ਭਾਰਤ ਅੰਦਰ ਮਨਾਏ ਜਾਂਦੇ ਮੌਸਮੀ ਤਿਉਹਾਰਾਂ ਨੂੰ ਖਾਲਸਾ ਪੰਥ ਨਵੇਕਲੇ ਅਤੇ ਖ਼ਾਲਸੀ ਰੰਗ-ਢੰਗ ਨਾਲ ਮਨਾਉਂਦਾ ਹੈ। ਇਨ੍ਹਾਂ ਮਹੱਤਵਪੂਰਨ ਤਿਉਹਾਰਾਂ ਵਿਚੋਂ ਇਕ ਤਿਉਹਾਰ ਹੋਲਾ ਮਹੱਲਾ ਹੈ, ਜੋ ਬਸੰਤ ਰੁੱਤ ਦੇ ਤਿਉਹਾਰ ਹੋਲੀ ਤੋਂ ਅਗਲੇ ਦਿਨ ਮਨਾਇਆ ਜਾਂਦਾ ਹੈ। ਦਸਮੇਸ਼ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਚੇਤ ਵਦੀ ਇਕ ਸੰਮਤ 1757 ਬਿਕ੍ਰਮੀ ਵਾਲੇ ਦਿਨ, ਸ੍ਰੀ ਅਨੰਦਪੁਰ ਸਾਹਿਬ ਵਿਖੇ ਕਿਲ੍ਹਾ ਹੋਲਗੜ੍ਹ ਦੇ ਸਥਾਨ 'ਤੇ ਹੋਲੇ ਮਹੱਲੇ ਦਾ ਆਰੰਭ ਕੀਤਾ ਸੀ। ਗੁਰੂ ਸਾਹਿਬ ਦਾ ਮੰਤਵ ਤੇ ਉਦੇਸ਼ ਬੜਾ ਉਸਾਰੂ ਸੀ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਗੁਰਸਿੱਖਾਂ ਦੇ ਅੰਦਰ 'ਖ਼ਤਹਿ' ਦੇ ਮੰਤਵ ਨੂੰ ਹੋਰ ਦ੍ਰਿੜ੍ਹ ਕਰਨਾ ਚਾਹੁੰਦੇ ਸਨ। ਦਸਮੇਸ਼ ਪਿਤਾ ਜੀ ਨੇ ਮਾਨਵਤਾ ਨੂੰ ਸਵੈਮਾਣ ਤੇ ਆਪਣੀ ਹੋਂਦ ਦਾ ਅਹਿਸਾਸ ਕਰਵਾਉਣ ਲਈ ਉਨ੍ਹਾਂ ਵਿਚ ਨਿਡਰਤਾ ਤੇ ਨਿਰਭੈਤਾ ਭਰਨ ਅਤੇ ਸੂਰਬੀਰ ਯੋਧੇ ਬਣਾਉਣ ਦੇ ਮਕਸਦ ਨਾਲ ਹੋਲੀ ਦੀ ਥਾਂ ਹੋਲੇ ਮਹੱਲੇ ਦਾ ਪ੍ਰਚਲਨ ਕੀਤਾ। ਕੌਮ ਅੰਦਰ ਅਜ਼ਾਦੀ ਦੀ ਸਪਿਰਟ ਭਰਨ ਲਈ ਕਲਗੀਧਰ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਜਿਥੇ ਨਵਾਂ ਜੀਵਨ ਬਖਸ਼ਿਆ ਉਥੇ ਭਾਰਤੀ ਸਮਾਜ ਲਈ ਉਹਨਾਂ ਦੇ ਰੀਤੀ-ਰਿਵਾਜ਼ਾਂ ਅਤੇ ਰਸਮਾਂ ਨੂੰ ਮਨਾਉਣ ਦੇ ਢੰਗ ਵਿਚ ਵੀ ਇਨਕਲਾਬੀ ਤਬਦੀਲੀਆਂ ਲਿਆਂਦੀਆਂ। ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਚਲਾਇਆ ਹੋਲਾ ਮਹੱਲਾ ਸ਼ਕਤੀ ਨੂੰ ਪ੍ਰਗਟ ਕਰਨ ਅਤੇ ਅਣਖ ਦੇ ਅਨੁਭਵ ਦਾ ਅਨੋਖਾ ਢੰਗ ਹੈ। ਹੋਲਾ ਮਹੱਲਾ ਸਿੱਖਾਂ ਨੂੰ ਹਰ ਸਾਲ ਦ੍ਰਿੜ੍ਹ ਵਿਸ਼ਵਾਸੀ, ਪਰਮਾਤਮਾ ਦੀ ਭਗਤੀ ਤੇ ਉੱਚੇ-ਸੁੱਚੇ ਮਨੁੱਖੀ ਆਦਰਸ਼ਾਂ, ਜ਼ੁਲਮ, ਜ਼ਬਰ, ਨਾਸਤਿਕਤਾ ਤੇ ਭ੍ਰਿਸ਼ਟਾਚਾਰ ਵਿਰੁੱਧ ਜੂਝਣ ਲਈ ਨਵਾਂ ਜੋਸ਼ ਤੇ ਉਤਸ਼ਾਹ ਪ੍ਰਦਾਨ ਕਰਦਾ ਹੈ।
ਪ੍ਰਚੱਲਤ ਤਿਉਹਾਰ ਹੋਲੀ ਮਨਾਉਣ ਲਈ ਜਿਥੇ ਲੋਕ ਇਕ ਦੂਜੇ 'ਤੇ ਰੰਗ ਸੁੱਟ ਕੇ ਅਤੇ ਨਸ਼ੇ ਪੀ ਕੇ ਮਨੁੱਖੀ-ਸ਼ਕਤੀ ਨੂੰ ਨਸ਼ਟ ਕਰ ਰਹੇ ਸਨ, ਉਥੇ ਖ਼ਾਲਸੇ ਵੱਲੋਂ ਹੋਲਾ ਮਹੱਲਾ ਤਲਵਾਰਾਂ, ਬਰਛਿਆਂ ਅਤੇ ਨੇਜਿਆਂ ਨਾਲ ਖੇਡਿਆ ਗਿਆ। ਹੋਲੀ ਦਾ ਇਹ ਬਦਲ ਹੋਲੇ-ਮਹੱਲੇ ਦੇ ਰੂਪ ਵਿਚ ਕ੍ਰਾਂਤੀਕਾਰੀ ਸੰਕਲਪ ਵਜੋਂ ਸੀ, ਜਿਸ ਦਾ ਢੰਗ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਆਪ ਨਿਸ਼ਚਿਤ ਕੀਤਾ। ਇਸ ਦੀ ਅਲੌਕਿਕ ਮਹਿਮਾ ਦਾ ਵਰਣਨ ਕਰਦਿਆਂ ਕਵੀ ਸੁਮੇਰ ਸਿੰਘ ਇਸ ਤਰ੍ਹਾਂ ਲਿਖਦੇ ਹਨ:
ਔਰਨ ਕੀ ਹੋਲੀ ਮਮ ਹੋਲਾ। ਕਹਯੋ ਕ੍ਰਿਪਾਨਿਧ ਬਚਨ ਅਮੋਲਾ।
ਭਾਈ ਕਾਨ੍ਹ ਸਿੰਘ ਨਾਭਾ ਅਨੁਸਾਰ ਯੁੱਧ ਵਿਦਿਆ ਦੇ ਅਭਿਆਸ ਨੂੰ ਨਿੱਤ ਨਵਾਂ ਰੱਖਣ ਵਾਸਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਲਾਈ ਰੀਤੀ ਅਨੁਸਾਰ ਚੇਤ ਵਦੀ 1 ਨੂੰ ਸਿੱਖਾਂ ਵਿਚ ਹੋਲਾ ਮਹੱਲਾ ਹੁੰਦਾ ਹੈ ਜਿਸ ਦਾ ਹੋਲੀ ਦੀ ਰਸਮ ਨਾਲ ਕੋਈ ਸਬੰਧ ਨਹੀਂ। ਮਹੱਲਾ ਇਕ ਪ੍ਰਕਾਰ ਦੀ ਮਨਸੂਈ ਲੜਾਈ ਹੈ। ਪੈਦਲ, ਘੋੜਸਵਾਰ ਤੇ ਸ਼ਸਤਰਧਾਰੀ ਸਿੰਘ ਦੋ ਪਾਸਿਆਂ ਤੋਂ ਇਕ ਖਾਸ ਹਮਲੇ ਦੀ ਥਾਂ ਹਮਲਾ ਕਰਦੇ ਹਨ। ਕਲਗੀਧਰ ਆਪ ਇਸ ਬਣਾਉਟੀ ਲੜਾਈ ਨੂੰ ਵੇਖਦੇ ਤੇ ਦੋਨਾਂ ਜੱਥਿਆਂ ਨੂੰ ਲੋੜੀਂਦੀ, ਸਿੱਖਿਆ ਪ੍ਰਦਾਨ ਕਰਦੇ। ਜਿਹੜਾ ਜਥਾ ਜੇਤੂ ਹੁੰਦਾ ਉਸ ਨੂੰ ਸਿਰੋਪਾ ਬਖਸ਼ਿਸ਼ ਕਰਦੇ। ਭਾਈ ਵੀਰ ਸਿੰਘ ਅਨੁਸਾਰ- ਮਹੱਲਾ ਸ਼ਬਦ ਤੋਂ ਭਾਵ 'ਮਯ ਹੱਲਾ' ਭਾਵ ਬਨਾਉਟੀ ਹਮਲਾ ਹੈ।
ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਖਾਲਸੇ ਨੂੰ ਯੁੱਧ-ਵਿੱਦਿਆ ਵਿਚ ਪ੍ਰਬੀਨ ਬਣਾਉਣਾ ਚਾਹੁੰਦੇ ਸਨ, ਇਸ ਲਈ ਉਨ੍ਹਾਂ ਨੇ ਹੋਲਾ ਮਹੱਲਾ ਦੀ ਖ਼ਾਲਸਈ ਰਵਾਇਤ ਆਰੰਭ ਕੀਤੀ। ਇਤਿਹਾਸ ਗਵਾਹ ਹੈ ਕਿ ਪਾਤਸ਼ਾਹ ਜੀ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ 'ਤੇ ਹੋਲਾ-ਮਹੱਲਾ ਦੇ ਰੂਪ ਵਿਚ ਮਨਾਏ ਜਾਂਦੇ ਜੰਗਜੂ ਤਿਉਹਾਰ ਸਮੇਂ ਸਿੰਘਾਂ ਦੀਆਂ ਆਪਸ ਵਿਚ ਲੜੀਆਂ ਜਾਂਦੀਆਂ ਅਭਿਆਸ ਰੂਪੀ ਮਸਨੂਈ ਲੜਾਈਆਂ ਨੇ ਭਾਰਤੀ ਲੋਕਾਂ ਦੇ ਮਨੋ-ਬਲ ਨੂੰ ਉੱਚਾ ਕੀਤਾ। ਲੋਕ ਕਾਇਰਤਾ ਭਰੇ ਮਾਹੌਲ 'ਚੋਂ ਨਿਕਲ ਕੇ ਇਸ ਉਤਸਵ ਵਿਚ ਬੜੇ ਜੋਸ਼ ਤੇ ਸਜ-ਧਜ ਨਾਲ ਸ਼ਾਮਲ ਹੋਣ ਲੱਗੇ।
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਹੋਲਾ ਮਹੱਲਾ ਮਨਾਉਣ ਦੀ ਚਲਾਈ ਪ੍ਰੰਪਰਾ ਸਿੱਖਾਂ ਅੰਦਰ ਸ਼ਕਤੀ ਤੇ ਅਣਖ ਨੂੰ ਪ੍ਰਗਟ ਕਰਨ ਦਾ ਅਨੋਖਾ ਢੰਗ ਸੀ। ਇਹ ਖ਼ਾਲਸਾ ਪੰਥ ਲਈ ਸਵੈਮਾਨ, ਖਾਲਸੇ ਦੇ ਬੋਲ-ਬਾਲੇ ਅਤੇ ਚੜ੍ਹਦੀ ਕਲਾ ਦਾ ਪ੍ਰਤੀਕ ਹੈ। ਇਸ ਨਾਲ ਸਿੱਖਾਂ ਅੰਦਰ ਜ਼ਬਰ ਜ਼ੁਲਮ ਵਿਰੁੱਧ ਜੂਝਣ ਲਈ ਨਵਾਂ ਉਤਸ਼ਾਹ ਪੈਦਾ ਹੁੰਦਾ ਹੈ। ਸਿੱਖ ਕੌਮ ਦੀ ਨਿਆਰੀ ਹੋਂਦ ਨੂੰ ਦਰਸਾਉਂਦੇ ਇਸ ਕੌਮੀ ਤਿਉਹਾਰ ਮੌਕੇ ਹਰ ਸਾਲ ਲੱਖਾਂ ਸੰਗਤਾਂ ਪਾਵਨ ਧਰਤੀ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਪਾਉਂਟਾ ਸਾਹਿਬ ਤੇ ਸ੍ਰੀ ਹਜ਼ੂਰ ਸਾਹਿਬ ਵਿਖੇ ਪੁੱਜਦੀਆਂ ਹਨ। ਇਸ ਮੌਕੇ ਜਿਥੇ ਧਾਰਮਿਕ ਦੀਵਾਨ ਸਜਦੇ ਹਨ ਉਥੇ ਨਿਹੰਗ ਸਿੰਘਾਂ ਦੇ ਜੰਗਜੂ ਕਰਤਬ ਸੰਗਤਾਂ ਦੀ ਖਿੱਚ ਦਾ ਕੇਂਦਰ ਹੁੰਦੇ ਹਨ।ਖ਼ਾਲਸੇ ਦਾ ਹੋਲਾ ਮਹੱਲਾ ਸ਼ਕਤੀ ਨੂੰ ਪ੍ਰਗਟ ਕਰਨ ਅਤੇ ਅਣਖ ਦੇ ਅਨੁਭਵ ਦਾ ਅਨੋਖਾ ਢੰਗ ਹੈ। ਇਹ ਖ਼ਾਲਸਾ ਪੰਥ ਲਈ ਸਵੈਮਾਨ, ਖਾਲਸੇ ਦੇ ਬੋਲ-ਬਾਲੇ ਅਤੇ ਚੜ੍ਹਦੀ ਕਲਾ ਦਾ ਪ੍ਰਤੀਕ ਹੈ। ਹੋਲਾ ਮਹੱਲਾ ਸਿੱਖਾਂ ਨੂੰ ਹਰ ਸਾਲ ਦ੍ਰਿੜ੍ਹ ਵਿਸ਼ਵਾਸੀ, ਪ੍ਰਭੂ-ਭਗਤੀ ਤੇ ਉੱਚੇ-ਸੁੱਚੇ ਮਨੁੱਖੀ ਆਦਰਸ਼ਾਂ, ਜ਼ੁਲਮ, ਜਬਰ, ਨਾਸਤਿਕਤਾ ਤੇ ਭ੍ਰਿਸ਼ਟਾਚਾਰ ਵਿਰੁੱਧ ਜੂਝਣ ਲਈ ਨਵਾਂ ਜੋਸ਼ ਤੇ ਉਤਸ਼ਾਹ ਪ੍ਰਦਾਨ ਕਰਦਾ ਹੈ। ਇੰਝ ਖ਼ਾਲਸਾ-ਪੰਥ ਵਿਚ 'ਹੋਲਾ ਮਹੱਲਾ' ਦੇ ਮੰਤਵ ਤੇ ਉਦੇਸ਼ ਬੜੇ ਉਸਾਰੂ ਤੇ ਸਾਰਥਿਕ ਹਨ।
ਅੱਜ ਦੇੇ ਸਮੇਂ ਜਦ ਸਾਡੀ ਨੌਜਵਾਨ ਪੀੜ੍ਹੀ ਆਪਣੇ ਵਿਰਸੇ ਨੂੰ ਭੁਲਦੀ ਜਾ ਰਹੀ ਹੈ ਉਸ ਸਮੇਂ ਨੌਜਵਾਨੀ ਨੂੰ ਆਪਣੇ ਵਿਰਸੇ ਨਾਲ ਜੋੜਨ ਲਈ ਇਹ ਤਿਉਹਾਰ ਪ੍ਰੇਰਨਾ ਸਰੋਤ ਹੋ ਸਕਦੇ ਹਨ। ਅਜੋਕੀ ਪੀੜ੍ਹੀ ਨੂੰ ਆਪਣੇ ਸ਼ਾਨਾ ਮੱਤੇ ਇਤਿਹਾਸ, ਗੌਰਵਮਈ ਵਿਰਸੇ ਅਤੇ ਬੀਰ-ਰਸੀ ਰਵਾਇਤਾਂ ਤੋਂ ਜਾਣੂ ਕਰਵਾ ਕੇ ਪਤਿਤਪੁਣੇ ਅਤੇ ਨਸ਼ਿਆਂ ਤੋਂ ਰੋਕਿਆ ਜਾ ਸਕਦਾ ਹੈ। ਅੱਜ ਲੋੜ ਹੈ ਕਿ ਹਰ ਸਿੱਖ ਆਪਣੇ ਵਿਰਸੇ ਨੂੰ ਜਾਣਦਾ ਹੋਇਆ ਸ਼ਸਤਰ ਵਿਦਿਆ ਵਿਚ ਨਿਪੁੰਨ ਹੋਵੇ। ਸੋ ਆਓ ਖਾਲਸਾ ਪੰਥ ਦੇ ਨਿਆਰੇ ਤਿਉਹਾਰ ਹੋਲਾ ਮਹੱਲਾ ਮੌਕੇ ਆਪਣੇ ਜੀਵਨ ਅੰਦਰ ਖ਼ਾਲਸਾਈ ਜਜ਼ਬੇ ਦੀ ਭਾਵਨਾ ਭਰਦਿਆਂ ਉੱਦਮੀ ਜੀਵਨ ਜੀਉਣ ਲਈ ਅੱਗੇ ਵਧੀਏ। ਸਮਾਜ ਵਿਚ ਫੈਲੀਆਂ ਕੁਰੀਤੀਆਂ ਦੇ ਖਾਤਮੇ ਲਈ ਵਚਨਬਧ ਹੋਈਏ ਅਤੇ ਸਾਵੇਂ ਸੁਖਾਵੇਂ ਸਮਾਜ ਦੀ ਸਿਰਜਣਾ ਲਈ ਗੁਰੂ ਬਖਸ਼ੀ ਰਹਿਣੀ ਦਾ ਪ੍ਰਚਾਰ ਪ੍ਰਸਾਰ ਕਰੀਏ।
-
ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ
sgpcmedia2@gmail.com
********
Disclaimer : The opinions expressed within this article are the personal opinions of the writer/author. The facts and opinions appearing in the article do not reflect the views of Babushahi.com or Tirchhi Nazar Media. Babushahi.com or Tirchhi Nazar Media does not assume any responsibility or liability for the same.