਰੇ 20 ਨਵੰਬਰ 1946 ਨੂੰ ਸੱਦਾ ਪੱਤਰ ਜਾਰੀ ਕਰ ਦਿੱਤਾ ਗਿਆ। ਪਰ ਮੁਸਲਿਮ ਲੀਗ ਨੇ ਕਿਹਾ ਕਿ ਉਸਦੇ ਇਤਰਾਜ਼ਾਂ ਦੇ ਬਾਵਜੂਦ ਸੰਵਿਧਾਨ ਸਭਾ ਦੀਆਂ ਚੋਣਾਂ ਕਰਵਾਉਣੀਆਂ ਅਤੇ ਇਸਦਾ ਇਜਲਾਸ ਸੱਦਣਾ ਕਾਬਿਲ-ਏ-ਇਤਰਾਜ਼ ਹੈ। ਕੈਬਨਿਟ ਮਿਸ਼ਨ ਦੀ ਸਕੀਮ ਵਿਚ ਇਹ ਨਿਸਚਾ ਕੀਤਾ ਗਿਆ ਸੀ ਕਿ ਵਿਧਾਨ ਪ੍ਰੀਸ਼ਦ ਦੇ ਸੂਬਾਈ ਨੂੰਾਇੰਦਿਆਂ ਦੀ ਇੱਛਾ ਅਨੁਸਾਰ, ਭਾਗ ਵੀ ਬਣ ਸਕਦੇ ਹਨ। ਇਸ ਮੁਤਾਬਕ ਜੇ ਬੰਗਾਲ ਤੇ ਪੰਜਾਬ ਦੇ ਨੁਮਾਇੰਦੇ ਚਾਹੁੰਦੇ ਤਾਂ ਆਪਣੇ ਸੂਬਾਈ ਗੁੱਟ ਦਾ ਵੱਖਰਾ ਵਿਧਾਨ ਬਣਾਉਣ ਲਈ, ਭਾਗਾਂ ਵਿਚ ਵੀ ਬੈਠ ਸਕਦੇ ਹਨ। ਹੁਣ ਝਗੜਾ ਇਸ ਗੱਲ ਤੇ ਪੈ ਗਿਆ ਕਿ ਕੀ ਭਾਗਾਂ ਵਿਚ ਬੈਠਣ ਵਾਲੇ ਹਿੱਸੇ ਆਪਣੇ ਵਿਧਾਨ ਬਹੁਸੰਮਤੀ ਨਾਲ, ਬਣਾ ਸਕਦੇ ਸਨ। ਕਾਂਗਰਸ ਕਹਿੰਦੀ ਸੀ ਕਿ ਨਹੀਂ ਉਨ੍ਹਾਂ ਨੂੰ ਆਪਣੇ ਸੰਵਿਧਾਨਾਂ ਦੀ ਅੰਤਿਮ ਮਨਜ਼ੂਰੀ ਸਾਂਝੇ ਤੇ ਸਾਰੀ ਸੰਵਿਧਾਨ ਸਭਾ ਤੋਂ ਲੈਣੀ ਪਵੇਗੀ। ਸਮੁੱਚੀ ਸੰਵਿਧਾਨ ਸਭਾ ਵਿਚ ਬਹੁ-ਗਿਣਤੀ ਹਿੰਦੂਆਂ ਦੀ ਸੀ। ਇਸਦਾ ਸਪੱਸ਼ਟ ਭਾਵ ਇਹ ਸੀ ਕਿ ਬਹੁਗਿਣਤੀ ਦੇ ਮੁਸਲਿਮ ਇਲਾਕਿਆਂ ਵਾਸਤੇ ਵੀ, ਕੋਈ ਵਿਧਾਨ ਅਜਿਹਾ ਨਹੀਂ ਪ੍ਰਵਾਨ ਹੋਵੇਗਾ, ਜਿਸ ਦੀ ਆਗਿਆ ਹਿੰਦੂ ਬਹੁਸੰਮਤੀ ਨਾ ਦੇਵੇ। ਇਉਂ ਇਹ ਹਿੰਦੂ-ਮੁਸਲਿਮ ਝਗੜਾ ਜਿਥੋਂ ਤੁਰਿਆ ਸੀ, ਉਥੇ ਆ ਖੜ੍ਹਾ ਹੋਇਆ। ਮਿਸਟਰ ਜਿਨਾਹ ਨੇ ਕਿਹਾ ਕਿ ਹਿੰਦੂ ਸਾਰੀ ਰਾਜ ਸੱਤਾ ਆਪਣੇ ਹੱਥਾਂ ਵਿਚ ਹੀ ਰੱਖਣ ਤੇ ਅੜੇ ਹੋਏ ਹਨ, ਕਿਸੇ ਹੋਰ ਨੂੰ ਕੁਝ ਵੀ ਦਵਾਲ ਨਹੀਂ। ਉਸਨੇ ਸਾਫ ਕਹਿ ਦਿੱਤਾ ਕਿ ਹੁਣ ਹਿੰਦੂਆਂ ਨਾਲ ਸਮਝੌਤਾ ਅਸੰਭਵ ਹੈ। ਜਿਨਾਹ ਨੇ ਇਥੋਂ ਤਕ ਕਹਿ ਦਿੱਤਾ ਕਿ ਮੁਸਲਮਾਨਾਂ ਨੂੰ ਭਾਵੇਂ ਜਿੰਨਾ ਮਰਜੀ ਛੋਟਾ ਮੁਲਕ ਮਿਲ ਜਾਵੇ ਚਾਹੇ ਉਨ੍ਹਾਂ ਨੂੰ ਦਿਹਾੜੀ ਵਿਚ ਇਕ ਡੰਗ ਦੀ ਰੋਟੀ ਖਾ ਕੇ ਗੁਜ਼ਾਰਾ ਕਰਨਾ ਪਵੇ ਪਰ ਉਹ ਵੱਖਰਾ ਮੁਲਕ ਜ਼ਰੂਰ ਲੈ ਕੇ ਹਟਣਗੇ। ਸੋ 9 ਦਸੰਬਰ ਵਾਲੇ ਇਜਲਾਸ ਵਿਚ ਮੁਸਲਿਮ ਲੀਗ ਸ਼ਾਮਲ ਨਾ ਹੋਈ। ਵਾਇਸਰਾਏ ਨੇ ਉਚੇਚੇ ਤੌਰ 'ਤੇ ਜਵਾਹਰ ਲਾਲ ਨਹਿਰੂ ਨੂੰ ਕਿਹਾ ਕਿ ਉਹ ਜਿਨਾਹ ਨੂੰ ਸੰਵਿਧਾਨ ਸਭਾ ਵਿਚ ਹਿੱਸਾ ਲੈਣ ਲਈ ਮਨਾਵੇ ਪਰ ਨਹਿਰੂ ਨੇ ਇਸ ਪ੍ਰਤੀ ਕੋਈ ਗੰਭੀਰਤਾ ਨਾ ਦਿਖਾਈ। ਜਿਸ ਕਰਕੇ ਪਲੈਨ ਮੁਤਾਬਕ ਕੰਮ ਸਿਰੇ ਚੜ੍ਹਦਾ ਚੜ੍ਹਦਾ ਰੁਕ ਗਿਆ।
15. ਅੰਗਰੇਜ਼ਾਂ ਵਲੋਂ ਵੰਡ ਨੂੰ ਰੋਕਣ ਦਾ ਗੰਭੀਰ ਯਤਨ: ਇਹ ਗੱਲ ਸਪੱਸ਼ਟ ਸੀ ਕਿ ਜੇ ਕਾਂਗਰਸ ਤੇ ਮੁਸਲਿਮ ਲੀਗ ਦਾ ਹਿੰਦੁਸਤਾਨੀ ਸੰਵਿਧਾਨ ਬਣਾਉਣ ਬਾਰੇ ਕੋਈ ਸਮਝੌਤਾ ਨਹੀਂ ਹੁੰਦਾ ਤਾਂ ਮੁਲਕ ਦਾ ਵੰਡਾਰਾ ਅਟੱਲ ਸੀ। ਅੰਗਰੇਜ਼ਾਂ ਨੇ ਇਨ੍ਹਾਂ ਦੋਵਾਂ ਧਿਰਾਂ ਵਿਚ ਸਮਝੌਤਾ ਕਰਾਉਣ ਦਾ ਇਕ ਹੋਰ ਗੰਭੀਰ ਯਤਨ ਕੀਤਾ। ਸੈਕਟਰੀ ਆਫ ਸਟੇਟ ਬ੍ਰਿਟਿਸ਼ ਸਰਕਾਰ ਵਿਚ ਹਿੰਦੁਸਤਾਨ ਦੀ ਸਰਕਾਰ ਦਾ ਕੰਮਕਾਰ ਦੇਖਦਾ ਸੀ। ਜਿਸਦਾ ਅਹੁਦਾ ਵਾਇਸਰਾਏ ਤੋਂ ਉਪਰ ਸੀ। ਉਸਨੇ ਖੁਦ ਐਲਾਨ ਕੀਤਾ ਕਿ ਹਿੰਦੂਆਂ ਅਤੇ ਮੁਸਲਮਾਨਾਂ ਦੇ ਇਕ ਇਕ ਨੁਮਾਇੰਦੇ ਨੂੰ ਨਾਲ ਲੈ ਕੇ ਵਾਇਸਰਾਏ ਖੁਦ ਲੰਦਨ ਆਵੇ ਤਾਂ ਕਿ ਉਨ੍ਹਾਂ ਵਿਚ ਸਮਝੌਤਾ ਕਰਾਉਣ ਲਈ ਇਕ ਹੋਰ ਭਰਪੂਰ ਯਤਨ ਕੀਤਾ ਜਾਵੇ। ਵਾਇਸਰਾਏ ਨੇ ਸਲਾਹ ਦਿੱਤੀ ਕਿ ਇਸ ਵਿਚ ਇਕ ਨੂੰਾਇੰਦਾ ਸਿੱਖਾਂ ਦਾ ਵੀ ਹੋਣਾ ਚਾਹੀਦਾ ਹੈ, ਜੋ ਕਿ ਮੰਨੀ ਗਈ। ਸੋ ਮੁਸਲਿਮ ਲੀਗ ਦਾ ਨੂੰਾਇੰਦਾ ਲਿਆਕਤ ਅਲੀ, ਕਾਂਗਰਸ ਦਾ ਨੂੰਾਇੰਦਾ ਜਵਾਹਰ ਲਾਲ ਨਹਿਰੂ ਅਤੇ ਸਿੱਖਾਂ ਦਾ ਨੂੰਾਇੰਦਾ ਬਲਦੇਵ ਸਿੰਘ 2 ਦਸੰਬਰ 1946 ਨੂੰ ਲੰਡਨ ਪੁੱਜੇ। ਨਹਿਰੂ ਦਾ ਰੁਤਬਾ ਪ੍ਰਧਾਨ ਮੰਤਰੀ ਵਾਲਾ ਸੀ, ਜਦਕਿ ਦੂਜੇ ਦੋ ਨੁਮਾਇੰਦੇ ਕੇਂਦਰ ਵਿਚ ਵਜ਼ੀਰ ਸਨ। ਜਿਨਾਹ ਵੱਖਰੇ ਤੌਰ 'ਤੇ ਇਨ੍ਹਾਂ ਦੇ ਨਾਲ ਹੀ ਲੰਡਨ ਪੁੱਜੇ। ਪੂਰੇ ਚਾਰ ਦਿਨ ਇਨ੍ਹਾਂ ਦੀਆਂ ਬਰਤਾਨਵੀ ਸਰਕਾਰ ਨਾਲ ਵਿਚਾਰਾਂ ਹੁੰਦੀਆਂ ਰਹੀਆਂ ਪਰ ਗੱਲ ਕੋਈ ਸਮਝੌਤਾ 'ਤੇ ਨਾ ਅੱਪੜ ਸਕੀ।
16. ਅੰਗਰੇਜ਼ਾਂ ਨੇ ਹਿੰਦੁਸਤਾਨ ਛੱਡਣ ਦੀ ਤਰੀਕ ਮਿੱਥ ਦਿੱਤੀ: ਇਧਰ ਹਿੰਦੁਸਤਾਨ ਦੀਆਂ ਦੋਵਾਂ ਮੁੱਖ ਧਿਰਾਂ ਵਿਚ ਇਹ ਸਮਝੌਤਾ ਨਹੀਂ ਸੀ ਹੋ ਰਿਹਾ। ਹਿੰਦੁਸਤਾਨ ਦੀ ਵਾਗਡੋਰ ਕਿਸਨੂੰ ਸੌਂਪੀ ਜਾਵੇ, ਇਸਦਾ ਖਾਕਾ ਅੰਗਰੇਜ਼ਾਂ ਨੇ ਕੈਬਨਿਟ ਮਿਸ਼ਨ ਦੀਆਂ ਤਜਵੀਜ਼ਾਂ ਰਾਹੀਂ ਤਿਆਰ ਕਰ ਦਿੱਤਾ ਸੀ, ਇਸ 'ਤੇ ਦੋਵੇਂ ਧਿਰਾਂ ਲਗਭਗ ਸਹਿਮਤ ਸਨ। ਇਸਦੇ ਰਹਿਤ ਸੰਵਿਧਾਨ ਸਭਾ ਦੀਆਂ ਚੋਣਾਂ ਵੀ ਹੋ ਚੁੱਕੀਆਂ ਸਨ। ਅੰਗਰੇਜ਼ਾਂ ਨੇ ਇਸ ਰਾਹੀਂ ਹਿੰਦੁਸਤਾਨ ਦੀ ਵਾਗਡੋਰ ਕਿਸੇ ਨੂੰ ਸੰਭਾਲੀ ਜਾਵੇ ਵਾਲਾ ਮਸਲਾ ਇਨ੍ਹਾਂ ਨੇ ਸਰਬ-ਸੰਮਤੀ ਨਾਲ ਲਗਭਗ 15 ਆਨੇ ਹੱਲ ਕਰ ਦਿੱਤਾ ਸੀ। ਗੱਲ ਸੋਲਾ ਆਨੇ ਹੱਲ ਹੋਣੋਂ ਕਿਵੇਂ ਰੁਕੀ ਇਸਦਾ ਵਿਸਥਾਰ ਤੁਸੀਂ ਉਪਰ ਪੜ੍ਹ ਆਏ ਹੋ। ਦਸੰਬਰ 1946 ਨੂੰ ਲੰਡਨ ਵਿਚ ਸਭ ਤੋਂ ਉੱਚ ਪੱਧਰੀ ਤਿੰਨ ਧਿਰੀ ਗੱਲਬਾਤ ਰਾਹੀਂ ਵੀ ਜਦ ਅੰਗਰੇਜ਼ਾਂ ਦਾ ਮੁਲਕ ਨੂੰ ਇਕ ਰੱਖਣ ਦਾ ਯਤਨ ਜਦੋਂ ਫੇਲ੍ਹ ਹੋ ਗਿਆ ਤਾਂ ਅਖੀਰ ਨੂੰ ਉਨ੍ਹਾਂ ਨੇ ਹਿੰਦੁਸਤਾਨ ਨੂੰ ਛੱਡ ਜਾਣ ਦੀ ਥੱਕ ਹਾਰ ਕੇ ਤਰੀਕ ਮਿੱਥ ਦਿੱਤੀ। ਬਰਤਾਨਵੀ ਪ੍ਰਧਾਨ ਮੰਤਰੀ ਮਿਸਟਰ ਐਟਲੇ ਨੇ 20 ਫਰਵਰੀ 1947 ਨੂੰ ਬ੍ਰਿਟਿਸ਼ ਪਾਰਲੀਮੈਂਟ ਵਿਚ ਇਕ ਐਲਾਨ ਕਰਦਿਆਂ ਕਿਹਾ ਕਿ ਅਸੀਂ ਹਿੰਦੁਸਤਾਨ ਦਾ ਰਾਜ ਹਿੰਦੁਸਤਾਨੀਆਂ ਨੂੰ ਸੌਂਪ ਕੇ ਵੱਧ ਤੋਂ ਵੱਧ ਜੂਨ 1948 ਤਕ ਵਾਪਸ ਆ ਜਾਣਾ ਹੈ। ਇਸ ਵਿਚ ਰਾਜ ਭਾਗ ਕੀਹਨੂੰ ਸੰਭਾਲਿਆ ਜਾਵੇਗਾ ਬਾਰੇ ਸਪੱਸ਼ਟ ਤਾਂ ਨਹੀਂ ਸੀ ਦੱਸਿਆ ਗਿਆ ਪਰ ਇਹ ਐਲਾਨ ਸਪੱਸ਼ਟ ਸੀ ਕਿ ਹਿੰਦੁਸਤਾਨ ਵਿਚ ਦੋਵਾਂ ਪ੍ਰਮੁੱਖ ਧਿਰਾਂ ਦਾ ਕੋਈ ਸਿਆਸੀ ਸਮਝੌਤਾ ਨਾ ਹੋਇਆ ਤਾਂ ਅਸੀਂ ਆਪਣੇ ਵਲੋਂ ਜਿਵੇਂ ਠੀਕ ਲੱਗਿਆ ਉਵੇਂ ਹੀ ਪੂਰੇ ਹਿੰਦੁਸਤਾਨ ਜਾਂ ਇਸਦੇ ਸੂਬਿਆਂ ਨੂੰ ਅਲੱਗ ਤੌਰ 'ਤੇ ਯੋਗ ਧਿਰ ਦੇ ਹਵਾਲੇ ਕਰਕੇ ਆ ਜਾਣਾ ਹੈ। ਇਸ ਨਾਲ ਦੋਵੇਂ ਧਿਰਾਂ ਸਮਝੌਤੇ ਲਈ ਗੰਭੀਰ ਹੋ ਗਈਆਂ।
17. ਪੰਜਾਬ ਦੇ ਫਸਾਦ ਮਾਰਚ 1947: 1946 ਵਿਚ ਜਦੋਂ ਪੰਜਾਬ ਅਸੈਂਬਲੀ ਦੀਆਂ ਚੋਣਾਂ ਹੋਈਆਂ ਤਾਂ ਮੁਸਲਿਮ ਲੀਗ ਨੇ ਸਭ ਤੋਂ ਵਧ 75 ਸੀਟਾਂ ਜਿੱਤੀਆਂ। ਮੁਸਲਮਾਨਾਂ ਦੀ ਯੂਨੀਅਨਇਸਟ ਪਾਰਟੀ ਨੇ 19, ਕਾਂਗਰਸ ਨੇ 51, ਅਕਾਲੀ ਦਲ ਨੇ 21 ਅਤੇ ਆਜ਼ਾਦ ਉਮੀਦਵਾਰਾਂ ਨੇ 11 ਸੀਟਾਂ ਜਿੱਤੀਆਂ। ਪਰ ਮੁਸਲਿਮ ਲੀਗ ਦੀ ਸਰਕਾਰ ਬਣਨੋਂ ਰੋਕਣ ਖਾਤਰ ਅਕਾਲੀਆਂ ਅਤੇ ਕਾਂਗਰਸੀਆਂ ਨੇ ਹਮਾਇਤ ਦੇ ਕੇ ਯੂਨੀਅਨਇਸਟ ਪਾਰਟੀ ਦੇ ਸਰ ਖਿਜ਼ਰ ਹਿਆਤ ਖਾਂ ਟਿਵਾਣਾ ਦੀ ਅਗਵਾਈ ਕੁਲੀਸ਼ਨ ਵਜ਼ਾਰਤ ਬਣਾ ਲਈ। ਚੋਣਾਂ ਤੋਂ ਇਹ ਗੱਲ ਸਪੱਸ਼ਟ ਹੋ ਗਈ ਸੀ ਕਿ ਮੁਸਲਮਾਨਾਂ ਦੀ ਨੂੰਾਇੰਦਾ ਜਮਾਤ ਮੁਸਲਿਮ ਲੀਗ ਹੀ ਹੈ। ਯੂਨੀਅਨਇਸਟ ਪਾਰਟੀ ਵੀ ਭਾਵੇਂ ਇਕ ਮੁਸਲਿਮ ਜਮਾਤ ਸੀ ਪਰ ਅਕਾਲੀ-ਕਾਂਗਰਸੀ ਹਮਾਇਤ ਦੇ ਸਹਾਰੇ ਖੜ੍ਹੀ ਹੋਣ ਕਰਕੇ ਉਹ ਇਨ੍ਹਾਂ ਦੀ ਲਾਇਨ ਤੋਂ ਬਾਹਰ ਨਹੀਂ ਸੀ ਜਾ ਸਕਦੀ। ਭਾਵੇਂ ਮੁਸਲਮਾਨਾਂ ਨੇ ਜਲਸੇ ਮੁਜ਼ਾਹਰਿਆਂ ਰਾਹੀਂ ਖਿਜ਼ਰ ਹਿਆਤ ਖਾਂ ਟਿਵਾਣਾ ਦਾ ਨੱਕ ਵਿਚ ਦਮ ਕੀਤਾ ਪਿਆ ਸੀ ਪਰ ਪ੍ਰਧਾਨ ਮੰਤਰੀ ਐਟਲੇ ਦੇ ਬਿਆਨ ਨੇ ਹਾਲਾਤ ਇਕ ਦਮ ਬਦਲ ਦਿੱਤੇ। ਪੰਜਾਬ ਦੇ ਮੁਸਲਮਾਨਾਂ ਨੂੰ ਇਹ ਜਾਪਣ ਲੱਗ ਪਿਆ ਕਿ ਪੰਜਾਬ ਅਸੈਂਬਲੀ ਵਿਚ ਕਾਂਗਰਸ-ਅਕਾਲੀ ਦਲ ਸਹਾਰੇ ਚੱਲਣ ਵਾਲੀ ਸਰਕਾਰ ਜਿਸਦਾ ਅਸੈਂਬਲੀ ਵਿਚ ਬਹੁਮਤ ਹੈ ਮੁਸਲਮਾਨਾਂ ਦੇ ਹੱਕ ਵਿਚ ਫੈਸਲਾ ਨਹੀਂ ਲਵੇਗੀ। ਕਿਉਂਕਿ ਫੈਸਲਾ ਅਸੈਂਬਲੀ ਦੇ ਬਹੁਮਤ ਨਾਲ ਹੋਣਾ ਸੀ ਸੋ ਮੁਸਲਮਾਨਾਂ ਨੂੰ ਡਰ ਪੈ ਗਿਆ ਕਿ ਮੁਲਕ ਦਾ ਵੰਡਾਰਾ ਹੋਣ ਦੀ ਸੂਰਤ ਵਿਚ ਪੰਜਾਬ ਅਸੈਂਬਲੀ ਮਤਾ ਪਾ ਕੇ ਸੂਬੇ ਨੂੰ ਪਾਕਿਸਤਾਨ ਦੀ ਬਜਾਏ ਹਿੰਦੁਸਤਾਨ ਵੱਲ ਧੱਕ ਦੇਵੇਗੀ। ਮੁਸਲਮਾਨਾਂ ਵਾਸਤੇ ਇਹ ਗੱਲ ਮੌਤ ਦੇ ਡਰਾਵੇ ਵਰਗੀ ਸੀ। ਇਕਦਮ ਪੈਦਾ ਹੋਏ ਇਸ ਹਾਲਾਤ ਦੇ ਮੱਦੇਨਜ਼ਰ ਸਾਰੇ ਮੁਸਲਮਾਨ ਖਿਜ਼ਰ ਹਿਆਤ ਖਾਂ ਟਿਵਾਣਾ ਨੂੰ ਗੱਦਾਰ ਕਹਿਣ ਲੱਗੇ। ਇਸ ਮਾਨਸਿਕ ਦਬਾਅ ਮੂਹਰੇ ਝੁਕਦਿਆਂ ਮੁੱਖ ਮੰਤਰੀ ਖਿਜ਼ਰ ਹਿਆਤ ਖਾਂ ਟਿਵਾਣਾ ਨੇ 3 ਮਾਰਚ 1947 ਨੂੰ ਅਹੁਦੇ ਤੋਂ ਅਸਤੀਫਾ ਦੇ ਕੇ ਯੂਨੀਅਨਇਸਟ ਪਾਰਟੀ ਦਾ ਮੁਸਲਿਮ ਲੀਗ ਵਿਚ ਰਲੇਵਾਂ ਕਰ ਦਿੱਤਾ। ਹੁਣ ਮੁਸਲਿਮ ਲੀਗ ਦਾ ਅਸੈਂਬਲੀ ਵਿਚ ਮੁਕੰਮਲ ਬਹੁਮਤ ਹੋ ਗਿਆ ਸੀ। ਪੰਜਾਬ ਮੁਸਲਿਮ ਲੀਗ ਦੇ ਪ੍ਰਧਾਨ ਖਾਨ ਇਫਤਖਾਰ ਹੁਸੈਨ (ਨਵਾਬ ਮਮਦੋਟ) ਨੇ ਗਵਰਨਰ ਨਾਲ ਮੁਲਾਕਾਤ ਕਰਕੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰ ਦਿੱਤਾ।
ਜੋ ਡਰ ਕੁਝ ਦਿਨ ਪਹਿਲਾਂ ਮੁਸਲਮਾਨਾਂ ਸਾਹਮਣੇ ਪੈਦਾ ਹੋਇਆ ਸੀ ਉਹੀ ਡਰ ਇਕਦਮ ਹਿੰੰਦੂਆਂ ਤੇ ਸਿੱਖਾਂ ਮੂਹਰੇ ਆ ਖੜ੍ਹਾ ਹੋਇਆ। ਉਨ੍ਹਾਂ ਨੂੰ ਵੀ ਇਹ ਖਦਸ਼ਾ ਸੀ ਕਿ ਮੁਸਲਿਮ ਲੀਗ ਦੇ ਬਹੁਮਤ ਵਾਲੀ ਅਸੈਂਬਲੀ ਸਾਰੇ ਪੰਜਾਬ ਨੂੰ ਪਾਕਿਸਤਾਨ ਵੱਲ ਧੱਕ ਦੇਵੇਗੀ। ਉਹ ਬੀਤੇ ਕਈ ਮਹੀਨਿਆਂ ਤੋਂ ਮੁਸਲਮਾਨਾਂ ਵਲੋਂ ਹਿੰਦੂਆਂ ਸਿੱਖਾਂ ਦੇ ਕਤਲਾਂ ਨੂੰ ਅਜੇ ਭੁੱਲੇ ਵੀ ਨਹੀਂ ਸਨ ਕਿ ਉਨ੍ਹਾਂ ਨੂੰ ਸਦਾ ਲਈ ਮੁਸਲਿਮ ਗਲਬੇ ਥੱਲੇ ਜਿਉਣ ਵਾਲੀ ਹਾਲਤ ਸਾਹਮਣੇ ਪੈਦਾ ਹੋਈ ਦਿਸ ਰਹੀ ਸੀ। ਅਕਾਲੀ ਦਲ ਨੇ ਐਲਾਨ ਕੀਤਾ ਕਿ ਉਹ ਵਿਧਾਨ ਸਭਾ ਵਿਚ ਅਤੇ ਉਸ ਤੋਂ ਬਾਹਰ ਪੂਰਾ ਜ਼ੋਰ ਲਗਾ ਕੇ ਮੁਸਲਿਮ ਲੀਗ ਵਜ਼ਾਰਤ ਕਾਇਮ ਹੋਣ ਨੂੰ ਰੋਕਣਗੇ। ਪੰਜਾਬ ਜਿਹੜਾ ਸਿੱਖਾਂ ਦਾ ਘਰ ਹੈ ਉਥੇ ਉਹ ਮੁਸਲਮਾਨ ਹਕੂਮਤ ਨਹੀਂ ਕਾਇਮ ਹੋਣ ਦੇਣਗੇ।
ਹਿੰਦੂ ਅਤੇ ਸਿੱਖ ਵਿਦਿਆਰਥੀਆਂ ਨੇ ਬਣ ਰਹੀ ਨਵੀਂ ਲੀਗੀ ਵਜ਼ਾਰਤ ਦੇ ਵਿਰੋਧ ਰੋਸ ਜ਼ਾਹਰ ਕਰਨ ਲਈ 4 ਮਾਰਚ ਨੂੰ ਲਾਹੌਰ ਵਿਚ ਇਕ ਜਲੂਸ ਕੱਢਿਆ, ਪੁਲਿਸ ਨੇ ਇਸ 'ਤੇ ਗੋਲੀ ਚਲਾਈ। ਜਿਸ ਵਿਚ ਡੀ.ਏ.ਵੀ ਕਾਲਜ ਦਾ ਵਿਦਿਆਰਥੀ ਰਤਨ ਚੰਦ ਮਾਰਿਆ ਗਿਆ। ਉਸੇ ਦਿਨ ਹਿੰਦੂ ਸਿੱਖਾਂ ਦਾ ਇਕ ਹੋਰ ਜਲੂਸ ਜਦੋਂ ਚੌਂਕ ਮਤੀ ਦਾਸ ਵਿਚ ਜਾ ਰਿਹਾ ਸੀ ਤਾਂ ਇਸਦਾ ਟਾਕਰਾ ਮੁਸਲਮਾਨਾਂ ਨਾਲ ਹੋ ਗਿਆ। ਜਿਸ ਵਿਚ ਲਾਠੀਆਂ ਤੇ ਤੇਜ਼ਧਾਰ ਹਥਿਆਰਾਂ ਦਾ ਖੁੱਲ੍ਹਾ ਇਸਤੇਮਾਲ ਹੋਇਆ। ਪੁਲਿਸ ਨੇ ਮਸਾਂ ਇਨ੍ਹਾਂ ਹਜ਼ੂਮਾਂ ਨੂੰ ਨਿਖੇੜਿਆ। ਡੀ.ਸੀ. ਨੇ 10 ਦਿਨ ਵਾਸਤੇ ਲਾਹੌਰ ਵਿਚ ਕਰਫਿਊ ਲਗਾ ਦਿੱਤਾ। ਪੰਜਾਬ ਵਿਚ ਗਵਰਨਰੀ ਰਾਜ ਸੀ ਸੋ 5 ਮਾਰਚ ਨੂੰ ਗਵਰਨਰ ਸਰ ਜੈਨਕਿਨਜ਼ ਨੇ ਸੂਬੇ ਵਿਚ ਦਫਾ 93 ਦੇ ਤਹਿਤ ਜਲੂਸ-ਜਲਸਿਆਂ 'ਤੇ ਕਈ ਪਾਬੰਦੀਆਂ ਲਾ ਦਿੱਤੀਆਂ।
ਮੁਸਲਮਾਨਾਂ ਨੇ ਕਿਹਾ ਕਿ ਮੁਸਲਿਮ ਲੀਗ ਕੋਲ ਬਹੁਮਤ ਹੁੰਦਿਆਂ ਗਵਰਨਰ, ਹਿੰਦੂ ਸਿੱਖਾਂ ਦੇ ਰੋਸ ਤੋਂ ਡਰਦਾ ਲੀਗ ਨੂੰ ਵਜ਼ਾਰਤ ਬਣਾਉਣ ਦਾ ਸੱਦਾ ਨਹੀਂ ਦੇ ਰਿਹਾ। ਇਸਦੇ ਬਦਲੇ ਵਿਚ ਉਨ੍ਹਾਂ ਨੇ ਰਾਵਲਪਿੰਡੀ ਜ਼ਿਲ੍ਹੇ ਵਿਚ ਹਿੰਦੂ ਸਿੱਖਾਂ ਦਾ ਕਤਲੇਆਮ ਸ਼ੁਰੂ ਕਰ ਦਿੱਤਾ। ਇਸ ਹਿੰਸਾ ਦੇ ਖਿਲਾਫ ਸਰਕਾਰ ਨੂੰ ਫੌਜ ਦੀ ਵੀ ਵਰਤੋ ਕਰਨੀ ਪਈ। ਇਸ ਵਿਚ 18 ਹਜ਼ਾਰ ਹਿੰਦੁਸਤਾਨੀ ਤੇ 2 ਹਜ਼ਾਰ ਅੰਗਰੇਜ਼ੀ ਫੌਜੀਆਂ ਨੇ ਹਿੱਸਾ ਲਿਆ। 2 ਸਕੂਐਰਡਿਨ ਹਵਾਈ ਜਹਾਜ਼ਾਂ ਦੇ ਵਰਤੇ ਗਏ ਜਿਨ੍ਹਾਂ ਵਿਚੋਂ ਬੰਬ ਵੀ ਸੁੱਟੇ ਗਏ। 19 ਮਾਰਚ ਨੂੰ ਗਵਰਨਰ ਪੰਜਾਬ ਨੇ ਸਾਰੇ ਸੂਬੇ ਨੂੰ ਡਿਸਟਰਬਰਡ ਏਰੀਆ ਕਰਾਰ ਦੇ ਕੇ ਪਬਲਿਕ ਸੇਫਟੀ ਐਕਟ ਤਹਿਤ ਪੁਲਿਸ ਨੂੰ ਵਧੇਰੇ ਅਖਤਿਆਰ ਦੇ ਦਿੱਤੇ। 17 ਮਾਰਚ ਨੂੰ ਪੰਡਤ ਨਹਿਰੂ ਨੇ ਰਾਵਲਪਿੰਡੀ ਜ਼ਿਲ੍ਹੇ ਦਾ ਦੌਰਾ ਕੀਤਾ। ਵਾਇਸਰਾਏ ਨੇ ਇਸ ਇਲਾਕੇ ਦੇ ਦੌਰੇ ਤੋਂ ਬਾਅਦ ਬਰਤਾਨਵੀ ਸਰਕਾਰ ਨੂੰ ਰਿਪੋਰਟ ਭੇਜਦਿਆਂ ਲਿਖਿਆ ਕਿ ਇਉਂ ਜਾਪਦਾ ਹੈ ਜਿਵੇਂ ਹਵਾਈ ਬੰਬ-ਬਾਰੀ ਨਾਲ ਜਾਨ-ਮਾਲ ਦੀ ਤਬਾਹੀ ਹੋਈ ਹੋਵੇ। ਪਿੰਡਾਂ ਦੇ ਪਿੰਡ ਵਿਚ ਹੀ ਸੌ ਫੀਸਦੀ ਹਿੰਦੂ-ਸਿੱਖ ਅਬਾਦੀ ਮਾਰੀ ਗਈ। 18. ਨਵਾਂ ਵਾਇਸਰਾਏ ਹਿੰਦੁਸਤਾਨ ਆਇਆ: ਬਰਤਾਨਵੀ ਸਰਕਾਰ ਨੇ ਲਾਰਡ ਵੇਵਲ ਦੀ ਥਾਂ 'ਤੇ ਲਾਰਡ ਮਾਊਂਟਬੈਟਨ ਨੂੰ ਭਾਰਤ ਦਾ ਵਾਇਸਰਾਏ ਨਿਯੁਕਤ ਕਰ ਦਿੱਤਾ ਅਤੇ ਕਿਹਾ ਕਿ ਮਿਸਟਰ ਵੇਵਲ ਨੇ ਬਹੁਤ ਵਧੀਆ ਕਾਰਗੁਜ਼ਾਰੀ ਦਿਖਾਈ ਹੈ ਪਰ ਉਹ ਭਾਰਤ ਦੀਆਂ ਦੋਵਾਂ ਧਿਰਾਂ ਵਿਚ ਸਮਝੌਤਾ ਕਰਵਾਉਣ ਲਈ ਅਸਫਲ ਰਿਹਾ ਹੈ। ਭਾਵੇਂ ਇਹ ਗੱਲ ਕਿਸੇ ਇਤਿਹਾਸ ਦੀ ਕਿਤਾਬ ਵਿਚ ਲਿਖੀ ਤਾਂ ਨਹੀਂ ਮਿਲਦੀ ਪਰ ਕਿਸੇ ਸਮਝੌਤੇ ਤੋਂ ਬਿਨਾਂ ਅੰਗਰੇਜ਼ਾਂ ਵਲੋਂ ਹਿੰਦੁਸਤਾਨ ਨੂੰ ਛੱਡਕੇ ਚਲੇ ਜਾਣ ਨੇ ਕਾਂਗਰਸ ਨੂੰ ਜ਼ਰੂਰ ਡਰਾਇਆ ਹੋਵੇਗਾ। ਹਿੰਦੁਸਤਾਨੀ ਫੌਜ ਵਿਚ ਮੁਸਲਮਾਨਾਂ ਦੀ ਨਫਰੀ ਵੱਡੀ ਗਿਣਤੀ ਵਿਚ ਸੀ। 1940 ਵਿਚ ਛਿੜੀ ਸੰਸਾਰ ਜੰਗ ਮੌਕੇ ਕਾਂਗਰਸ ਦੇ ਕਹਿਣ 'ਤੇ ਹਿੰਦੂ ਫੌਜ ਵਿਚ ਭਰਤੀ ਨਹੀਂ ਸੀ ਹੋਏ। ਜਦਕਿ ਸਿੱਖ ਅਤੇ ਮੁਸਲਮਾਨ ਗਜਵਜ ਕੇ ਭਰਤੀ ਹੋਏ ਸਨ। ਫਿਰ ਵੀ ਸਿੱਖਾਂ ਨਾਲੋਂ ਮੁਸਲਮਾਨਾਂ ਦੀ ਖਾਸ ਕਰਕੇ ਪਠਾਣਾਂ ਦੀ ਭਰਤੀ ਕਿਤੇ ਵੱਧ ਸੀ। ਇਹੀ ਸਮਾਂ ਸੀ ਜਦੋਂ ਹਿੰਦੁਸਤਾਨੀ ਫੌਜ ਦਾ ਆਕਾਰ ਇਕਦਮ ਵਧਿਆ ਸੀ। ਮਾਰਚ 1947 ਤਕ ਹਿੰਦੂ ਅਤੇ ਸਿੱਖ ਵਸੋਂ ਮੁਸਲਮਾਨਾਂ ਦੀ ਮਾਰਕਾਟ ਵਾਲੀ ਨੀਤੀ ਤੋਂ ਅੱਕੀ ਅਤੇ ਡਰੀ ਬੈਠੀ ਸੀ। ਜੇ ਅੰਗਰੇਜ਼ ਮੁਲਕ ਨੂੰ ਇਵੇਂ ਹੀ ਛੱਡਕੇ ਚਲੇ ਜਾਂਦੇ ਤਾਂ ਵੱਡੀ ਮੁਸਲਮਾਨ ਫੌਜ ਦੇ ਹੁੰਦਿਆਂ ਮੁਲਕ ਵਿਚ ਖਾਨਾਜੰਗੀ ਛਿੜਣ ਨਾਲ ਜੋ ਤਸਵੀਰ ਕਲਪੀ ਜਾ ਸਕਦੀ ਸੀ ਓਸ ਦਾ ਲੱਖਣ ਕਾਂਗਰਸੀ ਆਗੂਆਂ ਨੇ ਜ਼ਰੂਰ ਲਾ ਲਿਆ ਹੋਵੇਗਾ। ਕਿਉਂਕਿ ਮਿਸਟਰ ਜਿਨਾਹ ਖੁੱਲ੍ਹੇਆਮ ਕਹਿੰਦਾ ਸੀ ਕਿ "ਜਾਂ ਮੁਲਕ ਦਾ ਵੰਡਾਰਾ ਕਰਾਂਗੇ ਜਾਂ ਸਾਰਾ ਤਬਾਹ ਕਰਾਂਗੇ।" ਇਹ ਗੱਲਾਂ ਸੋਚ ਕੇ ਜਾਂ ਕੁਝ ਹੋਰ ਸੋਚਕੇ ਨਹਿਰੂ ਅਤੇ ਪਟੇਲ ਵਰਗੇ ਅਪ੍ਰੈਲ 1947 ਤਕ ਚਿੱਤ ਵਿਚ ਵੰਡ ਨੂੰ ਸਵੀਕਾਰ ਕਰ ਚੁੱਕੇ ਸਨ। ਉਨ੍ਹਾਂ ਮਨ ਟੋਹ ਕੇ ਹੀ ਵਾਇਸਰਾਏ ਮਾਊਂਟਬੈਟਨ ਨੇ ਵੰਡ ਦੀ ਤਜਵੀਜ਼ ਉਤੇ ਕੰਮ ਆਰੰਭ ਕਰ ਦਿੱਤਾ। ਪੋਠੋਹਾਰ (ਜ਼ਿਲ੍ਹਾ ਰਾਵਲਪਿੰਡੀ) ਵਿਚ ਸਿੱਖਾਂ ਅਤੇ ਹਿੰਦੂਆਂ ਦੇ ਕਤਲੇਆਮ ਨੇ ਆਗੂਆਂ ਦੇ ਮਨਾਂ 'ਤੇ ਇਸ ਕਦਰ ਸੱਟ ਮਾਰੀ ਕਿ ਪੰਜਾਬ ਵਿਧਾਨ ਸਭਾ ਦੇ ਹਿੰਦੂ ਸਿੱਖ ਮੈਂਬਰਾਂ ਨੇ ਨਹਿਰੂ ਨੂੰ ਲਿਖਿਆ ਕਿ ਸਾਡੇ ਵਲੋਂ ਪੰਜਾਬ ਦੇ ਵੰਡਾਰੇ ਦੀ ਮੰਗ ਨੂੰ ਵਾਇਸਰਾਏ ਤਕ ਪਹੁੰਚਾ ਦੇਵੇ। 8 ਅਪ੍ਰੈਲ ਨੂੰ ਇਸਦੇ ਹੱਕ ਵਿਚ ਬਕਾਇਦਾ ਮਤਾ ਪਾਸ ਕਰ ਦਿੱਤਾ। 18 ਅਪ੍ਰੈਲ ਨੂੰ ਮਾਸਟਰ ਤਾਰਾ ਸਿੰਘ ਤੇ ਸਰਦਾਰ ਬਲਦੇਵ ਸਿੰਘ ਨੇ ਵਾਇਸਰਾਏ ਕੋਲ ਵੀ ਇਹੋ ਮੰਗ ਰੱਖੀ। ਪੰਜਾਬ ਦੇ ਵੰਡਾਰੇ ਦੀ ਮੰਗ ਸਿੱਖਾਂ ਤੇ ਕਾਂਗਰਸ ਵਲੋਂ ਕਰਨ ਕਰਕੇ ਮੁਲਕ ਦੇ ਵੰਡਾਰੇ ਦਾ ਅੜਿੱਕਾ ਕਾਫੀ ਹੱਦ ਤਕ ਹੱਲ ਹੋ ਗਿਆ ਸੀ। ਇਸ ਨਾਲ ਦੇਸ਼ ਦੇ ਵੰਡਾਰੇ ਦੀ ਸੂਰਤ ਵਿਚ ਪੰਜਾਬ ਦਾ ਹਿੰਦੂ ਸਿੱਖ ਬਹੁਗਿਣਤੀ ਵਾਲਾ ਹਿੱਸਾ ਹਿੰਦੁਸਤਾਨ ਵਾਲੇ ਪਾਸੇ ਰਹਿ ਜਾਣਾ ਸੀ। ਅਣਵੰਡੇ ਪੰਜਾਬ ਵਿਚ ਮੁਸਲਮਾਨ ਬਹੁਗਿਣਤੀ ਕਰਕੇ ਇਹ ਪਾਕਿਸਤਾਨ ਵਾਲੇ ਪਾਸੇ ਜਾਣਾ ਸੀ। ਜਿਸ ਤੋਂ ਤ੍ਰਬਕ ਕੇ ਪੰਜਾਬ ਦੇ ਹਿੰਦੂ ਸਿੱਖ ਪਾਕਿਸਤਾਨ ਦੀ ਵਿਰੋਧਤਾ ਕਰਦੇ ਸਨ। ਇਸੇ ਤਰ੍ਹਾਂ ਦਾ ਡਰ ਹਿੰਦੂ ਬਹੁਗਿਣਤੀ ਵਾਲੇ ਪੱਛਮੀ ਬੰਗਾਲ ਦੇ ਹਿੰਦੂਆਂ ਨੂੰ ਸੀ, ਕਿਉਂਕਿ ਅਣਵੰਡੇ ਬੰਗਾਲ ਵਿਚ ਵੀ ਮੁਸਲਮਾਨ ਬਹੁਗਿਣਤੀ ਸੀ, ਜਿਸ ਕਰਕੇ ਉਸਨੇ ਵੀ ਪਾਕਿਸਤਾਨ ਵਿਚ ਜਾਣਾ ਸੀ। ਦੋਵਾਂ ਸੂਬਿਆਂ ਦੀ ਵੰਡ ਵਾਲੀ ਜੁਗਤ ਨੇ ਵੀ ਕਾਂਗਰਸੀਆਂ ਨੂੰ ਕਾਫੀ ਹਦ ਤਕ ਸੰਤੁਸ਼ਟ ਕੀਤਾ।
ਬਾਕੀ ਕਿਸ਼ਤ ਨੰਬਰ 5ਵੀਂ 'ਚ....
-
ਗੁਰਪ੍ਰੀਤ ਸਿੰਘ ਮੰਡਿਆਣੀ, ਲੇਖਕ
gurpreetmandiani@gmail.com
88726-64000
Disclaimer : The opinions expressed within this article are the personal opinions of the writer/author. The facts and opinions appearing in the article do not reflect the views of Babushahi.com or Tirchhi Nazar Media. Babushahi.com or Tirchhi Nazar Media does not assume any responsibility or liability for the same.