ਖੇਤੀ ਦੇਸ਼ ਦੀ ਕਿਸਾਨੀ ਦਾ ਪੇਸ਼ਾ ਨਹੀਂ ਹੈ, ਜੀਊਣ ਦੀ ਢੰਗ-ਤਰੀਕਾ ਹੈ। ਪਰੰਤੂ ਸਮਾਂ ਬਦਲ ਰਿਹਾ ਹੈ। ਹੁਣ ਖੇਤੀ ਪ੍ਰਧਾਨ ਦੇਸ਼ ਦੀ ਥਾਂ ਡਿਜੀਟਲ ਇੰਡੀਆਂ ਕਹਾਉਣਾ ਚਾਹੁੰਦਾ ਹੈ, ਮਹਾਨ ਭਾਰਤ। ਸ਼ਹਿਰਾਂ ਵਿੱਚ ਹੀ ਨਹੀਂ, ਪਿੰਡਾਂ ਵਿੱਚ ਵੀ ਮੋਬਾਇਲ ਫੋਨ ਦਿਖਦੇ ਹਨ, ਪਰ ਫਿਰ ਵੀ ਦੇਸ਼ ਦੀ ਰੀੜ ਦੀ ਹੱਡੀ ਤਾਂ ਖੇਤੀ ਹੈ। ਕਰੋਨਾ ਕਾਲ ਬੀਤਿਆ। ਦੇਸ਼ ਦਾ ਉਦਯੋਗ ਪੁੱਠੇ ਪੈਰੀਂ ਹੋ ਗਿਆ, ਜੇਕਰ ਕੋਈ ਧੰਦਾ ਬਚਿਆ ਤਾਂ ਖੇਤੀ ਬਾੜੀ ਹੀ ਸੀ। ਇਹ ਇੱਕ ਤੱਥ ਹੈ ਕਿ ਦੇਸ਼ ਦੀ ਅੱਧੀ ਤੋਂ ਵੱਧ ਆਬਾਦੀ ਖੇਤੀ ਨਾਲ ਜੁੜੀ ਹੈ।
ਕਿਸਾਨ ਖੇਤੀ ਕਰਦੇ ਹਨ। ਮੁੱਖ ਫ਼ਸਲ ਕਣਕ ਹੈ। ਕਣਕ ਤਿਆਰ ਖੜੀ ਸੀ ਵੱਢਣ ਲਈ। ਕਿਸਾਨਾਂ ਨੂੰ ਕਰਜ਼ੇ ਤੋਂ ਰਾਹਤ ਦੇਣ ਲਈ। ਕਿਸਾਨਾਂ ਨੂੰ ਕੁਝ ਸੁੱਖ ਦਾ ਸਾਹ ਦੇਣ ਲਈ। ਵਾਤਾਵਾਰਨ ਪ੍ਰਦੂਸ਼ਣ ਦੀ ਇਹੋ ਜਿਹੀ ਮਾਰ ਪਈ ਕਿ ਸੱਭ ਕੁਝ ਝੱਖੜ, ਹਨੇਰੀ, ਮੀਂਹ, ਗੜ੍ਹਿਆਂ ਨੇ ਧਰਤੀ ‘ਤੇ ਵਿਛਾ ਦਿੱਤਾ। ਕਣਕ ਦੀ ਫ਼ਸਲ ਡਿੱਗ ਪਈ, ਕਿਸਾਨਾਂ ਦੇ ਸੁਫਨੇ ਜਿਵੇਂ ਢਹਿ-ਢੇਰੀ ਹੋ ਗਏ। ਖ਼ਸ ਤੌਰ 'ਤੇ ਪੰਜਾਬ ਹਰਿਆਣਾ 'ਚ।
ਪੰਜਾਬ ਤੇ ਹਰਿਆਣਾ ਜਿਥੇ 34 ਲੱਖ ਹੇਕਟੇਅਰ ਕਣਕ ਬੀਜੀ ਗਈ ਸੀ, ਉਸ ਵਿੱਚ ਸਰਕਾਰੀ ਅੰਦਾਜ਼ੇ ਅਨੁਸਾਰ 5.23 ਲੱਖ ਹੈਕਟੇਅਰ ਕਣਕ ਨੁਕਸਾਨੀ ਗਈ। ਇਥੇ ਹੀ ਕਿਸਾਨਾਂ ਦੇ ਦੁਖਾਂਤ ਦਾ ਅੰਤ ਨਹੀਂ। ਮੁਆਵਜ਼ੇ ਦੀ ਰਕਮ ਦੇਣ ਦਾ ਸਰਕਾਰ ਨੇ ਐਲਾਨ ਕੀਤਾ ਹੈ, ਪਰ ਮੁਆਵਜ਼ਾ ਮਿਲੇਗਾ ਅਤੇ ਕਦੋਂ ਮਿਲੇਗਾ, ਕੋਈ ਨਹੀਂ ਜਾਣਦਾ, ਉਸੇ ਤਰ੍ਹਾਂ ਜਿਵੇਂ ਕੋਈ ਨਹੀਂ ਜਾਣਦਾ ਕਿ ਮੀਂਹ ਕਦੋਂ ,ਕਿਥੇ ਅਤੇ ਕਿੰਨਾ ਪਏਗਾ ਅਤੇ ਕਿੰਨਾ ਨੁਕਸਾਨ ਹੋਏਗਾ। ਨੁਕਸਾਨੀਆਂ ਫ਼ਸਲਾ ਦੀ ਗਰਦਾਵਰੀ ਹੋਣੀ ਹੈ, ਕਾਗਜ,ਪੱਤਰ ਤਿਆਰ ਹੋਣੇ ਹਨ, ਖ਼ਾਕੇ, ਰਿਪੋਰਟਾਂ ਤਿਆਰ ਹੋਣੀਆਂ ਹਨ, ਮੁੜ ਇੱਕ ਰੁਪਏ ਤੋਂ ਹਜ਼ਾਰਾਂ ਤੱਕ ਦੇ ਚੈੱਕ ਤਿਆਰ ਹੋਣੇ ਹਨ। ਕਿਸਾਨ ਦੇ ਪੱਲੇ ਕੀ ਪਵੇਗਾ, ਕੌਣ ਜਾਣਦਾ ਹੈ?
ਅੰਦਾਜ਼ਾ ਸੀ ਕਿ ਜੂਨ 2023 ਤੱਕ ਇੱਕ ਸਾਲ ਵਿੱਚ 11.22 ਕਰੋੜ ਟਨ ਕਣਕ ਦੀ ਪੈਦਾਇਸ਼ ਹੋ ਜਾਵੇਗੀ, ਦੇਸ਼ ਦੀ ਵੱਡੀ ਆਬਾਦੀ ਦੀਆਂ ਲੋੜਾਂ ਪੂਰੀਆਂ ਹੋ ਜਾਣਗੀਆਂ ਪਰ ਫ਼ਸਲਾਂ ਦੀ ਕਟਾਈ ਦੀਆਂ ਯੋਜਨਾਵਾਂ ਧਰੀਆਂ-ਧਰਾਈਆਂ ਰਹਿ ਗਈਆਂ। ਪੰਜਾਬ ਤੋਂ ਲੈ ਕੇ ਮੱਧ ਪ੍ਰਦੇਸ਼ ਤੱਕ ਫ਼ਸਲਾਂ ਦੇ ਘੱਟੋ-ਘੱਟ ਮੁੱਲ ਉਤੇ ਫ਼ਸਲ ਦੀ ਖਰੀਦ ਸਰਕਾਰਾਂ ਵਲੋਂ ਸ਼ੁਰੂ ਤਾਂ ਕਰ ਦਿੱਤੀ ਗਈ, ਪਰ ਕਣਕ ਦੇ ਢਹਿ-ਢੇਰੀ ਹੋਣ ਨਾਲ ਮਰੇ ਹੋਏ ਦਾਣੇ ਦਾ ਕੀ ਹਏਗਾ? ਲਗਾਤਾਰ ਦੂਜੀ ਵੇਰ ਹਰਿਆਣਾ ਅਤੇ ਪੰਜਾਬ 'ਚ ਇਸ ਫ਼ਸਲ 'ਤੇ ਗੜ੍ਹੇਮਾਰ ਹੋਈ ਹੈ, ਪੰਜਾਬ 'ਚ ਤਾਂ ਕਿਸਾਨਾ ਦੇ ਸਾਹ ਸੁੱਕੇ ਗਏ ਹਨ, ਇੰਨੀ ਫ਼ਸਲ ਤਬਾਹ ਹੋ ਗਈ ਹੈ ਕਿ ਕਿਸਾਨਾਂ ਦੇ ਹੌਸਲੇ ਹੀ ਨਹੀਂ ਡਿੱਗੇ, ਖੇਤੀ ਨਾਲ ਸਬੰਧਤ ਧੰਦਿਆਂ ਉਤੇ ਬਰੋਬਰ ਦੀ ਸੱਟ ਵੱਜੀ ਹੈ, ਕਿਉਂਕਿ ਫ਼ਸਲਾਂ ਨਾਲ ਛੋਟੇ, ਬਹੁਤ ਛੋਟੇ ਅਤੇ ਥੋੜੇ ਵੱਡੇ, ਵਿਚਕਾਰਲੇ ਉਦਯੋਗ ਵੀ ਚਲਦੇ ਹਨ। ਉਹਨਾ ਉਤੇ ਵੀ ਤਾਂ ਅਸਰ ਪਵੇਗਾ।
ਖੇਤੀ, ਭਾਰਤ ਦੇ ਲੋਕਾਂ ਲਈ ਅਹਿਮ ਹੈ ਸਦੀਆਂ ਤੋਂ। ਫ਼ਸਲਾਂ ਉਗਦੀਆਂ ਹਨ, ਉਗਾਈਆਂ ਜਾਂਦੀਆਂ ਹਨ। ਪਰ ਮੌਸਮ ਦੀ ਮਾਰ ਇਹਨਾਂ ਨੂੰ ਪ੍ਰੇਸ਼ਾਨ ਕਰਦੀ ਹੈ। ਉਪਰੋਂ ਸਰਕਾਰਾਂ ਵੱਲ ਉਚਿੱਤ ਮੁੱਲ ਨਾ ਮਿਲਣ ਕਾਰਨ ਕਿਸਾਨ ਦੀ ਪ੍ਰੇਸ਼ਾਨੀ ਵੱਧਦੀ ਹੈ। ਕਣਕ ਤੋਂ ਬਾਅਦ ਚਾਵਲ ਤੇ ਫਿਰ ਚਾਵਲ ਤੋਂ ਬਾਅਦ ਕਣਕ ਕਿਸਾਨ ਦੇ ਪੱਲੇ ਪਈ ਹੋਈ ਹੈ, ਬਾਵਜੂਦ ਇਸ ਗੱਲ ਦੇ ਕਿ ਸਰਕਾਰਾਂ ਵਲੋਂ ਸਮੇਂ-ਸਮੇਂ ਹੋਰ ਫ਼ਸਲਾਂ ਬੀਜਣ ਉਗਾਉਣ ਦਾ ਸੁਝਾਅ, ਤਰੀਕਾ, ਕਿਸਾਨਾਂ ਨੂੰ ਦਿੱਤਾ ਜਾਂਦਾ ਹੈ, ਪਰ ਉਹਨਾਂ ਨੂੰ ਜਾਪਦਾ ਹੈ ਕਿ ਕਣਕ, ਚਾਵਲ ਹੀ ਇਹੋ ਜਿਹੀ ਫ਼ਸਲ ਹੈ, ਜੋ ਉਸਦੀ ਮਾੜੀ-ਮੋਟੀ ਕਿਸਮਤ ਤਾਰ ਸਕਦੀ ਹੈ। ਦਾਲਾਂ ਬੀਜੀਆਂ ਜਾਂਦੀਆਂ ਹਨ। ਸਬਜ਼ੀਆਂ ਉਗਾਈਆਂ ਜਾਂਦੀਆਂ ਹਨ, ਪਸ਼ੂ ਪਾਲਣ ਅਪਨਾਇਆਂ ਜਾਂਦਾ ਹੈ, ਪਰ ਘੱਟੋ-ਘੱਟ ਮੁੱਲ ਮਿਲਦਾ ਨਹੀਂ ਤਾਂ ਕਿਸਾਨ ਘਾਟੇ 'ਚ ਜਾਏਗਾ, ਕਰਜ਼ਾਈ ਹੋਏਗਾ, ਪੱਲੇ ਪ੍ਰੇਸ਼ਾਨੀਆਂ ਹੀ ਪੈਣਗੀਆਂ। ਤਦੇ ਸਿਰਫ਼ ਤੇ ਸਿਰਫ਼ ਆਪਣਾ ਪੇਟ ਪਾਲਣ ਲਈ ਕਣਕ ਅਤੇ ਚਾਵਲ 'ਤੇ ਨਿਰਭਰ ਹੋ ਕੇ ਰਹਿ ਜਾਂਦਾ ਹੈ।
ਸਮੇਂ-ਸਮੇਂ ਸਰਕਾਰਾਂ ਵਲੋਂ ਕਹਿਣ ਨੂੰ ਤਾਂ ਖੇਤੀ ਨੂੰ ਊਤਸ਼ਾਹਤ ਕਰਨ ਲਈ ਸਕੀਮਾਂ ਬਣਾਈਆਂ ਜਾਂਦੀਆਂ ਹਨ। ਬੀਮਾ ਸਕੀਮਾਂ ਜਾਰੀ ਕੀਤੀਆਂ ਜਾਂਦੀਆਂ ਹਨ। ਨਵੇਂ ਬੀਜਾਂ, ਖਾਦਾਂ, ਦਵਾਈਆਂ ਤੇ ਸਿੰਚਾਈ ਸਾਧਨਾਂ, ਬਿਜਾਈ ਸਾਧਨਾਂ ਮਸ਼ੀਨਰੀ ਉੱਤੇ ਸਬਸਿਡੀਆਂ ਦਿੱਤੇ ਜਾਣ ਦੀ ਗੱਲ ਕੀਤੀ ਜਾਂਦੀ ਹੈ, ਪਰ ਆਮ ਸਧਾਰਨ ਕਿਸਾਨ ਇਸ ਤੋਂ ਵਿਰਵਾ ਰਹਿੰਦਾ ਹੈ। ਉਸ ਤੱਕ ਪਹੁੰਚ ਹੀ ਨਹੀਂ ਕਰਦੀ ਸਰਕਾਰ ਕਿਉਂਕਿ ਸਰਕਾਰ ਦੀ ਮਨਸ਼ਾ ਕਿਸਾਨ ਨੂੰ ਖੇਤੀ ਤੋਂ, ਖੇਤਾਂ ਤੋਂ ਬਾਹਰ ਕੱਢਣ ਦੀ ਹੈ ਅਤੇ ਉਹ ਖੇਤੀ ਕਾਰਪੋਰੇਟਾਂ ਦੇ ਹੱਥ ਸੌਂਪਕੇ ਕਿਸਾਨ ਨੂੰ ਮਜ਼ਦੂਰੀ ਵੱਲ ਧੱਕਣ ਦਾ ਧਾਰੀ ਬੈਠੀ ਹੈ। ਪਿਛਲੇ ਦਿਨਾਂ 'ਚ ਭਰਤ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਨੂੰਨ ਕਾਰਪੋਰੇਟਾਂ ਹੱਥ ਜ਼ਮੀਨ ਸੌਂਪਣ ਦੀ ਹੀ ਸੋਚੀ ਸਮਝੀ ਸਰਕਾਰੀ ਚਾਲ ਸੀ। ਸਰਕਾਰ ਦੇ ਆਪਣੇ ਅੰਕੜਿਆਂ ਅਨੁਸਾਰ 2004-05 ਤੋਂ 2011-12 ਤੱਕ 34 ਮਿਲੀਅਨ (3.4 ਕਰੋੜ) ਕਿਸਾਨਾਂ ਨੇ ਖੇਤੀ ਧੰਦੇ ਨੂੰ ਤਿਲਾਜ਼ਲੀ ਦਿੱਤੀ। ਅਤੇ ਇਹ ਖੇਤੀ-ਤਿਲਾਜ਼ਮੀ ਸਲਾਨਾ 2.04 ਪ੍ਰਤੀਸ਼ਤ ਦੀ ਦਰ ਨਾਲ ਜਾਰੀ ਹੈ।
ਔਸਤਨ 2035 ਕਿਸਾਨ ਪਿਛਲੇ 20 ਸਾਲਾਂ ਤੋਂ ਖੇਤੀ ਦਾ ਧੰਦਾ ਛੱਡ ਰਹੇ ਹਨ। ਇਹ ਵੀ ਕੋਈ ਹੈਰਾਨੀ ਵਾਲੀ ਗੱਲ ਨਹੀਂ ਹੈ ਕਿ ਵੱਡੀ ਗਿਣਤੀ ਕਿਸਾਨ, ਖੇਤਾਂ ਤੋਂ ਵਿਰਵੇ ਹੋਕੇ ਖੇਤ ਮਜ਼ਦੂਰ ਬਨਣ ਲਈ ਮਜ਼ਬੂਰ ਹਨ।
2011 ਦੀ ਮਰਦਮਸ਼ੁਮਾਰੀ ਅਨੁਸਾਰ 95.8 ਮਿਲੀਅਨ ਲੋਕਾਂ ਦਾ ਮੁੱਖ ਕਿੱਤਾ ਖੇਤੀ ਸੀ। ਸਾਲ 2001 ਦੀ ਮਰਦਮਸ਼ੁਮਾਰੀ ਅਨੁਸਾਰ 103 ਮਿਲੀਅਨ ਅਤੇ 1991 ਦੀ ਮਰਦਮਸ਼ੁਮਾਰੀ ਅਨੁਸਾਰ ਇਹ ਗਿਣਤੀ 110 ਮਿਲੀਅਨ ਸੀ। ਇਹ ਤਾਂ ਉਹ ਲੋਕ ਹਨ ਜਿਹੜੇ ਸਿੱਧੇ ਤੌਰ 'ਤੇ ਖੇਤੀ ਨਾਲ ਜੁੜੇ ਹਨ, ਪਰ ਖੇਤੀ ਅਧਾਰਤ ਕਿੱਤਿਆਂ ਨਾਲ ਜੁੜੇ ਕਿਸਾਨ, ਖੇਤ ਮਜ਼ਦੂਰ ਆਦਿ ਨੂੰ ਇਕੱਠੇ ਗਿਣ ਲਈਏ ਤਾਂ ਇਹ ਗਿਣਤੀ 263 ਮਿਲੀਅਨ ਸਮਝੀ ਜਾਂਦੀ ਹੈ ਭਾਵ ਕੁਲ ਆਬਾਦੀ ਦਾ 22 ਫ਼ੀਸਦੀ।
ਕਿਉਂਕਿ ਕਿਸਾਨਾਂ ਲਈ ਜਿਹੜੀ ਫ਼ਸਲ ਉਗਾਉਣੀ ਸੌਖੀ ਹੈ ਅਤੇ ਜਿਸ ਫ਼ਸਲ ਵਿਚੋਂ ਉਸਦਾ ਨਿਰਵਾਹ ਹੋਣ ਅਤੇ ਟੱਬਰ ਪਾਲਣ ਦੀਆਂ ਸੰਭਾਵਨਾਵਾਂ ਵੱਧ ਹੈ, ਉਹ ਉਹੀ ਫ਼ਸਲ ਉਗਾਏਗਾ। ਕਣਕ, ਚਾਵਲ, ਉੱਤਰੀ ਭਾਰਤ ਦੇ ਲੋਕਾਂ ਲਈ ਅਹਿਮ ਹੈ, ਕਿਉਂਕਿ ਇਹ ਉਹਨਾ ਦੇ ਭੋਜਨ ਦਾ ਮੁੱਖ ਹਿੱਸਾ ਹੈ। ਕਣਕ ਦੀ ਰੋਟੀ ਨਾਲ ਉਹਨਾ ਦਾ ਢਿੱਡ ਭਰਦਾ ਹੈ ਜਾਂ ਚਾਵਲ ਉਹਨਾ ਦੀ ਮੁੱਖ ਖੁਰਾਕ ਹੈ। ਤਾਂ ਫਿਰ ਉਹ ਇਸੇ ਚੱਕਰਵਿਊ 'ਚ ਰਹਿੰਦੇ ਹਨ। ਉਂਜ ਵੀ ਜਿਹਨਾ ਲੋਕਾਂ ਕੋਲ ਡੇਢ ਦੋ ਏਕੜ ਜ਼ਮੀਨ ਹੈ, ਉਸ ਕੋਲ ਖੇਤੀ ਸਾਧਨ ਵੀ ਘੱਟ ਹਨ, ਉਹ ਤਾਂ ਇਹਨਾ ਫ਼ਸਲਾਂ ਨੂੰ ਹੀ ਤਰਜ਼ੀਹ ਦੇਣਗੇ। ਭਾਵੇਂ ਕਿ ਇਹਨਾ ਫ਼ਸਲਾਂ ਨਾਲ ਵਾਤਾਵਰਨ ਪ੍ਰਦੂਸ਼ਣ ਵੱਧਣ ਦੀਆਂ ਗੱਲਾਂ ਹੋ ਰਹੀਆਂ ਹਨ (ਪਰਾਲੀ ਜਲਾਉਣ ਨਾਲੋਂ ਵੀ ਵੱਧ ਪ੍ਰਦੂਸ਼ਣ ਦਾ ਕਾਰਨ ਵਹੀਕਲ, ਉਦਯੋਗ ਅਤੇ ਹੋਰ ਕਾਰਨ ਵੀ ਹਨ) ਪਰ ਇਸ ਦਾ ਪ੍ਰਬੰਧਨ ਜਿਥੇ ਕਿਸਾਨ ਦੇ ਜ਼ੁੰਮੇ ਹੋ ਸਕਦਾ ਹੈ, ਕੀ ਉਥੇ ਸਰਕਾਰ ਦਾ ਵੀ ਫਰਜ਼ ਨਹੀਂ ਬਣਦਾ? ਕਿਉਂਕਿ ਸਰਕਾਰ ਵਲੋਂ ਇਹਨਾ ਫ਼ਸਲਾਂ ਦੀ ਵੱਧ ਪੈਦਾਵਾਰ ਇਸ ਕਰਕੇ ਵੀ ਜ਼ਰੂਰੀ ਹੈ, ਕਿਉਂਕਿ ਦੇਸ਼ ਦੇ 80 ਕਰੋੜ ਗਰੀਬ ਲੋਕਾਂ ਨੂੰ ਮੁਫ਼ਤ ਕਣਕ, ਚਾਵਲ ਦੇਣ ਦੀ ਜ਼ੁੰਮੇਵਾਰੀ ਵੀ ਤਾਂ ਸਰਕਾਰ ਨੇ ਚੁੱਕੀ ਹੋਈ ਹੈ।
ਅਸਲ ਵਿੱਚ ਤਾਂ ਕਿਸਾਨਾਂ ਨੂੰ ਕਣਕ, ਚਾਵਲ ਪੈਦਾਵਾਰ 'ਚ ਉਲਝਾਉਣ ਦਾ ਕੰਮ ਵੀ ਤਾਂ ਸਰਕਾਰ ਨੇ ਕੀਤਾ ਹੈ। 1947 ਤੋਂ 1960 ਤੱਕ ਭਾਰਤ ਦੀ ਆਬਾਦੀ ਲਈ ਲੋੜੀਂਦਾ ਭੋਜਨ ਨਹੀਂ ਸੀ। ਸਿਰਫ਼ 417 ਗ੍ਰਾਮ ਭੋਜਨ ਇੱਕ ਵਿਅਕਤੀ ਲਈ ਇੱਕ ਦਿਨ ਵਾਸਤੇ ਉਪਲੱਬਧ ਸੀ। ਬਹੁਤੇ ਕਿਸਾਨ ਕਰਜ਼ਾਈ ਸਨ। ਇਸ ਸਥਿਤੀ 'ਚ ਡਾ: ਐਮ.ਐਸ. ਸਵਾਮੀਨਾਥਨ ਦੀ ਅਗਵਾਈ 'ਚ 60ਵਿਆਂ 'ਚ ਹਰੀ ਕ੍ਰਾਂਤੀ ਦਾ ਆਰੰਭ ਅਨਾਜ਼ ਪੈਦਾਵਾਰ ਲਈ ਆਰੰਭਿਆ ਗਿਆ। ਵੱਧ ਝਾੜ ਵਾਲੀਆਂ ਫ਼ਸਲਾਂ ਦੀ ਸ਼ੁਰੂਆਤ ਹਰੀ ਕ੍ਰਾਂਤੀ ਵੇਲੇ ਹੋਈ, ਜਿਸ 'ਚ ਚਾਵਲ, ਕਣਕ ਮੁੱਖ ਸੀ। ਖੇਤੀ ਦਾ ਰਕਬਾ ਵਧਾਇਆ ਗਿਆ। ਦੋ ਫ਼ਸਲੀ ਚੱਕਰ ਲਾਗੂ ਕੀਤਾ ਗਿਆ। ਨਵੇਂ ਬੀਜ ਈਜਾਦ ਕੀਤੇ ਗਏ, ਨਵੀਂ ਮਸ਼ੀਨਰੀ, ਖਾਦਾਂ, ਕੀਟਨਾਸ਼ਕਾਂ ਦਾ ਆਰੰਭ ਹੋਇਆ। ਅਨਾਜ ਵਧਿਆ। ਪੰਜਾਬ ਨੇ ਹਰੀ ਕ੍ਰਾਂਤੀ 'ਚ ਵੱਡੀਆਂ ਪ੍ਰਾਪਤੀਆਂ ਕੀਤੀਆਂ।
ਪਰ ਪੰਜਾਬ ਨੇ ਬਹੁਤ ਕੁਝ ਗੁਆਇਆ। ਪਾਣੀ ਗੁਆਇਆ ਧਰਤੀ ਹੇਠਲਾ। ਵਾਤਾਵਰਨ ਦਾ ਪ੍ਰਦੂਸ਼ਣ ਵਧਾਇਆ। ਕੀਟਨਾਸ਼ਕਾਂ ਨੇ ਬੀਮਾਰੀਆਂ ਸਮੇਤ ਕੈਂਸਰ ਵਧਾਇਆ। ਵਾਤਾਵਰਨ ਪ੍ਰਦੂਸ਼ਣ ਹੁਣ ਫ਼ਸਲਾਂ ਨੂੰ ਪ੍ਰੇਸ਼ਾਨ ਕਰਦਾ ਹੈ।
ਕਣਕ, ਝੋਨੇ ਦਾ ਫ਼ਸਲੀ ਚੱਕਰ ਬਣਿਆ ਚੱਕਰਵਿਊ ਆਉਣ ਵਾਲੇ ਸਮੇਂ ਲਈ ਵੱਡਾ ਖ਼ਤਰਾ ਬਣਿਆ ਦਿਸਦਾ ਹੈ।
ਸਰਕਾਰ ਮੋਟੇ ਅਨਾਜ਼ ਦੀ ਵੱਧ ਪੈਦਾਵਾਰ ਤੇ ਜ਼ੋਰ ਦੇਣ ਲੱਗੀ ਹੈ, ਪਰ ਉਸ ਵਾਸਤੇ ਲੰਮੇ ਸਮੇਂ ਦੀ ਯੋਜਨਾ ਕਿਥੇ ਹੈ?
ਪੰਜ ਵਰ੍ਹਿਆਂ 'ਚ ਕਿਸਾਨ ਦੀ ਆਮਦਨ ਦੋਗੁਣੀ ਕਰਨ ਦਾ ਕੀ ਬਣਿਆ? ਕੀ ਹਜ਼ਾਰ ਦੋ ਹਜ਼ਾਰ ਦੀ ਤਿਮਾਹੀ ਦਿੱਤੀ ਕਿਸ਼ਤ ਕਿਸਾਨ ਲਈ ਜੀਊਣ ਦਾ ਸਾਧਨ ਬਣਾਉਣਾ ਸਹੀ ਹੈ? ਕੀ ਕਿਸਾਨ ਆਪ ਭੁੱਖੇ ਢਿੱਡ ਰਹਿਕੇ 80 ਕਰੋੜ ਭੁੱਖੇ ਢਿੱਡਾਂ ਦਾ ਢਿੱਡ ਭਰ ਸਕੇਗਾ? ਨੰਗੇ ਪੈਰੀਂ, ਸੱਪਾਂ ਦੀਆਂ ਸਿਰੀਆਂ ਆਖ਼ਰ ਕਦੋਂ ਤੱਕ ਮਿੱਧੇਗਾ ਕਿਸਾਨ?
ਸਰਕਾਰ ਨੂੰ ਇਹ ਗੱਲ ਸਮਝਣੀ ਹੀ ਹੋਵੇਗੀ ਕਿ ਡੰਗ ਟਪਾਊ ਯੋਜਨਾਵਾਂ ਦੀ ਥਾਂ ਜਦ ਤੱਕ ਚਿਰ ਸਥਾਈ ਖੇਤੀ ਯੋਜਨਾਵਾਂ ਨਹੀਂ ਬਣਦੀਆਂ ਤੇ ਲਾਗੂ ਨਹੀਂ ਹੁੰਦੀਆਂ ਉਦੋਂ ਤਕ ਕਿਸਾਨ ਨੂੰ ਕਣਕ, ਚਾਵਲ, ਮੋਟੇ ਅਨਾਜ਼ ਦੇ ਚੱਕਰਵਿਊ 'ਚੋਂ ਕੋਈ ਬਾਹਰ ਨਹੀਂ ਕੱਢ ਸਕਦਾ।
-
ਗੁਰਮੀਤ ਸਿੰਘ ਪਲਾਹੀ, ਗੁਰਮੀਤ ਸਿੰਘ ਪਲਾਹੀ
gurmitpalahi@yahoo.com
9815802070
Disclaimer : The opinions expressed within this article are the personal opinions of the writer/author. The facts and opinions appearing in the article do not reflect the views of Babushahi.com or Tirchhi Nazar Media. Babushahi.com or Tirchhi Nazar Media does not assume any responsibility or liability for the same.