ਲੁਧਿਆਣਾ, 20 ਜੁਲਾਈ 2019 - ਭਾਰਤੀ ਸਾਹਿਤ ਅਕਾਦਮੀ ਪੁਰਸਕਾਰ ਵਿਜੇਤਾ ਡਾ. ਸਵਰਾਜਬੀਰ ਦਾ ਅੱਜ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵਲੋਂ ਪੰਜਾਬੀ ਭਵਨ ਫੇਰੀ ਤੇ ਸਨਮਾਨ ਕੀਤਾ ਗਿਆ। ਡਾ. ਸਵਰਾਜਬੀਰ ਮੇਘਾਲਿਆ ਕਾਡਰ ਦੇ ਆਈ. ਪੀ. ਐੱਸ. ਅਧਿਕਾਰੀ ਹੋਣ ਕਾਰਨ ਡਾਇਰੈਕਟਰ ਜਨਰਲ ਪੁਲੀਸ ਦੇ ਅਹੁਦੇ ਤੋਂ ਸੇਵਾ ਮੁਕਤ ਹੋਣ ਉਪਰੰਤ ਪੰਜਾਬੀ ਭਵਨ ਵਿੱਚ ਪਹਿਲੀ ਵਾਰ ਆਏ ਸਨ।
ਇਸ ਵੇਲੇ ਆਪ ਪੰਜਾਬੀ ਟ੍ਰਿਬਿਊਨ ਦੇ ਸੰਪਾਦਕ ਵਜੋਂ ਸੇਵਾ ਨਿਭਾ ਰਹੇ ਹਨ। ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਪ੍ਰਧਾਨ ਪ੍ਰੋ. ਰਵਿੰਦਰ ਭੱਠਲ, ਜਨਰਲ ਸਕੱਤਰ ਡਾ. ਸੁਰਜੀਤ ਸਿੰਘ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਐੱਸ. ਪੀ. ਸਿੰਘ, ਅਕਾਡਮੀ ਦੇ ਸਾਬਕਾ ਪ੍ਰਧਾਨ ਡਾ. ਸੁਖਦੇਵ ਸਿੰਘ ਸਿਰਸਾ, ਪ੍ਰੋ. ਗੁਰਭਜਨ ਸਿੰਘ ਗਿੱਲ, ਸਕੱਤਰ ਡਾ. ਗੁਰਇਕਬਾਲ ਸਿੰਘ ਤੇ ਡਾ. ਜਗਵਿੰਦਰ ਜੋਧਾ ਤੇ ਮੀਤ ਪ੍ਰਧਾਨ ਡਾ. ਗੁਲਜ਼ਾਰ ਸਿੰਘ ਪੰਧੇਰ , ਵੀ ਇਸ ਮੌਕੇ ਹਾਜ਼ਰ ਸਨ।
ਪੰਜਾਬੀ ਸਾਹਿਤ ਅਕਾਡਮੀ ਦੇ ਪ੍ਰਧਾਨ ਪ੍ਰੋ. ਰਵਿੰਦਰ ਸਿੰਘ ਭੱਠਲ ਤੇ ਜਨਰਲ ਸਕੱਤਰ ਡਾ. ਸੁਰਜੀਤ ਸਿੰਘ ਨੇ ਡਾ. ਸਵਰਾਜਬੀਰ ਨੂੰ ਅਕਾਡਮੀ ਦੀਆਂ ਨਵੀਆਂ ਪ੍ਰਕਾਸ਼ਨਾਵਾਂ ਦਾ ਸੈੱਟ ਭੇਂਟ ਕੀਤਾ।