ਲੁਧਿਆਣਾ : 23 ਅਪ੍ਰੈਲ 2021 - ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਅਹੁਦੇਦਾਰਾਂ ਤੇੇ ਸਮੂਹ ਮੈਂਬਰਾਂ ਵੱਲੋ ਅਕਾਡਮੀ ਦੇ ਜੀਵਨ ਮੈਂਬਰ ਸ. ਮਹਿੰਦਰ ਸਿੰਘ ਮਾਨੂੰਪੁਰੀ ਦੇ ਸਦੀਵੀ ਵਿਛੋੜੇ ’ਤੇ ਡੂੰਘੇ ਦੁੱਖ ਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਗਿਆ।
ਪੰਜਾਬੀ ਸਾਹਿਤ ਅਕਾਡਮੀ ਦੇ ਪ੍ਰਧਾਨ ਪ੍ਰੋ. ਰਵਿੰਦਰ ਸਿੰਘ ਭੱਠਲ ਅਤੇੇ ਜਨਰਲ ਸਕੱਤਰ ਡਾ. ਸੁੁਰਜੀਤ ਸਿੰਘ ਨੇ ਸ਼੍ਰੋਮਣੀ ਪੰਜਾਬੀ ਬਾਲ ਸਾਹਿਤ ਲੇਖਕ ਸ. ਮਹਿੰਦਰ ਸਿੰਘ ਮਾਨੂੰਪੁਰੀ ਦੇ ਸਦੀਵੀ ਵਿਛੋੜੇ ’ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸ. ਮਹਿੰਦਰ ਸਿੰਘ ਮਾਨੂੰਪੁਰੀ ਅਕਾਡਮੀ ਦੇ ਜੀਵਨ ਮੈਂਬਰ ਅਤੇ ਪ੍ਰਸਿੱਧ ਬਾਲ ਸਾਹਿਤ ਲੇਖਕ ਸਨ। ਉਨ੍ਹਾਂ ਦਸਿਆ ਮਾਨੂੰਪੁਰੀ ਜੀ ਨੇ ਇਕ ਦਰਜਨ ਤੋਂ ਵੱਧ ਬਾਲ ਪੁਸਤਕਾਂ ਪੰਜਾਬੀ ਮਾਂ ਬੋਲੀ ਦੀ ਝੋਲੀ ਪਾਈਆਂ। ਉਨ੍ਹਾਂ ਦਾ ਕਿਸਾਨੀ ਨਾਲ ਜੁੜਿਆ ਨਾਵਲ ‘ਲੋਹੇ ਦੀ ਔਰਤ’ ਬਹੁਤ ਪ੍ਰਸਿੱਧ ਹੋਇਆ ਸੀ। ਉਹ ਭਾਸ਼ਾ ਵਿਭਾਗ ਪੰਜਾਬ ਵੱਲੋਂ ਸ਼੍ਰੋਮਣੀ ਬਾਲ ਸਾਹਿਤਕਾਰ ਨਾਲ ਸਨਮਾਨਤ ਲੇਖਕ ਸਨ। ਸ. ਮਹਿੰਦਰ ਸਿੰਘ ਮਾਨੂੰਪੁਰੀ ਦੇ ਸਦੀਵੀ ਵਿਛੋੜੇ ਨਾਲ ਪੰਜਾਬੀ ਸਾਹਿਤ ਜਗਤ ਅਤੇ ਪਰਿਵਾਰ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਇਸ ਦੁੱਖ ਦੇੇ ਸਮੇਂ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦੀ ਹੈ।
ਅਫ਼ਸੋਸ ਦਾ ਪ੍ਰਗਟਾਵਾ ਕਰਨ ਵਾਲਿਆਂ ਵਿਚ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਸਾਬਕਾ ਪ੍ਰਧਾਨ ਡਾ. ਸੁਰਜੀਤ ਪਾਤਰ, ਪ੍ਰੋ. ਗੁਰਭਜਨ ਸਿੰਘ ਗਿੱਲ, ਡਾ. ਸੁਖਦੇਵ ਸਿੰਘ ਸਿਰਸਾ, ਡਾ. ਸ. ਪ. ਸਿੰਘ, ਸੁਰਿੰਦਰ ਕੈਲੇ, ਸਹਿਜਪ੍ਰੀਤ ਸਿੰਘ ਮਾਂਗਟ, ਡਾ. ਗੁਲਜ਼ਾਰ ਸਿੰਘ ਪੰਧੇਰ, ਖੁਸ਼ਵੰਤ ਸਿੰਘ ਬਰਗਾੜੀ, ਭੁਪਿੰਦਰ ਸਿੰਘ ਸੰਧੂ, ਡਾ. ਗੁਰਇਕਬਾਲ ਸਿੰਘ,
ਮਨਜਿੰਦਰ ਸਿੰਘ ਧਨੋਆ, ਡਾ. ਜਗਵਿੰਦਰ ਜੋਧਾ, ਤ੍ਰੈਲੋਚਨ ਲੋਚੀ, ਸ੍ਰੀ ਰਾਮ ਅਰਸ਼, ਭਗਵੰਤ ਰਸੂਲਪੁਰੀ, ਕਮਲਜੀਤ ਨੀਲੋਂ, ਜਸਵੀਰ ਝੱਜ, ਡਾ. ਸੁਦਰਸ਼ਨ ਗਾਸੋ, ਸੁਦਰਸ਼ਨ ਗਰਗ, ਤਰਸੇਮ, ਅਮਰਜੀਤ ਕੌਰ ਹਿਰਦੇ, ਸੁਰਿੰਦਰ ਨੀਰ, ਡਾ. ਵਨੀਤਾ, ਗੁਲਜ਼ਾਰ ਸਿੰਘ ਸ਼ੌਂਕੀ, ਪ੍ਰੇਮ ਸਾਹਿਲ, ਮੇਜਰ ਸਿੰਘ ਗਿੱਲ ਅਤੇ ਅਕਾਡਮੀ ਦੇ ਹੋਰ ਮੈਂਬਰ ਸ਼ਾਮਲ ਹਨ।