ਕਿਉਂ ਬਈ ਨਿਹਾਲਿਆ! ਆਜ਼ਾਦੀ ਨਹੀਂ ਵੇਖੀ ?
ਭਾਰਤ ਸਰਕਾਰ ਵੱਲੋਂ 'ਆਜ਼ਾਦੀ ਦੇ 75ਵੇਂ ਅੰਮ੍ਰਿਤ ਮਹਾਂਉਤਸਵ' ਮਨਾਏ ਜਾ ਰਹੇ ਹਨ। ਇਸੇ ਅਧੀਨ ਸਰਕਾਰ ਦੇ ਹੁਕਮਾਂ ਅਨੁਸਾਰ 'ਹਰ ਘਰ ਤਿਰੰਗਾ' ਲਹਿਰਾਉਣ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਪ੍ਰਸੰਗ ਵਿੱਚ ਆਰ.ਐਸ.ਐਸ. ਦੇ ਮੈਗਜ਼ੀਨ 'ਆਰਗੇਨਾਈਜ਼ਰ' ਰਾਹੀਂ ਹਿੰਦੂਤਵੀ ਤਾਕਤਾਂ ਦੇ ਅਸਲੀ ਚਿਹਰੇ ਦੀ ਸੱਚਾਈ ਸਾਂਝੀ ਕਰ ਰਹੇ ਹਾਂ। ਗੱਲ 14 ਅਗਸਤ 1947 ਦੀ ਹੈ। ਭਾਰਤ ਵਿੱਚ ਆਜ਼ਾਦੀ ਦੀ ਲਹਿਰ ਨਾਲ ਧ੍ਰੋਹ ਕਮਾਉਂਦੇ ਹੋਏ ਸਾਵਰਕਰ ਰਾਹੀਂ ਅੰਗਰੇਜ਼ ਹਕੂਮਤ ਤੋਂ ਵਾਰ-ਵਾਰ ਮਾਫੀਆਂ ਮੰਗਣ ਵਾਲੀ ਜਥੇਬੰਦੀ ਰਾਸ਼ਟਰੀ ਸਵੈਮ ਸੇਵਕ ਸੰਘ ਦੇ ਪੱਤਰ 'ਆਰਗੇਨਾਈਜ਼ਰ' ਵਿਚ ਇਕ ਵਿਸ਼ੇਸ਼ ਲੇਖ ਪ੍ਰਕਾਸ਼ਤ ਕੀਤਾ ਗਿਆ। ਆਰ.ਐਸ.ਐਸ. ਦੇ ਆਗੂ ਗੋਲਵਰਕਰ ਨੇ ਲੇਖ ਰਾਹੀਂ ਭਾਰਤ ਦੇ ਰਾਸ਼ਟਰੀ ਝੰਡੇ ਤਿਰੰਗੇ ਦੀ ਸਖਤ ਸ਼ਬਦਾਂ ਵਿਚ ਆਲੋਚਨਾ ਕੀਤੀ। ਸੰਘ ਵੱਲੋਂ ਇਹ ਵੀ ਕਿਹਾ ਗਿਆ ਕਿ ਭਾਰਤ ਨੂੰ 'ਤਿਰੰਗੇ' ਦੀ ਲੋੜ ਨਹੀਂ, ਕਿਉਂਕਿ ਇਸ ਹਿੰਦੂ ਰਾਸ਼ਟਰ ਕੋਲ ਪਹਿਲਾਂ ਹੀ ਆਪਣਾ ਝੰਡਾ ਹੈ ਅਤੇ ਉਸੇ ਨੂੰ ਵਰਤਣਾ ਚਾਹੀਦਾ ਸੀ, ਪਰ ਸਿਆਸੀ ਲੋਕਾਂ ਨੇ ਤਿਰੰਗੇ ਨੂੰ ਰਾਸ਼ਟਰੀ ਝੰਡਾ ਬਣਾ ਕੇ ਵੱਡੀ ਗਲਤੀ ਕੀਤੀ ਹੈ। ਦਿਲਚਸਪ ਗੱਲ ਇਹ ਹੈ ਕਿ ਅੱਜਕੱਲ੍ਹ ਸੰਘ ਬਰਗੇਡ ਦੀ ਰਾਸ਼ਟਰੀ ਝੰਡੇ ਤਿਰੰਗੇ ਪ੍ਰਤੀ ਸੋਚ ਗਿਰਗਿਟ ਵਾਂਗੂ ਰੰਗ ਬਦਲ ਰਹੀ ਹੈ ਅਤੇ ਅੰਨ੍ਹੇ-ਰਾਸ਼ਟਰਵਾਦ ਰਾਹੀਂ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ।
ਖ਼ੁਦ ਨੂੰ ਵੱਡੇ ਦੇਸ਼ ਭਗਤ ਸਾਬਤ ਕਰਨ ਲਈ ਆਰ.ਐੱਸ.ਐੱਸ-ਭਾਜਪਾ ਦੀ ਹਕੂਮਤ ਨੇ 'ਆਜ਼ਾਦੀ ਦੇ ਅੰਮ੍ਰਿਤ ਮਹਾਂਉਤਸਵ' ਦੇ ਮੌਕੇ 13 ਤੋਂ 15 ਅਗਸਤ ਤੱਕ ਦੇਸ਼ ਦੇ ਹਰ ਘਰ ਉੱਪਰ ਤਿਰੰਗੇ ਝੰਡੇ ਲਹਿਰਾਉਣ ਦਾ ਫ਼ੁਰਮਾਨ ਜਾਰੀ ਕੀਤਾ ਹੈ। ਇਸ ਨੂੰ 'ਹਰ ਘਰ ਤਿਰੰਗਾ' ਮੁਹਿੰਮ ਦਾ ਨਾਮ ਦਿੱਤਾ ਗਿਆ ਹੈ। ਸਕੂਲਾਂ, ਕਾਲਜਾਂ, ਦਫ਼ਤਰਾਂ, ਪਿੰਡਾਂ, ਸ਼ਹਿਰਾਂ, ਘਰਾਂ ਆਦਿ ਵਿਚ ਥਾਂ- ਥਾਂ ਤੇ ਧੱਕੇ ਨਾਲ ਤਿਰੰਗਾ' ਲਹਿਰਾਉਣ ਦੇ ਹੁਕਮ ਦਿੱਤੇ ਗਏ ਹਨ। ਇਤਰਾਜ਼ਯੋਗ ਗੱਲ ਇਹ ਹੈ ਕਿ ਤਿਰੰਗੇ ਪ੍ਰਤੀ ਅਜਿਹਾ ਪਿਆਰ ਕੁਦਰਤੀ ਭਾਵਨਾ ਅਧੀਨ ਨਾ ਹੋ ਕੇ, ਜਬਰੀ ਥੋਪਿਆ ਜਾ ਰਿਹਾ ਹੈ। ਪੀਪਲਜ਼ ਡੈਮੋਕਰੇਟਿਕ ਪਾਰਟੀ ਦੀ ਪ੍ਰਧਾਨ ਮਹਿਬੂਬਾ ਮੁਫਤੀ ਨੇ ਤਾਂ ਇਥੋਂ ਤਕ ਕਿਹਾ ਹੈ ਕਿ ਜੰਮੂ ਕਸ਼ਮੀਰ ਦੇ ਪ੍ਰਸ਼ਾਸਨ ਵੱਲੋਂ ਵਿਦਿਆਰਥੀਆਂ, ਦੁਕਾਨਦਾਰਾਂ ਅਤੇ ਕਰਮਚਾਰੀਆਂ ਨੂੰ ਕੌਮੀ ਝੰਡਾ ਲਹਿਰਾਉਣ ਲਈ ਜਬਰੀ ਵੀਹ ਰੁਪਏ ਦੀ ਭੁਗਤਾਨ ਕਰਨ ਵਾਸਤੇ ਮਜਬੂਰ ਕੀਤਾ ਜਾ ਰਿਹਾ ਹੈ, ਜਿਸ ਤੋਂ ਇਉਂ ਲੱਗਦਾ ਹੈ ਜਿਵੇਂ ਕਸ਼ਮੀਰ ਦੁਸ਼ਮਣ ਦਾ ਇਲਾਕਾ ਹੋਵੇ, ਜਿਸ ਤੇ ਕਬਜ਼ਾ ਕਰਨ ਦੀ ਲੋੜ ਹੈ। ਭਾਜਪਾ ਦੇ ਆਪਣੇ ਸੰਸਦ ਮੈਂਬਰ ਵਰੁਣ ਗਾਂਧੀ ਨੇ ਇਕ ਵੀਡੀਓ ਸਾਂਝੀ ਕਰਦਿਆਂ ਕਿਹਾ ਹੈ ਕਿ ਗਰੀਬ ਰਾਸ਼ਨ ਕਾਰਡ ਧਾਰਕਾਂ ਨੂੰ ਜਾਂ ਤਾਂ ਤਿਰੰਗਾ ਖ਼ਰੀਦਣ ਲਈ ਮਜਬੂਰ ਕੀਤਾ ਜਾ ਰਿਹਾ ਹੈ ਜਾਂ ਉਸ ਦੇ ਬਦਲੇ ਉਨ੍ਹਾਂ ਦੇ ਹਿੱਸੇ ਦਾ ਰਾਸ਼ਨ ਕੱਟਿਆ ਜਾ ਰਿਹਾ ਹੈ। 'ਹਰ ਘਰ ਤਿਰੰਗਾ' ਮੁਹਿੰਮ ਅਧੀਨ ਜ਼ਬਰਦਸਤੀ ਝੰਡਾ ਖਰੀਦਣ ਲਈ ਗ਼ਰੀਬਾਂ ਤੋਂ ਉਨ੍ਹਾਂ ਦਾ ਟੁੱਕ ਖੋਹਣਾ ਅਤਿ ਸ਼ਰਮਨਾਕ ਹੈ। ਹੋਰ ਤਾਂ ਹੋਰ ਤਿਰੰਗਾ ਲਹਿਰਾਉਣ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਗੁਰਦੁਆਰਿਆਂ ਅਤੇ ਹੋਰਨਾਂ ਧਾਰਮਿਕ ਅਸਥਾਨਾਂ ਲਈ ਵੀ ਹੁਕਮ ਚਾੜ੍ਹੇ ਗਏ ਹਨ, ਜਿਵੇਂ ਕਿ ਅੰਬਾਲਾ ਦੇ ਗੁਰਦੁਆਰਾ ਪੰਜੋਖਰਾ ਸਾਹਿਬ ਅਤੇ ਕਈ ਹੋਰਨਾਂ ਸਥਾਨਾਂ ਦੇ ਵੇਰਵੇ ਮਿਲ ਰਹੇ ਹਨ। ਹੈਰਾਨੀਜਨਕ ਗੱਲ ਇਹ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਆਉਂਦੇ ਕਾਲਜ ਦੇ ਪ੍ਰਿੰਸੀਪਲ ਵੱਲੋਂ ਵੀ ਬੀਤੇ ਦਿਨੀਂ ਡੀਪੀਆਈ ਦੇ ਹੁਕਮਾਂ ਅਧੀਨ ਕਰਮਚਾਰੀਆਂ ਨੂੰ ਆਪਣੇ ਘਰਾਂ 'ਤੇ ਤਿਰੰਗਾ ਲਹਿਰਾ ਕੇ, ਸੈਲਫੀਆਂ ਤੇਰਾਂ ਅਗਸਤ ਤੋਂ ਪਹਿਲਾਂ -ਪਹਿਲਾਂ ਦਫਤਰ 'ਚ ਪਹੁੰਚਾਉਣ ਦੇ ਹੁਕਮ ਦਿੱਤੇ ਗਏ ਹਨ, ਜੋ ਕਿ ਨਿੰਦਾਜਨਕ ਹੈ ਅਤੇ ਜਬਰੀ ਦੇਸ਼ ਭਗਤੀ ਦੀ ਆਲੋਚਨਾਤਮਕ ਕਾਰਵਾਈ ਹੈ।
ਸੱਚ ਤਾਂ ਇਹ ਹੈ ਕਿ ਰਾਸ਼ਟਰੀ ਚਿੰਨ੍ਹਾਂ ਦੀ ਆਡੰਬਰੀ ਨੁਮਾਇਸ਼ ਫਾਸ਼ੀਵਾਦੀ ਮੁਲਕਾਂ ਦਾ, ਅੰਨ੍ਹਾ ਰਾਸ਼ਟਰਵਾਦ ਫੈਲਾਉਣ ਦਾ ਮਨਭਾਉਂਦਾ ਹਥਿਆਰ ਹੈ। ਇੰਡੀਅਨ ਸਟੇਟ ਦੀ ਸਾਜ਼ਿਸ਼ ਇਹ ਹੈ ਕਿ ਤਿਰੰਗੇ ਲਹਿਰਾਉਣ ਦੇ ਫ਼ਰਮਾਨ ਦੀ ਅਵੱਗਿਆ ਕਰਨ ਵਾਲਿਆਂ ਨੂੰ 'ਦੇਸ਼ਧ੍ਰੋਹੀ' ਕਰਾਰ ਦਿੱਤਾ ਜਾਵੇਗਾ ਅਤੇ ਸਰਕਾਰ ਦੀ ਆਲੋਚਨਾ ਦੀ ਕੀਮਤ 'ਜੇਲ੍ਹ ਦੀਆਂ ਸਲਾਖਾਂ' ਹੋਵੇਗੀ। ਇਹ ਇਤਿਹਾਸਕ ਸੱਚ ਛੁਪਾਇਆ ਜਾ ਰਿਹਾ ਹੈ ਕਿ ਜਦੋਂ ਤਿਰੰਗੇ ਨੂੰ ਰਾਸ਼ਟਰੀ ਝੰਡਾ ਪ੍ਰਵਾਨ ਕੀਤਾ ਜਾ ਰਿਹਾ ਸੀ, ਤਾਂ ਉਸ ਵੇਲੇ ਆਰ.ਐੱਸ.ਐੱਸ. ਨੇ ਹੀ ਤਿਰੰਗੇ ਨੂੰ ਰਾਸ਼ਟਰੀ ਝੰਡਾ ਸਵੀਕਾਰ ਕੀਤੇ ਜਾਣ ਦਾ ਤਿੱਖਾ ਵਿਰੋਧ ਕੀਤਾ ਸੀ। ਆਪਣੇ ਅਖ਼ਬਾਰ 'ਆਰਗੇਨਾਈਜ਼ਰ' ਵਿੱਚ ਤਿਰੰਗੇ ਪ੍ਰਤੀ ਆਰ.ਐੱਸ.ਐੱਸ. ਦੀ ਨਫ਼ਰਤ, ਇਸ ਟਿੱਪਣੀ ਵਿਚ ਸਾਫ਼ ਨਜ਼ਰ ਆਉਂਦੀ ਹੈ ਕਿ ਉਹ ਲੋਕ, ਜਿਨ੍ਹਾਂ ਦਾ ਸੱਤਾ ਉੱਪਰ ਕਾਬਜ਼ ਹੋਣ ਦਾ ਦਾਅ ਲੱਗ ਗਿਆ ਹੈ, ਉਹ 'ਚਾਹੇ ਸਾਡੇ ਹੱਥ ’ਚ ਤਿਰੰਗਾ ਫੜਾ ਦੇਣ, ਪਰ ਇਸ ਨੂੰ ਹਿੰਦੂਆਂ ਵੱਲੋਂ ਕਦੇ ਵੀ ਸਨਮਾਨ ਨਹੀਂ ਦਿੱਤਾ ਜਾ ਸਕੇਗਾ ਅਤੇ ਨਾ ਹੀ ਅਪਣਾਇਆ ਜਾ ਸਕੇਗਾ'। ਆਰ.ਐੱਸ.ਐੱਸ. ਦਾ ਇਹ ਵੀ ਮੰਨਣਾ ਹੈ ਕਿ 'ਤਿੰਨ ਦਾ ਅੰਕੜਾ ਆਪਣੇ ਆਪ ’ਚ ਹੀ ਅਸ਼ੁਭ ਹੈ ਅਤੇ ਇਕ ਐਸਾ ਝੰਡਾ ਜਿਸ ਵਿਚ ਤਿੰਨ ਰੰਗ ਹੋਣ, ਉਸ ਦਾ ਬੇਹੱਦ ਮਾੜਾ ਮਨੋਵਿਗਿਆਨਕ ਪ੍ਰਭਾਵ ਪਵੇਗਾ ਅਤੇ ਦੇਸ਼ ਦੇ ਲਈ ਇਹ ਨੁਕਸਾਨਦੇਹ' ਹੋਵੇਗਾ।
ਅਜੋਕੇ ਭਾਰਤ ਦੀ ਭਗਵੀਂ ਸਰਕਾਰ ਦੀਆਂ ਨੀਤੀਆਂ ਬਾਰੇ ਉਪਰੋਕਤ ਤੱਥ ਮਗਰੋਂ ਇਹ ਸਪੱਸ਼ਟ ਹੋ ਜਾਂਦਾ ਹੈ ਕਿ 'ਤਿਰੰਗਾ ਪਿਆਰ ਮਹਿਜ਼ ਛਲਾਵਾ' ਹੈ, ਅਸਲ ਵਿੱਚ ਸਾਜ਼ਿਸ਼ ਭਾਰਤ ਨੂੰ ਹਿੰਦੂ ਰਾਸ਼ਟਰ ਬਣਾਉਣ ਦੀ ਹੀ ਹੈ। ਦੂਜੇ ਸ਼ਬਦਾਂ ਵਿੱਚ ਹਕੀਕਤ ਇਹ ਹੈ ਕਿ ਭਾਰਤ ਹਿੰਦੂ ਰਾਸ਼ਟਰ ਬਣ ਚੁੱਕਿਆ ਹੈ, ਸਿਰਫ਼ ਰਸਮੀ ਐਲਾਨ ਹੀ ਬਾਕੀ ਹੈ। ਅਜਿਹੀ ਹਾਲਤ ਵਿੱਚ ਹਰ ਘਰ ਤਿਰੰਗਾ ਲਹਿਰਾਉਣਾ, ਘੱਟ-ਗਿਣਤੀਆਂ ਨਾਲ ਹੋ ਰਹੀ ਬੇਇਨਸਾਫੀ, ਧੱਕੇਸ਼ਾਹੀ ਅਤੇ ਜਬਰ ਦਾ ਪ੍ਰਤੱਖ ਸਬੂਤ ਹੋ ਨਿੱਬੜਦਾ ਹੈ। ਅੱਜ ਹਾਲਾਤ ਇਹ ਬਣੇ ਹੋਏ ਹਨ ਕਿ ਦੇਸ਼ ਵਿੱਚ ਸਿਆਸਤਦਾਨਾਂ ਵੱਲੋਂ ਮਾਨਵਵਾਦ ਉਤੇ ਫਾਸ਼ੀਵਾਦ ਦੀ ਜਿੱਤ ਦਾ ਨੰਗਾ-ਚਿੱਟਾ ਪ੍ਰਚਾਰ ਕੀਤਾ ਜਾ ਰਿਹਾ ਹੈ। 'ਢਾਂਚਾਗਤ ਨਸਲਵਾਦ' ਦਾ ਬੋਲਬਾਲਾ ਸਿਖ਼ਰਾਂ ਨੂੰ ਛੂਹ ਰਿਹਾ ਹੈ। ਬਹੁ-ਸੰਖਿਆਵਾਦ ਦੀ ਦਹਿਸ਼ਤਗਰਦੀ ਹੋਰਨਾਂ ਕੌਮਾਂ ਦੀ ਜ਼ੁਬਾਨ ਅਤੇ ਪਛਾਣ ਨੂੰ ਆਪਣੇ ਵਿੱਚ ਜਜ਼ਬ ਕਰਨ ਜਾਂ ਮੂਲੋਂ ਹੀ ਮਿਟਾਉਣ 'ਤੇ ਤੁਲੀ ਹੋਈ ਹੈ। ਦੇਸ਼ ਦੇ ਸੈਂਕੜੇ ਬੁੱਧੀਜੀਵੀ ਯੁ.ਏ.ਪੀ.ਏ. ਵਰਗੇ ਕਾਲੇ ਕਾਨੂੰਨਾਂ ਅਧੀਨ ਜੇਲ੍ਹਾਂ 'ਚ ਡੱਕੇ ਹੋਏ ਹਨ, ਅਜਿਹੀ ਹਾਲਤ 'ਚ ਆਪਣੀ ਹਿੱਕ 'ਚ ਗੱਡੇ ਤਿਰੰਗੇ ਦੇ ਖ਼ਿਲਾਫ਼ ਲੋਕ ਰੋਸ ਪ੍ਰਗਟਾਉਣਗੇ, ਲਹਿਰਾਉਣਗੇ ਨਹੀਂ;
ਚਿੰਤਕ ਜੇਲ੍ਹੀਂ ਬੰਦ ਨੇ, ਬੋਲਣ ਦਾ ਵੀ ਦੋਸ਼।
ਜਨਤਾ ਕੀਤੀ ਹਾਕਮਾਂ, ਸਿਵਿਆਂ ਵਾਂਗ ਖ਼ਾਮੋਸ਼।
'ਆਜ਼ਾਦੀ' ਅਜਿਹਾ ਸ਼ਬਦ ਹੈ, ਜੋ ਆਪਣੇ ਵਿਸ਼ਾਲ ਕਲਾਵੇ ਵਿੱਚ ਅਨੇਕਾਂ ਮਹੱਤਵਪੂਰਨ ਸੰਕਲਪਾਂ ਨੂੰ ਸਮੋਈ ਬੈਠਾ ਹੈ। ਬਹੁ ਪੱਖੀ ਤੇ ਬਹੁ -ਪਸਾਰੀ ਸ਼ਬਦ ਆਜ਼ਾਦੀ ਦਾ ਲਫ਼ਜ਼ੀ ਅਰਥ ਹੈ- ਸਰੀਰਕ ਮਾਨਸਿਕ, ਸਮਾਜਿਕ, ਆਰਥਿਕ, ਰਾਜਨੀਤਕ ਅਤੇ ਸਭਿਆਚਾਰਕ ਪੱਖੋਂ ਕਿਸੇ ਵਿਅਕਤੀ, ਸਮਾਜ ਅਤੇ ਦੇਸ਼ ਦੀ ਪੂਰਨ ਸੁਤੰਤਰਤਾ ਸੰਸਾਰ ਦੇ ਹਰ ਪ੍ਰਾਣੀ ਦਾ ਜਮਾਂਦਰੂ ਹੱਕ ਹੈ। ਜ਼ਿੰਦਗੀ ਵਾਸਤੇ ਆਜ਼ਾਦੀ ਉਨੀ ਹੀ ਲਾਜ਼ਮੀ ਹੈ, ਜਿੰਨੇ ਸਰੀਰ ਲਈ ਅੰਨ, ਪਾਣੀ ਅਤੇ ਹਵਾ ਆਦਿ। ਜਿਥੇ ਅਧਿਆਤਮਕ ਸ਼ੈਲੀ ਵਿੱਚ ਬਾਬਾ ਫ਼ਰੀਦ 'ਬਾਰਿ ਪਰਾਇਐ ਬੈਸਣਾ'' ਵਿੱਚ ਆਤਮਿਕ ਗੁਲਾਮੀ ਦੀ ਸਥਿਤੀ ਨਾਲੋਂ ਮੌਤ ਨੂੰ ਪਹਿਲ ਦਿੰਦੇ ਹਨ, ਉਥੇ ਵਿਸ਼ਵ ਦੇ ਪ੍ਰਸਿੱਧ ਫਿਲਾਸਫ਼ਰ ਪੈਟਕਿਰ ਹੈਨਰੀ ਦੇ ਸ਼ਬਦ ਹਨ ''ਜੇ ਤੁਸੀ ਮੈਨੂੰ ਆਜ਼ਾਦੀ ਨਹੀਂ ਦੇ ਸਕਦੇ, ਤਾਂ ਇਸ ਨਾਲੋਂ ਬਿਹਤਰ ਹੈ ਕਿ ਤੁਸੀ ਮੈਨੂੰ ਮੌਤ ਦੇ ਦਿਓ।'' ਦੁਨੀਆ ਦੇ ਹਰ ਮੁਲਕ ਵਿੱਚ ਹਰ ਕੌਮ ਵੱਲੋਂ ਆਜ਼ਾਦੀ ਪ੍ਰਾਪਤੀ ਲਈ ਨਿਰੰਤਰ ਜਦੋ-ਜਹਿਦ ਹੁੰਦੀ ਰਹੀ ਹੈ ਅਤੇ ਤਦ ਤੱਕ ਜਾਰੀ ਰਹੀ ਹੈ, ਜਦ ਪੂਰਨ ਆਜ਼ਾਦੀ ਪ੍ਰਾਪਤ ਨਹੀਂ ਹੋਈ।
ਭਾਰਤ ਨੂੰ ਗੁਲਾਮੀ ਦੇ ਸ਼ਿਕੰਜੇ ਤੋਂ ਖਲਾਸੀ ਦਿਵਾਉਣ ਦੀ ਗੌਰਵਮਈ ਇਤਿਹਾਸਕ ਗਾਥਾ ਵਿੱਚ ਵੀ ਪੰਜਾਬੀਆਂ ਵੱਲੋਂ ਸਭ ਤੋਂ ਵੱਧ ਦਿੱਤੀਆਂ ਗਈਆਂ ਕੁਰਬਾਨੀਆਂ ਦੀ ਦਾਸਤਾਨ ਮੌਜੂਦ ਹੈ, ਜਿਨ੍ਹਾਂ ਸਦਕਾ ਸਾਰਾ ਮੁਲਕ ਆਜ਼ਾਦ ਫਿਜ਼ਾ ਵਿੱਚ ਸਾਹ ਲੈਣ ਦੇ ਕਾਬਿਲ ਹੋ ਸਕਿਆ ਹੈ। ਮਹਾਨ ਸਿੱਖ ਸੂਰਵੀਰਾਂ ਦੀਆਂ ਸ਼ਹੀਦੀਆਂ ਦੇ ਸਿੱਟੇ ਵਜੋਂ ਹੀ ਕਦੇ ਨਾ ਅਸਤ ਹੋਣ ਵਾਲਾ 'ਬ੍ਰਿਟਿਸ਼ ਸਾਮਰਾਜ ਦਾ ਸੂਰਜ', ਸਦਾ ਲਈ ਛਿਪ ਗਿਆ ਸੀ। ਵਰਤਮਾਨ ਸਮੇਂ ਆਖਣ ਨੂੰ ਤਾਂ ਭਾਰਤ ਨੂੰ ਆਜ਼ਾਦੀ ਹੋਇਆ 75 ਵਰ੍ਹੇ ਬੀਤ ਚੁੱਕੇ ਹਨ, ਪਰ ਵਿਚਾਰਯੋਗ ਗੱਲ ਇਹ ਹੈ ਕਿ ਇਸ ਸਮੇਂ ਦੌਰਾਨ ਦੇਸਵਾਸੀਆਂ ਨੇ ਆਜ਼ਾਦੀ ਦਾ ਨਿੱਘ ਮਾਣਿਆਂ ਵੀ ਹੈ ਕਿ ਨਹੀਂ? ਕੀ ਇਹ ਆਜ਼ਾਦੀ 'ਵਿਸ਼ੇਸ਼ ਫਿਰਕੇ ਤੇ ਵਿਸ਼ੇਸ਼ ਵਰਗ' ਤੱਕ ਹੀ ਸੀਮਿਤ ਤਾਂ ਨਹੀਂ ਰਹਿ ਗਈ? ਜੇਕਰ ਆਲੋਚਨਾਤਮਿਕ ਦ੍ਰਿਸ਼ਟੀਕੋਣ ਤੋਂ ਵਾਚਿਆ ਜਾਵੇ, ਤਾਂ ਭਾਰਤ ਵਿੱਚ ਕਹਿਣ ਨੂੰ ਆਜ਼ਾਦੀ ਹੈ, ਪਰ ਭਾਰਤੀਆਂ ਦੀ ਹਾਲਤ 'ਆਜ਼ਾਦ ਦੇਸ਼ ਦੇ ਗੁਲਾਮ ਲੋਕਾਂ ਵਾਲੀ ਹੈ। ਕੁਰਬਾਨੀਆਂ ਦੇ ਇਤਿਹਾਸ ਪੱਖੋਂ ਦੇਸ਼ ਲਈ 95 ਫੀਸਦੀ ਸ਼ਹਾਦਤਾਂ ਦੇਣ ਵਾਲੀ ਸਿੱਖ ਕੌਮ ਨੂੰ 5 ਫੀਸਦੀ ਆਜ਼ਾਦ ਵਾਯੂ-ਮੰਡਲ ਵੀ ਨਸੀਬ ਨਹੀਂ ਹੋਇਆ। ਬੀਤੀ ਪੌਣੀ ਸਦੀ ਦੌਰਾਨ ਪੰਜਾਬੀਆਂ, ਖ਼ਾਸਕਰ ਸਿੱਖਾਂ ਨੇ ਆਪਣੇ ਪਿੰਡੇ 'ਤੇ ਜੋ ਦਰਦ ਹੰਢਾਇਆ, ਉਸ ਬਾਰੇ ਸੋਚਦਿਆਂ ਉਹ ਕਿਵੇਂ ਤਿਰੰਗੇ ਨੂੰ ਸਲਾਮੀ ਦੇ ਸਕਦੇ ਹਨ? ਸੱਚ ਤਾਂ ਇਹ ਹੈ:
ਨਸਲਕੁਸ਼ੀ ਜੋ ਕਰ ਰਹੇ, ਸੱਤਾ ਵਿਚ ਮਗ਼ਰੂਰ।
ਕਹਿਣ 'ਤਿਰੰਗਾ ਚਾੜ੍ਹਿਓ', ਸਾਨੂੰ ਨਾ ਮਨਜ਼ੂਰ ।
ਅੱਜ ਭਾਰਤ ਦੀ ਦਸ਼ਾ ਇਹ ਹੈ ਕਿ ਆਰਥਿਕ ਪੱਖੋਂ ਦੇਸ਼ ਦਾ 5 ਫੀਸਦੀ ਵਸ਼ਿਸ਼ਟ ਤੇ ਅਮੀਰ (ਅਡਾਨੀ, ਅੰਬਾਨੀ) ਵਰਗ 95 ਫੀਸਦੀ ਧਨ 'ਤੇ ਕਾਬਿਜ਼ ਹੋਇਆ ਬੈਠਾ ਹੈ, ਜਦ ਕਿ ਮੁਲਕ ਦੀ ਪਚਾਨਵੇਂ ਫੀਸਦੀ ਆਬਾਦੀ ਪੰਜ ਫੀਸਦੀ ਸਰੋਤਾਂ 'ਤੇ ਜ਼ਿੰਦਗੀ ਬਸਰ ਕਰ ਰਹੀ ਹੈ। ਕੁੱਲੀ, ਗੁੱਲੀ ਤੇ ਜੁੱਲੀ ਲਈ ਤਰਸਦੇ ਗਰੀਬੀ ਦਾ ਸ਼ਿਕਾਰ ਲੋਕਾਂ ਨੂੰ ਦੋ ਵਕਤ ਦੀ ਰੋਟੀ ਨਸੀਬ ਨਹੀਂ ਹੁੰਦੀ ਤੇ ਮਾਸੂਮ ਬੱਚੇ ਭੁੱਖੇ ਪੇਟ ਰੋਂਦਿਆਂ ਸੌਂ ਜਾਂਦੇ ਹਨ, ਅਜਿਹੇ ਦੁਖਿਆਰਿਆਂ ਲਈ ਆਜ਼ਾਦੀ ਕੋਈ ਅਰਥ ਨਹੀਂ ਰੱਖਦੀ। ਭੁੱਖਮਰੀ ਤੇ ਗੁਰਬਤ ਦੀ ਜ਼ਿੰਦਗੀ ਬਸਰ ਕਰ ਰਹੇ ਲੋਕਾਂ ਤੋਂ ਤਿਰੰਗੇ ਨੂੰ ਲਹਿਰਾਉਣ ਦੀ ਆਸ ਕਿਵੇਂ ਰੱਖੀ ਜਾ ਸਕਦੀ ਹੈ? ਸੱਚ ਤਾਂ ਇਹ ਹੈ ਕਿ ਬਹੁਤੇ ਦੇਸ਼-ਵਾਸੀਆਂ ਨੂੰ ਤਾਂ ਇਲਮ ਹੀ ਨਹੀਂ ਕਿ ਆਜ਼ਾਦੀ ਕਿਸ ਸ਼ੈਅ ਦਾ ਨਾਂ ਹੈ, ਬਲਕਿ ਹੈਰਾਨੀ ਭਰੇ ਲਹਿਜੇ 'ਚ ਉਹ ਕਵੀ ਗੁਰਦਾਸ ਰਾਮ ਆਲਮ ਵਾਂਗ ਇਉਂ ਸੁਆਲ-ਜੁਆਬ ਕਰਦੇ ਹਨ
''ਕਿਉਂ ਬਈ ਨਿਹਾਲਿਆ! ਆਜ਼ਾਦੀ ਨਹੀਂ ਵੇਖੀ?
ਨਾ ਬਈ ਭਰਾਵਾ, ਨਾ ਖਾਧੀ ਨਾ ਵੇਖੀ।
ਆਈ ਨੂੰ ਭਾਵੇਂ ਕਈ ਸਾਲ ਬੀਤੇ,
ਪਰ ਅਸੀਂ ਤਾਂ ਅਜੇ ਤੱਕ ਦਰਸ਼ਨ ਨਹੀਂ ਕੀਤੇ।
ਅਖ਼ਬਾਰਾਂ 'ਚੋਂ ਪੜ੍ਹਿਆ ਜਰਵਾਣੀ ਜਿਹੀ ਏ,
ਕੋਈ ਸੋਹਣੀ ਨਹੀਂ, ਐਵੇਂ 'ਕਾਣੀ ' ਜਿਹੀ ਏ।''
ਵੀਹਵੀਂ ਸਦੀ ਦੇ ਆਰੰਭ ਵਿੱਚ ਗ਼ਦਰ ਪਾਰਟੀ ਨੇ ਕੈਨੇਡਾ-ਅਮਰੀਕਾ ਦੀ ਧਰਤੀ ਤੋਂ ਭਾਰਤ ਨੂੰ ਬ੍ਰਿਟਿਸ਼ ਸਾਮਰਾਜ ਤੋਂ ਆਜ਼ਾਦ ਕਰਵਾਉਣ ਦਾ ਬਿਗਲ ਬਜਾਇਆ ਸੀ। ਗ਼ਦਰੀ ਬਾਬਿਆਂ ਨੇ ਆਜ਼ਾਦ ਦੇਸ਼ ਲਈ ਨਾਂ 'ਯੂਨਾਈਟਿਡ ਸਟੇਟਸ ਆਫ਼ ਇੰਡੀਆ' ਦਿੱਤਾ ਸੀ, ਜਿਸ ਦਾ ਭਾਵ ਸੀ 'ਮਜ਼ਬੂਤ ਸੰਘੀ ਢਾਂਚਾ' ਭਾਵ ਦੇਸ਼ ਦੇ ਸਮੂਹ ਰਾਜ, ਉਥੋਂ ਦੇ ਭਾਈਚਾਰੇ, ਮੂਲਵਾਸੀ ਤੇ ਘੱਟ ਗਿਣਤੀਆਂ ਆਪਣਾ ਸਭਿਆਚਾਰ, ਪਹਿਰਾਵੇ, ਖਾਣ- ਪੀਣ, ਬੋਲ - ਚਾਲ ਅਤੇ ਰਹਿਣ- ਸਹਿਣ ਦਾ ਪੂਰਨ ਆਨੰਦ ਮਾਣ ਸਕਣ। ਇਸ ਦਾ ਭਾਵ ਇਹ ਵੀ ਸੀ ਕਿ ਨਾ ਤਾਂ ਸੱਤਾ ਦਾ ਭਾਰੀ 'ਕੇਂਦਰੀਕਰਨ' ਹੋਵੇ ਅਤੇ ਨਾ ਹੀ ਰਾਜਨੀਤੀ ਦਾ 'ਧਰੁਵੀਕਰਨ'। ਸੰਘੀ ਢਾਂਚੇ 'ਚ ਕੇਂਦਰ ਆਪਣੇ ਸੂਬਿਆਂ ਦੀਆਂ ਸਰਕਾਰਾਂ ਨਾਲ ਧੱਕੇਸ਼ਾਹੀ ਨਾ ਕਰੇ ਅਤੇ ਕੇਂਦਰੀ ਸਰਕਾਰ ਸੁਆਰਥ ਲਈ, ਸਿਆਸੀ ਵਿਰੋਧੀਆਂ ਦਾ ਅੰਤ ਨਾ ਕਰੇ। ਗ਼ਦਰੀ ਬਾਬਿਆਂ ਦੀ ਇਸ ਸੋਚ ਨਾਲ ਅੱਜ ਜਿਵੇਂ ਖਿਲਵਾੜ ਹੋ ਰਿਹਾ ਹੈ, ਜਿਸ ਦੀਆਂ ਅਨੇਕਾਂ ਮਿਸਾਲਾਂ ਮੌਜੂਦਾ ਆਜ਼ਾਦ ਭਾਰਤ ਦੇ ਸੰਘੀ ਢਾਂਚੇ 'ਤੇ ਸੁਆਲ ਖੜੇ ਕਰਦੀਆਂ ਹਨ। ਸਿਆਸੀ ਵਿਰੋਧ ਕਾਰਨ ਵੱਖ- ਵੱਖ ਸੂਬੇ ਅਤੇ ਸਿਆਸੀ ਪਾਰਟੀਆਂ ਕੇਂਦਰੀ ਹਕੂਮਤ ਵੱਲੋਂ ਕੁਚਲੇ ਜਾ ਰਹੇ ਰਹੇ ਹਨ। ਅਜਿਹੀ ਹਾਲਤ ਵਿੱਚ ਵਿਰੋਧ ਪ੍ਰਗਟਾ ਰਹੇ ਲੋਕਾਂ ਤੋਂ,ਤਿਰੰਗੇ ਨੂੰ ਲਹਿਰਾਉਣ ਦੀ ਆਸ ਕਿਵੇਂ ਕੀਤੀ ਜਾ ਸਕਦੀ ਹੈ? ਸੱਚ ਤਾਂ ਇਹ ਹੈ ਕਿ ਗ਼ਦਰੀ ਬਾਬਿਆਂ ਦੇ ਸੁਪਨਿਆਂ ਨਾਲ ਉਦੋਂ ਹੀ ਖਿਲਵਾੜ ਹੋ ਗਿਆ ਸੀ, ਜਦੋਂ 14-15 ਅਗਸਤ 1947 ਨੂੰ ਦੇਸ਼ ਪੰਜਾਬ ਦੇ ਦੋ ਟੁਕੜੇ ਹੋਏ ਸਨ। ਲੱਖਾਂ ਲੋਕ ਮਾਰੇ ਗਏ ਸਨ। ਪੰਜਾਬ ਦੋ ਹਿੱਸਿਆਂ 'ਚ ਵੰਡਣ ਦਰਦ ਪਾਕਿਸਤਾਨੀ ਪੰਜਾਬ ਦੇ ਕਵੀ ਉਸਤਾਦ ਦਾਮਨ ਇਉਂ ਮਹਿਸੂਸ ਕਰਦੇ ਹਨ;
"ਇਸ ਮੁਲਕ ਦੀ ਵੰਡ ਕੋਲੋਂ ਯਾਰੋ,
ਖੋਏ ਤੁਸੀਂ ਵੀ ਹੋ, ਖੋਏ ਅਸੀਂ ਵੀ ਹਾਂ।
ਇਨ੍ਹਾਂ ਆਜ਼ਾਦੀਆਂ ਹੱਥੋਂ ਬਰਬਾਦ ਹੋਣਾ,
ਹੋਏ ਤੁਸੀਂ ਵੀ ਓ, ਹੋਏ ਅਸੀਂ ਵੀ ਆਂ।
ਜਿਉਂਦੀ ਜਾਨ ਈ ਮੌਤ ਦੇ ਮੂੰਹ ਅੰਦਰ,
ਢੋਏ ਤੁਸੀਂ ਵੀ ਓ, ਢੋਏ ਅਸੀਂ ਵੀ ਆਂ।
ਲਾਲੀ ਅੱਖੀਆਂ ਦੀ ਪਈ ਦਸਦੀ ਏ,
ਰੋਏ ਤੁਸੀਂ ਵੀ ਓ, ਰੋਏ ਅਸੀਂ ਵੀ ਆਂ।"
ਅੰਗਰੇਜ਼ਾਂ ਖ਼ਿਲਾਫ਼ ਆਜ਼ਾਦੀ ਦੇ ਸੰਘਰਸ਼ ਵਿਚ ਸਭ ਤੋਂ ਵੱਧ ਕੁਰਬਾਨੀਆਂ ਦੇ ਕੇ ਸ਼ਹੀਦੀਆਂ ਪਾਉਣ, ਉਮਰ ਕੈਦ ਕੱਟਣ ਅਤੇ ਕਾਲੇ ਪਾਣੀਆਂ ਦਾ ਦਰਦ ਝੱਲਣ ਵਾਲੇ ਪੰਜਾਬੀਆਂ ਨੂੰ ਹੀ ਦੇਸ਼ ਦੀ ਵੰਡ ਦਾ ਦਰਦ ਸਭ ਤੋਂ ਵੱਧ ਹੰਢਾਉਣਾ ਪਿਆ। ਇਕ ਅੰਦਾਜ਼ੇ ਅਨੁਸਾਰ ਫ਼ਿਰਕੂ ਨਫ਼ਰਤ ਦੇ ਭਾਂਬੜ ਬਾਲ ਕੇ, ਪੰਜਾਬ ਨੂੰ ਦੋ ਟੋਟਿਆਂ 'ਚ ਵੰਡੇ ਜਾਣ ਦੌਰਾਨ ਕਰੀਬ ਦਸ ਲੱਖ ਪੰਜਾਬੀਆਂ ਦੇ ਕਤਲ ਹੋਏ। ਜਿਨ੍ਹਾਂ ਪੰਜਾਬੀਆਂ ਦੇ ਵਿਹੜੇ ਵਿਚ ਲੱਖਾਂ ਬੇਗੁਨਾਹ ਲੋਕ ਮਾਰੇ ਗਏ, ਉਹ ਕਿਵੇਂ ਤਿਰੰਗਾ ਲਹਿਰਾਉਣ ਦੇ ਜਸ਼ਨ ਮਨਾਉਣ? ਸੱਚ ਤਾਂ ਇਹ ਹੈ ਕਿ ਸਦੀ ਦੇ ਮਹਾਂ-ਦੁਖਾਂਤ ਨੂੰ ਜਸ਼ਨ ਵਜੋਂ ਮਨਾਉਣਾ ਬੌਧਿਕ ਦੀਵਾਲੀਆ ਨਹੀਂ, ਤਾਂ ਹੋਰ ਕੀ ਹੈ? ਅਜਿਹੇ ਦੁਖਾਂਤ 'ਤੇ ਮਾਤਮ ਮਨਾਉਣ ਦੀ ਲੋੜ ਹੈ, ਨਾ ਕਿ ਜਸ਼ਨ ਮਨਾਉਣ ਦੀ, ਜਿਵੇਂ ਕਿ ਮਹਾਨ ਸ਼ਾਇਰ ਡਾ ਹਰਭਜਨ ਸਿੰਘ ਇਹ ਦਰਦ ਬਿਆਨ ਕਰਦੇ ਸਨ;
"ਸੌਂ ਜਾ ਮੇਰੇ ਮਾਲਕਾ ਵੇ ਵਰਤਿਆ ਹਨੇਰ
ਵੇ ਕਾਲਖਾਂ 'ਚ ਤਾਰਿਆਂ ਦੀ ਡੁੱਬ ਗਈ ਸਵੇਰ।
ਹੈ ਖੂਹਾਂ ਵਿੱਚ ਆਦਮੀ ਦੀ ਜਾਗਦੀ ਸੜ੍ਹਾਂਦ
ਤੇ ਸੌਂ ਗਏ ਨੇ ਆਦਮੀ ਤੋਂ ਸੱਖਣੇ ਗਵਾਂਢ।
ਵੇ ਸੀਤ ਨੇ ਮੁਆਤੇ ਤੇ ਗਸ਼ ਹੈ ਜ਼ਮੀਨ,
ਵੇ ਸੀਨਿਆਂ ਵਿੱਚ ਸੁੰਨ ਦੋਵੇਂ ਖ਼ੂਨ ਤੇ ਸੰਗੀਨ।
ਵੇ ਜ਼ਿੰਦਗੀ ਬੇਹੋਸ਼ ਤੇ ਖ਼ਾਮੋਸ਼ ਕਾਇਨਾਤ
ਵਿਹਲਾ ਹੋ ਕੇ ਸੌਂ ਗਿਆ ਐ ਲੋਹਾ ਇਸਪਾਤ।
ਸੌਂ ਜਾ ਮੇਰੇ ਮਾਲਕਾ ਵੀਰਾਨ ਹੋਈ ਰਾਤ।"
1947 ਵਿੱਚ ਪਾਕਿਸਤਾਨ ਤੇ ਹਿੰਦੁਸਤਾਨ ਦੀ ਫਿਰਕੂ ਵੰਡ ਦੌਰਾਨ ਲੱਖਾਂ ਬੇਗੁਨਾਹ ਮਾਰੇ ਗਏ, ਪਰ ਆਜ਼ਾਦੀ ਮਗਰੋਂ ਦੇਸ਼ ਦੀ ਫਿਰਕੂ ਰਾਜਨੀਤੀ ਦੇ ਸਿੱਟੇ ਵਜੋਂ ਇਹ ਫਸਾਦ ਘਟੇ ਨਹੀਂ, ਲਗਾਤਾਰ ਵੱਧਦੇ ਰਹੇ ਹਨ। ਦੇਸ਼ ਵਿੱਚ ਜੂਨ 1984 ਵਿੱਚ ਦੁਖਾਂਤ ਤੇ ਮਗਰੋਂ ਬਾਬਰੀ ਮਸਜਿਦ ਦੁਖਾਂਤ ਅਜਿਹੀਆ ਫਿਰਕੂ ਅਤੇ ਦਰਦਨਾਕ ਘਟਨਾਵਾਂ ਹਨ, ਜੋ ਭਾਰਤ ਦੇ ਇਤਿਹਾਸ ਵਿੱਚ ਵੀਹਵੀਂ ਸਦੀ ਦੇ ਸਭ ਤੋਂ ਵੱਡੇ ਦੁਖਾਂਤ ਵਜੋਂ ਜਾਣੀਆਂ ਜਾਂਦੀਆਂ ਰਹਿਣਗੀਆਂ। ਸੱਤਾ ਦੇ ਧਰੁਵੀਕਰਨ ਦੀ ਕੋਹਝੀ ਤਸਵੀਰ ਦੇਖਣੀ ਹੋਵੇ, ਤਾਂ ਨਵੰਬਰ 1984 ਵਿੱਚ 'ਸਿੱਖ ਨਸਲਕੁਸ਼ੀ' ਦੇ ਦੁਖਾਂਤ ਹੋ ਸਪੱਸ਼ਟ ਹੋ ਜਾਂਦੀ ਹੈ। ਆਜ਼ਾਦ ਭਾਰਤ 'ਚ ਸਰਕਾਰੀ-ਤੰਤਰ ਦੀ ਆੜ 'ਚ ਹਜ਼ਾਰਾਂ ਸਿੱਖਾਂ ਦਾ ਕਤਲ ਹੋਇਆ, ਪਰ ਜਵਾਬ 'ਚ ਬਹੁਗਿਣਤੀ ਵੱਲੋਂ ਉਸ ਸਮੇਂ ਦੀ 'ਕਾਂਗਰਸ' ਨੂੰ ਸਭ ਤੋਂ ਵੱਡਾ ਬਹੁਮਤ ਹਾਸਿਲ ਹੋਇਆ। ਇਸ ਵਰਤਾਰੇ ਨੂੰ ਦੁਹਰਾਉਂਦੇ ਹੋਏ, ਸੰਨ 2002 ਵਿੱਚ ਗੁਜਰਾਤ ਅੰਦਰ ਮੁਸਲਿਮ ਕਤਲੇਆਮ ਹੋਇਆ, ਉਸ ਮਗਰੋਂ 'ਭਾਰਤੀ ਜਨਤਾ ਪਾਰਟੀ' ਨੂੰ ਬਹੁ-ਗਿਣਤੀ ਵੱਲੋਂ ਭਾਰੀ ਬਹੁਮਤ ਨਾਲ ਨਿਵਾਜਿਆ ਗਿਆ। ਹਿੰਦੂਤਵ ਦੇ ਏਜੰਡੇ ਅਧੀਨ 'ਹਿੰਦੀ, ਹਿੰਦੂ ਅਤੇ ਹਿੰਦੁਸਤਾਨ' ਦਾ ਢੰਡੋਰਾ ਪਿਟਦੇ ਦੇਸ਼ ਦੇ ਹਾਕਮ ਘੱਟ ਗਿਣਤੀਆਂ ਤੇ ਅੱਤਿਆਚਾਰ, ਧਾਰਾ 370 ਦਾ ਖਾਤਮਾ, ਸੀ.ਏ.ਏ. ਵਰਗੇ ਐਕਟਾਂ ਰਾਹੀਂ ਵੋਟਾਂ ਦੇ ਧਰੁਵੀਕਰਨ ਲਈ ਜ਼ਮੀਨ ਤਿਆਰ ਕਰ ਰਹੇ ਹਨ, ਜੋ ਕਿ ਦੇਸ਼ ਨੂੰ 'ਟੁਕੜੇ- ਟੁਕੜੇ' ਕਰਨ ਲਈ ਜ਼ਿੰਮੇਵਾਰ ਸਾਬਿਤ ਹੋਣਗੇ। ਫਿਰਕੂ ਸਿਆਸਤ ਤੇ ਨੀਤੀਆਂ ਦੇ ਸਿੱਟੇ ਵਜੋਂ ਪੰਜਾਬ, ਜੰਮੂ ਕਸ਼ਮੀਰ, ਬਿਹਾਰ , ਝਾਰਖੰਡ, ਨਾਗਾਲੈਂਡ- ਗੱਲ ਕੀ ਭਾਰਤ ਦੇ ਬਹੁਤ ਸਾਰੇ ਸੂਬੇ ਆਜ਼ਾਦੀ ਦੀ ਮੰਗ ਕਰ ਰਹੇ ਹਨ। ਅਜਿਹੀ ਸਥਿਤੀ ਵਿੱਚ ਭਾਰਤ ਦਾ 'ਹਰ ਘਰ ਤਿਰੰਗਾ' ਦਾ ਅਡੰਬਰੀ ਪ੍ਰਚਾਰ ਬੌਧਿਕ ਦੀਵਾਲੀਆਪਣ ਹੀ ਕਿਹਾ ਜਾ ਸਕਦਾ ਹੈ।
ਦਰਅਸਲ ਇਹ ਆਜ਼ਾਦੀ ਦਾ ਪਝੱਤਰਵਾਂ ਮਹਾਂਉਤਸਵ ਨਹੀਂ, ਸਗੋਂ ਦੇਸ਼ ਨੂੰ ਹਿੰਦੂ ਰਾਸ਼ਟਰ ਬਣਾਉਣ ਦਾ ਆਖ਼ਰੀ ਪੜਾਅ ਹੈ, ਜਿਸ ਵਿੱਚ ਵੰਨ-ਸੁਵੰਨਤਾ ਨੂੰ ਮਲੀਆਮੇਟ ਕਰਨ ਲਈ 'ਇਕ ਦੇਸ਼ ਇਕ ਭਾਸ਼ਾ' ਵਰਗੇ ਨਾਅਰੇ ਦਿੱਤੇ ਜਾ ਰਹੇ ਹਨ। ਫਿਰਕੂ ਪੱਧਰ 'ਤੇ ਭਾਈਚਾਰਿਆਂ ਨੂੰ ਵੰਡਣ ਵਾਲੇ ਕਾਨੂੰਨ ਅਤੇ ਕਈ ਹੋਰ ਘੁਣਤਰਾਂ ਹੋ ਰਹੀਆਂ ਹਨ। ਸਵਾਲ ਇਹ ਹੈ ਕਿ ਜਿਨ੍ਹਾਂ 'ਤੇ ਇਹ ਅੱਤਿਆਚਾਰ ਹੋ ਰਿਹਾ ਹੈ, ਉਹ ਆਪਣੇ ਘਰਾਂ ਤੇ ਤਿਰੰਗਾ ਕਿਸ ਸੋਚ ਅਧੀਨ ਲਹਿਰਾਉਣਗੇ? ਦੇਸ਼ ਦੇ ਤਖ਼ਤ 'ਤੇ ਕੱਟੜ ਫ਼ਿਰਕੂ ਸ਼ਾਸਕ ਜੋ ਤਬਾਹੀ ਕਰ ਰਹੇ ਹਨ, ਉਸ ਵੇਖਦਿਆਂ ਪ੍ਰੋ. ਮੋਹਨ ਸਿੰਘ ਦੇ ਬੋਲ ਯਾਦ ਆ ਰਹੇ ਹਨ ਕਿ ਕਿਸ ਤਰ੍ਹਾਂ ਵਤਨ ਵੀਰਾਨ ਹੋ ਗਿਆ ਤੇ ਰਾਖਾ ਸ਼ੈਤਾਨ ਬਣ ਗਿਆ ਹੈ ;
"ਆ ਬਾਬਾ ਤੇਰਾ ਵਤਨ ਹੈ ਵੀਰਾਨ ਹੋ ਗਿਆ,
ਰੱਬ ਦੇ ਘਰਾਂ ਦਾ ਰਾਖਾ ਮੁੜ ਸ਼ੈਤਾਨ ਹੋ ਗਿਆ
'ਕਲਯੁੱਗ ਹੈ ਰੱਥ ਅਗਨ ਦਾ', ਤੂੰ ਆਪ ਆਖਿਆ,
ਮੁੜ ਕੂੜ ਓਸ ਰੱਥ ਦਾ, ਰਥਵਾਨ ਹੋ ਗਿਆ ।
ਉਹ ਝੁਲੀਆਂ ਤੇਰੇ ਦੇਸ਼ ਤੇ ਮਾਰੂ ਹਨੇਰੀਆਂ,
ਉਡ ਕੇ ਅਸਾਡਾ ਆਹਲਣਾ ਕੱਖ ਕਾਨ ਹੋ ਗਿਆ
ਇਕ ਪਾਸੇ ਪਾਕ, ਪਾਕੀ, ਪਾਕਿਸਤਾਨ ਹੋ ਗਿਆ,
ਇਕ ਪਾਸੇ ਹਿੰਦੂ, ਹਿੰਦੀ, ਹਿੰਦੁਸਤਾਨ ਹੋ ਗਿਆ।"
ਕਹਿਣ ਨੂੰ ਤਾਂ ਚਾਹੇ ਭਾਰਤ ਨੂੰ ਵਿਸ਼ਵ ਦਾ ਸਭ ਤੋਂ ਵੱਡਾ ਲੋਕਤੰਤਰ ਕਿਹਾ ਜਾਂਦਾ ਹੈ, ਪਰ ਚਿੰਤਕ ਇਬਰਾਹਿਮ ਲਿੰਕਨ ਦੀ ਲੋਕਤੰਤਰ ਬਾਰੇ ਦਿੱਤੀ ਪਰਿਭਾਸ਼ਾ 'ਲੋਕਾਂ ਦੀ, ਲੋਕਾਂ ਦੁਆਰਾ, ਲੋਕਾਂ ਲਈ ਚੁਣੀ ਗਈ ਸਰਕਾਰ' ਭਾਰਤ ਦੇ ਸੰਦਰਭ ਵਿੱਚ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਸਾਮ, ਦਾਮ, ਦੰਡ ਅਤੇ ਭੇਦ ਨੀਤੀ ਵਰਤ ਕੇ ਸਰਕਾਰ ਬਣਾਉਣ ਲਈ, ਅਖੌਤੀ 'ਸੁਤੰਤਰ ਤੇ ਨਿਰਪੱਖ ਚੋਣਾਂ ਦੌਰਾਨ ਰੱਜ ਕੇ ਬੇਈਮਾਨੀ ਕੀਤੀ ਜਾਂਦੀ ਹੈ। 'ਸਾਮ' ਨੀਤੀ ਰਾਹੀਂ ਪੈਰੀਂ ਪੈ ਕੇ, ਪਾਖੰਡ ਕਰਦਿਆਂ ਲੋਕਾਂ ਨੂੰ ਵਰਗਲਾਇਆ ਜਾਂਦਾ ਹੈ। ਫੇਰ 'ਦਾਮ' ਨੀਤੀ ਦੁਆਰਾ ਨੋਟ ਲਓ ਤੇ ਵੋਟ ਦਿਓ ਦੇ ਨਾਅਰੇ ਗਲੀ-ਮੁਹੱਲਿਆਂ 'ਚ ਗੂੰਜਦੇ ਹਨ। 'ਦੰਡ' ਨੀਤੀ ਵਰਤ ਕੇ ਵੋਟਾਂ ਵੇਲੇ ਕੁੱਟਮਾਰ ਹੁੰਦੀ ਹੈ, ਬੈਲਟ ਪੇਪਰ ਗਾਇਬ ਹੋ ਜਾਂਦੇ ਹਨ। ਜੇ ਲੋੜ ਪਵੇ ਤਾਂ ਫ਼ਿਰਕੂ ਨਫ਼ਰਤ ਫੈਲਾ ਕੇ, 'ਭੇਦ' ਨੀਤੀ ਰਾਹੀਂ ਲੋਕਾਂ ਨੂੰ ਆਪਸ ਵਿੱਚ ਲੜਾ ਦਿੱਤਾ ਜਾਂਦਾ ਹੈ। ਗੱਲ ਇਥੇ ਹੀ ਨਹੀਂ ਮੁੱਕਦੀ, ਖਰੀਦੇ ਵੋਟਰਾਂ ਦੁਆਰਾ ਚੁਣ ਕੇ ਭੇਜੇ ਉਮੀਦਵਾਰਾਂ ਨੂੰ ਅੱਗੇ ਸਾਂਸਦ ਵਿੱਚ ਆਪਣਾ ਬਹੁਮਤ ਸਾਬਤ ਕਰਨ ਲਈ ਨੋਟਾਂ ਦੇ ਥੱਬੇ ਸੁੱਟ ਕੇ ਖਰੀਦਿਆਂ ਜਾਂਦਾ ਹੈ। ਇਨ੍ਹਾਂ ਸ਼ਰਮਨਾਕ ਕਾਰਵਾਈਆਂ ਬਾਅਦ ਬਣਦੀ ਹੈ ਸਭ ਤੋਂ ਵੱਡੇ ਲੋਕਤੰਤਰ ਦੀ ਨਿਰਪੇਖ ਸਰਕਾਰ।ਭਾਰਤ ਵਿੱਚ ਲੋਕਤੰਤਰ ਦੀ ਪਰਿਭਾਸ਼ਾ ਇਸ ਰੂਪ ਵਿੱਚ ਨਜ਼ਰ ਆਉਂਦੀ ਹੈ-'ਨੋਟਾਂ ਦੀ ਨੋਟਾਂ ਦੁਆਰਾ ਨੋਟਾਂ ਲਈ ਚੁਣੀ ਗਈ ਸਰਕਾਰ ਭਾਰਤ ਦੀ ਨੋਟਤੰਤਰੀ ਸਰਕਾਰ'। ਭਾਰਤੀ ਸਿਆਸਤ ਦੇ ਮੰਤਵ ਵੀ ਅਪਰਾਧੀਕਰਨ, ਭ੍ਰਿਸ਼ਟਾਚਾਰ, ਸੱਤਾ ਦੀ ਅੰਨੀ ਲਾਲਸਾ ਤੇ ਭਾਈ-ਭਤੀਜਾਵਾਦ ਬਣ ਚੁੱਕੇ ਹਨ। ਪਿਤਾ ਪੁੱਤਰ ਨੂੰ, ਪਤੀ ਪਤਨੀ ਨੂੰ, ਸੱਸ ਨੂੰਹ ਨੂੰ, ਸਹੁਰਾ ਜੁਆਈ ਨੂੰ ਗੱਦੀ ਸੰਭਾਲਣ ਤੇ ਲੱਗੇ ਹੋਏ ਹਨ ਤੇ ਰਾਜਨੀਤੀ ਖਾਨਦਾਨੀ ਪੇਸ਼ਾ ਬਣ ਚੁੱਕਿਆ ਹੈ। ਭ੍ਰਿਸ਼ਟ ਲੀਡਰ ਦੇਸ਼ ਨੂੰ 'ਸਾਰੇ ਜਹਾ ਸੇ ਭ੍ਰਿਸ਼ਟ ਹਿੰਦੁਸਤਾਨ ਹਮਾਰਾ ' ਬਣਾਉਣ ਲਈ ਉਤਾਵਲੇ ਹਨ।ਇਹ ਤਾਂ ਦਾਲ ਦੇ ਸਿਰਫ਼ ਕੁਝ ਕੁ ਕੋਕੜੂ ਹਨ, ਬਾਕੀ ਭਾਰਤੀ ਸਿਆਸਤ ਵਿੱਚ ਤਾਂ ਦਾਲ ਹੀ ਕੋਕੜੂਆਂ ਦੀ ਬਣਦੀ ਹੈ। ਭ੍ਰਿਸ਼ਟ ਆਗੂਆਂ ਦੀਆਂ ਧੱਕੇਸ਼ਾਹੀਆਂ ਦਾ ਦੁੱਖ ਭੋਗ ਰਹੇ ਦੇਸ਼ਵਾਸੀ ਤਿਰੰਗੇ ਨੂੰ ਸਲਾਮੀ ਕਿਵੇਂ ਦੇ ਸਕਦੇ ਹਨ? ਇਹ ਸਭ ਕੁਝ ਵੇਖਦਿਆਂ ਸ਼ਾਇਰ 'ਸ਼ੌਕ ਬਹਿਰਾਇਚੀ' ਦਾ ਇਹ ਮਸ਼ਹੂਰ ਸ਼ੇਅਰ ਭਾਰਤ ਦੇ ਆਜ਼ਾਦੀ ਦੇ 75 ਸਾਲ ਗੁਜ਼ਰ ਜਾਣ ਮਗਰੋਂ ਨਜ਼ਰ ਆ ਰਹੇ ਹਾਲਾਤ 'ਤੇ ਪੂਰਾ ਢੁਕਦਾ ਹੈ;
"ਬਸ ਏਕ ਹੀ ਉੱਲੂ ਕਾਫ਼ੀ ਥਾ, ਬਰਬਾਦ ਗੁਲਸਿਤਾਂ ਕਰਨੇ ਕੋ
ਹਰ ਸ਼ਾਖ਼ ਪੇ ਉਲੂ ਬੈਠਾ ਹੈ, ਅੰਜਾਮ -ਏ-ਗੁਲਸਿਤਾਂ ਕਿਆ ਹੋਗਾ?''
ਅਖੌਤੀ ਆਜ਼ਾਦੀ ਦੇ ਨਾਂ 'ਤੇ ਭਾਰਤ 'ਚ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵੱਲੋਂ 1975 ਵਿਚ ਐਮਰਜੈਂਸੀ ਲਾ ਕੇ ਲੋਕਰਾਜੀ ਤਾਕਤਾਂ ਨਸ਼ਟ ਕਰਨਾ, ਅਜਿਹੀ ਮੰਦਭਾਗੀ ਕਾਰਵਾਈ ਸੀ, ਜਿਸਨੇ ਆਜ਼ਾਦੀ ਦਾ ਸਿਧਾਂਤ ਹੀ ਬਰਬਾਦ ਕਰ ਦਿੱਤਾ ਸੀ। ਅੱਜ ਵੀ ਦੇਸ਼ 'ਚ ਵੱਖ-ਵੱਖ ਸੂਬਿਆਂ ਅੰਦਰ ਕੇਂਦਰ ਦੇ ਨੁਮਾਇੰਦੇ ਰਾਜਪਾਲਾਂ ਰਾਹੀ, ਸਰਕਾਰਾਂ ਤੋੜਨ ਅਤੇ ਸਿਆਸੀ ਖਰੀਦੋ- ਫ਼ਰੋਖ਼ਤ ਦਾ ਧੰਦਾ ਜ਼ੋਰਾ ਤੇ ਚਲ ਰਿਹਾ ਹੈ। ਅੱਜ ਦੀ ਅਣ-ਐਲਾਨੀ ਐਮਰਜੈਂਸੀ ਹੋਰ ਵੀ ਵਧੇਰੇ ਖ਼ਤਰਨਾਕ ਹੈ, ਜਿਸ ਨੂੰ ਵੇਖਦਿਆਂ ਤਿਰੰਗਾ ਲਹਿਰਾਉਣ ਦੀ ਕੋਈ ਕਲਪਨਾ ਵੀ ਨਹੀਂ ਕਰ ਸਕਦਾ। ਐਮਰਜੈਂਸੀ ਵੇਲੇ ਇੰਦਰਾ ਗਾਂਧੀ ਬਾਰੇ ਪ੍ਰਸਿੱਧ ਸ਼ਾਇਰ ਡਾ ਦੁਸ਼ਯੰਤ ਕੁਮਾਰ ਤਿਆਗੀ ਨੇ ਜੋ ਲਿਖਿਆ ਸੀ, ਅੱਜ ਉਹ ਮੋਦੀ ਸਰਕਾਰ 'ਤੇ ਵੀ ਪੂਰਾ ਢੁੱਕਦਾ ਹੈ;
"ਏਕ 'ਗੁੜੀਆ' ਕੀ ਕਈ ਕਠਪੁਤਲੀਓਂ ਮੇਂ ਜਾਨ ਹੈ।
ਆਜ ਸ਼ਾਇਰ ਯੇਹ ਤਮਾਸ਼ਾ ਦੇਖ ਕੇ ਹੈਰਾਨ ਹੈ।
ਮਸਲ ਹਤ ਆਮੇਜ਼ ਹੋਤੇ ਹੈ ਸਿਆਸਤ ਕੇ ਕਦਮ
ਤੂ ਨਾ ਸਮਝੇਗਾ ਅਭੀ ਤੂ ਅਭੀ ਇਨਸਾਨ ਹੈ।
ਕੱਲ੍ਹ ਨੁਮਾਇਸ਼ ਮੇਂ ਮਿਲਾ ਵੋਹ ਚੀਥੜੇ ਪਹਿਨੇ ਹੋਏ
ਮੈਨੇ ਪੂਛਾ ਨਾਮ ਬੋਲਾ ਹਿੰਦੋਸਤਾਨ ਹੈ।"
ਗ਼ਦਰ ਪਾਰਟੀ ਦੇ ਪ੍ਰਧਾਨ ਬਾਬਾ ਸੋਹਣ ਸਿੰਘ ਭਕਨਾ ਨੂੰ, ਸੰਤਾਲੀ ਦੀ ਵੰਡ ਮਗਰੋਂ ਇਕ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਵੱਲੋਂ ਪੁੱਛਿਆ ਇਹ ਸਵਾਲ ਕਿ ਬਾਬਾ ਜੀ, ਤੁਹਾਡੀ ਕਮਰ ਕਿਵੇਂ ਝੁਕ ਗਈ ਹੈ, ਦੇ ਜਵਾਬ 'ਚ ਬਾਬਾ ਭਕਨਾ ਨੇ ਕਿਹਾ ਸੀ ਕਿ ਅੰਗਰੇਜ਼ ਤਾਂ ਉਨ੍ਹਾਂ ਦੀ ਪਿੱਠ 'ਚ ਕੁੱਬ ਨਾ ਪਾ ਸਕੇ, ਪਰ ਆਜ਼ਾਦ ਦੇਸ਼ ਦੀ ਆਪਣੀ ਸਰਕਾਰ ਨੇ ਜ਼ਰੂਰ ਪਾ ਦਿੱਤਾ । ਅੱਜ 75 ਵਰ੍ਹੇ ਬੀਤਣ ਮਗਰੋਂ ਫਾਸ਼ੀਵਾਦੀ ਸਰਕਾਰ ਦੇ ਸਿਆਸੀ ਆਲੋਚਕ ਵੀ ਬਾਬਾ ਭਕਨਾ ਵਾਂਗ ਹੀ ਮਹਿਸੂਸ ਕਰ ਰਹੇ ਹਨ। 'ਸ਼ੇਰਾਂ ਦੀ ਮਾਰਾਂ ਤੇ ਗਿੱਦੜਾਂ ਦੀਆਂ ਕਲੋਲਾਂ' ਵਾਂਗ ਜਿਹੜੇ ਕੋੜਮੇ ਨੇ ਆਜ਼ਾਦੀ 'ਚ ਹਿੱਸਾ ਪਾਉਣ ਦੀ ਥਾਂ, ਅੰਗਰੇਜ਼-ਪ੍ਰਸਤੀ ਕੀਤੀ, ਅੱਜ ਉਹ ਆਜ਼ਾਦੀ ਦੇ ਪ੍ਰਵਾਨਿਆਂ ਤੋਂ 'ਦੇਸ਼ ਪਿਆਰ' ਦੇ ਪ੍ਰਮਾਣ ਮੰਗ ਰਹੇ ਹਨ। ਹਾਲਾਂਕਿ ਇਨ੍ਹਾਂ ਨੇ ਖੁਦ ਤਿਰੰਗੇ ਦਾ ਵਿਰੋਧ ਕੀਤਾ, ਇਹੀ ਤਿਰੰਗੇ ਲਹਿਰਾਉਣ 'ਤੇ ਦੇਸ਼ ਭਗਤੀ ਦੇ ਸਰਟੀਫਿਕੇਟ ਦੇ ਰਹੇ ਹਨ। ਦੇਸ਼ ਅੰਦਰ ਗਰੀਬੀ, ਅਨਪੜ੍ਹਤਾ, ਬੇਰੁਜ਼ਗਾਰੀ, ਸਿਆਸਤ ਦਾ ਅਪਰਾਧੀਕਰਨ, ਭ੍ਰਿਸ਼ਟਾਚਾਰ, ਜਬਰ- ਜਿਨਾਹ ਅਤੇ ਥਾਂ- ਥਾਂ ਮਨੁੱਖੀ ਕਤਲੇਆਮ ਹੋ ਰਹੇ ਹਨ। ਜਦੋਂ ਦੁਨੀਆਂ ਦੇ ਕੋਨੇ- ਕੋਨੇ 'ਚ ਵੱਸਦੇ ਇਨਸਾਫ਼ ਪਸੰਦ ਲੋਕ ਧੱਕੇਸ਼ਾਹੀਆਂ ਕਾਰਨ ਭਾਰਤ ਸਰਕਾਰ ਦੇ ਖ਼ਿਲਾਫ਼ ਸੜਕਾਂ 'ਤੇ ਰੋਸ ਪ੍ਰਗਟਾ ਰਹੇ ਹੋਣ, ਤਾਂ ਅਜਿਹੀ ਹਾਲਤ 'ਚ ਜ਼ਿਹਨ 'ਚ ਅਲਾਮਾ ਇਕਬਾਲ ਦਾ ਇਹ ਸ਼ੇਅਰ ਗੂੰਜ ਰਿਹਾ ਹੈ,
''ਮੁੱਦਤੇਂ ਗੁਜ਼ਰੀ ਹੈਂ ਇਤਨੀਂ ਰੰਜੋ ਗ਼ਮ ਸਹਿਤੇ ਹੂਏ।
ਸ਼ਰਮ ਸੀ ਆਤੀ ਹੈ ਇਸ ਵਤਨ ਕੋ ਵਤਨ ਕਹਿਤੇ ਹੂਏ।"
ਭਾਰਤ ਦੀ 'ਆਜ਼ਾਦੀ ਦੇ 75ਵੇਂ ਮਹਾਉਤਸਵ' ਦੀ ਸਮੀਖਿਆ ਕਰਦਿਆਂ ਕਿਹਾ ਜਾ ਸਕਦਾ ਹੈ ਕਿ ਸਿਹਤ ਸੇਵਾਵਾਂ ਦੀ ਬਰਬਾਦੀ, ਅਮੀਰ-ਗ਼ਰੀਬ ਦਾ ਬੇਹੱਦ ਵੱਡਾ ਪਾੜਾ, ਵਿਦਿਅਕ ਢਾਂਚੇ ਦੀ ਤ੍ਰਾਸਦਿਕ ਸਥਿਤੀ, ਕਿਸਾਨਾਂ ਦੀਆਂ ਆਤਮ ਹੱਤਿਆਵਾਂ, ਮਾਨਵੀ ਅਧਿਕਾਰਾਂ ਦੀਆਂ ਧੱਜੀਆਂ ਉਡਾਉਂਦੇ ਹੋਏ ਹਜ਼ਾਰਾ ਲਾਸ਼ਾਂ ਨੂੰ ਲਾਵਾਰਿਸ ਆਖ ਕੇ ਜਲਾਉਣਾ ਆਦਿਕ ਕਰਤੂਤਾਂ 'ਭਾਰਤ ਮਹਾਨ' ਸ਼ਬਦ ਨੂੰ ਸਵਾਲੀਆ ਰੂਪ ਵਿੱਚ ਅੰਕਿਤ ਕਰਦੀਆਂ ਹਨ। ਸਾਡਾ ਇਤਿਹਾਸ ਉਸ ਸ਼ੀਸ਼ੇ ਦੀ ਨਿਆਈ ਹੈ, ਜਿਸ ਰਾਹੀ ਅੱਜ ਅਸੀਂ ਭਾਰਤ ਦੇ ਬੀਤੇ 75 ਸਾਲਾਂ ਦੀ ਕਰੂਪ ਤਸਵੀਰ ਪ੍ਰਤੱਖ ਵੇਖ ਰਹੇ ਹਾਂ। ਪੰਦਰਾਂ ਅਗਸਤ ਨੂੰ ਲਾਲ ਕਿਲੇ 'ਤੇ ਲਹਿਰਾਇਆ ਜਾ ਰਿਹਾ ਤਿਰੰਗਾ ਅਸਲ ਵਿੱਚ ਹਰ ਭਾਰਤੀ ਦੀ ਛਾਤੀ ਵਿਚ ਗੱਡਿਆ ਨਜ਼ਰ ਆਉਂਦਾ ਹੈ। ਬੁਨਿਆਦੀ ਹੱਕਾਂ ਅਤੇ ਹੋਂਦ ਦੀ ਲੜਾਈ ਲੜ ਰਹੇ ਦੇਸ਼ਵਾਸੀਆਂ ਦੇ ਗੰਭੀਰ ਮਸਲਿਆਂ ਨੂੰ ਡਾ ਸੁਰਜੀਤ ਪਾਤਰ ਨੇ ਜਿਵੇਂ ਕਾਵਿ -ਸਤਰਾਂ ਰਾਹੀਂ ਬਿਆਨ ਕੀਤਾ ਹੈ, ਉਹ ਲਿਖਤ ਦਾ ਨਿਚੋੜ ਹਨ ;
"ਕਿੰਨਾ ਹੈ ਮਹਾਨ ਦੇਸ਼ ਉਦੋਂ ਪਤਾ ਲੱਗਿਆ।
ਡੂੰਘਾ ਮੇਰੀ ਹਿੱਕ 'ਚ ਤਿਰੰਗਾ ਗਿਆ ਗੱਡਿਆ।
ਝੁੱਲ ਓ ਤਿਰੰਗਿਆ ਤੂੰ ਝੁੱਲ ਸਾਡੀ ਖ਼ੈਰ ਏ।
ਦਿਲ ਹੀ ਉਦਾਸ ਹੈ ਜੀ ਬਾਕੀ ਸਭ ਖ਼ੈਰ ਏ।"
-
ਡਾ. ਗੁਰਵਿੰਦਰ ਸਿੰਘ, ਕੋਆਰਡੀਨੇਟਰ, ਪੰਜਾਬੀ ਸਾਹਿਤ ਸਭਾ ਮੁੱਢਲੀ (ਰਜਿ.) ਐਬਟਸਫੋਰਡ, ਕੈਨੇਡਾ।
singhnewscanada@gmail.com
Disclaimer : The opinions expressed within this article are the personal opinions of the writer/author. The facts and opinions appearing in the article do not reflect the views of Babushahi.com or Tirchhi Nazar Media. Babushahi.com or Tirchhi Nazar Media does not assume any responsibility or liability for the same.