ਲੋਕਤੰਤਰ ਦੀ ਪਰਿਭਾਸ਼ਾ ਬਦਲ ਦੇਵੇਗੀ ਇਕ ਦੇਸ਼, ਇਕ ਚੋਣ
ਗੁਰਮੀਤ ਪਲਾਹੀ
ਬਹੁਤ ਲੰਮੇ ਸਮੇਂ ਤੋਂ ਕੰਨਸੋਆਂ ਸਨ ਕਿ ਹਾਕਮ ਧਿਰ ਭਾਜਪਾ ਇਕ ਦੇਸ਼ ਇਕ ਚੋਣ ਦਾ ਅਮਲ ਦੇਸ਼ 'ਚ ਲਾਗੂ ਕਰੇਗੀ। ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਇਸ ਵਿਚਾਰ ਦੇ ਹਾਮੀ ਹਨ ਅਤੇ ਆਪਣੀ ਇੱਛਾ ਉਹ ਦੇਸ਼ ਦੀ ਪਾਰਲੀਮੈਂਟ 'ਚ ਦਰਸਾ ਚੁੱਕੇ ਹਨ ਅਤੇ ਉਸ ਮੌਕੇ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਵੀ ਇਸ ਵਿਚਾਰ ਦੀ ਪ੍ਰੋੜਤਾ ਕੀਤੀ ਸੀ। "ਵਾਰ-ਵਾਰ ਕਰਵਾਈਆਂ ਜਾਂਦੀਆਂ ਚੋਣਾਂ ਨਾ ਸਿਰਫ਼ ਮਨੁੱਖੀ ਵਸੀਲਿਆਂ 'ਤੇ ਬੋਝ ਪਾਉਂਦੀਆਂ ਹਨ ਸਗੋਂ ਆਦਰਸ਼ ਚੋਣ ਜਾਬਤਾ ਲਾਗੂ ਹੋਣ ਕਾਰਨ ਵਿਕਾਸ ਨੂੰ ਵੀ ਧੀਮਾ ਕਰਦੀਆਂ ਹਨ"।
ਇਸ ਵਿਚਾਰ ਨੂੰ ਅਮਲੀ ਜਾਮਾਂ ਪਹਿਨਾਉਣ ਲਈ ਇਕ 8 ਮੈਂਬਰੀ ਕਮੇਟੀ ਦਾ ਗਠਨ ਕੇਂਦਰ ਸਰਕਾਰ ਵਲੋਂ ਕੀਤਾ ਗਿਆ ਹੈ, ਜਿਸ ਦੀ ਅਗਵਾਈ ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਕਰਨਗੇ। ਇਹ ਕਦਮ ਆਚੰਭੇ ਵਾਲਾ ਹੈ। ਇਹ ਕਮੇਟੀ ਸੰਵਿਧਾਨ, ਜਨਪ੍ਰਤੀਨਿਧ ਐਕਟ ਅਤੇ ਕਿਸੇ ਵੀ ਹੋਰ ਕਾਨੂੰਨ ਅਤੇ ਨੇਮਾਂ ਦੀ ਪੜਤਾਲ ਕਰੇਗੀ ਅਤੇ ਉਹਨਾ ਲੋਂੜੀਦੀਆਂ ਸੋਧਾਂ ਦੀ ਸਿਫ਼ਾਰਸ਼ ਕਰੇਗੀ, ਜਿਸਦੀ ਇਕੱਠਿਆਂ ਚੋਣ ਕਰਵਾਉਣ ਦੇ ਉਦੇਸ਼ ਨਾਲ ਲੋੜ ਹੋਵੇਗੀ। ਕਮੇਟੀ ਇਹ ਵੀ ਪੜਤਾਲ ਕਰੇਗੀ ਅਤੇ ਸਿਫ਼ਾਰਸ਼ ਕਰੇਗੀ ਕਿ ਕੀ ਸੰਵਿਧਾਨਿਕ ਸੋਧ ਲਈ ਸੂਬਿਆਂ ਵਲੋਂ ਮੋਹਰ ਲਾਉਣ ਦੀ ਲੋੜ ਹੈ ਜਾਂ ਨਹੀਂ। ਕਮੇਟੀ ਬਹੁਮਤ ਨਾ ਮਿਲਣ, ਬੇਭਰੋਸਗੀ ਦੇ ਮਤੇ ਜਾਂ ਦਲ ਬਦਲੀ ਜਿਹੇ ਮੁੱਦਿਆਂ ਦਾ ਅਧਿਆਨ ਕਰਕੇ ਸੰਭਾਵਿਤ ਹੱਲ ਦੀ ਸਿਫ਼ਾਰਸ਼ ਵੀ ਕਰੇਗੀ।
ਆਖ਼ਿਰ ਇਸ ਵਿਚਾਰ ਦੇ ਅਰਥ ਕੀ ਹਨ? ਇਸ ਦਾ ਸਿੱਧਾ ਜਵਾਬ ਹੈ ਕਿ ਦੇਸ਼ ਦੀ ਲੋਕ ਸਭਾ, ਸੂਬਿਆਂ ਦੀਆਂ ਵਿਧਾਨ ਸਭਾਵਾਂ ਦੀਆਂ ਚੋਣਾਂ, ਨਗਰ ਨਿਗਮਾਂ ਅਤੇ ਪੰਚਾਇਤ ਸੰਸਥਾਵਾਂ ਚੋਣਾਂ ਇਕੋ ਸਮੇਂ ਕਰਵਾਈਆਂ ਜਾਣ। ਜਦੋਂ ਦੇਸ਼ ਅਜ਼ਾਦ ਹੋਇਆ ਸੀ ਤਾਂ ਪਹਿਲੀ ਚੋਣ 1952 'ਚ ਹੋਈ ਸੀ, ਜਿਸ ਵਿਚ ਲੋਕ ਸਭਾ ਤੇ ਵਿਧਾਨ ਸਭਾਵਾਂ ਦੀਆਂ ਚੋਣਾਂ ਇਕੋ ਵੇਲੇ ਹੋਈਆਂ। ਫਿਰ ਸਾਲ 1957, 1962, 1967 ਵਿਚ ਇਕੋ ਵੇਲੇ ਚੋਣਾਂ ਹੋਈਆਂ। ਪਰ ਉਸ ਤੋਂ ਬਾਅਦ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਇਕੱਠੀਆਂ ਨਾ ਹੋਈਆਂ। ਕਾਰਨ ਸੀ ਕਿ 1967 ਵਿੱਚ ਸੂਬਿਆਂ ਵਿਚ ਕੁਝ ਸਰਕਾਰਾਂ ਵਿਰੋਧੀ ਧਿਰ ਦੀਆਂ ਬਣੀਆਂ, ਜਿਹਨਾਂ ਨੂੰ ਕੇਂਦਰ ਦੀ ਕਾਂਗਰਸ ਸਰਕਾਰ ਨੇ ਸਮੇਂ ਤੋਂ ਪਹਿਲਾਂ ਭੰਗ ਕਰਵਾਕੇ ਨਵੇਂ ਸਿਰੇ ਤੋਂ ਚੋਣਾਂ ਕਰਵਾ ਦਿੱਤੀਆਂ। ਇੰਜ ਇਕੋ ਵੇਲੇ ਦੀ ਚੋਣਾਂ ਦੀ ਲੜੀ ਟੁੱਟ ਗਈ।
ਇਥੇ ਹੁਣ ਇਹ ਸਵਾਲ ਪੈਦਾ ਹੁੰਦਾ ਹੈ ਕਿ ਕੀ ਦੇਸ਼ 'ਚ ਇਕੋ ਸਮੇਂ ਚੋਣ ਅਮਲ ਲਾਗੂ ਕਰਨਾ ਸੰਭਵ ਹੈ ਜਾਂ ਫਿਰ ਇਹ ਚੋਣ ਸਟੰਟ ਹੈ। ਲੋਕ ਸਭਾ ਅਤੇ ਵਿਧਾਨ ਸਭਾਵਾਂ ਦੀ ਇਕੋ ਵੇਲੇ ਕਰਾਉਣ ਲਈ ਘੱਟੋ-ਘੱਟ ਪੰਜ ਸੰਵਿਧਾਨਿਕ ਸੋਧਾਂ ਕਰਨੀਆਂ ਪੈਣਗੀਆਂ।
ਉਸ ਵਿਚ ਧਾਰਾ 83 ਸਦਨਾਂ ਦੇ ਸਮੇਂ ਸੰਬੰਧੀ ਹੈ, ਧਾਰਾ 85 ਲੋਕ ਸਭਾ ਭੰਗ ਕਰਨ ਸਬੰਧੀ ਹੈ, ਧਾਰਾ 172 ਸੂਬਿਆਂ ਦੀਆਂ ਵਿਧਾਨ ਸਭਾਵਾਂ ਦੇ ਸਮੇਂ ਸਬੰਧੀ ਹੈ, ਧਾਰਾ 174 ਸੂਬਿਆਂ ਦੀਆਂ ਸਰਕਾਰਾਂ ਸਮੇਂ ਤੋਂ ਪਹਿਲਾਂ ਭੰਗ ਕਰਨ ਸਬੰਧੀ ਹੈ ਅਤੇ ਧਾਰਾ 356 ਸੂਬਿਆਂ ਵਿਚ ਰਾਸ਼ਟਰਪਤੀ ਰਾਜ ਲਾਗੂ ਕਰਨ ਸਬੰਧੀ ਹੈ।
ਦੇਸ਼ ਵਿਚ ਚੋਣਾਂ ਜੂਨ 2024 'ਚ ਹੋਣੀਆਂ ਹਨ। ਜੇਕਰ ਇਕ ਦੇਸ਼ ਇਕ ਚੋਣ ਲਾਗੂ ਕਰਨ ਦਾ ਅਮਲ ਸ਼ੁਰੂ ਹੁੰਦਾ ਹੈ ਤਾਂ ਲੋਕ ਸਭਾ ਸਮੇਂ ਤੋਂ ਪਹਿਲਾਂ ਭੰਗ ਕਰਨੀ ਪਵੇਗੀ, ਕਿਉਂਕਿ ਪੰਜ ਰਾਜਾਂ ਮਿਜ਼ੋਰਮ, ਮੱਧ ਪ੍ਰਦੇਸ਼, ਛੱਤੀਸਗੜ੍ਹ, ਤਿਲੰਗਾਨਾ ਅਤੇ ਰਾਜਸਥਾਨ 'ਚ ਚੋਣਾਂ ਹੋਣ ਵਾਲੀਆਂ ਹਨ। ਇੰਜ ਲੋਕ ਸਭਾ ਚੋਣਾਂ ਸਮੇਂ ਤੋਂ ਪਹਿਲਾਂ ਭਾਵ ਨਵੰਬਰ, ਦਸੰਬਰ 2023 'ਚ ਕਰਨੀਆਂ ਪੈਣਗੀਆਂ ਅਤੇ ਆਂਧਰਾ ਪ੍ਰਦੇਸ਼, ਉੜੀਸਾ, ਸਿੱਕਮ ਅਤੇ ਅਰੁਨਾਚਲ ਪ੍ਰਦੇਸ਼ ਦੇ ਵਿੱਚ ਵੀ ਚੋਣਾਂ ਮਈ-ਜੂਨ 2024 'ਚ ਹੋਣੀਆਂ ਹਨ, ਪਰ ਜੇਕਰ ਇਕੋ ਵੇਲੇ ਚੋਣਾਂ ਕਰਾਉਣ ਦੀ ਗੱਲ ਪੱਕੀ ਹੁੰਦੀ ਹੈ ਤਾਂ ਇਹਨਾਂ ਵਿਧਾਨ ਸਭਾਵਾਂ ਨੂੰ ਭੰਗ ਕਰਕੇ ਇਸ ਨੂੰ ਅਮਲ ਵਿਚ ਲਿਆਉਣਾ ਪਵੇਗਾ। ਫਿਰ ਚੁਣੀਆਂ ਨਗਰ ਪਾਲਿਕਾਵਾਂ ਅਤੇ ਪੰਚਾਇਤ ਸੰਸਥਾਵਾਂ ਦਾ ਕੀ ਬਣੇਗਾ? ਪਰ ਜਿਹਨਾਂ ਸੂਬਿਆਂ 'ਚ ਚੋਣਾਂ 2020, 2021, 2022 ਅਤੇ 2023 'ਚ ਹੋਈਆਂ ਹਨ ਅਤੇ ਲੋਕਾਂ ਨੇ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਸੱਤਾ ਸੌਂਪੀ ਸੀ, ਉਹਨਾਂ ਸੂਬਾਂ ਸਰਕਾਰਾਂ ਦਾ ਕੀ ਹੋਏਗਾ ਕਿਉਂਕਿ ਇਹਨਾਂ ਵਿਚੋਂ ਬਹੁਤੀਆਂ ਭਾਜਪਾ ਵਿਰੋਧੀ ਹਨ ਅਤੇ ਉਹ ਆਪੋ ਆਪਣੀਆਂ ਵਿਧਾਨ ਸਭਾਵਾਂ 'ਚ ਵਿਧਾਨ ਸਭਾ ਭੰਗ ਕਰਨ ਦੇ ਮਤੇ ਨਹੀਂ ਪਾਉਂਣਗੀਆਂ ਕਿਉਂਕਿ ਦੇਸ਼ ਦੀਆਂ 28 ਸਿਆਸੀ ਪਾਰਟੀਆਂ ਜੋ ਇਕ ਬੈਨਰ ਇੰਡੀਆ ਹੇਠ ਇਕੱਠੀਆਂ ਹੋਈਆਂ ਹਨ। ਉਹਨਾਂ ਨੇ ਸਰਕਾਰ ਦੇ ਇਕ ਦੇਸ਼ ਇਕ ਚੋਣ ਦੇ ਵਿਚਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਇਹ ਦੇਸ਼ ਦੇ ਸੰਘੀ ਢਾਂਚੇ ਉੱਪਰ ਬਹੁਤ ਵੱਡਾ ਹਮਲਾ ਹੈ।
ਦੇਸ਼ ਦੀ ਹਾਕਮ ਧਿਰ ਇਹ ਕਹਿੰਦੀ ਹੈ ਕਿ ਇਕ ਦੇਸ਼ ਇਕ ਚੋਣ ਸਮੇਂ ਦੀ ਲੋੜ ਹੈ। ਉਸ ਅਨੁਸਾਰ ਇਕੋ ਵੇਲੇ ਚੋਣਾਂ ਕਰਾਉਣ ਨਾਲ ਸਰਕਾਰੀ ਖਜ਼ਾਨੇ ਨੂੰ ਭਾਰੀ ਬੱਚਤ ਹੋਏਗੀ ਅਤੇ ਵਾਰ-ਵਾਰ ਚੋਣਾਂ ਕਰਾਉਣ ਨਾਲ ਪ੍ਰਸ਼ਾਸਨਿਕ ਅਤੇ ਕਾਨੂੰਨ ਵਿਵਸਥਾ ਸਬੰਧੀ ਪੈਦਾ ਹੁੰਦੀਆਂ ਉਲਝਣਾਂ ਤੋਂ ਛੁਟਕਾਰਾ ਮਿਲੇਗਾ। ਉਹਨਾਂ ਅਨੁਸਾਰ ਦੇਸ਼ 'ਚ ਚੋਣਾਂ ਜਾਂ ਉਪ ਚੋਣਾਂ ਕਾਰਨ ਜੋ ਚੋਣ ਜਾਬਤਾ ਲਗਦਾ ਹੈ ਅਤੇ ਵਿਕਾਸ ਦੇ ਕੰਮ ਇਸ ਸਮੇਂ ਰੋਕਣੇ ਪੈਂਦੇ ਹਨ, ਉਸ ਤੋਂ ਛੁਟਕਾਰਾ ਮਿਲੇਗਾ ਅਤੇ ਕਲਿਆਣਕਾਰੀ ਯੋਜਨਾਵਾਂ ਉੱਤੇ ਉਲਟ ਅਸਰ ਚੋਣਾਂ ਕਾਰਨ ਨਹੀਂ ਪਵੇਗਾ। ਪਰ ਸਵਾਲ ਤਾਂ ਵੱਡਾ ਇਹ ਹੈ ਕਿ ਜਦੋਂ ਕੇਂਦਰ 'ਚ ਕਾਬਜ ਹਾਕਮ ਧਿਰ ਵਿਰੋਧੀ ਪਾਰਟੀ ਦੀਆਂ ਚੁਣੀਆਂ ਸਰਕਾਰਾਂ ਨੂੰ ਭੰਗ ਕਰ ਦੇਵੇਗੀ, ਤਾਂ ਫਿਰ ਉਹਨਾਂ ਰਾਜਾਂ ਵਿਚ ਚੋਣ ਅਮਲ ਕੀ ਰੁਕਿਆ ਰਹੇਗਾ ਅਤੇ ਉਸ ਸਮੇਂ ਤੱਕ ਸੂਬਾ ਉਡੀਕ ਕਰੇਗਾ ਅਤੇ ਰਾਸ਼ਟਰਪਤੀ ਰਾਜ ਸਹਿੰਦਾ ਰਹੇਗਾ, ਜਦੋਂ ਤੱਕ ਅਗਲੀ ਲੋਕ ਸਭਾ ਚੋਣ ਨਹੀਂ ਕਰਵਾਈ ਜਾਂਦੀ।
ਦੇਸ਼ ਦੀ ਸਰਕਾਰ ਨੇ 18 ਸਤੰਬਰ ਤੋਂ 24 ਸਤੰਬਰ 2023 ਤੱਕ ਪਾਰਲੀਮੈਂਟ ਦਾ ਇਜਲਾਸ ਸੱਦਿਆ ਹੈ। ਸੰਭਵ ਹੈ ਕਿ ਇਹ ਮੁੱਦਾ ਵਿਚਾਰਿਆ ਜਾਵੇ। ਪਰ ਕੀ ਸਰਕਾਰ, ਦੇਸ਼ ਦੀ ਵਿਰੋਧੀ ਧਿਰ ਨੂੰ ਇਸ ਸਬੰਧੀ ਮਨਾਉਣ ਸਫ਼ਲ ਹੋਵੇਗੀ? ਵਿਰੋਧੀ ਧਿਰ ਤਾਂ ਭਾਜਪਾ ਉੱਤੇ ਇਲਜਾਮ ਲਗਾ ਰਹੀ ਹੈ ਕਿ ਇਹ ਭਾਜਪਾ ਦੀ ਚੋਣਾਂ 'ਚ ਲਾਹਾ ਲੈਣ ਦੀ ਤਰਕੀਬ ਹੈ।
ਅਸਲ ਵਿੱਚ ਭਾਜਪਾ ਅਗਲੀਆਂ 2024 ਦੀਆਂ ਚੋਣਾਂ 'ਚ ਹਰ ਹੀਲੇ ਮੁੜ ਸੱਤਾ 'ਤੇ ਕਾਬਜ ਹੋਣ ਲਈ ਪੱਬਾਂ ਭਾਰ ਹੋਈ ਪਈ ਹੈ। ਉਸ ਉੱਤੇ ਇਕ ਦੇਸ਼, ਇਕ ਧਰਮ, ਇਕ ਬੋਲੀ ਲਾਗੂ ਕਰਨ ਦੇ ਇਲਜਾਮ ਵੀ ਲੱਗ ਰਹੇ ਹਨ ਅਤੇ ਇਹ ਵੀ ਇਲਜਾਮ ਲੱਗਦੇ ਹਨ ਕਿ ਉਸ ਵਲੋਂ ਦੇਸ਼ ਵਿਚ ਫਿਰਕੂ ਪਾੜਾ ਪਾਉਣ ਦੇ ਯਤਨ ਹੋ ਰਹੇ ਹਨ।
ਭਾਜਪਾ ਦੇਸ਼ ਵਿਚ ਘੱਟ ਗਿਣਤੀਆਂ ਨੂੰ ਪਿੱਛੇ ਧੱਕ ਕੇ ਧਰਮ ਅਧਾਰਤ ਰਾਜ ਦੀ ਸਥਾਪਨਾ ਦਾ ਜੋ ਏਜੰਡਾ ਲਾਗੂ ਕਰਨ ਦੇ ਰਾਹ ਉੱਤੇ ਹੈ, ਉਸ ਲਈ ਇਕ ਦੇਸ਼ ਇਕ ਚੋਣ ਵਰਗਾ ਅਮਲ ਇਕ ਵੱਡੀ ਪੁਲਾਂਘ ਸਾਬਤ ਹੋਵੇਗਾ। ਇਸ ਅਮਲ ਦੇ ਲਾਗੂ ਹੋਣ ਨਾਲ ਇਕੋ ਸਖ਼ਸ ਨਰੇਂਦਰ ਮੋਦੀ ਦਾ ਅਕਸ ਹਰ ਥਾਂ ਉਭਾਰਨ ਦਾ ਯਤਨ ਹੋਵੇਗਾ। ਭਾਵੇਂ ਕਿ ਸੂਬਿਆਂ ਦੀਆਂ ਸਰਕਾਰਾਂ ਦੀ ਚੋਣ ਵਿਚ ਕੁਝ ਸਥਾਨਕ ਮੁੱਦੇ ਵੀ ਕੰਮ ਕਰਦੇ ਹਨ ਅਤੇ ਰਾਸ਼ਟਰ ਚੋਣਾਂ 'ਚ ਕੁੱਝ ਹੋਰ ਮੁੱਦੇ। ਇਸ ਅਮਲ ਦੇ ਲਾਗੂ ਹੁੰਦਿਆਂ ਲੋਕ ਭੰਬਲਭੂਸੇ ਵਾਲੀ ਸਥਿਤੀ 'ਚ ਫਸਣਗੇ।
ਪਰ ਸਵਾਲ ਇਹ ਵੀ ਉੱਠਦਾ ਹੈ ਕਿ ਦੇਸ਼ ਵਿਚ ਕੇਂਦਰ, ਸੂਬਾ ਸਰਕਾਰਾਂ ਦੇ ਨਾਲ-ਨਾਲ ਸਥਾਨਕ ਸਰਕਾਰਾਂ ਦੀਆਂ ਚੋਣਾਂ ਹੁੰਦੀਆਂ ਹਨ ਜੋ ਕਿ ਸੰਵਿਧਾਨਕ ਅਮਲ ਹੈ, ਪਰ ਇਕ ਦੇਸ਼ ਇਕ ਚੋਣ 'ਚ ਕੇਂਦਰ, ਸੂਬਾ ਅਤੇ ਸਥਾਨਕ ਸਰਕਾਰਾਂ ਦੀ ਚੋਣ ਇਕੋ ਵੇਲੇ ਕਰਵਾਏ ਜਾਣਾ ਕੀ ਸੰਭਵ ਹੋਏਗਾ? ਕੀ ਭਾਰਤ ਵਰਗੇ ਵਿਸ਼ਾਲ ਦੇਸ਼ ਦੇ ਲੋਕ ਇਸ ਸਮੁੱਚੇ ਅਮਲ ਕੇਂਦਰ, ਰਾਜ, ਸਥਾਨਕ ਸਰਕਾਰਾਂ ਦੀ ਚੋਣ 'ਚ ਇਕੋ ਵੇਲੇ ਯੋਗ ਉਮੀਦਵਾਰਾਂ ਦੀ ਚੋਣ ਕਰ ਸਕਣਗੇ? ਕੀ ਸਥਾਨਕ ਮੁੱਦੇ ਇਸ ਅਮਲ 'ਚ ਲੁਪਤ ਹੋ ਕੇ ਨਹੀਂ ਰਹਿ ਜਾਣਗੇ? ਕੀ ਇਲਾਕਾਈ ਪਾਰਟੀਆਂ ਦੀ ਹੋਂਦ ਨੂੰ ਖ਼ਤਰਾ ਨਹੀਂ ਪੈਦਾ ਹੋ ਜਾਏਗਾ?
ਉਂਜ ਵੀ ਇਕੋ ਵੇਲੇ ਚੋਣਾਂ ਕਰਾਉਣ ਲਈ ਈਵੀਐਮ ਮਸ਼ੀਨ ਕਰੀਦਣ ਲਈ 2019 'ਚ ਖ਼ਰਚੇ ਦਾ ਅੰਦਾਜ਼ਾ ਚੋਣ ਕਮਿਸ਼ਨ ਨੇ 4500 ਕਰੋੜ ਲਗਾਇਆ ਸੀ ਅਤੇ ਈਵੀਐਮ ਮਸ਼ੀਨਾਂ ਦੀ ਮਿਆਦ 15 ਸਾਲ ਹੁੰਦੀ ਹੈ ਭਾਵ ਸਿਰਫ਼ ਤਿੰਨ ਵੇਰ ਚੋਣਾਂ ਲਈ ਇਹ ਮਸ਼ੀਨ ਵਰਤੀ ਜਾਏਗੀ। ਕੀ ਇਹ ਖ਼ਰਚੀਲਾ ਪ੍ਰਬੰਧ ਨਹੀਂ ਹੋਏਗਾ? ਉਂਜ ਵੀ ਜਦੋਂ ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਤੋਂ ਇਸ ਸਬੰਧੀ 2019 'ਚ ਰਾਏ ਮੰਗੀ ਸੀ ਤਾਂ ਕਾਂਗਰਸ, ਭਾਜਪਾ ਨੇ ਕੋਈ ਰਾਏ ਨਹੀਂ ਸੀ ਦਿੱਤੀ ਜਦਕਿ ਏਆਈਡੀਐਮਕੇ, ਸ਼੍ਰੋਮਣੀ ਅਕਾਲੀ ਦਲ(ਬਾਦਲ) ਐਸਪੀ, ਟੀਆਰਐਸ ਕੁੱਲ ਚਾਰ ਪਾਰਟੀਆਂ ਇਸਦੇ ਹੱਕ ਵਿੱਚ ਸਨ ਜਦਕਿ 9 ਸਿਆਸੀ ਪਾਰਟੀਆਂ ਟੀਐਮਸੀ, ਆਪ, ਡੀਐਮਕੇ, ਟੀਡੀਪੀ, ਸੀਪੀਆਈ, ਸੀਪੀਐਮ, ਜੇਡੀਐਸ, ਗੋਆ ਫਾਰਵਡ ਬਲੋਕ ਆਦਿ ਇਸਦੇ ਵਿਰੋਧ ਵਿੱਚ ਸਨ।
ਜੇਕਰ ਪਾਰਲੀਮੈਂਟ ਵਿੱਚ 18 ਤੋਂ 24 ਸਤੰਬਰ 2023 ਨੂੰ ਇਸ ਉਤੇ ਵਿਚਾਰ ਚਰਚਾ ਹੁੰਦੀ ਹੈ, ਕੋਵਿੰਦ ਕਮੇਟੀ ਵਲੋਂ ਸਿਫ਼ਾਰਸ਼ਾਂ ਨੂੰ ਬਾਅਦ ਵਿੱਚ ਪ੍ਰਵਾਨ ਕਰ ਲਿਆ ਜਾਂਦਾ ਹੈ ਅਤੇ ਇਸ 'ਤੇ ਅਮਲ ਕਰਕੇ ਇੱਕ ਦੇਸ਼ ਇੱਕ ਚੋਣ ਪ੍ਰੀਕਿਰਿਆ ਨੂੰ ਲਾਗੂ ਕਰ ਦਿੱਤਾ ਜਾਂਦਾ ਹੈ ਤਾਂ ਭਾਰਤ ਦੁਨੀਆ ਭਰ ਵਿੱਚ ਚੌਥਾ ਇਹੋ ਜਿਹਾ ਦੇਸ਼ ਬਣ ਜਾਏਗਾ ਜਿਥੇ ਇੱਕ ਦੇਸ਼ ਇਕ ਚੋਣ ਕਰਵਾਈ ਜਾਂਦੀ ਹੈ। ਦੂਜੇ ਹੋਰ ਤਿੰਨ ਦੇਸ਼ ਬੈਲਜੀਅਮ ਜਿਸਦੀ ਆਬਾਦੀ 2021 'ਚ 1ਕਰੋੜ 16 ਲੱਖ ਸੀ, ਸਵੀਡਨ ਜਿਸਦੀ ਆਬਾਦੀ 1 ਕਰੋੜ 4 ਲੱਖ ਸੀ ਅਤੇ ਸਾਊਥ ਅਫ਼ਰੀਕਾ ਜਿਸਦੀ ਆਬਾਦੀ 5 ਕਰੋੜ 94 ਲੱਖ ਸੀ, ਸ਼ਾਮਲ ਹਨ ਪਰ ਕੀ 140 ਕਰੋੜ ਤੋਂ ਵੱਧ ਆਬਾਦੀ ਵਾਲੇ ਦੇਸ਼ ਇਸ ਵਿਸ਼ਾਲ ਦੇਸ਼ ਵਿੱਚ ਕੀ ਐਡੀ ਵੱਡੀ ਪ੍ਰੀਕਿਰਿਆ ਸਫ਼ਲਤਾ ਨਾਲ ਲਾਗੂ ਕੀਤੀ ਜਾ ਸਕੇਗੀ?
ਇਕ ਹੋਰ ਸਵਾਲ ਇਹ ਕਿ ਲੋਕ ਸਭਾ, ਵਿਧਾਨ ਸਭਾਵਾਂ ਜਾਂ ਸਥਾਨਕ ਸਰਕਾਰਾਂ ਦੇ ਇਕੋ ਵੇਲੇ ਸੰਯੁਕਤ ਪ੍ਰੀਕਿਰਿਆ ਲਾਗੂ ਹੋਣ 'ਤੇ ਕੀ ਜਦੋਂ ਕਦੇ ਲੋਕ ਸਭਾ ਨੂੰ ਅਗਾਊਂ ਭੰਗ ਕਰਨ ਦੀ ਸਥਿਤੀ ਬਣ ਜਾਂਦੀ ਹੈ ਤਾਂ ਕੀ ਦੇਸ਼ ਦੇ ਸੂਬਿਆਂ ਦੀਆਂ ਸਰਕਾਰਾਂ ਵੀ ਭੰਗ ਹੋ ਜਾਣਗੀਆਂ ਤੇ ਮੁੜ ਨਾਲ ਹੀ ਇਹਨਾਂ ਸੰਸਥਾਵਾਂ ਦੀ ਚੋਣ ਹੋਵੇਗੀ ਤਾਂ ਫਿਰ ਦੇਸ਼ ਦੇ ਸੰਘੀ ਢਾਂਚੇ ਦੀ ਸੰਵਿਧਾਨਕ ਤੌਰ 'ਤੇ ਸੰਘੀ ਨਹੀਂ ਘੁੱਟੀ ਜਾਏਗੀ। ਕੀ ਦੁਨੀਆਂ ਦਾ ਸਭ ਤੋਂ ਵੱਡਾ ਲੋਕਤੰਤਰਿਕ ਦੇਸ਼ ਫਿਰ ਆਪਣੀ ਹੋਂਦ ਨਹੀਂ ਗੁਆ ਬੈਠੇਗਾ?
ਅਸਲ 'ਚ ਭਾਜਪਾ ਦਾ ਨਿਸ਼ਾਨਾ ਤਾਂ ਇਕੋ ਹੈ, ਉਹ ਇਹ ਹੈ ਕਿ ''ਮੋਦੀ ਫੈਕਟਰ'' ਵਰਤਕੇ, ਲੋਕ ਸਭਾ, ਸੂਬਾ ਸਰਕਾਰਾਂ 'ਚ ਆਪਣੇ ਨੁਮਾਇੰਦਿਆਂ ਰਾਹੀਂ ਸਰਕਾਰਾਂ 'ਤੇ ਕਬਜਾ ਕਰ ਲਿਆ ਜਾਵੇ ਅਤੇ ਦੇਸ਼ ਦੇ ਸੰਵਿਧਾਨ ਨੂੰ ਬਦਲਣ ਦਾ ਅਮਲ ਆਰੰਭਿਆ ਜਾਏ ਜਿਸਦੀ ਚਰਚਾ ਇਹਨਾਂ ਦਿਨਾਂ 'ਚ ਆਮ ਹੈ। ਭਾਜਪਾ ਦੀ ਮਨਸ਼ਾ ਇਹ ਹੈ ਕਿ ਅਤੇ ਦੇਸ਼ 'ਚ ਸੂਬਿਆਂ ਦੀਆਂ ਸਰਕਾਰਾਂ ਨੂੰ ਗੁੱਠੇ ਲਾਕੇ, ਲੋਕਤੰਤਰ ਦੀ ਪਰਿਭਾਸ਼ਾ ਹੀ ਬਦਲ ਦਿੱਤੀ ਜਾਵੇ।
-
ਗੁਰਮੀਤ ਪਲਾਹੀ,
gurmitpalahi@yahoo.com
9815802070
Disclaimer : The opinions expressed within this article are the personal opinions of the writer/author. The facts and opinions appearing in the article do not reflect the views of Babushahi.com or Tirchhi Nazar Media. Babushahi.com or Tirchhi Nazar Media does not assume any responsibility or liability for the same.