ਔਰਤਾਂ ਲਈ ਇਨਸਾਫ਼ 'ਚ ਦੇਰੀ - ਬੰਦੇ ਦੇ ਬਿਰਖ ਹੋਣ ਵਾਂਗਰ
- ਗੁਰਮੀਤ ਸਿੰਘ ਪਲਾਹੀ
ਭਾਰਤ ਵਿੱਚ ਔਰਤਾਂ ਲਈ ਅਦਾਲਤੀ ਇਨਸਾਫ਼ ਦੀ ਤਸਵੀਰ ਇਹਨਾਂ ਦੋ ਅਦਾਲਤੀ ਫ਼ੈਸਲਿਆਂ ਤੋਂ ਵੇਖੀ ਜਾ ਸਕਦੀ ਹੈ:
ਕੁੱਝ ਸਮਾਂ ਪਹਿਲਾਂ ਮੁੰਬਈ ਉੱਚ ਅਦਾਲਤ (ਹਾਈਕੋਰਟ) ਵੱਲੋਂ ਅੱਸੀ ਸਾਲਾਂ ਤੋਂ ਚੱਲ ਰਹੇ ਜਾਇਦਾਦ ਦੇ ਮਾਮਲੇ ਵਿੱਚ ਫ਼ੈਸਲਾ ਲੈਂਦਿਆਂ ਇੱਕ 93 ਸਾਲ ਦੀ ਔਰਤ ਨੂੰ ਦੋ ਫਲੈਟ ਸੌਂਪਣ ਦਾ ਫ਼ੈਸਲਾ ਕੀਤਾ, ਜੋ ਇਸਦੀ ਅਸਲੀ ਮਾਲਕ ਸੀ। ਉਹ 80 ਸਾਲ ਅਦਾਲਤਾਂ ਵਿੱਚ ਧੱਕੇ ਖਾਂਦੀ ਰਹੀ, ਉਸਦੀ ਪੂਰੀ ਜ਼ਿੰਦਗੀ ਭਾਰਤੀ ਕਾਨੂੰਨ ਵਿਵਸਥਾ, ਇਸਦੀਆਂ ਉਲਝਣਾਂ ਅਤੇ ਹੌਲੀ ਮਟਕੀਲੀ ਤੌਰ ਦੇ ਲੇਖੇ ਲੱਗ ਗਈ।
ਪਿਛਲੇ ਦਿਨੀਂ ਦੇਸ਼ ਦੀ ਸਰਬ ਉੱਚ ਅਦਾਲਤ (ਸੁਪਰੀਮ ਕੋਰਟ) ਦੀ ਇੱਕ ਟਿੱਪਣੀ ਧਿਆਨ ਮੰਗਦੀ ਹੈ:
ਇਹ ਟਿੱਪਣੀ ਕਾਨੂੰਨੀ ਪ੍ਰਕਿਰਿਆ ਨਾਲ ਜੁੜੀ ਹੋਈ ਹੈ। ਇਸਦੀ ਦੇਸ਼ ਭਰ ਵਿੱਚ ਚਰਚਾ ਹੋਈ। ਅਸਲ ਵਿੱਚ ਸੁਪਰੀਮ ਕੋਰਟ ਨੇ ਗੁਜਰਾਤ ਹਾਈਕੋਰਟ ਦੇ ਇੱਕ ਉਸ ਫੈਸਲੇ ਉੱਤੇ ਨਰਾਜ਼ਗੀ ਪ੍ਰਗਟ ਕੀਤੀ ਜੋ ਔਰਤ ਦੇ ਗਰਭਵਤੀ ਹੋਣ ਦੇ ਮਾਮਲੇ ਨਾਲ ਜੁੜਿਆ ਹੋਇਆ ਹੈ। ਔਰਤ ਨਾਲ ਬਲਾਤਕਾਰ ਹੋਇਆ ਸੀ, ਉਸਦੇ ਗਰਭ ਵਿੱਚ ਬੱਚਾ ਸੀ। ਉਹ ਇਸ ਨਜਾਇਜ਼ ਬੱਚੇ ਨੂੰ ਸਮਾਂ ਰਹਿੰਦਿਆਂ ਪੇਟ ਵਿੱਚੋਂ ਖ਼ਤਮ ਕਰਨ ਦੀ ਅਦਾਲਤ ਤੋਂ ਆਗਿਆ ਮੰਗ ਰਹੀ ਸੀ।
ਹਾਈਕੋਰਟ ਨੇ ਇਸ ਮਾਮਲੇ ਨੂੰ ਲਟਕਾਈ ਰੱਖਿਆ। ਸੁਣਵਾਈ ਲਈ ਮਾਮਲਾ ਸੂਚੀਬੱਧ ਕਰਨ ਲਈ ਹੀ 12 ਦਿਨ ਲਗਾ ਦਿੱਤੇ। ਜਦਕਿ ਹਰ ਦਿਨ ਦੀ ਦੇਰੀ ਇਸ ਅਵਸਥਾ ਵਿੱਚ ਬੱਚੇ ਨੂੰ ਗਿਰਾਉਣ ਵਿੱਚ ਔਰਤ ਦੀ ਜਾਨ ਦਾ ਖੌਅ ਬਣ ਸਕਦੀ ਸੀ। ਇਹ ਔਰਤ 26 ਹਫ਼ਤਿਆਂ ਤੋਂ ਗਰਭਵਤੀ ਸੀ। ਇਸ ਔਰਤ ਦੀ ਬੇਨਤੀ ਉੱਚ ਅਦਾਲਤ ਵਲੋਂ ਕੋਈ ਹੁਕਮ ਜਾਰੀ ਕੀਤੇ ਬਿਨਾਂ ਹੀ ਖਾਰਜ ਕਰ ਦਿੱਤੀ। ਇਹ ਔਰਤ ਸਰੀਰਕ ਤੌਰ 'ਤੇ ਤਾਂ ਪ੍ਰੇਸ਼ਾਨ ਸੀ ਹੀ, ਮਾਨਸਿਕ ਤੌਰ 'ਤੇ ਬੁਰੀ ਤਰ੍ਹਾਂ ਪੀੜਾ ਹੰਢਾ ਰਹੀ ਸੀ।
ਘਟਨਾ ਅਪਰਾਧਿਕ ਹੋਵੇ ਜਾਂ ਬਲਾਤਕਾਰ ਨਾਲ ਸਬੰਧਿਤ, ਔਰਤਾਂ ਦੇ ਇਹੋ ਜਿਹੇ ਮਾਮਲਿਆਂ ਵਿੱਚ ਸੁਣਵਾਈ ਲਈ ਦੇਰੀ ਉਹਨਾ ਲਈ ਬੇਹੱਦ ਕਸ਼ਟਦਾਇਕ ਹੈ। ਉਹਨਾਂ ਲਈ ਨਿੱਤਪ੍ਰਤੀ ਗੰਭੀਰ ਸਥਿਤੀਆਂ ਅਤੇ ਸਮੱਸਿਆਵਾਂ ਪੈਦਾ ਕਰਦੀ ਹੈ। ਕਈ ਵਾਰ ਇਹੋ ਜਿਹੀਆਂ ਸਥਿਤੀਆਂ ਵਿੱਚ ਮਾਪੇ ਅਣਸੁਰੱਖਿਅਤ ਗਰਭਪਾਤ ਦਾ ਫ਼ੈਸਲਾ ਲੈਂਦੇ ਹਨ, ਜਿਸ ਨਾਲ ਔਰਤਾਂ, ਲੜਕੀਆਂ ਦੀ ਜਾਨ ਤੱਕ ਚਲੀ ਜਾਂਦੀ ਹੈ।
ਭਾਰਤ ਵਿਚ ਅਣਸੁਰੱਖਿਅਤ ਗਰਭਪਾਤ ਦੇ ਅੰਕੜੇ ਤਾਂ ਪਹਿਲਾਂ ਹੀ ਬਹੁਤ ਤਕਲੀਫ਼ਦੇਹ ਹਨ। 2022 ਵਿੱਚ ਸੰਯੁਕਤ ਰਾਸ਼ਟਰ ਨੇ ਵਿਸ਼ਵ ਜਨਸੰਖਿਆ ਰਿਪੋਰਟ ਛਾਪੀ ਹੈ। ਜਿਸ ਅਨੁਸਾਰ ਭਾਰਤ ਵਿੱਚ ਹਰ ਦਿਨ ਅੱਠ ਔਰਤਾਂ ਅਣਸੁਰੱਖਿਅਤ ਗਰਭਪਾਤ ਦੇ ਕਾਰਨ ਮੌਤ ਦੇ ਮੂੰਹ ਵਿੱਚ ਚਲੀਆਂ ਜਾਂਦੀਆਂ ਹਨ।
ਭਾਰਤ ਵਿੱਚ ਪਰਿਵਾਰ ਸਿਹਤ ਸਰਵੇ -5 ਦੇ ਅੰਕੜੇ ਵੀ ਡਰਾਉਣੇ ਹਨ। ਉਸ ਅਨੁਸਾਰ ਦੇਸ਼ ਵਿੱਚ ਜੋ ਕੁੱਲ ਗਰਭਪਾਤ ਹੁੰਦਾ ਹੈ, ਉਸ ਦਾ ਚੋਥਾ ਹਿੱਸਾ ਘਰਾਂ ਵਿੱਚ ਹੀ ਹੁੰਦਾ ਹੈ, ਇਹ ਸਥਾਨਕ ਦਾਈਆਂ ਕਰਦੀਆਂ ਹਨ। ਇਹੋ ਜਿਹੇ ਹਾਲਾਤਾਂ ਵਿੱਚ ਇਹ ਸਮਝਣਾ ਔਖਾ ਨਹੀਂ ਕਿ ਜੋਨ ਹਿੰਸਾ ਦੀਆਂ ਸ਼ਿਕਾਰ ਔਰਤਾਂ, ਲੜਕੀਆਂ ਨੂੰ ਅਣਸੁਰੱਖਿਅਤ ਗਰਭਪਾਤ ਦਾ ਰਸਤਾ ਹੀ ਚੁਣਨਾ ਪੈਂਦਾ ਹੈ। ਕਈ ਔਰਤਾਂ, ਲੜਕੀਆਂ ਜਿਹੜੀਆਂ ਯੋਨ ਹਿੰਸਾ, ਬਲਾਤਕਾਰ ਦਾ ਸ਼ਿਕਾਰ ਹੋ ਜਾਂਦੀਆਂ ਹਨ, ਉਹ ਸਮਾਜਿਕ ਡਰ ਅਤੇ ਬਦਨਾਮੀ ਦੇ ਡਰੋਂ ਖ਼ੁਦਕੁਸ਼ੀ ਦੇ ਰਾਹ ਹੀ ਪੈ ਜਾਂਦੀਆਂ ਹਨ। ਇਹ ਅਤਿ ਦੁਖਦਾਈ ਹੈ।
ਦੇਸ਼ ਵਿੱਚ ਬਲਾਤਕਾਰ ਪੀੜਤਾਂ ਲਈ ਕਾਨੂੰਨ ਹੈ, ਜਿਸ ਅਨੁਸਾਰ ਗਰਭਪਾਤ ਦੇ 24 ਹਫ਼ਤਿਆਂ ਦੇ ਸਮੇਂ ਦੌਰਾਨ ਗਰਭਪਾਤ ਦੀ ਇਜਾਜ਼ਤ ਹੈ। ਪਰ ਜੇਕਰ ਇਹ ਸਮਾਂ 24 ਹਫ਼ਤਿਆਂ ਤੋਂ ਉੱਪਰ ਹੋ ਜਾਂਦਾ ਹੈ ਤਾਂ ਅਦਾਲਤ ਵਲੋਂ ਪ੍ਰਵਾਨਗੀ ਲੈਣੀ ਪੈਂਦੀ ਹੈ। ਸਾਲ 2022 ਵਿੱਚ ਕੇਰਲ ਉੱਚ ਅਦਾਲਤ ਨੇ ਇਕ ਨਾਬਾਲਗ ਪੀੜਤਾ ਦੇ ਕੇਸ ਵਿੱਚ 28 ਹਫ਼ਤਿਆਂ ਦੇ ਗਰਭਪਾਤ ਖ਼ਤਮ ਕਰਨ ਦੀ ਆਗਿਆ ਦਿੱਤੀ।
ਦਿੱਲੀ ਅਦਾਲਤ ਨੇ 26 ਹਫ਼ਤਿਆਂ ਦੀ 13 ਸਾਲਾਂ ਬਲਾਤਕਾਰ ਪੀੜਤ ਲੜਕੀ ਨੂੰ ਇਹ ਕਹਿੰਦਿਆਂ ਗਰਭਪਾਤ ਆਗਿਆ ਦਿੱਤੀ ਕਿ ਉਹ ਇਸ ਉਮਰ ਵਿੱਚ ਮਾਂ ਬਣਨ ਦਾ ਭਾਰ ਨਹੀਂ ਚੁੱਕ ਸਕਦੀ। ਉਸ ਨੂੰ ਮਾਂ ਬਣਨ ਦੇਣਾ ਉਸਦੇ ਦੁੱਖਾਂ ਅਤੇ ਪੀੜਾਂ ਵਿੱਚ ਵਾਧਾ ਕਰਨ ਬਰਾਬਰ ਹੋਵੇਗਾ।
ਔਰਤਾਂ ਨਾਲ ਘਰ ਵਿੱਚ ਜਾਂ ਬਾਹਰ ਹਿੰਸਕ ਵਰਤਾਰਾ ਵੱਧ ਰਿਹਾ ਹੈ। ਉਹਨਾਂ ਪ੍ਰਤੀ ਅਪਰਾਧਿਕ ਮਾਮਲੇ, ਜੋਨ ਹਿੰਸਾ ਤੇਜ਼ੀ ਨਾਲ ਵਧ ਰਹੀ ਹੈ ਪਰ ਦੂਜੇ ਪਾਸੇ ਕਾਨੂੰਨੀ ਮੋਰਚੇ ਤੇ ਫੈਸਲਿਆਂ ਨੂੰ ਲੈਕੇ ਸੁਣਵਾਈ ਵਿੱਚ ਦੇਰੀ ਉਹਨਾਂ ਦੇ ਦੁੱਖਾਂ ਦਾ ਕਾਰਨ ਬਣਦੀ ਹੈ। ਦਰਦਨਾਕ ਸਥਿਤੀ ਵੇਖੋ ਸਮੂਹਿਕ ਬਲਾਤਕਾਰ ਮਾਮਲਿਆਂ ਵਿੱਚ ਅਦਾਲਤਾਂ ਵਿੱਚ ਕੇਸ ਸਾਲਾਂ ਬੱਧੀ ਲਟਕਦੇ ਹਨ, ਤਾਰੀਖ ਦਰ ਤਾਰੀਖ ਅਤੇ ਫੈਸਲਿਆਂ ਦੀ ਉਡੀਕ ਬੰਦੇ ਨੂੰ ਬਿਰਖ ਜਿਹਾ ਕਰ ਦਿੰਦੀ ਹੈ। ਪ੍ਰਸਿੱਧ ਕਵੀ ਸੁਰਜੀਤ ਪਾਤਰ ਦਾ ਸ਼ਿਅਰ "ਇਸ ਅਦਾਲਤ 'ਚ ਬੰਦੇ ਬਿਰਖ ਹੋ ਗਏ, ਫ਼ੈਸਲਾ ਸੁਣਦਿਆਂ ਸੁਣਦਿਆਂ ਸੁਕ ਗਏ"। ਐਨਾਂ ਢੁੱਕਵਾਂ ਹੈ ਕਿ ਅਦਾਲਤੀ ਪ੍ਰਕਿਰਿਆ ਦੀ ਸਹੀ ਹਾਲਤ ਦਾ ਵਰਣਨ ਕਰਦਾ ਹੈ।
ਅਦਾਲਤੀ ਪ੍ਰਕਿਰਿਆ ਤਾਂ ਹੈ ਹੀ ਐਸੀ ਅਤੇ ਪੇਚੀਦਾ, ਪਰ ਵਿਡੰਬਨਾ ਇਹ ਵੀ ਹੈ ਦੇਸ਼ ਵਿੱਚ ਹਰ ਚਾਰ ਵਿੱਚੋਂ ਇੱਕ ਮਾਮਲੇ ਵਿਚ ਹੀ ਅਜਿਹਾ ਅਪਰਾਧਿਕ ਸਿੱਧ ਹੋ ਪਾਉਂਦਾ ਹੈ। ਅਦਾਲਤਾਂ ਦੇ ਗੁੰਝਲਦਾਰ ਅਤੇ ਲੰਮੇ ਝੰਜਟ ਵਿੱਚ ਹੀ ਗਵਾਹ ਮੁੱਕਰ ਜਾਂਦੇ ਹਨ, ਜਾਂ ਮੁਕਰਾ ਦਿੱਤੇ ਜਾਂਦੇ ਹਨ, ਅਤੇ ਦੋਸ਼ੀ ਸ਼ੱਕ ਦਾ ਫ਼ਾਇਦਾ ਲੈਕੇ ਬਰੀ ਹੋ ਜਾਂਦੇ ਹਨ। ਇਹੋ ਜਿਹੇ ਬਲਾਤਕਾਰੀ ਦੋਸ਼ੀ ਜਦੋਂ ਸ਼ਰੇਆਮ ਮੁੜ ਸਮਾਜ ਵਿੱਚ ਵਿਚਰਦੇ ਹਨ ਅਤੇ ਔਰਤਾਂ ਖ਼ਾਸਕਰ ਪੀੜਤ ਔਰਤਾਂ ਲਈ ਹੋਰ ਵੀ ਪੀੜਾਂ ਦੁੱਖਾਂ ਦਾ ਕਾਰਨ ਬਣਦੇ ਹਨ।
ਇਹੋ ਜਿਹੇ ਹਾਲਾਤ ਵੇਖਦਿਆਂ ਅਤੇ ਸਮਾਜ ਵਿੱਚ ਔਰਤਾਂ, ਲੜਕੀਆਂ ਨਾਲ ਹੁੰਦੇ ਵਰਤਾਓ ਅਤੇ ਹੰਢਾਏ ਜਾਂਦੇ ਸੰਤਾਪ ਦੇ ਮੱਦੇਨਜ਼ਰ ਉੱਚ ਅਦਾਲਤ ਨੇ ਟਿੱਪਣੀ ਕੀਤੀ ਸੀ ਕਿ ਜੋਨ ਸ਼ੋਸ਼ਣ, ਬਲਾਤਕਾਰ ਦੇ ਅਪਰਾਧੀਆਂ ਦੇ ਮਾਮਲੇ ਵਿੱਚ ਭਾਰਤੀ ਸੰਸਦ ਵਿੱਚ ਸਖ਼ਤ ਕਾਨੂੰਨ ਬਣਨਾ ਚਾਹੀਦਾ ਹੈ। ਅਦਾਲਤ ਬਹੁਤੀ ਵੇਰ ਦੇਸ਼ ਵਿੱਚ ਬਣੇ ਹੋਏ ਕਾਨੂੰਨਾਂ ਦੀਆਂ ਹੱਦਾਂ ਨਾਪਦਿਆਂ ਫ਼ੈਸਲੇ ਕਰਦੀ ਹੈ, ਭਾਵੇਂ ਕਿ ਉਹ ਕਦੇ ਵੀ ਵਹਿਸ਼ੀ ਦਰਿੰਦਿਆਂ ਦੇ ਹੱਕ ਵਿੱਚ ਨਹੀਂ ਹੁੰਦੇ।
ਜਿਸ ਕਿਸਮ ਦੀ ਪੀੜਾ ਬਲਾਤਕਾਰ ਦੌਰਾਨ, ਉਪਰੰਤ ਮਾਪਿਆਂ ਅਤੇ ਸਬੰਧੀਆਂ ਦੇ ਵਿਵਹਾਰ ਦੇ ਰੂਪ ਵਿੱਚ ਜਾਂ ਸਮਾਜ ਵਿੱਚ ਇਸ ਘਟਨਾ ਦੇ ਵਾਪਰਨ ਬਾਅਦ, ਫਿਰ ਅਦਾਲਤ ਵਿੱਚ ਇਨਸਾਫ਼ ਲਈ ਚੱਕਰਾਂ ਜਾਂ ਹੋਰ ਥਾਵਾਂ ਉੱਤੇ ਔਰਤਾਂ, ਲੜਕੀਆਂ ਨੂੰ ਝੱਲਣੀ ਪੈਂਦੀ ਹੈ, ਉਸ ਦਾ ਅਹਿਸਾਸ ਸ਼ਾਇਦ ਹੀ ਮਰਦ ਪ੍ਰਧਾਨ ਸਮਾਜ ਵਿੱਚ ਮਰਦ ਜੱਜਾਂ ਨੂੰ ਹੋਏਗਾ। ਔਰਤਾਂ ਜੱਜਾਂ ਇਸ ਸਥਿਤੀ ਨੂੰ ਸਮਝਣ ਲਈ ਸਾਰਥਿਕ ਇਨਸਾਫ਼ ਦੇ ਸਕਦੀਆਂ ਹਨ ਪਰ ਦੇਸ਼ ਵਿੱਚ ਕਿੰਨੀਆਂ ਮਹਿਲਾ ਜੱਜ ਹਨ, ਉਹਨਾਂ ਵਿੱਚੋਂ ਵੀ ਕਿੰਨੀਆਂ ਸਾਹਮਣੇ ਬਲਾਤਕਾਰ ਦੇ ਕੇਸ ਪੇਸ਼ ਕੀਤੇ ਜਾਂਦੇ ਹਨ? ਇਹ ਵੇਖਣਾ ਬਣਦਾ ਹੈ।
ਦੇਸ਼ ਦੀਆਂ ਹਾਈ ਕੋਰਟਾਂ ਵਿੱਚ 788 ਜੱਜ ਹਨ, ਜਿਹਨਾਂ ਵਿੱਚੋਂ 107 ਮਹਿਲਾ ਜੱਜ ਹਨ ਅਤੇ ਜੂਨ 2023 ਦੇ ਮਿਲੇ ਅੰਕੜਿਆਂ ਅਨੁਸਾਰ ਕੋਈ ਵੀ ਮਹਿਲਾ ਜੱਜ ਕਿਸੇ ਵੀ ਹਾਈਕੋਰਟ ਦੀ ਮੁੱਖ ਜੱਜ ਨਹੀਂ ਹੈ। ਆਜ਼ਾਦੀ ਦੇ 73 ਸਾਲਾਂ ਵਿੱਚ ਸੁਪਰੀਮ ਕੋਰਟ ਦੇ 268 ਜੱਜ ਬਣੇ ਹਨ ਉਹਨਾਂ ਵਿੱਚੋਂ 11 ਮਹਿਲਾ ਜੱਜ ਹੀ ਸੁਪਰੀਮ ਕੋਰਟ ਦੀਆਂ ਜੱਜ ਬਣਨ ਦਾ ਮੌਕਾ ਲੈ ਸਕੀਆਂ। ਸੁਪਰੀਮ ਕੋਰਟ ਦੀ ਕੋਈ ਜੱਜ ਮੁੱਖ ਜੱਜ ਨਹੀਂ ਬਣ ਸਕੀ। ਤੁਛ ਜਿਹੀ ਮਹਿਲਾ ਜੱਜਾਂ ਦੀ ਗਿਣਤੀ ਦੇ ਹੁੰਦਿਆਂ, ਔਰਤਾਂ ਦੇ ਮਾਮਲਿਆਂ ਦੀ ਸੰਵੇਦਨਸ਼ੀਲਤਾ, ਬਲਾਤਕਾਰਾਂ, ਘਰੇਲੂ ਹਿੰਸਾ, ਔਰਤਾਂ ਉੱਪਰ ਹੋ ਰਹੇ ਅਪਰਾਧਾਂ ਨੂੰ ਸਮਝਣ ਦੀ ਕਮੀ ਕਾਰਨ ਕੀ ਔਰਤਾਂ ਨੂੰ ਪੂਰਾ ਇਨਸਾਫ਼ ਮਿਲ ਸਕਦਾ ਹੈ, ਜਿਸ ਦੀ ਤਵੱਕੋ ਇਨਸਾਫ਼ ਦੀ ਤੱਕੜੀ ਤੋਂ ਕੀਤੀ ਜਾਂਦੀ ਹੈ।
ਮਨੀਪੁਰ ਵਿੱਚ ਔਰਤਾਂ ਨੂੰ ਨੰਗਿਆਂ ਕਰਕੇ ਭੀੜ ਵੱਲੋਂ ਘਮਾਉਣ ਦੀ ਘਟਨਾ ਅਤੇ ਸਮੂਹਿਕ ਬਲਾਤਕਾਰ ਦੀਆਂ ਹਿਰਦੇ ਵੇਦਿਕ ਘਟਨਾਵਾਂ ਸਮਾਜ ਦੇ ਮੱਥੇ ਤੇ ਕਲੰਕ ਵਾਂਗਰ ਜੁੜੀਆਂ ਨਜ਼ਰ ਆਉਂਦੀਆਂ ਹਨ ਅਤੇ ਇਨਸਾਫ਼ ਦੀ ਮੰਗ ਕਰਦੀਆਂ ਹਨ। ਪਰ ਸਮਾਜ ਵਿੱਚ ਕਠੋਰਤਾ, ਮਰਦਊਪੁਣਾਂ, ਭਿਅੰਕਰ ਅੱਖੜਪੁਣਾ, ਕੁਸੈਲਾ ਸੁਭਾਅ, ਫਿਰਕੂ ਹਵਾਵਾਂ, ਜਦੋਂ ਸ਼ੁੱਧ ਹਵਾ ਵਿੱਚ ਫੈਲਦੀਆਂ ਹਨ ਤਾਂ ਹਵਾ ਗੰਧਲੀ ਹੋ ਜਾਂਦੀ ਹੈ ਅਤੇ ਇਸਦਾ ਸਿੱਧਾ ਅਤੇ ਪਹਿਲਾ ਪ੍ਰਭਾਵ ਔਰਤਾਂ ਉੱਤੇ ਪੈਂਦਾ ਹੈ। ਇਹ ਭਾਵੇਂ ਦੋ ਦੇਸ਼ਾਂ ਵਿੱਚ ਜੰਗ ਹੋਵੇ, ਦੋ ਫ਼ਿਰਕਿਆਂ ਵਿੱਚ ਟੱਕਰ ਹੋਵੇ ਜਾਂ ਦੋ ਧਿਰਾਂ ਵਿੱਚ ਆਪਸੀ ਖਹਿਬਾਜ਼ੀ।
ਭਾਰਤ ਵਿੱਚ ਬਲਾਤਕਾਰ ਦੇ ਮਾਮਲੇ 2005 ਤੋਂ 2021 ਤੱਕ ਧਿਆਨ ਮੰਗਣ ਯੋਗ ਹਨ। ਸਾਲ 2005 ਵਿੱਚ ਬਲਾਤਕਾਰਾਂ ਦੀ ਗਿਣਤੀ 18359 ਸੀ ਜੋ ਸਾਲ 2021 ਵਿੱਚ 31,677 ਹੋ ਗਈ ਹੈ। ਕੀ ਇਹ ਕਥਿਤ ਧਰਮੀ ਦੇਸ਼ ਦੇ ਮੱਥੇ ਉੱਤੇ ਕਲੰਕ ਨਹੀਂ? ਕੀ ਇਹ ਮਨੁੱਖ ਦੀ ਦਰਿਦਰਤਾ ਦੀ ਨਿਸ਼ਾਨੀ ਨਹੀਂ? ਕੀ ਇਹ ਉਹ ਦੇਸ਼ ਲਈ ਵੱਡਾ ਸਵਾਲ ਨਹੀਂ ਜਿੱਥੇ 80 ਫੀਸਦੀ ਲੋਕ ਦੇਵੀ, ਦੇਵਤਿਆਂ ਦੀ ਪੂਜਾ ਕਰਦੇ ਹਨ। ਕੀ ਉੱਥੇ ਉਧਾਲੇ, ਬਲਾਤਕਾਰ, ਘਰੇਲੂ ਹਿੰਸਾ ਲਈ ਕੋਈ ਥਾਂ ਹੋਣੀ ਚਾਹੀਦੀ ਹੈ?
ਸਾਲ 2021 ਵਿੱਚ 43000 ਕੇਸ ਔਰਤਾਂ ਵਿਰੁੱਧ ਅੱਤਿਆਚਾਰ, ਅਪਰਾਧ ਆਦਿ ਦੇ ਦਰਜ਼ ਹੋਏ ਅਤੇ ਇਨਸਾਫ਼ ਦੀ ਉਡੀਕ ਵਿੱਚ ਮਾਸੂਮ, ਮਾਯੂਸ ਅੱਖਾਂ ਅਦਾਲਤੀ ਦਰਵਾਜਿਆਂ ਦਾ ਰੁਖ਼ ਕਰੀ ਬੈਠੀਆਂ ਹਨ।
ਸਾਲ 1992 ਦੀ ਘਟਨਾ ਹੈ। ਇੱਕ ਆਦਿਵਾਸੀ ਕੁੜੀ ਜੋ ਗੁੰਗੀ ਬੋਲੀ ਸੀ, ਉਹ ਆਪਣੀ ਰੋਜ਼ੀ ਰੋਟੀ ਲਈ ਮਜ਼ਦੂਰੀ ਕਰਿਆ ਕਰਦੀ ਸੀ। ਇਸ ਨੰਨ੍ਹੀ ਬਾਲਕਾ ਦਾ ਬਲਾਤਕਾਰ ਹੋਇਆ। ਨਿਰਭੈ ਦਾ ਦਿੱਲੀ ਦੀਆਂ ਸੜਕਾਂ ਤੇ ਬਲਾਤਕਾਰ ਅਤੇ ਕਤਲ ਕਿਸ ਨੂੰ ਯਾਦ ਨਹੀਂ। ਨਿੱਤ ਦਿਹਾੜੇ ਪੇਂਡੂ ਭਾਰਤ ਜਿਸਦੀ ਆਬਾਦੀ 70 ਫੀਸਦੀ ਹੈ, ਉੱਥੇ ਬਲਾਤਕਾਰ ਹੁੰਦੇ ਹਨ, ਕਤਲ ਹੁੰਦੇ ਹਨ, ਸੁਪਨੇ ਕਤਲ ਹੁੰਦੇ ਹਨ, ਲੜਕੀਆਂ ਨੂੰ ਕਈ ਹਾਲਾਤਾਂ ਵਿੱਚ ਦੋਸ਼ੀ ਗਰਦਾਨਿਆਂ ਜਾਂਦਾ ਹੈ ਅਤੇ ਉਹਨਾਂ ਦੇ ਮੂੰਹ 'ਤੇ ਪੱਟੀ ਬੰਨ੍ਹ ਦਿੱਤੀ ਜਾਂਦੀ ਹੈ, ਸਮਾਜ ਵਿੱਚ ਬਦਨਾਮੀ ਦੇ ਡਰ ਦੀ ਪੱਟੀ ! ਉਸ ਵੇਲੇ ਆਖਿਰ ਕੁਦਰਤੀ ਇਨਸਾਫ਼ ਕਿੱਥੇ ਚਲਾ ਜਾਂਦਾ ਹੈ? ਉੱਥੇ ਪੰਚਾਇਤੀ ਇਨਸਾਫ਼ ਵੀ ਔਰਤਾਂ ਦੇ ਵਿਰੁੱਧ ਕਿਉਂ ਹੋ ਜਾਂਦਾ ਹੈ?
ਦੇਸ਼ ਦੀਆਂ ਵੱਡੀਆਂ ਅਦਾਲਤਾਂ ਪੇਚੀਦਾ ਪ੍ਰਕਿਰਿਆ ਅਤੇ ਪੰਚਾਇਤੀ ਅਦਾਲਤਾਂ ਦੀ ਚੁੱਪ ਤੇ ਸਾਜਿਸ਼ੀ ਦੰਭੀ ਪ੍ਰਕਿਰਿਆ ਔਰਤਾਂ ਦੇ ਜੀਵਨ ਦਾ ਰਾਹ ਹੀ ਬਦਲ ਦਿੰਦੀ ਹੈ। ਜ਼ਿੰਦਗੀ ਭਰ ਅਸਹਿਜਤਾ, ਮਨ ਉੱਤੇ ਮਣਾਂ ਮੂੰਹੀ ਭਾਰ ਚੁੱਕੀ ਫਿਰਦੀਆਂ ਇਹ ਬੇਕਸੂਰ ਔਰਤਾਂ ਕਈ ਹਾਲਾਤਾਂ ਵਿੱਚ ਆਪਣੇ ਆਪ ਨੂੰ ਸਮਾਜ ਤੇ ਭਾਰ ਸਮਝਣ ਲਗਦੀਆਂ ਹਨ।
ਦੁੱਖ ਦੀ ਗੱਲ ਹੈ ਕਿ ਬਲਾਤਕਾਰ ਜਿਹੇ ਕੇਸ ਪੁਖਤਾ ਹੋਣ ਦੇ ਬਾਵਜੂਦ ਵੀ ਇਹਨਾਂ ਮਾਮਲਿਆਂ ਨੂੰ ਸਿੱਧ ਕਰਨਾ ਔਖਾ ਹੋਣ ਕਾਰਨ ਅਤੇ ਬਦਨਾਮੀ ਦੇ ਡਰੋਂ ਪੁਲਿਸ ਥਾਣੇ ਵਿੱਚ ਇਹੋ ਜਿਹੇ ਕੇਸਾਂ ਦੀ ਰਪਟ ਵੀ ਦਰਜ਼ ਨਹੀਂ ਕਰਵਾਈ ਜਾਂਦੀ। ਇਹੋ ਜਿਹੇ ਮਾਮਲਿਆਂ ਵਿੱਚ ਕਈ ਵਾਰ ਸਬੰਧਿਤਾਂ ਨਾਲ ਸਿੱਧਿਆਂ ਨਿਪਟਿਆ ਜਾਂਦਾ ਹੈ ਅਤੇ ਕਤਲ ਤੱਕ ਵੀ ਕਰ ਦਿੱਤੇ ਜਾਂਦੇ ਹਨ।
ਅਸਲ ਵਿੱਚ ਅਦਾਲਤੀ ਪਚੀਦਗੀਆਂ ਕਾਰਨ ਨਿਆਂ ਦੇ ਮੋਰਚੇ ਤੇ ਇੱਕ ਨਿਰਾਸ਼ਾਜਨਕ ਤਸਵੀਰ ਉਭਰਦੀ ਹੈ। ਜਿਸਦੇ ਵੱਡੇ ਤੋਂ ਵੱਡੇ ਕਾਰਨ ਵੀ ਹੀ ਸਕਦੇ ਹਨ ਅਤੇ ਛੋਟੇ ਤੋਂ ਛੋਟੇ ਕਾਰਨ ਵੀ। ਪਰ ਔਰਤਾਂ ਨੂੰ ਇਸ ਦਰਿੰਦਗੀ ਭਰੇ ਵਰਤਾਓ ਵਿਰੁੱਧ ਇਨਸਾਫ਼ ਨਾ ਮਿਲਣਾ ਸਾਡੇ ਅਦਾਲਤੀ ਢਾਂਚੇ, ਮੌਜੂਦਾ ਕਾਨੂੰਨਾਂ ਸਬੰਧੀ ਵੱਡੇ ਪ੍ਰਸ਼ਨ ਖੜ੍ਹੇ ਕਰਦਾ ਹੈ। ਜਿਸਨੂੰ ਸਮਝ ਕੇ, ਘੋਖ ਕੇ, ਕਾਨੂੰਨੀ ਜਟਿਲਤਾ ਅਤੇ ਇਨਸਾਫ਼ ਲਈ ਢਿੱਲਾ ਰਵੱਈਆ ਖਤਮ ਕਰਨ ਹੋਵੇਗਾ ਕਿਉਂਕਿ ਨਿਆਂ ਪ੍ਰਣਾਲੀ ਦੀ ਢਿੱਲੜ ਤੋਰ, ਇਨਸਾਫ਼ ਦੀ ਗੁਣਵੱਤਾ ਨੂੰ ਪ੍ਰਭਾਵਿਤ ਕਰਦੀ ਹੈ।
ਦੁੱਖ ਦੀ ਗੱਲ ਤਾਂ ਇਹ ਵੀ ਹੈ ਇਹੋ ਜਿਹੋ ਹਾਲਾਤਾਂ ਵਿੱਚ ਅਪਰਾਧਿਕ ਮਾਨਸਿਕਤਾ ਵਾਲੇ ਲੋਕਾਂ ਦੀ ਹਿੰਮਤ ਵਧਦੀ ਹੀ ਹੈ, ਚੜ੍ਹ ਮੱਚਦੀ ਹੈ ਅਤੇ ਇਨਸਾਫ਼ ਲਈ ਲੜਨ ਵਾਲੇ ਲੋਕ ਤੇ ਪੀੜਤ ਚੁਭਣ ਮਹਿਸੂਸ ਕਰਦੇ ਹਨ:-
"ਇਸ ਅਦਾਲਤ ਵਿੱਚ ਬੰਦੇ ਬਿਰਖ ਹੋ ਗਏ,
ਫ਼ੈਸਲੇ ਸੁਣਦਿਆਂ ਸੁਣਦਿਆਂ ਸੁਕ ਗਏ।
ਆਖੋ ਇਨ੍ਹਾਂ ਨੂੰ ਉੱਜੜੇ ਘਰੀ ਜਾਣ ਹੁਣ,
ਇਹ ਕਦੋਂ ਤੀਕ ਇੱਥੇ ਖੜ੍ਹੇ ਰਹਿਣਗੇ।
- ਸੁਰਜੀਤ ਪਾਤਰ
-
ਗੁਰਮੀਤ ਸਿੰਘ ਪਲਾਹੀ, Journalist
gurmitpalahi@yahoo.com
-9815802070
Disclaimer : The opinions expressed within this article are the personal opinions of the writer/author. The facts and opinions appearing in the article do not reflect the views of Babushahi.com or Tirchhi Nazar Media. Babushahi.com or Tirchhi Nazar Media does not assume any responsibility or liability for the same.