ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਭਗਵਾਨ ਸਿੰਘ ਦੇ ਚਲਾਣੇ ’ਤੇ ਬੀਬੀ ਜਗੀਰ ਕੌਰ ਵੱਲੋਂ ਦੁੱਖ ਪ੍ਰਗਟ
ਅੰਮ੍ਰਿਤਸਰ, 27 ਮਈ 2021 - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਭਗਵਾਨ ਸਿੰਘ (80) ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗਿਆਨੀ ਭਗਵਾਨ ਸਿੰਘ ਦੇ ਚਲਾਣੇ ਨਾਲ ਸਿੱਖ ਪੰਥ ਇਕ ਹੋਰ ਧਾਰਮਿਕ ਸ਼ਖ਼ਸੀਅਤ ਤੋਂ ਵਾਂਝਾ ਹੋ ਗਿਆ ਹੈ। ਉਨ੍ਹਾਂ ਗਿਆਨੀ ਭਗਵਾਨ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਗੁਰੂ ਚਰਨਾਂ ਵਿਚ ਵਿਛੜੀ ਰੂਹ ਨਮਿਤ ਅਰਦਾਸ ਕੀਤੀ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਅਤੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸ਼੍ਰੋਮਣੀ ਕਮੇਟੀ ਦੇ ਹੋਰ ਅਹੁਦੇਦਾਰਾਂ ਨੇ ਵੀ ਗਿਆਨੀ ਭਗਵਾਨ ਸਿੰਘ ਦੇ ਚਲਾਣੇ ’ਤੇ ਅਫ਼ਸੋਸ ਪ੍ਰਗਟ ਕਰਦਿਆਂ ਸਿੰਘ ਸਾਹਿਬ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਦੱਸਣਯੋਗ ਹੈ ਕਿ ਗਿਆਨੀ ਭਗਵਾਨ ਸਿੰਘ 1975 ਵਿਚ ਸ਼੍ਰੋਮਣੀ ਕਮੇਟੀ ਵਿਖੇ ਪੰਜ ਪਿਆਰਿਆਂ ਦੇ ਜਥੇ ਵਿਚ ਸੇਵਾ ’ਤੇ ਆਏ ਸਨ। ਜਿਸ ਮਗਰੋਂ ਉਨ੍ਹਾਂ 1985 ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਾਲ ਗ੍ਰੰਥੀ ਵਜੋਂ ਸੇਵਾਵਾਂ ਨਿਭਾਈਆਂ ਅਤੇ 1990 ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਬਣੇ।