ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਡਾ. ਰਜਨੀਸ਼ ਬਹਾਦਰ ਸਿੰਘ ਦੇ ਸਦੀਵੀ ਵਿਛੋੜੇ ’ਤੇ ਡੂੰਘੇ ਦੁੱਖ ਤੇ ਅਫ਼ਸੋਸ ਦਾ ਪ੍ਰਗਟਾਵਾ
ਲੁਧਿਆਣਾ : 17 ਫ਼ਰਵਰੀ 2022- ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਸਮੂਹ ਅਹੁਦੇਦਾਰ ਤੇੇ ਮੈਂਬਰਾਂ ਵੱਲੋਂ ਅਕਾਡਮੀ ਦੇ ਜੀਵਨ ਮੈਂਬਰ ਡਾ. ਰਜਨੀਸ਼ ਬਹਾਦਰ ਸਿੰਘ ਦੇ ਸਦੀਵੀ ਵਿਛੋੜੇ ’ਤੇ ਡੂੰਘੇ ਦੁੱਖ ਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਗਿਆ। ਅਕਾਡਮੀ ਦੇ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ, ਸੀਨੀਅਰ ਮੀਤ ਪ੍ਰਧਾਨ ਡਾ. ਸ਼ਿਆਮ ਸੁੰਦਰ ਦੀਪਤੀ ਅਤੇ ਜਨਰਲ ਸਕੱਤਰ ਡਾ. ਗੁਰਇਕਬਾਲ ਸਿੰਘ ਹੋਰਾਂ ਨੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਡਾ. ਰਜਨੀਸ਼ ਬਹਾਦਰ ਸਿੰਘ ਪੰਜਾਬੀ ਦੇ ਉੱਘੇ ਆਲੋਚਕ, ਪ੍ਰਤੀਬੱਧ ਸਿੱਖਿਆ ਸ਼ਾਸਤਰੀ ਅਤੇ ਪੰਜਾਬੀ ਸਾਹਿਤ ਦੇ ਗੰਭੀਰ ਚਿੰਤਕ ਸਨ। ਉਨ੍ਹਾਂ ਕਿਹਾ ਡਾ. ਰਜਨੀਸ਼ ਬਹਾਦਰ ਸਿੰਘ ਹੋਰਾਂ ਨੇ ਪੰਜਾਬੀ ਗਲਪ ਆਲੋਚਨਾ, ਪੰਜਾਬੀ ਕਹਾਣੀ ਅਤੇ ਨਾਵਲ ਅਧਿਐਨ ਵਿਚ ਗੌਲਣਯੋਗ ਕਾਰਜ ਕੀਤਾ।
ਉਨ੍ਹਾਂ ਨੇ ‘ਪਰਬਤਾਂ ਸੰਗ ਸੰਵਾਦ’ ਪੁਸਤਕ ਵਿਚ ਯਾਤਰਾ ਸੰਸਮਰਣ ਵੀ ਲਿਖੇ। ਉਨ੍ਹਾਂ ਨੇ ਇਕ ਦਰਜਨ ਤੋਂ ਵੱਧ ਪੁਸਤਕਾਂ ਸੰਪਾਦਿਤ ਕੀਤੀਆਂ। ਉਹ ਡੀ. ਏ. ਵੀ. ਕਾਲਜ ਜਲੰਧਰ ਦੇ ਕੁਸ਼ਲ ਅਧਿਆਪਕ ਅਤੇ ਆਗੂ ਸਨ। ਡਾ. ਰਜਨੀਸ਼ ਬਹਾਦਰ ਸਿੰਘ ਪਿਛਲੇ ਦੋ ਦਹਾਕਿਆਂ ਤੋਂ ਪ੍ਰਵਚਨ ਰਸਾਲੇ ਦਾ ਸੰਪਾਦਨ ਕਰ ਰਹੇ ਸਨ। ਉਹ ਪੰਜਾਬੀ ਭਾਸ਼ਾ, ਸਾਹਿਤ ਤੇ ਸਭਿਆਚਾਰ ਦੇ ਪ੍ਰਚਾਰ, ਪ੍ਰਸਾਰ ਲਈ ਯਤਨਸ਼ੀਲ ਕਈ ਸੰਸਥਾਵਾਂ ਵਿਚ ਆਗੂਆਂ ਵਾਲੀ ਭੂਮਿਕਾ ਨਿਭਾਉਦੇੇ ਰਹੇ। ਡਾ. ਰਜਨੀਸ਼ ਬਹਾਦਰ ਸਿੰਘ ਜੀ ਦੇ ਸਦੀਵੀ ਵਿਛੋੜੇ ਨਾਲ ਪੰਜਾਬੀ ਸਾਹਿਤ ਜਗਤ ਅਤੇ ਪਰਿਵਾਰ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਇਸ ਦੁੱਖ ਦੀ ਘੜੀ ਵਿਚ ਅਕਾਡਮੀ ਪਰਿਵਾਰ ਦੇ ਅੰਗ ਸੰਗ ਹੈ।