ਬੰਦੀ ਛੋੜ ਦਿਵਸ
----------------------------------------------
ਬੰਦੀ ਛੋੜ ਦਿਵਸ ਦੁਨੀਆਂ ਭਰ ਵਿੱਚ ਵੱਸੇ ਸਿੱਖਾਂ ਅਤੇ ਪੰਜਾਬੀਆਂ ਵੱਲੋਂ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ ਪਰ ਇਸ ਤਿਉਹਾਰ ਨੂੰ ਮੁੱਖ ਤੌਰ 'ਤੇ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮਨਾਇਆ ਜਾਂਦਾ ਹੈ ।
ਲੱਖਾਂ ਸ਼ਰਧਾਲੂ ਇਸ ਦਿਨ ਦਰਬਾਰ ਸਾਹਿਬ ਪਹੁੰਚ ਕੇ ਨਤਮਸਤਕ ਹੁੰਦੇ ਹਨ ।
ਅਦੁੱਤੀ ਦੀਪਮਾਲਾ ਦੇ ਨਾਲ ਨਾਲ ਭਾਰੀ ਆਤਿਸ਼ਬਾਜ਼ੀ ਵੀ ਕੀਤੀ ਜਾਂਦੀ ਹੈ ।
ਗੁਰਬਾਣੀ ਦੇ ਕੀਰਤਨ ਦੇ ਨਾਲ ਹੀ ਅਕਾਲ ਤਖ਼ਤ ਸਾਹਿਬ ਤੋਂ ਸਿੱਖ ਸੰਗਤ ਦੇ ਨਾਂ ਜਾਰੀ ਕੀਤੇ ਜਾਂਦੇ ਸੰਦੇਸ਼ ਦੀ ਵੀ ਵਿਸ਼ੇਸ਼ ਅਹਿਮੀਅਤ ਗਿਣੀ ਜਾਂਦੀ ਹੈ ।
ਅੱਸੂ ਮਹੀਨੇ ਵਿੱਚ ਮਨਾਇਆ ਜਾਣ ਵਾਲਾ ਇੱਕ ਮਹੱਤਵਪੂਰਨ ਸਿੱਖ ਤਿਉਹਾਰ ਹੈ।ਸਿੱਖ ਜਗਤ ਵਿੱਚ ਬੰਦੀ-ਛੋੜ ਦਿਵਸ ਨਾਲ ਸਿੱਖ ਧਰਮ ਦੀਆਂ ਅਨੇਕਾਂ ਇਤਿਹਾਸਕ ਘਟਨਾਵਾਂ ਜੁੜੀਆਂ ਹੋਈਆਂ ਹਨ । ਮੁੱਖ ਰੂਪ ਵਿਚ ਸਿੱਖ ਇਤਿਹਾਸ ਨਾਲ ਇਸ ਤਿਉਹਾਰ ਦਾ ਸੰਬੰਧ ਉਸ ਸਮੇਂ ਤੋਂ ਜੁੜਿਆ, ਜਦੋਂ ਮੀਰੀ-ਪੀਰੀ ਦੇ ਮਾਲਕ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਗਵਾਲੀਅਰ ਦੇ ਕਿਲ੍ਹੇ ਵਿਚੋਂ 52 ਰਾਜਿਆਂ ਸਮੇਤ ਰਿਹਾਅ ਹੋ ਕੇ ਸ਼੍ਰੀ ਅੰਮਿ੍ਤਸਰ ਸਾਹਿਬ ਪਹੁੰਚੇ।
ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਦੀ ਬੇਮਿਸਾਲ ਤੇ ਸ਼ਾਂਤਮਈ ਸ਼ਹਾਦਤ ਨੇ ਸਿੱਖ ਇਤਿਹਾਸ ਵਿੱਚ ਇੱਕ ਕ੍ਰਾਂਤੀਕਾਰੀ ਮੋੜ ਲੈ ਆਂਦਾ। ਸਤਿਗੁਰਾਂ ਦੀ ਅਦੁੱਤੀ ਸ਼ਹਾਦਤ ਤੋਂ ਬਾਅਦ ਛੇਵੇਂ ਪਾਤਸ਼ਾਹ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਗੁਰਗੱਦੀ ਦੀ ਪ੍ਰੰਪਰਾਗਤ ਰਸਮ ਨੂੰ ਸਮੇਂ ਦੀ ਲੋੜ ਮੁਤਾਬਿਕ ਬਦਲਿਆ ।
ਛੇਵੇਂ ਪਾਤਸ਼ਾਹ ਗੁਰੂ ਹਰਗੋਬਿੰਦ ਸਾਹਿਬ ਨੇ ਗੁਰਿਆਈ ਧਾਰਨ ਕਰਦੇ ਸਮੇਂ ਮੀਰੀ ਤੇ ਪੀਰੀ ਦੀਆਂ ਦੋ ਕਿ੍ਪਾਨਾਂ ਪਹਿਨੀਆਂ । ਉਹਨਾਂ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਸਿਰਜਣਾ ਕੀਤੀ । ਇੱਥੇ ਦੀਵਾਨ ਸਜਦੇ ਅਤੇ ਗੁਰਬਾਣੀ ਕੀਰਤਨ ਦੇ ਨਾਲ-ਨਾਲ ਬੀਰ ਰਸੀ ਵਾਰਾਂ ਵੀ ਗਾਈਆਂ ਜਾਣ ਲੱਗੀਆਂ। ਗੁਰੂ ਸਾਹਿਬ ਨੇ ਸਿੱਖ ਸੰਗਤਾਂ ਨੂੰ ਦਰਸ਼ਨਾਂ ਲਈ ਆਉਂਦੇ ਸਮੇਂ ਚੰਗੀ ਨਸਲ ਦੇ ਘੋੜੇ ਅਤੇ ਸ਼ਸਤਰ ਲਿਆਉਣ ਦੇ ਆਦੇਸ਼ ਵੀ ਜਾਰੀ ਕੀਤੇ। ਅਣਖੀਲੇ ਗੱਭਰੂਆਂ ਦੀ ਫੌਜ ਤਿਆਰ ਕਰਕੇ ਉਹਨਾਂ ਨੂੰ ਜੰਗ ਦੀ ਟ੍ਰੇਨਿੰਗ ਦਿੱਤੀ ਜਾਣ ਲੱਗੀ। ਗੁਰੂ ਸਾਹਿਬ ਨੇ ਲੋਹਗੜ੍ਹ ਕਿਲ੍ਹੇ ਦੀ ਸਥਾਪਨਾ ਕੀਤੀ।
ਛੇਵੇਂ ਸਤਿਗੁਰਾਂ ਨੂੰ ਜਿਨ੍ਹਾਂ ਕਾਰਨਾਂ ਕਰਕੇ ਗਵਾਲੀਅਰ ਦੇ ਕਿਲ੍ਹੇ ਵਿਚ ਕੈਦ ਕੀਤਾ 'ਤੇ ਫਿਰ ਰਿਹਾਅ ਕਰ ਦਿੱਤਾ ਗਿਆ, ਦੀ ਪੂਰੀ ਜਾਣਕਾਰੀ ਹੋਣ ਤੋਂ ਬਗੈਰ ਬੰਦੀ ਛੋੜ ਦਿਵਸ ਮਨਾਉਣਾ ਬਿਲਕੁਲ ਅਧੂਰਾ ਹੈ ।
ਗੁਰੂ ਗ੍ਰੰਥ ਸਾਹਿਬ ਦੇ ਸਿਰਜਣਹਾਰ ਪੰਜਵੇਂ ਪਾਤਸ਼ਾਹ ਸ਼੍ਰੀ
ਗੁਰੂ ਅਰਜਨ ਦੇਵ ਜੀ ਦੀ ਬੇਮਿਸਾਲ ਤੇ ਸ਼ਾਂਤਮਈ ਸ਼ਹਾਦਤ ਨੇ ਸਿੱਖ ਇਤਿਹਾਸ ਵਿੱਚ ਇਕ ਕ੍ਰਾਂਤੀਕਾਰੀ ਮੋੜ ਲੈ ਆਂਦਾ।
ਸਤਿਗੁਰਾਂ ਦੀ ਅਦੁੱਤੀ ਸ਼ਹਾਦਤ ਤੋਂ ਬਾਅਦ ਇਹ ਗੱਲ ਸਪਸ਼ਟ ਹੋ ਗਈ ਸੀ ਕਿ ਜ਼ਾਲਮਾਂ ਦੇ ਜ਼ੁਲਮ ਨੂੰ ਠੱਲ ਪਾਉਣ ਲਈ ਹਥਿਆਰ ਚੁੱਕਣੇ ਹੀ ਪੈਣਗੇ।
ਇਸ ਲਈ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਗੁਰ-ਗੱਦੀ ਦੀ ਪਰੰਪਰਾਗਤ ਰਸਮ ਨੂੰ ਸਮੇਂ ਦੀ ਲੋੜ ਅਨੁਸਾਰ ਬਦਲਦਿਆਂ ਗੁਰਿਆਈ ਧਾਰਨ ਕਰਦੇ ਸਮੇਂ ਮੀਰੀ ਤੇ ਪੀਰੀ ਦੀਆਂ ਦੋ ਤਲਵਾਰਾਂ ਪਹਿਨੀਆਂ।
ਗੁਰੂ ਸਾਹਿਬ ਨੇ ਸ਼੍ਰੀ ਹਰਿਮੰਦਰ ਸਾਹਿਬ ਦੇ ਸਾਹਮਣੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿਰਜਨਾ ਕੀਤੀ । ਇੱਥੇ ਦੀਵਾਨ ਸਜਦੇ ਅਤੇ ਗੁਰਬਾਣੀ ਕੀਰਤਨ ਦੇ ਨਾਲ-ਨਾਲ ਬੀਰ-ਰਸੀ ਵਾਰਾਂ ਵੀ ਗਾਈਆਂ ਜਾਣ ਲੱਗੀਆਂ।
ਗੁਰੂ ਸਾਹਿਬ ਨੇ ਸਿੱਖ ਸੰਗਤਾਂ ਨੂੰ ਦਰਸ਼ਨਾਂ ਲਈ ਆਉਂਦੇ ਸਮੇਂ ਚੰਗੀ ਨਸਲ ਦੇ ਘੋੜੇ ਅਤੇ ਸ਼ਸਤਰ ਲਿਆਉਣ ਦੇ ਆਦੇਸ਼ ਜਾਰੀ ਕੀਤੇ । ਅਣਖੀਲੇ ਗੱਭਰੂਆਂ ਦੀ ਫੌਜ ਤਿਆਰ ਕਰਕੇ ਉਨ੍ਹਾਂ ਨੂੰ ਜੰਗੀ ਟ੍ਰੇਨਿੰਗ ਦਿੱਤੀ ਜਾਣ ਲੱਗੀ।
ਗੁਰੂ-ਘਰ ਦੇ ਵਿਰੋਧੀਆਂ ਨੇ ਗੁਰੂ ਸਾਹਿਬ ਵਿਰੁੱਧ ਬਾਦਸ਼ਾਹ ਜਹਾਂਗੀਰ ਦੇ ਕੰਨ ਭਰਨੇ ਸ਼ੁਰੂ ਕਰ ਦਿੱਤੇ , ਜਿਸ ਦੇ ਨਤੀਜੇ ਵੱਜੋਂ ਛੇਵੇਂ ਪਾਤਸ਼ਾਹ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਨੂੰ ਬਗਾਵਤ ਦੇ ਝੂਠੇ ਦੋਸ਼ ਵਿਚ ਗਵਾਲੀਅਰ ਦੇ ਕਿਲ੍ਹੇ ਵਿਚ ਨਜ਼ਰਬੰਦ ਕਰ ਦਿੱਤਾ ਗਿਆ।
ਗੁਰੂ ਸਾਹਿਬ ਦੀ ਨਜ਼ਰਬੰਦੀ ਕੋਈ ਸਾਧਾਰਨ ਗੱਲ ਨਹੀਂ ਸੀ। ਸਿੱਖ ਸੰਗਤਾਂ ਲਈ ਇਹ ਖਬਰ ਬੜੀ ਹਿਰਦੇ ਵੇਦਕ ਸੀ। ਕਿਲ੍ਹੇ ਅੰਦਰ ਗੁਰੂ ਸਾਹਿਬ ਦੇ ਪਹੁੰਚਣ ਨਾਲ ਗਵਾਲੀਅਰ ਦੇ ਕਿਲ੍ਹੇ ਦਾ ਮਾਹੌਲ ਹੀ ਬਦਲ ਗਿਆ । ਇੱਥੇ ਦੋਵੇਂ ਵੇਲੇ ਕੀਰਤਨ ਅਤੇ ਸਤਿਸੰਗ ਹੋਣ ਲੱਗਿਆ । ਕਾਲ-ਕੋਠੜੀਆਂ ਵਿਚੋਂ ਨਾਮ-ਸਿਮਰਨ ਦੀਆਂ ਮਿੱਠੀਆਂ ਧੁਨਾਂ ਉੱਠਣ ਲੱਗੀਆਂ।
ਗੁਰੂ ਸਾਹਿਬ ਦੀ ਸੰਗਤ ਅਤੇ ਉਪਦੇਸ਼ਾਂ ਨੇ ਸਭ ਬੰਦੀਆਂ ਨੂੰ ਚੜ੍ਹਦੀ ਕਲਾ ਵਿਚ ਲੈ ਆਂਦਾ। ਓਧਰ ਗੁਰੂ ਸਾਹਿਬ ਦੀ ਨਜ਼ਰਬੰਦੀ ਲੰਬੀ ਹੋ ਜਾਣ ਕਾਰਨ ਸਿੱਖਾਂ ਵਿਚ ਬੇਚੈਨੀ ਵਧਣ ਲੱਗੀ।
ਬਾਬਾ ਬੁੱਢਾ ਜੀ ਦੀ ਅਗਵਾਈ ‘ਚ ਸਿੱਖ ਸੰਗਤਾਂ ਦਾ ਇਕ ਜਥਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਕਰਕੇ ਗਵਾਲੀਅਰ ਲਈ ਰਵਾਨਾ ਹੋਇਆ। ਜਿਥੋਂ ਵੀ ਇਹ ਜਥਾ ਕੀਰਤਨ ਕਰਦਾ ਹੋਇਆ ਗੁਜ਼ਰਦਾ, ਸਿੱਖ ਸੰਗਤਾਂ ਇਸ ਦਾ ਭਾਰੀ ਸਵਾਗਤ ਕਰਦੀਆਂ। ਜਦੋਂ ਇਹ ਜਥਾ ਗਵਾਲੀਅਰ ਦੇ ਕਿਲ੍ਹੇ ਪਹੁੰਚਿਆ ਤਾਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਦਰਸ਼ਨ ਕਰਨ ਦੀ ਇਜ਼ਾਜ਼ਤ ਨਾ ਮਿਲ ਸਕੀ।
ਇਹ ਜਥਾ ਕੀਰਤਨ ਕਰਦਿਆਂ, ਗਵਾਲੀਅਰ ਦੇ ਕਿਲ੍ਹੇ ਦੀਆਂ ਪ੍ਰਕਰਮਾ ਕਰਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਂਟ ਕਰ ਵਾਪਸ ਮੁੜ ਆਇਆ।
ਮੁਸਲਿਮ ਸੂਫੀ
ਸੰਤ ਸਾਈਂ ਮੀਆਂ ਮੀਰ ਜੀ ਵੱਲੋਂ ਬਾਦਸ਼ਾਹ ਜਹਾਂਗੀਰ ਨੂੰ ਸ਼੍ਰੀ ਗੁਰੂ ਹਰਿਗੋਬਿੰਦ
ਸਾਹਿਬ ਸਬੰਧੀ ਜਾਣਕਾਰੀ ਦਿੱਤੇ ਜਾਣ ‘ਤੇ ਉਸ ਨੇ ਗੁਰੂ ਸਾਹਿਬ ਨੂੰ ਰਿਹਾਅ ਕਰਨ ਦਾ ਫਰਮਾਨ ਜਾਰੀ ਕਰ ਦਿੱਤਾ।
ਪ੍ਰੰਤੂ ਗੁਰੂ ਹਰਿਗੋਬਿੰਦ ਸਾਹਿਬ ਨੇ ਇਕੱਲਿਆਂ ਕਿਲ੍ਹੇ ਵਿਚੋਂ ਰਿਹਾਅ ਹੋਣਾ ਸਵੀਕਾਰ ਨਾ ਕੀਤਾ। ਗੁਰੂ ਸਾਹਿਬ ਦੀ ਰਹਿਮਤ ਸਦਕਾ ਕਿਲ੍ਹੇ ਵਿਚ ਨਜ਼ਰਬੰਦ 52 ਰਾਜਪੂਤ ਰਾਜਿਆਂ ਨੂੰ ਵੀ ਬੰਦੀਖਾਨੇ ਤੋਂ ਮੁਕਤੀ ਮਿਲੀ। ਇਸ ਦਿਨ ਤੋਂ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੂੰ ‘ਬੰਦੀ-ਛੋੜ’ ਦਾਤਾ ਦੇ ਨਾਮ ਨਾਲ ਵੀ ਜਾਣਿਆ ਜਾਣ ਲੱਗਾ।
ਰਿਹਾਈ ਤੋਂ ਬਾਅਦ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਭਾਰੀ ਗਿਣਤੀ ਵਿਚ ਜਿਸ ਦਿਨ ਸਿੱਖ
ਸੰਗਤਾਂ ਨਾਲ ਸ੍ਰੀ ਅੰਮ੍ਰਿਤਸਰ ਵਿਖੇ ਪੁੱਜੇ ਤਾਂ ਉਸ ਦਿਨ ਦੀਵਾਲੀ ਦਾ ਦਿਨ ਸੀ। ਸਿੱਖ
ਸੰਗਤਾਂ ਨੇ ਗੁਰੂ ਸਾਹਿਬ ਦੇ ਸ੍ਰੀ ਅੰਮ੍ਰਿਤਸਰ ਸਾਹਿਬ ਪੁੱਜਣ ‘ਤੇ ਘਰਾਂ ਵਿਚ ਘਿਓ ਦੇ
ਦੀਵੇ ਜਗਾਏ ਅਤੇ ਅਥਾਹ ਖੁਸ਼ੀਆਂ ਮਨਾਈਆਂ। ਸ੍ਰੀ ਦਰਬਾਰ ਸਾਹਿਬ ਵਿਖੇ ਵੀ ਖੁਸ਼ੀ ਵਿਚ ਦੀਪਮਾਲਾ ਕੀਤੀ ਗਈ। ਇਸ ਦਿਨ ਤੋਂ ਸਿੱਖਾਂ ਵਾਸਤੇ ਦੀਵਾਲੀ ਇਕ ਪਵਿੱਤਰ ਦਿਹਾੜਾ ਬਣਗਿਆ ਅਤੇ ਸਿੱਖ ਜਗਤ ਹਰ ਸਾਲ ਅੰਮ੍ਰਿਤਸਰ ਵਿਖੇ ਇਕੱਤਰ ਹੋ ਕੇ ਬੰਦੀ-ਛੋੜ ਦਿਵਸ ਮਨਾਉਣ ਲਗਿਆ।
ਬੰਦੀ ਛੋੜ ਦਿਵਸ ਨਾਲ ਸਬੰਧਤ ਹੀ ਭਾਈ ਮਨੀ ਸਿੰਘ ਦੀ ਸ਼ਹਾਦਤ ਦਾ ਇਤਿਹਾਸ ਵੀ ਜੁੜਿਆ ਹੋਇਆ ਹੈ ।
ਭਾਈ ਮਨੀ ਸਿੰਘ ਨੇ ਸਿੱਖੀ ਸਿਦਕ ਉੱਪਰ ਪਹਿਰਾ ਦਿੰਦਿਆਂ
' ਸਿੱਖ ਲਈ ਧਰਮ ਪਿਆਰਾ ਹੈ, ਜਾਨ ਪਿਆਰੀ ਨਹੀਂ’, ਆਖ ਕੇ ਸ਼ਹਾਦਤ ਦਾ ਜਾਮ ਪੀਣਾ ਮਨਜ਼ੂਰ ਕੀਤਾ। ਕਾਜ਼ੀ ਵਲੋਂ ਦਿੱਤੇ ਫ਼ਤਵੇ ਅਨੁਸਾਰ ਭਾਈ ਮਨੀ ਸਿੰਘਨੂੰ ਬੰਦ-ਬੰਦ ਕੱਟ ਕੇ ਸ਼ਹੀਦ ਕਰ ਦਿੱਤਾ ਗਿਆ।
ਬੰਦੀ ਛੋੜ ਦਿਵਸ ਉਪਰ ਸਮੂਹ ਲੁਕਾਈ ਨੂੰ ਮਬਾਰਕਬਾਦ ਦਿੱਤੀ ਜਾਂਦੀ ਹੈ ।-
----ਪੇਸ਼ਕਸ਼ : ਜਗਦੀਸ਼ ਥਿੰਦ
ਸਪੈਸ਼ਲ ਰਿਪੋਰਟਰ
9814808944