ਗ਼ਜ਼ਲ, ਗੁਰਭਜਨ ਗਿੱਲ ਦੀ ਕਲਮ ਤੋਂ
ਰਾਮ ਦਾਸ ਗੁਰ ਮੋਹੜੀ ਗੱਡੀ, ਜਿਹੜੀ ਥਾਂ ਸਿਫ਼ਤੀ ਦਾ ਘਰ ਹੈ।
ਸਰਬ ਕਲਾ ਸੰਪੂਰਨ ਨਗਰੀ, ਗੁਰ ਕੇ ਕਾਰਨ ਅੰਮ੍ਰਿਤਸਰ ਹੈ।
ਧਰਮ ਕਰਮ ਲਈ ਹਰਿਮੰਦਰ ਹੈ, ਗੁਰ ਅਰਜਨ ਦੀ ਦੂਰ ਦ੍ਰਿਸ਼ਟੀ,
ਮੀਆਂਮੀਰ ਬਰਾਬਰ ਬੈਠਾ, ਸਰਬ ਕਾਲ ਦਾ ਦੀਦਾਵਰ ਹੈ।
ਹਰਗੋਬਿੰਦ ਗੁਰੂ ਦੀ ਪੀਰੀ, ਨਾਲ ਖੜ੍ਹੀ ਕਿਰਪਾਲੂ ਪੀਰੀ,
ਤਖ਼ਤ ਅਕਾਲ ਉਸਾਰਨਹਾਰਾ, ਨਿਰਭਓ ਤੇ ਨਿਰਵੈਰੀ ਦਰ ਹੈ।
ਇੱਕ ਮਾਰਗ ਦੇ ਪਾਂਧੀ ਖ਼ਾਤਰ, ਚਾਰੇ ਬੂਹੇ ਹਰ ਪਲ ਖੁੱਲ੍ਹੇ,
ਸੁਰਤਿ ਇਕਾਗਰ ਜੇਕਰ ਹੋਵੇ, ਸੱਖਣੀ ਝੋਲੀ ਦੇਂਦਾ ਭਰ ਹੈ।
ਬਿਪਰਨਵਾਦੀਆਂ ਭੇਸ ਬਦਲਿਆ, ਰਾਖੇ ਬਣ ਗਏ ਸਾਡੇ ਘਰ ਦੇ,
ਅਮਰਵੇਲ ਮੁੜ ਬੇਰੀ ਚੜ੍ਹ ਗਈ, ਚੱਟ ਨਾ ਜਾਵੇ ਏਹੀ ਡਰ ਹੈ।
ਸ਼ਬਦ ਗੁਰੂ ਸੰਦੇਸ਼ ਸੁਹਾਵਾ, ਸਾਡੀ ਰੂਹ ਤੇ ਪਰਚਮ ਝੂਲੇ,
ਘਰ ਘਰ ਉੱਸਰੇ ਧਰਮਸਾਲ ਦਾ, ਗੁਰ ਮੇਰੇ ਨੇ ਦਿੱਤਾ ਵਰ ਹੈ।
ਧਰਤਿ ਗਗਨ ਤੇ ਕੁੱਲ ਸ੍ਰਿਸ਼ਟੀ, ਪੱਤੇ ਪੱਤੇ ਗੋਬਿੰਦ ਬੈਠਾ,
ਆਦਿ ਜੁਗਾਦੀ ਜੋਤ ਨਿਰੰਤਰ, ਨੂਰ ਨੂਰਾਨੀ ਦਾ ਸਰਵਰ ਹੈ।
ਗ਼ਜ਼ਲ ਸੰਗ੍ਰਹਿ ਰਾਵੀ ਵਿੱਚੋਂ
ਮਿਲਣ ਦਾ ਪਤਾ- ਚੇਤਨਾ ਪ੍ਰਕਾਸ਼ਨ ਪੰਜਾਬੀ ਭਵਨ , ਲੁਧਿਆਣਾ
ਸੰਪਰਕ0161 213413
-
ਗੁਰਭਜਨ ਗਿੱਲ, ਗੁਰਭਜਨ ਗਿੱਲ, ਸੰਪਾਦਕ ( ਲਿਟਰੇਰੀ ) ,ਬਾਬੂਸ਼ਾਹੀ ਡਾਟ ਕਾਮ
gurbhajangill@gmail.com
Disclaimer : The opinions expressed within this article are the personal opinions of the writer/author. The facts and opinions appearing in the article do not reflect the views of Babushahi.com or Tirchhi Nazar Media. Babushahi.com or Tirchhi Nazar Media does not assume any responsibility or liability for the same.