ਉੱਘੇ ਸਿੱਖ ਵਿਦਵਾਨ ਡਾ. ਰਤਨ ਸਿੰਘ ਜੱਗੀ ਦਾ ਪਦਮ ਸ਼੍ਰੀ ਐਵਾਰਡ ਨਾਲ ਸਨਮਾਨ
ਚੰਡੀਗੜ੍ਹ/ਨਵੀਂ ਦਿੱਲੀ, 22 ਮਾਰਚ 2023 - ਭਾਰਤ ਦੀ ਰਾਸ਼ਟਰਪਤੀ ਸ਼੍ਰੀਮਤੀ ਦ੍ਰੋਪਦੀ ਮੁਰਮੂ ਨੇ ਅੱਜ ਸ਼ਾਮ ਇੱਥੇ ਰਾਸ਼ਟਰਪਤੀ ਭਵਨ ਵਿਖੇ ਆਯੋਜਿਤ ਇੱਕ ਵਿਸ਼ੇਸ਼ ਸਮਾਗਮ ਦੌਰਾਨ ਉੱਘੇ ਸਿੱਖਿਆ ਸ਼ਾਸਤਰੀ ਅਤੇ ਸਿੱਖ ਵਿਦਵਾਨ ਡਾ. ਰਤਨ ਸਿੰਘ ਜੱਗੀ ਨੂੰ ਵੱਕਾਰੀ ਪਦਮ ਸ਼੍ਰੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।
ਉੱਘੇ ਸਿੱਖ ਵਿਦਵਾਨ ਡਾ. ਰਤਨ ਸਿੰਘ ਜੱਗੀ ਨੂੰ ਇਹ ਐਵਾਰਡ ਭਾਰਤ ਦੇ ਉਪ ਰਾਸ਼ਟਰਪਤੀ ਸ੍ਰੀ ਜਗਦੀਪ ਧਨਖੜ ਅਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਤੋਂ ਇਲਾਵਾ ਕਈ ਕੇਂਦਰੀ ਮੰਤਰੀਆਂ ਦੀ ਹਾਜ਼ਰੀ ਵਿੱਚ ਰਾਸ਼ਟਰਪਤੀ ਵੱਲੋਂ ਦਿੱਤਾ ਗਿਆ। ਇਹ ਵੱਕਾਰੀ ਪੁਰਸਕਾਰ ਡਾ. ਰਤਨ ਸਿੰਘ ਜੱਗੀ ਨੂੰ ਸਿੱਖਿਆ ਅਤੇ ਸਾਹਿਤ ਦੇ ਖੇਤਰ ਵਿੱਚ ਪਾਏ ਵਡਮੁੱਲੇ ਯੋਗਦਾਨ ਲਈ ਦਿੱਤਾ ਗਿਆ ਹੈ। 90 ਸਾਲ ਤੋਂ ਵੱਧ ਉਮਰ ਦੇ ਡਾ. ਜੱਗੀ ਹਿੰਦੀ ਅਤੇ ਪੰਜਾਬੀ ਦੇ ਉੱਘੇ ਵਿਦਵਾਨ ਹਨ ਅਤੇ ਗੁਰਮਤਿ ਅਤੇ ਭਗਤੀ ਲਹਿਰ ਸਾਹਿਤ ਵਿੱਚ ਵਿਸ਼ੇਸ਼ ਮੁਹਾਰਤ ਰੱਖਦੇ ਹਨ।