ਗੁਰੂ ਨਾਨਕ ਦੇਵ ਜੀ ਦਾ ਕ੍ਰਿਤ ਫ਼ਲਸਫਾ,ਖੇਤੀ ਅਤੇ ਮੌਜੂਦਾ ਪੰਜਾਬ
ਗੁਰੂ ਨਾਨਕ ਦੇਵ ਜੀ ਦਾ ਜੀਵਨ ਫ਼ਲਸਫਾ ਕਿਰਤ ਕਰੋ ਅਤੇ ਵੰਡ ਛਕੋ ਅਤੇ ਜ਼ਿੰਦਗੀ ‘ਚ ਸਹਿਜ ਰਹਿਣ ਲਈ ਨਾਮ ਜਪੋ ਦਾ ਸੀ।ਸਰਬਤ ਦਾ ਭਲਾ ਕ੍ਰਾਂਤੀਕਾਰੀ ਜੀਵਨ ਫ਼ਲਸਫੇ ਨੂੰ ਉਹਨਾ ਜ਼ਿੰਦਗੀ ਭਰ ਨਿਭਾਇਆ,ਅਤੇ ਸਮੇਂ ਦੇ ਹਾਕਮਾਂ ਨਾਲ ਟੱਕਰ ਲੈ ਕੇ ਵੀ ਆਮ ਲੋਕਾਂ ਤੱਕ ਪੁੱਜਦਾ ਕੀਤਾ।ਜ਼ਿੰਦਗੀ ਦੇ ਆਖ਼ਰੀ ਵਰ੍ਹੇ ਉਹਨਾ ਕਰਤਾਰਪੁਰ(ਹੁਣ ਪਾਕਿਸਤਾਨ) ‘ਚ ਹੱਥੀਂ ਖੇਤੀ ਕੀਤੀ,ਹਲ ਚਲਾਇਆ ਅਤੇ ਆਪਣੇ ਹਿੰਦੂ,ਮੁਸਲਮਾਨ,ਸਿੱਖ ਪੈਰੋਕਾਰਾਂ ਨੂੰ ਹੱਥੀਂ ਕਿਰਤ ਦਾ ਸੰਦੇਸ਼ ਦਿੱਤਾ।ਗੁਰੂ ਨਾਨਕ ਜੀ ਦੀ “ਨਾਨਕ ਖੇਤੀ” ਗ੍ਰਹਿਸਥੀਆਂ ਲਈ ਇੱਕ ਖੁਸ਼ੀ ਦੀ ਪ੍ਰੋਗਸ਼ਾਲਾ ਸੀ,ਜਿਥੇ ਉਹ ਧਰਤੀ ਨਾਲ ਪਿਆਰ ਕਰਦੇ ਸਨ,ਧਰਤੀ ਦੇ ਜੀਵਾਂ ਦੀ ਰੱਖਿਆ ਕਰਦੇ ਸਨ, ਪੰਛੀਆਂ, ਪਸ਼ੂਆਂ ਦਾ ਸਾਥ ਮਾਣਦੇ ਸਨ,ਬਿਨਾਂ ਖਾਂਦਾਂ,ਰਸਾਇਣਾਂ ਉਹ ਧਰਤੀ ਦੀ ਕੁੱਖ ‘ਚੋਂ ਆਪਣੇ ਲਈ ਅਤੇ ਆਪਣੇ ਪਸ਼ੂਆਂ ਲਈ ਅਨਾਜ਼ ਉਗਾਉਦੇ ਸਨ।ਇਹ ਨਾਨਕ ਖੇਤੀ ਕੁਦਰਤੀ ਖੇਤੀ ਸੀ ਜਿਥੇ ਖੇਤਾਂ ‘ਚ ਪੰਛੀ ਸਨ,ਧਰਤੀ ‘ਚ ਗੰਡੋਏ ਸਨ, ਸ਼ਹਿਦ ਦੀਆਂ ਮੱਖੀਆ ਸਨ,ਤਿਤਲੀਆਂ,ਭੌਰੇ ਸਨ। ਇਹ ਖੇਤਾਂ ‘ਚ ਕੰਮ ਕਰਦੇ ਕਿਰਸਾਨਾਂ ਲਈ ਸਿਰਫ ਰੋਜ਼ੀ-ਰੋਟੀ ਦਾ ਸਾਧਨ ਹੀ ਨਹੀਂ,ਸਗੋਂ ਇੱਕ ਵੱਖਰੀ ਜੀਵਨ-ਜਾਚ ਸੀ।ਖੇਤੀ ਅਤੇ ਕ੍ਰਿਤ ਸਭਿਆਚਾਰ, ਨਾਨਕ ਖੇਤੀ ਜੀਵਨ ਜਾਚ 'ਚ ਭਾਰੂ ਸੀ, "ਪਵਣੁ' ਗੁਰੂ ਪਾਣੀ ਪਿਤਾ, ਮਾਤਾ ਧਰਤਿ ਮਹਤੁ"! ਭਾਵ ਹਵਾ ਗੁਰੂ ਹੈ, ਪਾਣੀ ਪਿਤਾ ਹੈ ਅਤੇ ਧਰਤੀ ਮਾਂ ਹੈ।
ਮੌਜੂਦਾ ਸਮੇਂ 'ਚ ਪੰਜਾਬ ਦਾ ਕ੍ਰਿਤ ਸਭਿਆਚਾਰ ਭੰਗ ਹੋਇਆ ਦਿਸਦਾ ਹੈ। ਖੇਤੀ ਵਾਲੀ ਜ਼ਮੀਨ ਰੇਗਿਸਤਾਨ ਬਣਦੀ ਜਾ ਰਹੀ ਹੈ। ਧਰਤੀ ਦੀ ਕੁੱਖ 'ਚੋਂ ਖਿੱਚਿਆ ਜਾ ਰਿਹਾ ਖੇਤੀ ਲਈ ਪਾਣੀ ਮੁੱਕਦਾ ਜਾ ਰਿਹਾ ਹੈ। ਖਾਦਾਂ, ਰਸਾਇਣਾਂ, ਕੀਟਨਾਸ਼ਕਾਂ ਨੇ ਪੰਜਾਬ ਦੀ ਧਰਤੀ ਦਾ ਨਾਸ ਮਾਰ ਦਿੱਤਾ ਹੈ। ਖੇਤੀ ਘਾਟੇ ਦੀ ਹੋ ਗਈ ਹੈ। ਖੇਤੀ ਕਰਨ ਵਾਲਾ ਕਿਸਾਨ ਕੈਂਸਰ ਵਰਗੀਆਂ ਭਿਆਨਕ ਬੀਮਾਰੀਆਂ ਦਾ ਸ਼ਿਕਾਰ ਹੋ ਗਿਆ ਹੈ। ਧਰਤੀ ਮਾਂ ਨੇ ਆਪਣੇ ਕੁਦਰਤੀ ਤੱਤ ਗੁਆ ਲਏ ਹਨ। ਧਰਤੀ ਦੇ ਪੁੱਤ ਮਜ਼ਬੂਰੀ 'ਚ ਆਪਣੀਆਂ ਫ਼ਸਲਾਂ ਦੀ ਰਹਿੰਦ-ਖੂੰਹਦ ਪਰਾਲੀ, ਕਣਕ ਨੂੰ ਅੱਗ ਲਾਉਣ ਵੇਲੇ ਇਹ ਨਹੀਂ ਵੇਖਦੇ ਕਿ ਉਹ ਕਿੰਨੇ ਧਰਤੀ ਦੇ ਮਿੱਤਰ ਕੀੜਿਆਂ ਨੂੰ ਮਾਰ ਰਹੇ ਹਨ। ਪੰਛੀਆਂ ਦਾ ਜੀਵਨ ਤਬਾਹ ਕਰ ਰਹੇ ਹਨ। ਫਿਰ ਵੀ ਸਥਿਤੀ ਇਹ ਬਣ ਗਈ ਹੈ ਕਿ ਜਿਸ ਪੰਜਾਬ ਦੀ ਧਰਤੀ ਦਾ ਕਿਸਾਨ ਛੋਟੇ-ਛੋਟੇ ਸਿਆੜਾਂ ਨਾਲ ਵੀ ਜੀਵਨ ਨਿਰਵਾਹ ਕਰ ਰਿਹਾ ਸੀ, ਕੁਦਰਤ ਨਾਲ ਸਾਂਝ ਪਾਈ ਬੈਠਾ ਸੀ, ਦਹਾਕਿਆਂ ਤੋਂ ਕਾਰਪੋਰੇਟ ਸੈਕਟਰ ਦੀਆਂ ਚਾਲਾਂ ਦਾ ਸ਼ਿਕਾਰ ਹੋ, ਵੱਡੀ ਪੈਦਾਵਾਰ ਦੇ ਚੱਕਰ ਵਿੱਚ ਘਾਟੇ ਦੀ ਖੇਤੀ ਦੇ ਰਾਹ ਤਾਂ ਤੁਰਿਆ ਹੀ ਹੈ ਅਤੇ ਆਰਥਿਕ, ਮਾਨਸਿਕ ਬੋਝ ਹੇਠ ਸ਼ਤੀਰੇ ਨਾਲ ਜੱਫੇ ਪਾਉਣ ਲਈ ਮਜ਼ਬੂਰ ਕਰ ਦਿੱਤਾ ਗਿਆ ਹੈ।
ਹੱਥੀਂ ਕਿਰਤ ਕਰਨੀ ਪੰਜਾਬੀਆਂ ਦਾ ਆਦਰਸ਼ ਰਿਹਾ ਹੈ। ਇਹ ਆਦਰਸ਼ ਪਿਛਲੇ ਕੁਝ ਸਮੇਂ ਤੋਂ ਗਾਇਬ ਹੋਇਆ ਦਿਸਦਾ ਹੈ।ਖਾਸ ਕਰਕੇ ਪੰਜਾਬ ਦੀ ਨੌਜਵਾਨ ਪੀੜ੍ਹੀ ਕਿਰਤ ਸਭਿਆਚਾਰ ਤੋਂ ਦੂਰੀ ਬਣਾਈ ਜਾ ਰਹੀ ਹੈ।ਪੰਜਾਬੀ ਮੁੰਡਿਆਂ ਦਾ ਮੋਟਰ ਸਾਇਕਲ,ਮੋਬਾਇਲ ਗਹਿਣਾ ਬਣ ਗਿਆ ਹੈ, ਜੋ ਕਦੇ ਕਹੀ, ਦਾਤੀ,ਰੰਬਾ ਹੋਇਆ ਕਰਦਾ ਸੀ। ਕਿਰਤ ਸਭਿਆਚਾਰ ਤੋਂ ਟੁੱਟ ਨੌਜਵਾਨ ਕੁਰਾਹੇ ਪਿਆ ਜਾਂ ਪੰਜਾਬੀਆਂ ਦੀ ਚੜ੍ਹਤ,ਅਣਖ ਦੇਖਕੇ ਕੁਰਾਹੇ ਪਾਇਆ ਗਿਆ।ਪਹਿਲਾਂ ’47 ‘ਚ ਲੱਖਾਂ ਪੰਜਾਬੀ ਸਿਆਸਤ ਦੀ ਭੇਂਟ ਚੜ੍ਹਾ ਮੌਤ ਦੇ ਘਾਟ ਉਤਾਰੇ ਗਏ,ਵੱਢੇ ਗਏ ਜ਼ਖਮੀ ਕੀਤੇ ਗਏ,ਜ਼ਮੀਨਾਂ ਤੋਂ ਘਰਾਂ ਤੋਂ ਉਜਾੜ ਦਿੱਤੇ ਗਏ।’47 ਤੋਂ ਬਆਦ ਕੁਝ ਸਾਹ ਆਇਆ ਤਾਂ ਇਕ ਵੇਰ ਫੇਰ ’84 ਨੇ ਪੰਜਾਬੀਆਂ ਦੇ ਹਿਰਦੇ ਬਲੂੰਦਰੇ,ਹਜ਼ਾਰਾਂ ਨੌਜਵਾਨ ਲਾਪਤਾ ਕੀਤੇ ਗਏ, ਮਾਰੇ ਗਏ,ਤਸ਼ੱਦਦ ਢਾਹੇ ਗਏ, ਸੈਂਕੜੇ ਨਕਸਲੀ ਲਹਿਰ ਅਤੇ ਫਿਰ ਖਾੜਕੂ ਲਹਿਰ ਵੇਲੇ ਮਾਰ ਦਿੱਤੇ ਗਏ।ਉਹ ਕਿਸਾਨਾਂ ਦੇ ਪੁੱਤਰ, ਜਿਹਨਾ ਖੇਤੀ ਕਰਨੀ ਸੀ,ਕਿਰਤ ਸਭਿਆਚਾਰ ਉਸਾਰਨਾ ਸੀ, ਗੁਰੂ ਨਾਨਕ ਜੀ ਦੇ ਆਦਰਸ਼ ਨੂੰ ਚੰਗੀ ਸੋਚ ਵਾਲੇ ਲੋਕਾਂ ਤੱਕ ਪਹੁੰਚਾਉਣਾ ਸੀ।ਉਹ ਪੰਜਾਬ ਦੀ ਇਸ ਧਰਤੀ ਤੋਂ ਅਲੋਪ ਕਰ ਦਿੱਤੇ ਗਏ।ਗੱਲ ਇਥੇ ਹੀ ਬੱਸ ਨਾ ਹੋਈ,ਨਸ਼ਿਆਂ ਦਾ ਹੜ੍ਹ,ਪੰਜਾਬ ਦੀ ਉਸ ਧਰਤੀ ਉਤੇ ਵਗਾ ਦਿੱਤਾ ਗਿਆ,ਜਿਹੜੀ ਧਰਤੀ ਪੰਜ ਦਰਿਆਵਾਂ ਦੀ ਸੀ,ਜਿਥੇ ਗੁਰੂਆਂ, ਪੀਰਾਂ,ਪਗੰਬਰਾਂ, ਦਾ ਸੰਦੇਸ਼ ਗੂੰਜਦਾ ਸੀ ਪਰ ਬਦਕਿਸਮਤੀ, ਇਹ ਪਵਿੱਤਰ ਧਰਤੀ ਸਿਆਸੀ ਹਾਕਮਾਂ ਦੀਆਂ ਲੂੰਬੜ ਚਾਲਾਂ ਦਾ ਸ਼ਿਕਾਰ ਬਣ, ਸਿਰਫ਼ ਢਾਈ ਦਰਿਆਵਾਂ ਵਾਲੀ ਧਰਤੀ ਰਹਿ ਗਈ ਅਤੇ ਇਸਦੇ ਇਹ ਬਚਦੇ ਦਰਿਆ ਅਤੇ ਪੰਜਾਬ 'ਚ ਵਗਦੀਆਂ ਬੇਈਆਂ ਸਮੇਤ ਗੁਰੂ ਨਾਨਕ ਜੀ ਦੇ ਨਾਮ ਨਾਲ ਜਾਣੀ ਜਾਂਦੀਆਂ ਸੁਲਤਾਨਪੁਰ ਲੋਧੀ ਦੀ "ਚਿੱਟੀ ਬੇਈਂ" ਪ੍ਰਦੂਸ਼ਨ ਦੀ ਮਾਰ ਝੱਲ ਰਹੀ ਹੈ।
ਕਦੇ ਗੁਰੂ ਨਾਨਕ ਦੇਵ ਜੀ ਨੇ ਜਾਂ ਉਹਨਾ ਦੇ ਪੈਰੋਕਾਰਾਂ ਨੇ ਇਹੋ ਜਿਹਾ ਪੰਜਾਬ ਚਿਤਵਿਆ ਹੀ ਨਹੀਂ ਹੋਏਗਾ। ਜਿਹੜਾ ਪ੍ਰਦੂਸ਼ਨ ਨਾਲ ਭਰਿਆ ਪਿਆ ਹੋਵੇ, ਜਿਹੜੇ ਜਾਤ-ਪਾਤ, ਧਰਮ ਵੰਡ ਦਾ ਸ਼ਿਕਾਰ ਹੋ ਗਿਆ ਹੋਵੇ। ਜਿਥੋਂ ਦੇ ਸਿਆਸਤਦਾਨ ਸਵਾਰਥੀ ਹੋਕੇ ਸਿਰਫ਼ ਆਪਣੀ ਕੁਰਸੀ ਪ੍ਰਾਪਤੀ ਲਈ ਯੁੱਧ 'ਚ ਰੁਝੇ ਰਹਿਣ ਅਤੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਆਦਰਸ਼, ਫ਼ਲਸਫੇ ਨੂੰ ਭੁੱਲ ਲੋਕਾਂ ਦੀ ਰੱਤ ਚੂਸ ਰਹੇ ਹੋਣ।
ਗੁਰੂ ਨਾਨਕ ਦੇਵ ਜੀ ਦੇ ਕ੍ਰਿਤ ਸਭਿਆਚਾਰ ਅਤੇ ਆਦਰਸ਼ ਦੀ ਉਦਾਹਰਨ ਆਪਣੀ ਉਮਰ ਦੇ ਆਖ਼ਰੀ ਵੇਲਿਆਂ 'ਚ ਸੰਗਤ, ਪੰਗਤ ਅਤੇ ਲੰਗਰ ਦੀ ਮਹੱਤਤਾ ਦਰਸਾਉਣਾ ਰਿਹਾ। ਉਹਨਾ ਹੱਥੀਂ ਖੇਤੀ ਕੀਤੀ, ਆਪਣੀ ਕਿਰਤ ਨਾਲ ਪੈਦਾ ਕੀਤੇ ਅਨਾਜ਼, ਫ਼ਲ ਬਾਕੀਆਂ ਨਾਲ ਵੰਡ ਖਾਂਦੇ ਅਤੇ ਆਪਣੇ ਪੈਰੋਕਾਰਾਂ ਨਾਲ ਇਕੱਠਿਆਂ ਕੰਮ ਕਰਕੇ ਆਪਸੀ ਬਰਾਬਰ ਵੰਡ ਵਾਲੀ ਸਹਿਕਾਰਤਾ ਖੇਤੀ ਦੀ ਨੀਂਹ ਬੰਨ੍ਹੀ। ਉਹਨਾ ਦੇ ਫ਼ਿਲਾਸਫੀ ਦਾ ਇੱਕ ਵੱਡਾ ਸੰਦੇਸ਼ ਦੱਬੇ ਕੁਚਲੇ, ਨਿਆਸਰੇ ਅਤੇ ਔਰਤਾਂ ਨੂੰ ਬਰਾਬਰ ਦੇ ਹੱਕ ਦੇਣ ਅਤੇ ਇੱਕ ਇਹੋ ਜਿਹੇ ਸਮਾਜ ਦੀ ਸਥਾਪਨਾ ਸੀ, ਜਿਥੇ ਹਰ ਕੋਈ ਬਿਨ੍ਹਾਂ ਭੇਦ ਭਾਵ, ਵਿਤਕਰੇ ਆਪਣੇ ਜੀਵਨ ਦਾ ਸੁਖੀ ਰਹਿਕੇ ਨਿਰਬਾਹ ਕਰ ਸਕੇ। ਖ਼ਾਸ ਕਰਕੇ ਔਰਤਾਂ, ਜਿਹਨਾ ਦਾ ਜੀਵਨ ਨਰਕ ਬਣਕੇ ਰਹਿ ਗਿਆ ਸੀ ਅਤੇ ਜਿਹਨਾ ਦੇ ਘਰੇਲੂ ਕਾਰੋਬਾਰ, ਖੇਤੀ ਦੇ ਕੰਮ 'ਚ ਕੋਈ ਮਾਨਤਾ ਹੀ ਨਹੀਂ ਸੀ, ਜਿਸਨੂੰ ਸਮਾਜ 'ਚ ਪੈਰ ਦੀ ਜੁੱਤੀ ਸਮਝਿਆ ਜਾਂਦਾ ਸੀ। "ਸੋ ਕਿਉ ਮੰਦਾ ਆਖੀਐ ਜਿਤੁ ਜੰਮਹਿ ਰਾਜਾਨ"।(From woman, man is born; within woman, man is conceived; to woman he is engaged and married.)
ਗੁਰੂ ਨਾਨਕ ਦੇਵ ਜੀ ਨੇ ਦੁਨੀਆ ਦੇ ਚਾਰੋਂ ਦਿਸ਼ਾਵਾਂ 'ਚ ਯਾਤਰਾ ਕੀਤੀ। ਪੈਦਲ ਹਜ਼ਾਰਾਂ ਮੀਲਾਂ ਦਾ ਸਫ਼ਰ ਕੀਤਾ। ਵਿਚਾਰ-ਗੋਸ਼ਟੀਆਂ ਕੀਤੀਆਂ। ਆਪਣੇ ਜੀਵਨ ਫਲਸਫ਼ੇ ਦਾ ਹੋਰ ਸੰਤਾਂ, ਮਹਾਂਪੁਰਖਾਂ ਨਾਲ ਸੰਵਾਦ ਰਚਾਇਆ। ਆਪਣੇ ਜ਼ਿੰਦਗੀ ਦੇ ਆਖ਼ਰੀ ਪੜ੍ਹਾਅ 'ਚ ਉਹਨਾ ਖੇਤੀ ਕੀਤੀ ਬਾਵਜੂਦ ਇਸਦੇ ਕਿ ਉਹਨਾ ਦਾ ਪਰਿਵਾਰਕ ਪਿਛੋਕੜ ਖੇਤੀਬਾੜੀ ਵਾਲਾ ਨਹੀਂ ਸੀ। ਉਹ ਇੱਕ ਵਪਾਰੀ ਦੇ ਘਰ ਪੈਦਾ ਹੋਏ, ਉਹਨਾ ਕੋਲ ਜ਼ਮੀਨ ਸੀ। ਉਹ ਜਵਾਨੀ 'ਚ ਸਟੋਰ ਕੀਪਰ ਬਣੇ। ਪਰ ਹੈਰਾਨੀ ਦੀ ਗੱਲ ਇਹ ਕਿ ਸਮੇਂ ਦੀ ਨਬਜ਼ ਨੂੰ ਪਛਾਣਦਿਆਂ ਉਹਨਾ ਆਖ਼ਰੀ ਉਮਰ 'ਚ ਖੇਤੀ ਨੂੰ ਤਰਜੀਹ ਦਿੱਤੀ। ਉਹਨਾ ਦੀ ਬਾਣੀ 'ਚ ਕਣਕ, ਚਾਵਲ, ਕਪਾਹ, ਨਾਰੀਅਲ, ਅੰਬ, ਸੂਰਜਮੁਖੀ, ਗੰਨਾ ਆਦਿ ਫ਼ਸਲਾਂ ਦਾ ਜ਼ਿਕਰ ਹੈ। ਦਰਖ਼ਤਾਂ ਦਾ ਵਰਨਣ ਹੈ, ਪੰਛੀਆਂ ਅਤੇ ਜਾਨਵਰਾਂ ਨਾਲ ਪ੍ਰੇਮ-ਪਿਆਰ ਦੀਆਂ ਗੱਲਾਂ-ਬਾਤਾਂ ਹਨ। ਵਾਤਾਵਰਨ ਨਾਲ ਤਾਂ ਉਹਨਾ ਦਾ ਅੰਤਾਂ ਦਾ ਮੋਹ ਹੈ।
ਪਰ ਅੱਜ ਪੰਜਾਬ ਨੂੰ, ਪੰਜਾਬ ਦੇ ਖੇਤਾਂ ਨੂੰ, ਪੰਜਾਬ ਦੀ ਖੇਤੀ ਨੂੰ, ਪੰਜਾਬ ਦੇ ਲੋਕਾਂ ਨੂੰ ਆਪਣੀ ਹੋਂਦ ਦਾ ਖਤਰਾ ਪੈਦਾ ਹੋ ਗਿਆ ਹੈ। ਉਹ ਨਾਨਕ ਖੇਤੀ ਦਾ ਸੰਕਲਪ ਜੋ ਬਾਬੇ ਨਾਨਕ ਨੇ ਚਿਤਵਿਆ ਅਤੇ ਇਸ ਧਰਤੀ 'ਤੇ ਲਾਗੂ ਕੀਤਾ ਸੀ, ਉਹ ਦੇਸ਼ ਦੇ ਹਾਕਮਾਂ, ਕਾਰਪੋਰੇਟ ਜਗਤ ਨਾਲ ਰਲਕੇ ਹਥਿਆਉਣ ਦੀ ਵੱਡੀ ਸਾਜ਼ਿਸ਼ ਕੀਤੀ ਹੈ। ਖੇਤੀ, ਜਿਹੜੀ ਪੰਜਾਬ ਦੇ ਲੋਕਾਂ ਦਾ ਢਿੱਡ ਭਰਨ ਲਈ, ਉਹਨਾ ਦੀਆਂ ਲੋੜਾਂ ਦੀ ਸਾਧਕ ਸੀ, ਉਸਦਾ ਵਪਾਰੀਕਰਨ ਕਰਕੇ, ਤਿੰਨ ਖੇਤੀ ਕਾਲੇ ਕਾਨੂੰਨ ਪਾਸ ਕੀਤੇ ਹਨ। ਪੰਜਾਬ ਕੁਰਲਾ ਰਿਹਾ ਹੈ। ਸੰਘਰਸ਼ ਲਈ ਦਿੱਲੀ ਦੀਆਂ ਬਰੂਹਾਂ 'ਤੇ ਸਾਲ ਭਰ ਤੋਂ ਬੈਠਾ ਹੈ। 600 ਤੋਂ 700 ਤੋਂ ਵੱਧ ਕਿਸਾਨ ਸੰਘਰਸ਼ 'ਚ ਮਰ ਚੁੱਕੇ ਹਨ। ਦਿੱਲੀ ਦੀ ਸਰਹੱਦ 'ਤੇ ਬੈਠੇ ਕਿਸਾਨ ਖੁਲ੍ਹੀ ਜੇਲ੍ਹ ਭੁਗਤ ਰਹੇ ਹਨ। ਹਾਕਮਾਂ ਵਿਰੁੱਧ ਲੜ ਰਹੇ ਹਨ। ਕਾਰਪੋਰੇਟਾਂ ਦੀ ਸਾਜ਼ਿਸ਼ਾਨਾ ਸੋਚ ਨੰਗੀ ਕਰ ਰਹੇ ਹਨ। ਕੋਈ ਉਹਨਾ ਦੀ ਸੁਣ ਨਹੀਂ ਰਿਹਾ। ਪਰ ਉਹ ਆਜ਼ਾਦੀ ਦੀ ਇੱਕ ਹੋਰ ਜੰਗ ਲੜ ਰਹੇ ਹਨ। ਇਹੋ ਜਿਹੇ ਭਿਅੰਕਰ ਸਮਿਆਂ 'ਚ ਅੱਜ ਤੋਂ ਪੰਜ ਸਦੀਆਂ ਪਹਿਲਾਂ ਬਾਬੇ ਨਾਨਕ ਉਚਾਰਿਆ ਸੀ, "ਰਾਜੇ ਸੀਹ ਮੁਕਦਮ ਕੁਤੇ, ਜਾਇ ਜਗਾਇਣ ਬੈਠੇ ਸੁਤੇ" ਅਤੇ "ਏਤੀ ਮਾਰ ਪਈ ਕਰਲਾਣੇ ਤੈਂ ਕੀ ਦਰਦ ਨਾ ਆਇਆ"।
ਭਾਵੇਂ ਅੱਜ ਵੀ ਸਥਿਤੀ ਉਹਨਾ ਸਮਿਆਂ ਤੋਂ ਪੰਜਾਬ ਲਈ ਵੱਖਰੀ ਨਹੀਂ ਜਾਪਦੀ!ਪਰ ਤਸੱਲੀ ਵਾਲੀ ਗੱਲ ਹੈ ਕਿ ਨਾਨਕ ਦਾ ਫ਼ਲਸਫਾ ਪੰਜਾਬੀਆਂ ਨੇ ਆਪਣੇ ਮਨ 'ਚ ਸੰਜੋਇਆ ਹੈ। ਹੱਕ, ਸੱਚ ਲਈ ਜਾਤ-ਪਾਤ, ਧਰਮ ਤੋਂ ਉਪਰ ਉਠਕੇ ਇੱਕ-ਜੁੱਟ ਹੋਕੇ ਲਾਮਬੰਦੀ ਕੀਤੀ ਹੈ। ਖੇਤੀ ਅਤੇ ਖੇਤਾਂ ਨਾਲ ਆਪਣਾ ਮੋਹ ਪਾਲੀ ਰੱਖਿਆ ਹੈ। ਇਹੋ ਗੁਰੂ ਨਾਨਕ ਦੇਵ ਜੀ ਦਾ ਫ਼ਲਸਫਾ ਪੰਜਾਬੀਆਂ ਲਈ ਨਵੇਂ ਸੁਪਨੇ ਸਿਰਜਣ ਲਈ ਸਹਾਈ ਹੋ ਸਕੇਗਾ, ਖ਼ਾਸ ਤੌਰ 'ਤੇ ਉਹਨਾ ਪੰਜਾਬੀਆਂ ਲਈ, ਜਿਹਨਾ ਦਾ ਪੰਜਾਬ ਦੀ ਮੌਜੂਦਾ ਸਥਿਤੀ 'ਚ ਮੋਹ-ਭੰਗ ਹੋ ਗਿਆ ਹੈ ਅਤੇ ਉਹ ਵੀ ਜਿਹੜੇ ਲਗਾਤਾਰ ਆਪਣੇ ਬੱਚਿਆਂ ਨੂੰ ਮਜ਼ਬੂਰੀ ਬੱਸ ਪ੍ਰਵਾਸ ਦੇ ਰਾਹ ਤੋਰਨ ਨੂੰ ਮਜ਼ਬੂਰ ਹੋ ਰਹੇ ਹਨ।
-
ਗੁਰਮੀਤ ਸਿੰਘ ਪਲਾਹੀ, ਲੇਖਕ
gurmitpalahi@yahoo.com
9815802070
Disclaimer : The opinions expressed within this article are the personal opinions of the writer/author. The facts and opinions appearing in the article do not reflect the views of Babushahi.com or Tirchhi Nazar Media. Babushahi.com or Tirchhi Nazar Media does not assume any responsibility or liability for the same.