ਪ੍ਰਵਾਸੀਆਂ ਦੇ ਵਿਦੇਸ਼ ਜਾਣ ਦਾ ਰੁਝਾਨ ਪੰਜਾਬ ਦੇ ਦੁਆਬੇ ਖਿੱਤੇ ਤੱਕ ਸੀਮਿਤ ਨਹੀਂ ਰਿਹਾ, ਹੁਣ ਤਾਂ ਪੂਰਾ ਪੰਜਾਬ ਇਸ ਰੁਝਾਨ ਦੀ ਲਪੇਟ ਵਿੱਚ ਆ ਚੁੱਕਾ ਹੈ। ਸ਼ਹਿਰੀ ਕੀ, ਪੇਂਡੂ ਕੀ, ਉੱਚਿਆਂ ਘਰਾਂ ਵਾਲੇ ਕੀ, ਮੱਧਮ ਵਰਗਾਂ ਵਾਲੇ ਕੀ, ਹੁਣ ਤਾਂ ਸਧਾਰਨ ਕਾਮੇ ਦੇ ਪੁੱਤਰ- ਧੀਆਂ ਵੀ ਅੰਗਰੇਜ਼ੀ ਦਾ ਇਮਤਿਹਾਨ ਆਇਲਿਟਸ ਪਾਸ ਕਰਕੇ ਵਿਦੇਸ਼ਾਂ ਵੱਲ ਉਡਾਰੀ ਮਾਰਨ ਦਾ ਜੁਗਾੜ ਬਣਾ ਰਹੇ ਹਨ। ਕੋਈ ਆਪਣਾ ਬੈਂਕ ਖਾਤਾ ਖਾਲੀ ਕਰ ਰਿਹਾ ਹੈ, ਇਸ ਕੰਮ ਵਾਸਤੇ, ਕੋਈ ਆਪਣਾ ਖੇਤ ਗਿਰਵੀ ਰੱਖ ਰਿਹਾ ਹੈ ਅਤੇ ਸਧਾਰਨ ਬੰਦਾ ਆਪਣਾ ਘਰ ਬੈਂਕ ਕੋਲ ਗਹਿਣੇ ਧਰ ਆਪਣੇ ਵਿਦੇਸ਼ ਜਾਣ ਵਾਲੇ ਮੁੰਡੇ-ਕੁੜੀ ਲਈ ਫੀਸ ਜੁਟਾਉਣ ਦਾ ਜੁਗਾੜ ਕਰ ਰਿਹਾ ਹੈ, ਇਹ ਕਹਿਕੇ ਕਿ ਇੱਕ ਵਾਰੀ ਦੀ ਫ਼ੀਸ ਜੋਗੇ ਪੈਸੇ ਹੋ ਜਾਣ ਭਾਵੇਂ ਭੈਣਾਂ, ਭਰਾਵਾਂ , ਰਿਸ਼ੇਤਾਦਾਰਾਂ ਤੋਂ ਉਧਾਰ ਲੈ ਕੇ, ਬਾਕੀ ਕਾਕਾ/ਕਾਕੀ ਆਪੇ ਜਾਕੇ "ਵਿਦੇਸ਼ੀ ਦਰਖਤਾਂ" ਤੋਂ ਤੋੜ ਲੈਣਗੇ। ਹੁਣ ਇਹ ਗੱਲ ਹੈਰਾਨੀ ਵਾਲੀ ਨਹੀਂ ਰਹੀ ਕਿ ਇੱਕ ਸਾਲ ਵਿੱਚ ਸਵਾ ਤੋਂ ਡੇਢ ਲੱਖ ਤੱਕ ਨੌਜਵਾਨ ਆਇਲਿਟਸ ਪਾਸ ਕਰਕੇ ਵਿਦੇਸ਼ੀ ਕਾਲਜਾਂ, ਯੂਨੀਵਰਸਿਟੀਆਂ ਦੀਆਂ ਭਾਰੀ ਭਰਕਮ ਫੀਸਾਂ ਤਾਰਕੇ, ਵੀਜ਼ੇ ਲੈ ਕੇ, ਜ਼ਹਾਜ਼ਾਂ ਦੇ ਹੂਟੇ ਲੈ ਰਹੇ ਹਨ, ਉਥੇ ਵਿਦੇਸ਼ ਜਾਕੇ ਉਹਨਾ ਦਾ ਕੀ ਬਣੇਗਾ, ਇਹ "ਉਪਰਲੇ" ਤੇ ਡੋਰ ਛੱਡਕੇ ਤੇ ਇਹ ਕਹਿਕੇ ਕਿ ਜੋ ਹੋਊ ਵੇਖੀ ਜਾਊ।
ਵਿਦੇਸ਼ ਜਾਣ ਦੇ ਇਸ ਰੁਝਾਨ ਦਾ ਕਾਰਨ ਭਾਵੇਂ ਬੇਰੁਜ਼ਗਾਰੀ ਹੋਵੇ ਜਾਂ ਪੰਜਾਬ 'ਚ ਪੱਸਰੇ ਨਸ਼ੇ ਤੇ ਮਾਪਿਆਂ ਦੀ ਆਪਣੀ ਔਲਾਦ ਨੂੰ ਇਹਨਾ ਤੋਂ ਬਚਾਉਣ ਦੀ ਤਰਕੀਬ। ਪਰ ਇਸ ਰੁਝਾਨ ਨੇ ਪੰਜਾਬ ਦੀ ਜੁਆਨੀ ਨੂੰ ਉਹਨਾ ਉਝੜੇ ਰਾਹਾਂ ਤੇ ਪਾ ਦਿੱਤਾ ਹੈ, ਜਿਥੇ ਉਹਨਾ ਨੂੰ ਇਹ ਨਹੀਂ ਪਤਾ ਕਿ ਉਹਨਾ ਦਾ ਭਵਿੱਖ ਕੀ ਹੋਏਗਾ? ਪਰ ਮਾਪੇ ਤੇ ਨੌਜਵਾਨ ਇਹ ਮੰਨਕੇ ਵਿਦੇਸ਼ ਤੁਰਦੇ ਜਾ ਰਹੇ ਹਨ ਕਿ ਪੰਜਾਬ ਦੀ ਭੈੜੀ ਹਾਲਤ ਨਾਲੋਂ ਤਾਂ ਉਹਨਾ ਦਾ ਹਾਲ ਵਿਦੇਸ਼ 'ਚ ਚੰਗਾ ਹੀ ਰਹੇਗਾ!
ਇਸ ਰੁਝਾਨ ਦਾ ਫਾਇਦਾ ਚੁਕਦਿਆਂ ਪੰਜਾਬ 'ਚ ਟਰੈਵਲ ਏਜੰਟਾਂ ਦੀ ਚਾਂਦੀ ਬਣੀ ਹੋਈ ਹੈ। ਆਇਲਿਟਸ ਸੈਂਟਰ ਹਰ ਛੋਟੇ -ਵੱਡੇ ਕਸਬੇ ਅਤੇ ਵੱਡੇ ਸ਼ਹਿਰਾਂ ਵਿੱਚ ਨਿੱਤ ਖੁੱਲ੍ਹਦੇ ਜਾ ਰਹੇ ਹਨ, ਜਿਥੇ ਨੌਜਵਾਨ ਮੁੰਡੇ , ਕੁੜੀਆਂ ਬਾਹਰਵੀਂ ਦੀ ਪੜ੍ਹਾਈ ਤੋਂ ਬਾਅਦ ਪੰਜ ਸਾਢੇ ਪੰਜ, ਛੇ, ਸਾਢੇ ਛੇ, ਸੱਤ, ਬੈਂਡ ਲੈਣ ਲਈ ਤਰਲੋ ਮੱਛੀ ਹੋਏ ਤੁਰੇ ਫਿਰਦੇ ਹਨ ਅਤੇ ਇਹਨਾਂ ਸੈਂਟਰਾਂ ਵਾਲਿਆਂ ਨੂੰ ਹਜ਼ਾਰਾਂ ਰੁਪਏ ਫੀਸਾਂ ਤਾਰ ਰਹੇ ਹਨ, ਜਿਹਨਾ ਉਤੇ ਇਹ ਫੀਸਾਂ ਵੱਧ ਜਾਂ ਘੱਟ ਉਗਰਾਉਣ ਦਾ ਸਰਕਾਰੀ ਕੁੰਡਾ ਵੀ ਕੋਈ ਨਹੀਂ। ਇਹਨਾ ਆਇਲਿਟਸ ਸੈਂਟਰਾਂ ਤੇ ਟਿਊਟਰਾਂ ਦਾ ਰੁਝਾਨ ਤਾਂ ਇਥੋਂ ਤੱਕ ਹੋ ਗਿਆ ਹੈ ਕਿ ਚੰਗੇ ਅੰਗਰੇਜ਼ੀ ਜਾਨਣ ਵਾਲੇ ਟੀਚਰ ਆਪਣੇ ਘਰਾਂ 'ਚ ਹੀ ਇਹਨਾ "ਜ਼ਰੂਰਤਮੰਦਾਂ" ਕੋਲੋਂ ਹਜ਼ਾਰਾਂ ਰੁਪਏ ਬਟੋਰ ਰਹੇ ਹਨ। ਇਸ ਤੋਂ ਵੀ ਅੱਗੇ ਇਹ ਲੁੱਟ ਅੰਬੈਸੀਆਂ ਵਲੋਂ ਵੀਜ਼ਾ ਫੀਸਾਂ ਦੇ ਵਾਧੇ ਦੇ ਰੂਪ 'ਚ ਵੇਖੀ ਜਾ ਸਕਦੀ ਹੈ ਅਤੇ ਜ਼ਾਹਲੀ ਵਿਦੇਸ਼ੀ ਕਾਲਜ, ਯੂਨੀਵਰਸਿਟੀਆਂ ਧੜਾ-ਧੜ ਦਾਖ਼ਲੇ ਦੇਕੇ ਇਹਨਾ ਵਿੱਦਿਆਰਥੀਆਂ ਤੋਂ ਡਾਲਰ ਇੱਕਠੇ ਕਰ ਲੈਂਦੀਆਂ ਹਨ, ਭਾਵੇਂ ਕਿ ਇਹਨਾਂ ਦੇ ਜ਼ਾਅਲੀ ਹੋਣ ਦਾ ਖਾਮਿਆਜ਼ਾ ਵਿੱਦਿਆਰਥੀਆਂ ਨੂੰ ਹੀ ਭੁਗਤਣਾ ਪੈਂਦਾ ਹੈ। ਹੈਰਾਨੀ ਵਾਲੀ ਗੱਲ ਤਾਂ ਇਸ ਤੋਂ ਵੀ ਉਪਰ ਹੈ ਕਿ ਪੰਜਾਬ ਦੀ ਸਰਕਾਰ ਜਿਸਦੇ ਜ਼ੁੰਮੇ ਪੰਜਾਬ ਦੇ ਨੌਜਵਾਨਾਂ ਲਈ ਰੁਜ਼ਗਾਰ ਦਾ ਜ਼ੁੰਮਾ ਹੈ, ਉਹ ਇਹਨਾ ਨੌਜਵਾਨਾਂ ਨੂੰ ਆਪਣੇ ਗਲੋਂ ਲਾਹੁਣ ਲਈ "ਆਇਲਿਟਸ" ਦੀ ਤਿਆਰੀ ਲਈ ਆਇਲਿਟਸ ਸੇਂਟਰ ਖੋਲ੍ਹਣ ਦੀ ਤਿਆਰੀ ਕਰਦੇ ਦੱਸੇ ਜਾਂਦੇ ਹਨ, ਇਹ ਉਡਦੀਆਂ-ਉਡਦੀਆਂ ਖ਼ਬਰਾਂ ਹਨ।
ਪਰ ਇਸ ਰੁਝਾਨ ਦਾ ਖਾਮਿਆਜ਼ਾ ਸਭ ਤੋਂ ਵੱਧ ਸੂਬੇ ਪੰਜਾਬ ਵਿੱਚ ਖੁਲ੍ਹੇ ਉੱਚ ਸਿੱਖਿਆ ਪ੍ਰਦਾਨ ਕਰਨ ਵਾਲੇ ਕਾਲਜਾਂ ਅਤੇ ਪ੍ਰੋਫੈਸ਼ਨਲ ਕਾਲਜਾਂ ਨੂੰ ਭੁਗਤਣਾ ਪੈ ਰਿਹਾ ਹੈ। ਜਿਹਨਾ ਦੀਆਂ ਨੀਅਤ ਮਨਜ਼ੂਰਸ਼ੁਦਾ ਸੀਟਾਂ ਵੀ ਪੂਰੀਆਂ ਭਰ ਨਹੀਂ ਹੋ ਰਹੀਆਂ। ਸੂਬੇ ਵਿੱਚ 100 ਇੰਜੀਨੀਰਿੰਗ ਕਾਲਜ ਤੇ ਦੋ ਸਰਕਾਰੀ ਯੂਨੀਵਰਸਿਟੀਆਂ ਹਨ, ਜਿਹਨਾ ਵਿੱਚ 43200 ਸੀਟਾਂ ਮਕੈਨੀਕਲ, ਇਲੈਕਟ੍ਰੀਕਲ, ਸਿਵਲ ਇਲੈਕਟ੍ਰੋਨਿਕਸ, ਕੰਪਿਊਟਰ ਆਦਿ ਬੀ.ਟੈਕ. ਡਿਗਰੀ ਲਈ ਹਨ। ਐਮ.ਬੀ.ਏ. ਦੀਆਂ ਸੀਟਾਂ ਵੱਖਰੀਆਂ ਹਨ। ਇਸ ਦੇ ਨਾਲ ਆਈ.ਆਈ.ਟੀ. ਰੋਪੜ ਅਤੇ ਸੰਤ ਲੌਂਗੇਵਾਲ ਇੰਜੀਨੀਰਿੰਗ ਦੀ ਡੀਮਡ ਯੂਨੀਵਰਸਿਟੀ ਹੈ, ਜੋ ਵੱਖੋ-ਵੱਖਰੇ ਕੋਰਸ ਚਲਾ ਰਹੀ ਹੈ। ਇਹਨਾ ਸਾਰਿਆਂ ਸੰਸਥਾਵਾਂ ਵਿੱਚ ਆਲ ਇੰਡੀਆ ਕੌਂਸਲ ਫਾਰ ਟੈਕਨੀਕਲ ਐਜੂਕੇਸ਼ਨ (ਏ.ਆਈ.ਸੀ.ਟੀ.ਈ.) ਵਲੋਂ ਮਨਜ਼ੂਰ ਸੀਟਾਂ ਹਨ, ਪਰ ਉਹ ਭਰ ਨਹੀਂ ਰਹੀਆਂ। ਇਹਨਾ ਕਾਲਜਾਂ ਵਿੱਚ ਬਹੁਤੇ ਬੰਦ ਹੋਣ ਕਿਨਾਰੇ ਹਨ। ਜਦੋਂ ਇਹ ਇੰਜੀਨੀਰਿੰਗ ਕਾਲਜ ਖੁੱਲ੍ਹੇ ਸਨ, ਉਦੋਂ ਸੂਬੇ ਦੇ ਆਰਟਸ ਕਾਲਜ ਬੰਦ ਹੋਣ ਕਿਨਾਰੇ ਹੋ ਗਏ ਸਨ। ਹੁਣ ਪ੍ਰੋਫੈਸ਼ਨਲ ਕਾਲਜਾਂ, ਡਿਗਰੀ ਆਰਟਸ ਕਾਲਜਾਂ ਅਤੇ ਇਥੋਂ ਤੱਕ ਕਿ ਪ੍ਰੋਫੈਸ਼ਨਲ ਯੂਨੀਵਰਸਿਟੀਆਂ ਨੂੰ ਪੜ੍ਹਾਈ ਕਰਾਉਣ ਲਈ ਲੋੜੀਂਦੇ ਵਿਦਿਆਰਥੀ ਨਹੀਂ ਮਿਲ ਰਹੇ, ਸਿੱਟੇ ਵਜੋਂ ਇਹਨਾ ਪ੍ਰਾਈਵੇਟ ਸੰਸਥਾਵਾਂ ਦੇ ਮੁਲਾਜ਼ਮਾਂ ਦੀਆਂ ਤਨਖਾਹਾਂ ਦੇਣ ਦਾ ਸੰਕਟ ਖੜਾ ਹੋ ਚੁੱਕਾ ਹੈ। ਉਪਰੋਂ ਇਹਨਾ ਸੰਸਥਾਵਾਂ ਲਈ ਵਿੱਤੀ ਸੰਕਟ ਉਦੋਂ ਹੋਰ ਵੀ ਵੱਡਾ ਦਿਖਾਈ ਦਿੰਦਾ ਹੈ, ਜਦੋਂ ਉਹਨਾ ਨੂੰ ਐਸ ਸੀ, ਐਸ ਟੀ ਵਰਗ ਦੇ ਵਿਦਿਆਰਥੀਆਂ ਨੂੰ ਮੁਫ਼ਤ ਦਾਖ਼ਲਾ ਦੇਣਾ ਪੈਂਦਾ ਹੈ, ਪਰ ਉਹਨਾ ਦੀ ਫੀਸ, ਫੰਡ ਕੇਂਦਰ ਸਰਕਾਰ ਵਲੋਂ ਉਹਾਨ ਨੂੰ ਮੁਹੱਈਆ ਹੀ ਨਹੀਂ ਹੁੰਦੇ ਜਾਂ ਸਮੇਂ ਸਿਰ ਮੁਹੱਈਆ ਨਹੀਂ ਹੁੰਦੇ। ਪਰ ਅਸਲ ਵਿੱਚ ਤਾਂ ਇਹਨਾ ਯੂਨੀਰਵਸਿਟੀਆਂ , ਕਾਲਜਾਂ ਦਾ ਸੰਕਟ, ਦਾਖ਼ਲੇ ਲਈ ਵਿੱਦਿਆਰਥੀਆਂ ਦੀ ਕਮੀ ਹੈ, ਕਿਉਂਕਿ ਪਲੱਸ-ਟੂ ਕਰਨ ਉਪਰੰਤ ਵਿੱਦਿਆਰਥੀ ਵਿਦੇਸ਼ਾਂ ਵੱਲ ਚਾਲੇ ਪਾ ਰਹੇ ਹਨ।
ਇਹ ਤੱਥ ਵੀ ਕੁਝ ਲੁਕਿਆ-ਛੁਪਿਆ ਨਹੀਂ ਕਿ ਪੰਜਾਬ ਦੇ ਆਇਲਿਟਸ ਸੈਂਟਰ ਵੱਡੀ ਕਮਾਈਆਂ ਕਰ ਰਹੇ ਹਨ ਅਤੇ ਇਹਨਾ ਸੈਂਟਰਾਂ ਵਿੱਚ ਹਰ ਸਾਲ ਤਿੰਨ ਤੋਂ ਚਾਰ ਲੱਖ ਵਿੱਦਿਆਰਥੀ ਟਰੇਨਿੰਗ ਪ੍ਰਾਪਤ ਕਰਦੇ ਹਨ। ਕਈ ਵਿੱਦਿਆਰਥੀ ਅੰਗਰੇਜ਼ੀ ਬੋਲਣ ਦੀ ਟ੍ਰੇਨਿੰਗ ਲੈਂਦੇ ਹਨ। ਕਈ ਵਿੱਦਿਆਰਥੀ ਘੱਟ ਬੈਂਡ ਪਰਾਪਤ ਕਰਨ ਕਾਰਨ ਮੁੜ-ਮੁੜ ਕੋਚਿੰਗ ਲੈਣ ਲਈ ਸੈਂਟਰਾਂ ਤੇ ਪੁੱਜਦੇ ਹਨ। ਇਹਨਾ ਵਿੱਦਿਆਰਥੀਆਂ ਵਿੱਚ ਪਿੰਡਾਂ ਦੇ ਉਹਨਾ ਮੁੰਡੇ-ਕੁੜੀਆਂ ਦੀ ਤਾਂ ਕਮੀ ਹੀ ਨਹੀਂ, ਜਿਹੜੇ ਸ਼ਹਿਰਾਂ ਦੇ ਪਬਲਿਕ ਸਕੂਲਾਂ ਵਿੱਚ ਅੰਗਰੇਜ਼ੀ ਮਾਧਿਆਮ 'ਚ ਪਹਿਲੀ ਜਮਾਤ ਤੋਂ ਸਿੱਖਿਆ ਪ੍ਰਾਪਤ ਕਰਦੇ ਹਨ, ਪਰ ਹੁਣ ਸਰਕਾਰੀ ਜਾਂ ਪ੍ਰਾਈਵੇਟ ਸਕੂਲਾਂ ਦੇ ਪੇਂਡੂ ਸ਼ਹਿਰੀ ਵਿੱਦਿਆਰਥੀ ਵੀ ਰੀਸੋ-ਰੀਸੀ ਇਸ ਇਮਤਿਹਾਨ ਵਿੱਚ ਬੈਠਦੇ ਹਨ, ਕਈ ਪਾਸ ਹੁੰਦੇ ਹਨ ਪਰ ਬਹੁਤੇ ਘੱਟ ਬੈਂਡ ਲੈਕੇ ਨਿਰਾਸ਼ਤਾ ਦੇ ਆਲਮ ਵਿੱਚ, ਨਾ ਇਧਰ ਜੋਗੇ ਰਹਿੰਦੇ ਹਨ, ਨਾ ਉਧਰ ਜੋਗੇ।
ਬਿਨ੍ਹਾਂ ਸ਼ੱਕ ਉੱਚ ਸਿੱਖਿਆ ਲਈ ਵਿਦੇਸਾਂ ਨੂੰ ਜਾਣਾ ਮਾੜੀ ਗੱਲ ਨਹੀਂ ਹੈ। ਪਰ ਉੱਚ ਸਿੱਖਿਆ ਦੇ ਨਾਮ ਉਤੇ ਵਿਦੇਸ਼ਾਂ ਵਿੱਚ ਜਾਕੇ ਹੀਲੇ-ਵਸੀਲੇ ਉਥੇ ਹੀ ਟਿੱਕ ਜਾਣਾ ਚਿੰਤਾ ਦਾ ਵਿਸ਼ਾ ਹੈ। ਪੰਜਾਬ ਦੀ ਜੁਆਨੀ ਦਾ ਪੰਜਾਬ ਵਿੱਚੋਂ ਪ੍ਰਵਾਸ ਪੰਜਾਬ 'ਚ ਸਭਿਆਚਾਰਕ ਸੰਕਟ ਤਾਂ ਪੈਦਾ ਕਰ ਹੀ ਰਿਹਾ ਹੈ, ਪਰ ਨਾਲ ਦੀ ਨਾਲ ਅਰਬਾਂ ਰੁਪਏ ਹਰ ਸਾਲ ਪੰਜਾਬੋਂ ਬਾਹਰ ਵੱਡੀਆਂ ਫੀਸਾਂ ਦੇ ਰੂਪ 'ਚ ਵਿਦੇਸ਼ੀ ਯੂਨੀਵਰਸਿਟੀਆਂ/ ਕਾਲਜਾਂ ਕੋਲ ਜਾ ਰਿਹਾ ਹੈ। ਪੰਜਾਬ ਜਿਹੜਾ ਪਹਿਲਾਂ ਹੀ ਆਰਥਿਕ ਸੰਕਟ 'ਚ ਗ੍ਰਸਿਆ ਪਿਆ ਹੈ, ਇਸਦੀ ਕਿਸਾਨੀ ਪਹਿਲਾਂ ਹੀ ਮਾਨਸਿਕ ਤੌਰ 'ਤੇ ਟੁੱਟ ਚੁੱਕੀ ਹੈ, ਉਸ ਉਤੇ ਅਤੇ ਸੂਬੇ ਦੇ ਮੱਧ ਵਰਗ ਪਰਿਵਾਰਾਂ ਉਤੇ ਇਹ ਪਹਾੜ ਜਿੱਡਾ ਆਰਥਿਕ ਨਾ ਸਹਿਣਯੋਗ ਬੋਝ ਪੈਣਾ, ਉਸਨੂੰ ਮਾਨਸਿਕ ਤੌਰ 'ਤੇ ਤੋੜ ਰਿਹਾ ਹੈ। ਪਹਿਲਾਂ ਤਾਂ ਕਿਹਾ ਜਾਂਦਾ ਸੀ ਕਿ ਪੰਜਾਬ ਦੇ 90 ਫੀਸਦੀ ਕਿਸਾਨ ਕਰਜ਼ੇ ਦੀ ਮਾਰ ਹੇਠ ਹਨ, ਪਰ ਹੁਣ ਤਾਂ ਇਗ ਗੱਲ ਦੁੱਧ ਚਿੱਟੇ ਦਿਨ ਵਾਂਗਰ ਸਾਫ਼ ਹੈ ਕਿ ਹਰ ਪੰਜਾਬੀ ਵੱਡੇ ਕਰਜ਼ੇ ਦੀ ਮਾਰ ਹੇਠ ਫਸ ਚੁੱਕਾ ਹੈ, ਇਹ ਆਸ ਲੈਕੇ ਕਿ ਉਸਦੇ ਬੱਚਿਆਂ ਦਾ ਭਵਿੱਖ "ਪ੍ਰਵਾਸ ਹੰਢਾਉਣ" 'ਚ ਹੀ ਹੈ ਅਤੇ "ਜਬਰੀ ਪ੍ਰਵਾਸ" ਹੀ ਉਸ ਨੂੰ ਥੋੜ੍ਹੀ ਬਹੁਤੀ ਖੁਸ਼ੀ ਪ੍ਰਦਾਨ ਕਰ ਸਕਦਾ ਹੈ।
ਪੰਜਾਬ ਜਿਹੜਾ ਦੇਸ਼ ਦੇ ਸਾਰੇ ਸੂਬਿਆਂ ਨਾਲੋਂ ਵੱਧ ਕੈਂਸਰ ਦੇ ਮਰੀਜ਼ ਆਪਣੀ ਗੋਦੀ ਲਈ ਬੈਠਾ ਹੈ। ਪੰਜਾਬ ਜਿਹੜਾ ਦੇਸ਼ 'ਚ ਸਭ ਤੋਂ ਵੱਧ ਧਰਤੀ ਹੇਠਲੇ ਪਾਣੀ ਦੀ ਵਰਤੋਂ ਕਰਕੇ ਆਪ ਰੇਗਿਸਤਾਨ ਬਣਨ ਵੱਲ ਪੁਲਾਘਾਂ ਪੁੱਟ ਰਿਹਾ ਹੈ। ਉਹ ਪੰਜਾਬ ਸਭਿਆਚਾਰਕ ਤੇ ਆਰਥਿਕ ਤੌਰ 'ਤੇ ਵੀ ਬੁਰੀ ਤਰ੍ਹਾਂ ਟੁੱਟ ਰਿਹਾ ਹੈ।
ਲੋੜ ਇਸ ਅਣਚਾਹੇ ਪ੍ਰਵਾਸ ਨੂੰ ਰੋਕਣ ਦੀ ਹੈ, ਉਤਸ਼ਾਹਤ ਕਰਨ ਦੀ ਨਹੀਂ। ਪੰਜਾਬ ਸਰਕਾਰ ਆਇਲਿਟਸ ਸੈਂਟਰ ਕੋਚਿੰਗ ਸੈਂਟਰ ਖੋਲ੍ਹਣ ਦੀ ਥਾਂ ਕਾਲਜਾਂ/ ਯੂਨੀਵਰਸਿਟੀਆਂ 'ਚ ਦੇਸ਼ ਪੱਧਰ ਦੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ 'ਚ ਬੈਠਣ ਲਈ ਕੋਚਿੰਗ ਸੈਂਟਰ ਖੋਹਲੇ। ਸਰਕਾਰ ਉਹਨਾ ਕਾਲਜਾਂ/ ਯੂਨੀਵਰਸਿਟੀਆਂ 'ਚ ਵੋਕੇਸ਼ਨਲ ਕੋਰਸ ਚਾਲੂ ਕਰੇ ਜਿਥੇ ਇੰਜੀਨਿਰਿੰਗ ਦੀਆਂ ਮਨਜ਼ੂਰਸ਼ੁਦਾ ਸੀਟਾਂ ਪੂਰੀਆਂ ਨਹੀਂ ਹੁੰਦੀਆਂ ਤੇ ਸੂਬੇ ਦੇ ਕਾਰਖਾਨੇਦਾਰਾਂ ਦੀਆਂ ਲੋੜਾਂ ਪੂਰੀਆਂ ਕਰਨ ਵਾਲੇ ਟੈਕਨੀਸ਼ਨਾਂ ਨੂੰ ਸਿੱਖਿਆ ਦੇਣ ਦਾ ਪ੍ਰਬੰਧ ਕਰੇ ਜਿਹਨਾ ਦੀ ਵੱਡੀ ਘਾਟ ਹੈ। ਸੂਬੇ ਵਲੋਂ ਚਲਾਏ ਜਾ ਰਹੇ ਪੌਲੀਟੈਕਨਿਕਾਂ, ਆਈ ਟੀ ਆਈ ਅਦਾਰਿਆਂ 'ਚ ਮਲਟੀ ਸਕਿੱਲ ਪ੍ਰੈਕਟੀਕਲ ਕੋਰਸ ਚਾਲੂ ਕਰਕੇ, ਇਹਨਾ ਨੌਜਵਾਨਾਂ ਨੂੰ ਸਵੈ-ਰੁਜ਼ਗਾਰਤ ਕਰੇ। ਇਸ ਤੋਂ ਵੀ ਵੱਡੀ ਗੱਲ ਇਹ ਕਿ ਮੁਫ਼ਤ ਅੰਨ ਦਾਣਾ ਦੇਣ ਦੀਆਂ ਸਕੀਮਾਂ ਦੀ ਥਾਂ ਹਰ ਘਰ ਵਿੱਚ ਘੱਟੋ-ਘੱਟ ਇੱਕ ਜੀਅ ਨੂੰ ਰੁਜ਼ਗਾਰ ਦੇਣ ਦਾ ਪ੍ਰਬੰਧ ਕਰੇ ਅਤੇ ਉਹ ਸਾਰੀਆਂ ਸਰਕਾਰੀ ਨੌਕਰੀਆਂ ਭਰੇ, ਜਿਹਨਾ ਵਿੱਚ ਸਰਕਾਰੀ ਸਕੂਲਾਂ ਦੇ ਅਧਿਆਪਕ, ਦਫ਼ਤਰਾਂ 'ਚ ਕਲਰਕ, ਕੰਪਿਊਟਰ ਉਪਰੇਟਰ, ਵੱਖੋ-ਵੱਖਰੇ ਮਹਿਕਮਿਆਂ 'ਚ ਟੈਕਨੀਕਲ ਸਟਾਫ ਸ਼ਾਮਲ ਹਨ ਅਤੇ ਜਿਹਨਾ ਦੀਆਂ ਮਨਜ਼ੂਰਸ਼ੁਦਾ ਪੋਸਟਾਂ ਸਾਲਾਂ ਤੋਂ ਭਰਨ ਤੋਂ ਪਈਆਂ ਹਨ। ਤਦੇ ਇਸ ਪ੍ਰਵਾਸ ਨੂੰ ਠੱਲ ਪਏਗੀ, ਅਤੇ ਮਾਪੇ ਸਰਕਾਰ ਉਤੇ ਯਕੀਨ ਕਰਕੇ ਆਪਣੇ ਲਾਡਲਿਆਂ ਨੂੰ ਮਜ਼ਬੂਰੀ-ਬੱਸ ਵਿਦੇਸ਼ਾਂ ਦੇ ਔਝੜੇ ਰਾਹਾਂ ਤੇ ਭੇਜਣ ਲਈ ਮਜ਼ਬੂਰ ਨਹੀਂ ਹੋਣਗੇ।
-
ਗੁਰਮੀਤ ਸਿੰਘ ਪਲਾਹੀ, ਲੇਖਕ ਤੇ ਪੱਤਰਕਾਰ
gurmitpalahi@yahoo.com
9815802070
Disclaimer : The opinions expressed within this article are the personal opinions of the writer/author. The facts and opinions appearing in the article do not reflect the views of Babushahi.com or Tirchhi Nazar Media. Babushahi.com or Tirchhi Nazar Media does not assume any responsibility or liability for the same.