ਧਰਤੀ `ਤੇ ਵੱਧ ਰਹੀ ਤਪਸ਼, ਖ਼ਤਰੇ ਦੀ ਘੰਟੀ
ਗੁਰਮੀਤ ਸਿੰਘ ਪਲਾਹੀ
ਕੈਨੇਡਾ ਵਿੱਚ ਉਸ ਵੇਲੇ ਹਾਹਾਕਾਰ ਮੱਚ ਗਈ, ਜਦੋਂ ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ(ਬੀ.ਸੀ.) 'ਚ ਧਰਤੀ ਦਾ ਤਾਪਮਾਨ ਇਸ ਵਰ੍ਹੇ ਜੂਨ 'ਚ 47.9 ਡਿਗਰੀ ਸੈਂਟੀਗਰੇਡ ਪੁੱਜ ਗਿਆ। ਕੈਨੇਡਾ ਦਾ ਇੱਕ ਛੋਟਾ ਜਿਹਾ ਕਸਬਾ ਦੁਨੀਆ ਦਾ ਸਭ ਤੋਂ ਗਰਮ ਕਸਬਾ ਬਣ ਗਿਆ, ਜਿਥੇ ਤਪਸ਼ ਨਾਲ ਇਮਾਰਤਾਂ ਨੂੰ ਅੱਗ ਲੱਗ ਗਈ ਅਤੇ ਉਹਨਾ ਵਿੱਚ ਪਿਆ ਸਮਾਨ ਰਾਖ ਹੋ ਗਿਆ। ਲੋਕਾਂ ਨੂੰ ਬਚਾ ਲਿਆ ਗਿਆ। ਸਹਾਰਾ ਮਾਰੂਥਲ 'ਚ ਚੱਲੀਆਂ ਗਰਮ ਹਵਾਵਾਂ ਨੇ ਬਿਜਲੀ ਦੀਆਂ ਕੇਬਲਾਂ ਤੱਕ ਪਿਘਲਾ ਦਿੱਤੀਆਂ। ਮੱਧ ਪੂਰਬੀ ਪੰਜ ਦੇਸ਼ਾਂ ਵਿੱਚ ਇਸ ਵਰ੍ਹੇ ਦੇ ਜੂਨ ਮਹੀਨੇ ਤਾਪਮਾਨ 50 ਡਿਗਰੀ ਸੈਂਟੀਗਰੇਡ ਨਾਪਿਆ ਗਿਆ। ਪਾਕਿਸਤਾਨ 'ਚ ਵਗੀਆਂ ਤਪਸ਼ ਹਵਾਵਾਂ ਨਾਲ ਇੱਕ ਕਲਾਸ ਰੂਮ ਵਿੱਚ ਪੜ੍ਹ ਰਹੇ 20 ਬੱਚੇ ਬੇਹੋਸ਼ ਹੋ ਗਏ। ਸਾਲ 2019 'ਚ ਯੂਰਪੀ ਖਿੱਤੇ 'ਚ ਚੱਲੀਆ ਤਪਸ਼ ਹਵਾਵਾਂ ਨਾਲ 2500 ਬੰਦੇ ਮਾਰੇ ਗਏ ਸਨ।
ਵਾਤਾਵਰਨ ਵਿਗਿਆਨੀਆਂ ਅਨੁਸਾਰ ਸਾਲ 2030 ਤੱਕ ਧਰਤੀ ਉੱਤੇ ਤਾਪਮਾਨ 1.5 ਡਿਗਰੀ ਸੈਂਟੀਗਰੇਡ ਵੱਧਣ ਦਾ ਅਨੁਮਾਨ ਹੈ। ਡੇਢ ਡਿਗਰੀ ਸੈਂਟੀਗਰੇਡ ਤਾਪਮਾਨ ਦਾ ਵਧ ਜਾਣਾ ਧਰਤੀ ਉੱਤੇ ਤਪਸ਼ ਦਾ ਬਹੁਤ ਵੱਡਾ ਵਾਧਾ ਹੈ। ਸਾਲ 2030 ਦੇ ਬਾਅਦ ਵਾਤਾਵਰਨ ਬਦਲੀ ਕਾਰਨ ਹੋਣ ਵਾਲੀ ਗੜਬੜੀ ਕੋਵਿਡ-19 ਮਹਾਂਮਾਰੀ ਵਾਂਗਰ ਆਪਣੇ ਸਾਰਿਆਂ ਦੇ ਘਰੋ-ਘਰੀ ਪਹੁੰਚ ਜਾਏਗੀ, ਖਾਸਕਰ ਗਰੀਬਾਂ ਦੇ ਵਿਹੜਿਆਂ ਵਿਚ।
ਦੁਨੀਆਂ ਦੇ ਸਭ ਤੋਂ ਅਮੀਰ ਇਕ ਅਰਬ ਲੋਕ ਧਰਤੀ ਉੱਤੇ ਤਾਪਮਾਨ ਵਧਾਉਣ ਵਾਲੀਆਂ ਗੈਸਾਂ ਦੀ 50 ਫ਼ੀਸਦੀ ਦੀ ਪੈਦਾਇਸ਼ ਦੇ ਜ਼ੁੰਮੇਵਾਰ ਹਨ ਜਦਕਿ ਦੁਨੀਆਂ ਦੇ ਗਰੀਬ ਤਿੰਨ ਅਰਬ ਲੋਕਾਂ ਦਾ ਤਾਪਮਾਨ ਵਧਾਉਣ ਵਾਲੀਆਂ ਗੈਸਾਂ `ਚ ਯੋਗਦਾਨ ਸਿਰਫ 5 ਫੀਸਦੀ ਹੈ।ਇਹਨਾ ਤਿੰਨ ਅਰਬ ਗਰੀਬ ਲੋਕਾਂ ਕੋਲ ਅਤਿ ਦੀ ਗਰਮੀ, ਸੋਕੇ, ਹੜ੍ਹ, ਅੱਗਜ਼ਨੀ, ਫ਼ਸਲਾਂ ਦੀ ਬਰਬਾਦੀ, ਮੱਖੀਆਂ-ਮੱਛਰਾਂ ਤੋਂ ਫੈਲਣ ਵਾਲੀਆਂ ਬਿਮਾਰੀਆਂ ਅਤੇ ਪਾਣੀ ਤੋਂ ਹੋਣ ਵਾਲੀਆਂ ਬੀਮਾਰੀਆਂ ਤੋਂ ਬਚਣ ਲਈ ਬਹੁਤ ਸੀਮਤ ਜਿਹੇ ਸਾਧਨ ਹਨ। ਜਦੋਂ ਅਗਲੇ 9 ਸਾਲਾਂ `ਚ ਜਾਂ ਇਸਦੇ ਆਸ ਪਾਸ ਧਰਤੀ ਦਾ ਤਾਪਮਾਨ 1.5 ਡਿਗਰੀ ਸੈਂਟੀਗਰੇਡ ਵਧ ਜਾਏਗਾ ਤਾਂ ਉਪਰ ਗਿਣੀਆਂ ਸਾਰੀਆਂ ਹਾਲਤਾਂ ਹੋਰ ਖਰਾਬ ਹੋ ਜਾਣਗੀਆਂ।
ਅਸਲ ਵਿਚ ਆਮ ਲੋਕਾਂ ਦੀ ਘੱਟ ਲਾਗਤ ਵਾਲੇ ਜਲਣ ਵਾਲੇ ਪਦਾਰਥਾਂ ਤੱਕ ਪਹੁੰਚ ਨਹੀਂ ਹੈ, ਜਿਸ ਨਾਲ ਵਾਤਾਵਰਨ ਵਿਗਾੜ ਸਾਡੇ ਸਮੇਂ ਦੀ ਸਭ ਤੋਂ ਵੱਡੀ ਚਣੌਤੀ ਬਣੀ ਹੋਈ ਹੈ।ਸੂਰਜੀ ਊਰਜਾ ਅਤੇ ਹੋਰ ਨਵੀਨੀ ਬਾਇਓ ਸਰੋਤਾਂ ਤੱਕ ਪਹੁੰਚ ਦੀ ਵਿਜਾਏ ਅੰਨ੍ਹੇਵਾਹ ਡੀਜ਼ਲ, ਪੈਟਰੋਲ, ਤੇਲ ਦੀ ਵਰਤੋਂ ਨੇ ਵਾਤਾਵਰਨ `ਚ ਉਵੇਂ ਦਾ ਹੀ ਰੋਲ ਅਦਾ ਕੀਤਾ ਹੈ, ਜਿਵੇਂ ਮੌਜੂਦਾ ਦੌਰ `ਚ ਲੈਂਡ ਲਾਈਨ ਫੋਨ ਤੱਕ ਪਹੁੰਚ ਤੋਂ ਬਿਨ੍ਹਾਂ ਮੋਬਾਇਲ ਫੋਨ ਤੱਕ ਪਹੁੰਚ ਬਣੀ ਹੋਈ ਹੈ।
ਧਰਤੀ ਉੱਤੇ ਗਰਮੀ ਦੇ ਵਾਧੇ ਲਈ ਮੁੱਖ ਸਰੋਤਾਂ ਵਿਚ ਕੋਲਾ, ਪੈਟਰੋਲੀਅਮ ਵਸਤਾਂ ਅਤੇ ਕੁਦਰਤੀ ਗੈਸਾਂ ਹਨ। ਇਹ ਗੈਸਾਂ ਹੀ ਹਵਾ ਪ੍ਰਦੂਸ਼ਨ ਦਾ ਕਾਰਨ ਬਣਦੀਆਂ ਹਨ। ਇਸ ਨਾਲ ਹਰ ਸਾਲ ਦਿਲ ਦੀਆਂ ਬਿਮਾਰੀਆਂ, ਲਕਵੇ, ਸਾਹ ਦੇ ਰੋਗਾਂ ਅਤੇ ਫੇਫੜਿਆਂ ਦੇ ਕੈਂਸਰ ਨਾਲ 50 ਲੱਖ ਤੋਂ ਇਕ ਕਰੋੜ ਲੋਕ ਮੌਤ ਦਾ ਸ਼ਿਕਾਰ ਹੋ ਜਾਂਦੇ ਹਨ। ਵਾਤਾਵਰਨ ਬਦਲਾਅ ਉੱਤੇ ਜੇਕਰ ਸਮਿਆਂ ਦੀਆਂ ਸਰਕਾਰਾਂ ਨੇ ਵਿਗਿਆਨੀਆਂ ਦੀ ਸਲਾਹ ਨਾਲ ਰੋਕ ਪਾਉਣ ਦਾ ਯੋਗ ਪ੍ਰਬੰਧ ਨਾ ਕੀਤਾ ਹੁੰਦਾ ਤਾਂ ਇਹ ਲੋਕਾਂ ਅਤੇ ਈਕੋਸਿਸਟਮ ਲਈ ਅਜਿਹਾ ਸੰਕਟ ਬਣ ਜਾਂਦਾ ਜਿਸ ਨਾਲ ਨਿਪਟਿਆ ਨਹੀਂ ਸੀ ਜਾ ਸਕਦਾ।
ਭਾਰਤ ਵਿਚ ਪ੍ਰਦੂਸ਼ਨ ਨਾਲ ਹੋਣ ਵਾਲੀਆਂ ਮੌਤਾਂ ਦਾ ਅੰਕੜਾ ਬਹੁਤ ਜਿਆਦਾ ਹੈ। ਇਸ ਨਾਲ ਹਰ ਸਾਲ 25 ਲੱਖ ਲੋਕਾਂ ਦੀ ਸਮੇਂ ਤੋਂ ਪਹਿਲਾਂ ਮੌਤ ਹੋ ਜਾਂਦੀ ਹੈ। ਇਸ ਵਿਚ 1,14,000 ਬਾਲਾਂ ਦੀ ਮੌਤ ਵੀ ਸ਼ਾਮਲ ਹੈ। ਭਾਰਤ ਅਤੇ ਦੱਖਣੀ ਏਸ਼ੀਆਂ ਦੇਸ਼ਾਂ ਦੇ ਹਵਾ ਪ੍ਰਦੂਸ਼ਨ ਦਾ ਮੁਖ ਕਾਰਨ ਕਾਰਬਨਡਾਈਔਕਸਾਈਡ ਗੈਸਾਂ `ਚ ਵਾਧਾ ਹੈ। ਵਿਸ਼ਵੀ ਤਾਪਮਾਨ `ਚ ਵਾਧੇ ਦੇ ਅੰਕੜੇ ਦਸਦੇ ਹਨ ਕਿ ਗਰਮ ਹਵਾ ਜ਼ਿਆਦਾ ਨਮੀ ਪੈਦਾ ਕਰਦੀ ਹੈ। ਉਪਗ੍ਰਹੀ ਅੰਕੜਿਆਂ ਅਨੁਸਾਰ ਹਵਾ ਵਿਚ ਇਕ ਡਿਗਰੀ ਦੀ ਗਰਮੀ ਵਿਚ ਵਾਧਾ ਨਮੀ ਵਿਚ 7 ਫ਼ੀਸਦੀ ਵਾਧਾ ਕਰਦਾ ਹੈ। ਤਾਪਮਾਨ ਵਿਚ ਵਾਧਾ ਅਤੇ ਨਮੀ `ਚ ਵਾਧਾ ਭਾਰਤ ਵਰਗੇ ਦੇਸ਼ ਲਈ ਵੱਡੀ ਪ੍ਰੇਸ਼ਾਨੀਆਂ ਵਾਲਾ ਮੁੱਦਾ ਹੈ। ਜੇਕਰ ਗਰਮੀ `ਚ ਵਾਧਾ ਇਵੇਂ ਹੁੰਦਾ ਰਿਹਾ ਤਾਂ ਨਮੀ ਵਾਲੀਆਂ ਗਰਮ ਹਵਾਵਾਂ ਚੱਲ ਸਕਦੀਆਂ ਹਨ। ਮਾਨਸੂਨ ਦੀ ਵਰਖਾ ਤਿੰਨ ਗੁਣਾ ਤੱਕ ਵੱਧ ਸਕਦੀ ਹੈ ਅਤੇ ਇਸ ਸਭ ਕੁਝ ਦਾ ਅਸਰ ਜੀਵਨ, ਖੇਤੀ ਅਤੇ ਜਾਇਦਾਦ ਦੇ ਵਿਨਾਸ਼ ਦੇ ਰੂਪ ਵਿਚ ਵੇਖਿਆ ਜਾ ਸਕਦਾ ਹੈ।
ਵਾਤਾਵਰਨ ਪ੍ਰਦੂਸ਼ਨ ਪੈਦਾ ਕਰਨ ਵਾਲੇ ਮੀਥੇਨ, ਹੇਠਲੇ ਵਾਯੂਮੰਡਲ ਵਿਚ ਓਜ਼ੋਨ, ਕਾਲੇ ਕਾਰਬਨ ਦੇ ਕਣ ਅਤੇ ਹਾਈਡਰੋਫਲੋਰੋਕਾਰਬਨ ਹਨ, ਜਿਹਨਾ ਨੂੰ ਥੋੜ੍ਹੇ ਸਮੇਂ ਤੱਕ ਜੀਉਣ ਵਾਲੇ ਮੰਨਿਆ ਜਾਂਦਾ ਹੈ। ਵਾਤਾਵਰਨ ਵਿਚੋਂ ਕਾਰਬਨਡਾਈਔਕਸਾਈਡ ਅਤੇ ਇਹ ਚਾਰੇ ਪ੍ਰਦੂਸ਼ਕ ਜੇਕਰ ਘੱਟ ਕੀਤੇ ਜਾਂਦੇ ਹਨ ਤਾਂ ਵਾਤਾਵਰਨ ਵਿਗਾੜ ਅੱਧਾ ਰਹਿ ਸਕਦਾ ਹੈ।
ਵਾਤਾਵਰਨ ਪ੍ਰਦੂਸ਼ਨ ਗੈਸਾਂ ਦੀ ਬੇਲੋੜੀ ਪੈਦਾਵਾਰ ਨਾਲ ਧਰਤੀ ਉੱਤੇ ਤਪਸ਼ ਦਾ ਬੇਲਗਾਮ ਵਾਧਾ ਹੋ ਰਿਹਾ ਹੈ। ਜੇਕਰ ਭਾਰਤ ਦੇ ਪਿੰਡਾਂ ਵਿਚ ਸੂਰਜੀ ਊਰਜਾ ਅਤੇ ਬਾਇਉਮਾਸ ਊਰਜਾ ਦੀ ਵਰਤੋਂ ਯਕੀਨੀ ਕੀਤੀ ਜਾਵੇਂ ਅਤੇ ਲੋਕਾਂ ਨੂੰ ਖਾਣਾ ਬਨਾਉਣ, ਖਾਣਾ ਗਰਮ ਕਰਨ ਅਤੇ ਰੌਸ਼ਨੀ ਲਈ ਇਹਨਾ ਸਾਧਨਾਂ ਦੀ ਵਰਤੋਂ ਹੋਵੇ ਤਾਂ ਪ੍ਰਦੂਸ਼ਕ ਤੱਤ ਘੱਟ ਸਕਦੇ ਹਨ। ਉਹ ਖੇਤੀ ਨਾਲ ਸਬੰਧਤ ਵਾਧੂ ਪਦਾਰਥ ਜਿਹਨਾ ਨੂੰ ਜਲਾਇਆ ਜਾਂਦਾ ਹੈ, ਉਹ ਪ੍ਰਦੂਸ਼ਨ ਤਾਂ ਪੈਦਾ ਕਰਦੇ ਹੀ ਹਨ, ਸਿਹਤਮੰਦ ਧਰਤੀ ਨੂੰ ਨੁਕਸਾਨ ਵੀ ਪਹੁੰਚਾਉਂਦੇ ਹਨ। ਇਸ ਖੇਤੀ ਰਹਿੰਦ-ਖੂਹੰਦ ਤੋਂ ਖਾਦ ਤਿਆਰ ਹੋਵੇ ਜਾਂ ਇਸ ਨੂੰ ਬਿਜਲੀ ਬਨਾਉਣ ਲਈ ਵਰਤਿਆ ਜਾਵੇ ਤਾਂ ਸਾਰਥਕ ਸਿੱਟੇ ਨਿਕਲ ਸਕਦੇ ਹਨ। ਕਚਰਾ ਪ੍ਰਬੰਧਕ ਹਵਾ ਪ੍ਰਦੂਸ਼ਨ `ਚ ਕਟੌਤੀ, ਰੂੜੀ ਖਾਦ ਬਿਹਤਰ ਬਦਲ ਹੋ ਸਕਦੇ ਹਨ।
ਡੀਜ਼ਲ ਦੀ ਵਰਤੋਂ ਬੰਦ ਕਰਨੀ ਸਮੇਂ ਦੀ ਲੋੜ ਹੈ। ਇਸ ਤੋਂ ਪੈਦਾ ਹੋਏ ਕਾਲੇ ਕਾਰਬਨ ਕਣਾਂ ਦੀ ਇੱਕ ਟਨ ਮਾਤਰਾ ਨਾਲ ਉਤਨੀ ਗਰਮੀ ਧਰਤੀ ਉਤੇ ਪੈਦਾ ਹੁੰਦੀ ਹੈ ਜਿੰਨੀ 2000 ਟਨ ਕਾਰਬਨ ਡਾਈਔਕਸਾਈਡ ਨਾਲ। ਜੇਕਰ ਡੀਜ਼ਲ ਦੀ ਵਰਤੋਂ ਭਾਰਤ ਵਿੱਚ ਬੰਦ ਹੁੰਦੀ ਹੈ ਤਾਂ ਪ੍ਰਦੂਸ਼ਣ ਰੁਕੇਗਾ ਤੇ ਭਾਰਤ ਵਿੱਚ ਸਮੇਂ ਤੋਂ ਪਹਿਲਾਂ ਜਿਹੜੀਆਂ 10 ਲੱਖ ਮੌਤਾਂ ਹਰ ਸਾਲ ਹੁੰਦੀਆਂ ਹਨ, ਉਹਨਾ ਨੂੰ ਠੱਲ ਪਵੇਗੀ। ਇੰਨਾ ਹੀ ਨਹੀਂ ਹਿਮਾਲਿਆ ਦੇ ਗਲੈਸ਼ੀਅਰ ਜੋ ਪਿਘਲਦੇ ਹਨ, ਉਹਨਾ ਦੀ ਦਰ ਅੱਧੀ ਰਹਿ ਜਾਏਗੀ ਇਸ ਨਾਲ ਭਾਰਤ ਦਾ ਵਿਸ਼ਵ ਪੱਧਰੀ ਤਾਪਮਾਨ 'ਚ ਵਾਧੇ 'ਚ ਜੋ ਉਸਦਾ ਹਿੱਸਾ ਹੈ ਉਹ ਘੱਟ ਹੋ ਜਾਏਗਾ। ਇਸਦਾ ਲਾਭ ਇਹ ਵੀ ਮਿਲੇਗਾ ਕਿ ਭਾਰਤ ਵਿੱਚ ਕਣਕ ਦੇ ਉਤਪਾਦਨ ਵਿੱਚ 35 ਫ਼ੀਸਦੀ ਅਤੇ ਚੌਲਾਂ ਦੇ ਉਤਪਾਦਨ ਵਿੱਚ 10 ਫ਼ੀਸਦੀ ਦਾ ਵਾਧਾ ਹੋਵੇਗਾ।
ਵਾਤਾਵਰਨ ਸੰਕਟ ਦਾ ਹੱਲ ਇਹ ਹੈ ਕਿ ਮੌਜੂਦਾ ਈਂਧਨ ਨੂੰ ਬੀਤੇ ਸਮੇਂ ਦੀ ਗੱਲ ਬਣਾ ਦਿੱਤਾ ਜਾਏ ਅਤੇ ਊਰਜਾ ਦੇ ਉਹਨਾ ਸਰੋਤਾਂ ਦੀ ਵਰਤੋਂ ਕੀਤੀ ਜਾਵੇ, ਜਿਹੜੇ ਗਰਮੀ ਪੈਦਾ ਕਰਨ ਵਾਲੀਆਂ ਗੈਸਾਂ ਪੈਦਾ ਨਹੀਂ ਕਰਦੇ ਅਤੇ ਨਾ ਹੀ ਕਾਲਾ ਕਾਰਬਨ ਪੈਦਾ ਕਰਦੇ ਹਨ। ਵਿਸ਼ਵ ਵਿੱਚ ਕਿਧਰੇ ਵੀ ਵਾਤਾਵਰਨ ਪ੍ਰਦੂਸ਼ਣ ਗੈਸਾਂ ਪੈਦਾ ਹੁੰਦੀਆਂ ਹੋਣ ਉਹ ਵਿਸ਼ਵ ਤਾਪਮਾਨ ਵਧਾਉਣ ਦਾ ਕਾਰਨ ਬਣਦੀਆਂ ਹਨ।
ਵਾਤਾਵਰਨ ਸੰਕਟ ਦੇ ਹੱਲ ਲਈ ਸਾਰੀਆਂ ਥਾਵਾਂ ਅਤੇ ਸਾਰੇ ਲੋਕਾਂ ਤੱਕ ਸਾਫ਼-ਸੁਥਰੀ ਊਰਜਾ ਦੀ ਪਹੁੰਚ ਦੀ ਜ਼ਰੂਰਤ ਹੈ। ਭਾਵੇਂ ਉਹ ਗਰੀਬ ਹੋਣ ਜਾਂ ਅਮੀਰ । ਭਾਵੇਂ ਦੁਨੀਆ ਭਰ ਦੇ ਸ਼ਹਿਰੀ ਖੇਤਰ ਵਿਸ਼ਵ ਭੂ-ਭਾਗ ਦੀ ਸਿਰਫ਼ ਦੋ ਫ਼ੀਸਦੀ ਥਾਂ ਘੇਰਦੇ ਹਨ, ਪਰ ਵਿਸ਼ਵ ਦੀ ਕੁੱਲ ਊਰਜਾ ਦਾ ਦੋ-ਤਿਹਾਈ ਹਿੱਸਾ ਵਰਤਦੇ ਹਨ ਅਤੇ ਨਾਲ ਹੀ ਉਹ ਵਿਸ਼ਵ ਪੱਧਰ ਤੇ ਜਿਤਨੀ ਕਾਰਬਨ ਡਾਈਅਕਸਾਈਡ ਪੈਦਾ ਹੁੰਦੀ ਹੈ, ਉਸਦੇ 70 ਫ਼ੀਸਦੀ ਲਈ ਜ਼ੁੰਮੇਵਾਰ ਹਨ। ਸ਼ਹਿਰਾਂ ਵਿੱਚ ਹਰੀਆਂ ਛੱਤਾਂ ਅਤੇ ਏਅਰਕੰਡੀਸ਼ਨਰਾਂ 'ਚ ਕਮੀ, ਸਰਵਜਨਕ ਪਰਿਵਾਹਨ ਦੀ ਵਰਤੋਂ ਅਤੇ ਊਰਜਾ ਦੇ ਨਵੇਂ ਸਰੋਤਾਂ ਦਾ ਇਸਤੇਮਾਲ ਵਾਤਾਵਰਨ ਬਦਲੀ ਨੂੰ ਨਿਪਟਨ 'ਚ ਸਹਾਈ ਹੋ ਸਕਦਾ ਹੈ।
ਜਿਵੇਂ ਮੌਂਟਰੀਅਲ ਅੰਤਰਰਾਸ਼ਟਰੀ ਪ੍ਰੋਟੋਕੋਲ ਦੇ ਤਹਿਤ ਸੀ.ਐਫ਼.ਸੀ (ਕਲੋਰੋਫਲੋਰੋ ਕਾਰਬਨ) ਦੇ ਸਬੰਧ 'ਚ ਵਿਸ਼ਵ ਪੱਧਰੀ ਅਜੰਡਾ ਜਾਰੀ ਕੀਤਾ ਗਿਆ ਸੀ। ਇਹ ਵਾਤਾਵਰਨ ਵਿੱਚ ਗਰਮੀ ਨੂੰ ਲੈਕੇ ਨਹੀਂ ਸੀ, ਸਗੋਂ ਅੰਨਟਾਰਟਿਕਾ ਓਜ਼ੋਨ ਛੇਕਾਂ ਉਤੇ ਇਸਦੇ ਪ੍ਰਭਾਵ ਨੂੰ ਲੈਕੇ ਕੀਤਾ ਗਿਆ ਸੀ। ਇਸ ਏਜੰਡੇ ਨੂੰ ਲਾਗੂ ਕਰਨ ਸਬੰਧੀ ਵੱਡੇ ਯਤਨ ਵੀ ਹੋਏ ਸਨ। ਜੇਕਰ ਸੀ.ਐਫ਼.ਸੀ. ਸਬੰਧੀ ਲੋੜੀਂਦੇ ਕਦਮ ਨਾ ਪੁੱਟੇ ਹੁੰਦੇ ਤਾਂ ਹੁਣ ਤੱਕ ਧਰਤੀ ਦਾ ਤਾਪਮਾਨ 1.5 ਡਿਗਰੀ ਸੈਂਟੀਗਰੇਡ ਵੱਧ ਚੁੱਕਾ ਹੁੰਦਾ।
ਧਿਆਨ ਕਰਨ ਵਾਲੀ ਗੱਲ ਤਾਂ ਇਹ ਹੈ ਕਿ ਅਗਲੇ ਸਾਲਾਂ ਵਿੱਚ 1.7 ਬਿਲੀਅਨ ਲੋਕਾਂ ਨੂੰ ਗਰਮ ਹਵਾਵਾਂ ਦਾ ਸੇਕ ਲਗੇਗਾ। ਸਮੁੰਦਰ ਦਾ ਤਲ ਚਾਰ ਇੰਚ ਵਧੇਗਾ, ਜੋ ਧਰਤੀ ਨੂੰ ਨੁਕਸਾਨ ਪਹੁੰਚਾਏਗਾ। ਇਸ ਨਾਲ ਸਮੁੰਦਰ ਕੰਢੇ ਮੱਛੀ ਫੜਨ ਦੇ ਕਿੱਤੇ ਨੂੰ ਢਾਅ ਲੱਗੇਗੀ।
ਇਸ ਸਭ ਕੁਝ ਨੁਕਸਾਨ ਦੇ ਬਾਵਜੂਦ ਵੀ ਵਿਸ਼ਵ ਦੀਆਂ ਵੱਡੀਆਂ ਸਿਆਸੀ ਤਾਕਤਾਂ, ਜੋ ਪ੍ਰਦੂਸ਼ਨ ਲਈ ਜ਼ੁੰਮੇਵਾਰ ਹਨ, ਖੇਡਾਂ ਖੇਡ ਰਹੀਆਂ ਹਨ। ਸਾਲ 2009 'ਚ ਇੱਕ ਵਿਸ਼ਵ ਸਮਝੌਤੇ ਅਧੀਨ ਯੂਨਾਈਟੈਡ ਨੈਸ਼ਨਜ਼ ਦੀ ਪਾਲਿਸੀ ਤਹਿਤ ਵਿਸ਼ਵ ਦੀ ਤਪਸ਼ ਰੋਕਣ ਲਈ ਆਲਮੀ ਸਮਝੌਤੇ ਤੇ ਦਸਤਖ਼ਤ ਹੋਏ ਸਨ। ਕੁਝ ਸਰਕਾਰਾਂ ਨੇ ਤਾਂ ਇਸ ਸਬੰਧੀ ਚੰਗਾ ਕੰਮ ਕੀਤਾ, ਪਰ ਬਹੁਤੀਆਂ ਨੇ ਅਵੇਸਲਾਪਨ ਵਿਖਾਇਆ। ਕੁਝ ਵਾਤਵਰਨ ਪ੍ਰੇਮੀਆਂ ਨੇ ਇਹ ਵਿਚਾਰ ਦਿੱਤਾ ਕਿ ਵਿਸ਼ਵ ਭਰ 'ਚ ਬਿਲੀਅਨ ਦੀ ਗਿਣਤੀ 'ਚ ਦਰਖ਼ਤ ਲਗਾਏ ਜਾਣ। ਇਸ ਨਾਲ ਕਾਰਬਨਡਾਈਔਕਸਾਈਡ ਨੂੰ ਥੰਮਣ ਲਈ ਬੱਲ ਮਿਲੇਗਾ ਅਤੇ ਦਰਖ਼ਤ ਵਾਤਾਵਰਨ 'ਚ ਸਾਫ਼ ਹਵਾ ਦੇਣਗੇ।
ਪਰ ਆਲਮੀ ਤਪਸ਼ ਨੂੰ ਠੱਲ ਪਾਉਣੀ ਸੌਖਾ ਕੰਮ ਨਹੀਂ ਹੈ। ਰਿਪੋਰਟਾਂ ਅਨੁਸਾਰ ਆਲਮੀ ਤਪਸ਼ ਜਿਸਨੂੰ 1.5 ਡਿਗਰੀ ਸੈਂਟੀਗਰੇਡ ਤੱਕ ਵੱਧਣ ਤੋਂ ਰੋਕਣ ਲਈ ਯਤਨ ਹੋ ਰਹੇ ਹਨ। ਪਹਿਲਾਂ ਹੀ ਇੱਕ ਡਿਗਰੀ ਸੈਂਟੀਗਰੇਡ ਵੱਧ ਚੁੱਕੀ ਹੈ। ਦੁਨੀਆ ਦੇ ਇੱਕ ਵੱਡੇ ਸਾਇੰਸਦਾਨ ਦੀ ਰਾਏ ਇਸ ਸਮੇਂ ਮਹੱਤਵ ਰੱਖਦੀ ਹੈ ਕਿ ਜੇਕਰ ਵਿਸ਼ਵੀ ਤਪਸ਼ 1.5 ਡਿਗਰੀ ਸੈਂਟੀਗਰੇਡ ਵੱਧ ਜਾਂਦੀ ਹੈ ਤਾਂ ਦੁਨੀਆ ਦੇ ਪਹਿਲਾਂ ਹੀ ਗਰਮ ਖਿੱਤੇ ਹੋਰ ਗਰਮ ਹੋ ਜਾਣਗੇ ਅਤੇ ਬਹੁਤੀਆਂ ਥਾਵਾਂ ਉਤੇ ਮਨੁੱਖੀ ਅਤੇ ਵਣ ਜੀਵਨ ਖ਼ਤਰਿਆਂ ਭਰਪੂਰ ਹੋ ਜਾਏਗਾ।
ਵਾਤਾਵਰਨ ਵਿੱਚ ਬਦਲਾਅ ਜਿਆਦਾ ਕਰਕੇ ਮਨੁੱਖੀ ਲੋੜਾਂ ਦੀ ਪੂਰਤੀ ਹਿੱਤ ਗਰੀਨ ਹਾਊਸ ਗੈਸਾਂ ਦੀ ਪੈਦਾਵਾਰ ਨਾਲ ਹੋ ਰਿਹਾ ਹੈ। ਇਸ ਲਈ ਮਨੁੱਖੀ ਵਰਤਾਓ ਵਿੱਚ ਬਦਲਾਅ ਦੇ ਜ਼ਰੀਏ ਹੀ ਇਸ ਨੂੰ ਰੋਕਿਆ ਜਾ ਸਕਦਾ ਹੈ।
-
ਗੁਰਮੀਤ ਸਿੰਘ ਪਲਾਹੀ, ਲੇਖਕ
gurmitpalahi@yahoo.com
9815802070
Disclaimer : The opinions expressed within this article are the personal opinions of the writer/author. The facts and opinions appearing in the article do not reflect the views of Babushahi.com or Tirchhi Nazar Media. Babushahi.com or Tirchhi Nazar Media does not assume any responsibility or liability for the same.