ਮਾਨਵਤਾ ਨੂੰ ਜੀਵਨ ਸੇਧਾਂ ਦੇਣ ਵਾਲੇ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਪਾਦਨਾ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਕੀਤੀ। ਇਸ ਵਿਚ ਸੁਸ਼ੋਭਿਤ ਪਾਵਨ ਗੁਰਬਾਣੀ ਮਨੁੱਖੀ ਜੀਵਨ ਨੂੰ ਹਰ ਪੱਖ ਤੋਂ ਮੁਕੰਮਲ ਬਣਾਉਣ ਲਈ ਅਗਵਾਈ ਦੇਣ ਵਾਲੀ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਤੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਮਨ ਦੀ ਵਿਸ਼ਾਲਤਾ ਪ੍ਰਗਟ ਹੁੰਦੀ ਹੈ। ਵਿਸ਼ਵ ਦੇ ਧਰਮ ਗ੍ਰੰਥਾਂ ਵਿਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਮੁੱਚੀ ਮਾਨਵਤਾ ਨੂੰ ਜੋੜਨ ਵਾਲੇ ਪਾਵਨ ਗ੍ਰੰਥ ਹਨ, ਜਿਸ ਵਿਚ ਹਰ ਧਰਮ, ਵਰਗ, ਫਿਰਕੇ ਦੇ ਲੋਕਾਂ ਨੂੰ ਸਾਂਝਾ ਉਪਦੇਸ਼ ਦਰਜ ਹੈ।
ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਵਨ ਗੁਰਬਾਣੀ ਅੰਦਰ ਮਨੁੱਖ ਦੀਆਂ ਹਰ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਮੌਜੂਦ ਹੈ। ਅਧਿਆਤਮਿਕ ਤੇ ਧਾਰਮਿਕ ਸੇਧਾਂ ਦੇ ਨਾਲ-ਨਾਲ ਸਮਾਜਿਕ, ਆਰਥਿਕ, ਵਿਗਿਆਨਕ ਆਦਿ ਹਰ ਤਰ੍ਹਾਂ ਦੀਆਂ ਸੇਧਾਂ ਪਾਵਨ ਗੁਰਬਾਣੀ ਵਿੱਚੋਂ ਮਿਲਦੀਆਂ ਹਨ। ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਲੈ ਕੇ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਤੱਕ ਗੁਰੂ ਸਾਹਿਬਾਨ ਨੇ ਜਿਥੇ ਆਪ ਬਾਣੀ ਉਚਾਰਨ ਕੀਤੀ, ਉਥੇ ਆਪਣੀਆਂ ਪ੍ਰਚਾਰ ਯਾਤਰਾਵਾਂ ਦੌਰਾਨ ਵੱਖ-ਵੱਖ ਮਹਾਂਪੁਰਖਾਂ ਦੀ ਰਚਨਾ ਨੂੰ ਵੀ ਪੋਥੀਆਂ ਦੇ ਰੂਪ ਵਿਚ ਆਪਣੇ ਪਾਸ ਸੰਭਾਲਿਆ। ਇਹ ਬਾਣੀ ਪੀੜ੍ਹੀ ਦਰ ਪੀੜ੍ਹੀ ਅਗਲੇ ਗੁਰੂ ਸਾਹਿਬਾਨ ਪਾਸ ਪਹੁੰਚੀ। ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਇਸ ਪਾਵਨ ਬਾਣੀ ਨੂੰ ਸੰਪਾਦਿਤ ਕਰਨ ਲਈ ਸ੍ਰੀ ਅੰਮ੍ਰਿਤਸਰ ਵਿਖੇ ਜਿਸ ਰਮਣੀਕ ਥਾਂ ਨੂੰ ਚੁਣਿਆ ਉਥੇ ਹੁਣ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਸੁਭਾਇਮਾਨ ਹੈ। ਇਸ ਅਸਥਾਨ ਤੇ ਗੁਰੂ ਸਾਹਿਬ ਦੇ ਹੁਕਮਾਂ ਅਨੁਸਾਰ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਲਿਖਣ ਦੀ ਸੇਵਾ ਭਾਈ ਗੁਰਦਾਸ ਜੀ ਨੇ ਕੀਤੀ।
ਇਹ ਕਾਰਜ ਸੰਮਤ 1661 (ਸੰਨ 1604 ਈਸਵੀ) ਵਿੱਚ ਸੰਪੂਰਨ ਹੋਇਆ ਅਤੇ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਭਾਦਰੋਂ ਸੁਦੀ 1 ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹਿਲਾ ਪ੍ਰਕਾਸ਼ ਕੀਤਾ। ਸ੍ਰੀ ਰਾਮਸਰ ਸਾਹਿਬ ਦੇ ਸਥਾਨ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਨਗਰ ਕੀਰਤਨ ਦੇ ਰੂਪ ਵਿਚ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸ਼ਰਧਾ ਤੇ ਸਤਿਕਾਰ ਸਹਿਤ ਲਿਆਂਦਾ ਗਿਆ। ਇਸੇ ਪੁਰਾਤਨ ਪ੍ਰੰਪਰਾ ਅਨੁਸਾਰ ਹਰ ਸਾਲ ਭਾਦੋਂ ਸੁਦੀ 1 ਨੂੰ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਨਗਰ ਕੀਰਤਨ ਸਜਾਇਆ ਜਾਂਦਾ ਹੈ, ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਸ਼ਮੂਲੀਅਤ ਕਰਦੀਆਂ ਹਨ। ਇਹ ਦ੍ਰਿਸ਼ ਦੇਖਣਯੋਗ ਹੁੰਦਾ ਹੈ।
ਮੁਗਲਾਂ ਨਾਲ ਲੰਬੀ ਜੱਦੋ-ਜਹਿਦ ਮਗਰੋਂ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤਲਵੰਡੀ ਸਾਬੋ (ਤਖ਼ਤ ਸ੍ਰੀ ਦਮਦਮਾ ਸਾਹਿਬ) ਵਿਖੇ ਟਿਕੇ ਤਾਂ ਉਨ੍ਹਾਂ ਸ੍ਰੀ ਗੁਰੂ ਅਰਜਨ ਦੇਵ ਜੀ ਵੱਲੋਂ ਸੰਪਾਦਤ ਕੀਤੇ ਗਏ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪੂਰਨਤਾ ਕਰਦਿਆਂ ਇਸ ਵਿਚ ਨੌਵੇਂ ਸਤਿਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਨੂੰ ਦਰਜ ਕੀਤਾ ਅਤੇ ਬਾਣੀ ਲਿਖਣ ਦੀ ਮਹਾਨ ਸੇਵਾ ਉਸ ਸਮੇਂ ਦੇ ਮਹਾਨ ਵਿਦਵਾਨ ਭਾਈ ਮਨੀ ਸਿੰਘ ਜੀ ਪਾਸੋਂ ਲਈ। ਦਸਵੇਂ ਪਾਤਸ਼ਾਹ ਜੀ ਨੇ ਆਪਣੇ ਜੋਤੀ ਜੋਤਿ ਸਮਾਉਣ ਤੋਂ ਪਹਿਲਾਂ ਨਾਂਦੇੜ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਗੁਰਗੱਦੀ ਸੌਂਪ ਕੇ ਸੰਗਤਾਂ ਨੂੰ ਸ਼ਬਦ ਗੁਰੂ ਦੇ ਨਾਲ ਅਮਲੀ ਰੂਪ ਵਿੱਚ ਜੋੜਿਆ। ਉਨ੍ਹਾਂ ਨੇ ਆਪ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਮੱਥਾ ਟੇਕਿਆ ਤੇ ਖਾਲਸੇ ਨੂੰ ਬਚਨ ਕੀਤਾ ਕਿ ਅੱਜ ਤੋਂ ਤੁਹਾਡਾ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਹੈ। ਇਸ ਤਰ੍ਹਾਂ ਉਨ੍ਹਾਂ ਨੇ ਅੱਗੋਂ ਸਰੀਰਕ ਰੂਪ ਵਿਚ ਗੁਰਗੱਦੀ ਦੀ ਪਰੰਪਰਾ ਨੂੰ ਸਮਾਪਤ ਕਰ ਦਿੱਤਾ ਅਤੇ ਸ੍ਰੀ ਗੁਰੂ ਨਾਨਕ ਪਾਤਸ਼ਾਹ ਵੱਲੋਂ ਬਖਸ਼ੇ 'ਸ਼ਬਦ ਗੁਰੂ' ਦੇ ਸਿਧਾਂਤ ਨੂੰ ਅਮਲੀ ਜਾਮਾ ਪਹਿਨਾ ਦਿੱਤਾ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਗਿਆਨ ਦਾ ਅਜਿਹਾ ਸੋਮਾ ਹੈ, ਜੋ ਅਗਿਆਨਤਾ ਦੇ ਹਨੇਰੇ ਤੋਂ ਛੁਟਕਾਰੇ ਦਾ ਮਾਰਗ ਦਰਸਾਉਂਦਾ ਹੈ। ਗੁਰੂ ਸਾਹਿਬ ਨੇ ਗੁਰਬਾਣੀ ਦੇ ਗਿਆਨ ਜ਼ਰੀਏ ਮਨੁੱਖ ਨੂੰ ਪਰਮਾਤਮਾ ਦੀ ਪ੍ਰਾਪਤੀ ਦਾ ਰਾਹ ਦਰਸਾਇਆ ਹੈ। ਗੁਰਬਾਣੀ ਅੰਦਰ ਪਰਮਾਤਮਾ ਦਾ ਹਰ ਥਾਂ ਵਾਸਾ ਦੱਸਦਿਆਂ ਮਨੁੱਖਤਾ ਨੂੰ ਇਕਜੁੱਟ ਰਹਿਣ ਦਾ ਸੰਦੇਸ਼ ਦਿੱਤਾ ਹੈ। ਪਵਿੱਤਰ ਬਾਣੀ ਦਾ ਉਪਦੇਸ਼ ਹੈ ਕਿ ਰੱਬੀ ਭਾਣੇ 'ਚ ਰਹਿਕੇ ਸਭਨਾਂ ਦਾ ਭਲਾ ਮਨਾਉਂਦਿਆਂ ਬ੍ਰਹਿਮੰਡੀ ਨਿਆਮਤਾਂ ਦੇ ਕਰਤੇ ਨੂੰ ਯਾਦ ਕਰਦਿਆਂ ਸਭ ਦੇ ਭਲੇ ਵਾਲੀ ਬਿਰਤੀ ਅਨੁਸਾਰ ਜੀਵਨ ਬਤੀਤ ਕਰਨਾ ਹੈ।
ਪਾਵਨ ਗੁਰਬਾਣੀ ਦੇ ਬਚਨਾਂ ਨੂੰ ਕਮਾਉਣਾ ਹਰ ਸਿੱਖ ਦਾ ਮੁੱਢਲਾ ਖ਼ਰਜ਼ ਹੈ। ਗੁਰੂ ਸਾਹਿਬਾਨ ਨੇ ਗੁਰਬਾਣੀ ਦੁਆਰਾ ਸਿੱਖ ਨੂੰ ਜੀਵਨ ਜਿਊਣ ਲਈ ਜੋ ਸਿਧਾਂਤ ਬਖ਼ਸ਼ਿਸ ਕੀਤੇ ਹਨ, ਉਨ੍ਹਾਂ 'ਤੇ ਅਮਲ ਕਰਨਾ ਹਰ ਸਿੱਖ ਦਾ ਪਰਮ ਧਰਮ ਕਰਤੱਵ ਹੈ। ਇਹ ਇਲਾਹੀ ਬਚਨ ਪਾਰ ਉਤਾਰਾ ਕਰਨ ਵਾਲੇ ਹਨ। ਪਾਵਨ ਗੁਰਬਾਣੀ ਵਿਚ ਗੁਰੂ ਸਾਹਿਬ ਨੇ ਇਸ ਸਬੰਧ ਵਿਚ ਸਪੱਸ਼ਟ ਫੁਰਮਾਨ ਕੀਤਾ ਹੈ:
ਜਨ ਨਾਨਕੁ ਬੋਲੇ ਬ੍ਰਹਮ ਬੀਚਾਰੁ॥
ਜੋ ਸੁਣੇ ਕਮਾਵੈ ਸੁ ਉਤਰੈ ਪਾਰਿ॥
ਜਨਮਿ ਨ ਮਰੈ ਨ ਆਵੈ ਨ ਜਾਇ॥
ਹਰਿ ਸੇਤੀ ਓਹੁ ਰਹੈ ਸਮਾਇ॥
(ਸ੍ਰੀ ਗੁਰੂ ਗ੍ਰੰਥ ਸਾਹਿਬ, ਅੰਗ 370)
ਅੱਜ ਲੋੜ ਹੈ ਕਿ ਗੁਰਮਤਿ ਦੀ ਵਿਚਾਰਧਾਰਾ ਨੂੰ ਗ੍ਰਹਿਣ ਕਰਦਿਆਂ ਆਪਣੇ ਜੀਵਨ ਨੂੰ ਗੁਰਬਾਣੀ ਅਨੁਸਾਰ ਢਾਲੀਏ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਨੂੰ ਮਨ ਵਿਚ ਵਸਾਇਆਂ ਹੀ ਨਿਰੰਕਾਰ ਨਾਲ ਅਭੇਦਤਾ ਹਾਸਲ ਹੋ ਸਕੇਗੀ। ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਦੇ ਸ਼ੁਭ ਅਵਸਰ 'ਤੇ ਮੈਂ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਮੁਬਾਰਕਬਾਦ ਦਿੰਦਾ ਹੋਇਆ ਅਪੀਲ ਕਰਦਾ ਹਾਂ ਕਿ ਆਓ, "ਗੁਰਬਾਣੀ ਇਸੁ ਜਗ ਮਹਿ ਚਾਨਣੁ" ਨਾਲ ਆਪਣੀਆਂ ਜ਼ਿੰਦਗੀਆਂ ਰੋਸ਼ਨ ਕਰੀਏ।
-
ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ
sgpcmedia2@gmail.com
**********
Disclaimer : The opinions expressed within this article are the personal opinions of the writer/author. The facts and opinions appearing in the article do not reflect the views of Babushahi.com or Tirchhi Nazar Media. Babushahi.com or Tirchhi Nazar Media does not assume any responsibility or liability for the same.