ਲੁਧਿਆਣਾ, 17 ਅਕਤੂਬਰ 2020 - ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਅਹੁਦੇਦਾਰਾਂ ਤੇ ਸਮੂਹ ਮੈਂਬਰਾਂ ਵੱਲੋਂ ਅਕਾਡਮੀ ਦੇ ਜੀਵਨ ਮੈਂਬਰ ਡਾ. ਕੁਲਦੀਪ ਸਿੰਘ ਧੀਰ ਦੇ ਸਦੀਵੀ ਵਿਛੋੜੇ 'ਤੇ ਡੂੰਘੇ ਦੁੱਖ ਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਗਿਆ।
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਪ੍ਰਧਾਨ ਪ੍ਰੋ. ਰਵਿੰਦਰ ਸਿੰਘ ਭੱਠਲ ਨੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਡਾ. ਕੁਲਦੀਪ ਸਿੰਘ ਧੀਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ ਮੁਖੀ ਪੰਜਾਬੀ ਵਿਭਾਗ, ਡੀਨ ਅਕਾਦਮਿਕ ਅਫੇਅਰਜ਼ ਸਨ। ਉਨ੍ਹਾਂ ਦੱਸਿਆ ਡਾ. ਕੁਲਦੀਪ ਸਿੰਘ ਧੀਰ ਗੰਭੀਰ ਸਾਹਿਤ ਚਿੰਤਕ ਅਤੇ ਵਿਗਿਆਨ ਲੇਖਕ ਸਨ ਉਨ੍ਹਾਂ ਸਾਰੀ ਉਮਰ ਵਿਗਿਆਨ ਬਾਰੇ ਗਹਿਰ ਗੰਭੀਰ ਲੇਖ ਤੇ ਪੁਸਤਕਾਂ ਲਿਖੀਆਂ। ਅਕਾਡਮੀ ਦੇ ਜਨਰਲ ਸਕੱਤਰ ਡਾ. ਸੁਰਜੀਤ ਸਿੰਘ ਨੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਦਸਿਆ ਕਿ ਡਾ. ਕੁਲਦੀਪ ਸਿੰਘ ਹੋਰਾਂ ਨੇ ਮਕੈਨੀਕਲ ਇੰਜੀਨੀਅਰਿੰਗ ਦੀ ਡਿਗਰੀ ਥਾਪਰ ਇੰਜੀਨੀਅਰਿੰਗ ਕਾਲਜ ਪਟਿਆਲਾ ਤੋਂ 1966 'ਚ ਅਤੇ ਪੰਜਾਬੀ ਯੂਨੀਵਰਸਟੀ ਪਟਿਆਲਾ ਤੋਂ ਪੰਜਾਬੀ 'ਚ ਡਾਕਟਰੇਟ ਕੀਤੀ। ਉਨ੍ਹਾਂ ਨੇ ਪੰਜਾਬੀ 'ਚ ਆ ਕੇ ਨਿਵੇਕਲੀਆਂ ਪੈੜਾਂ ਪਾਈਆਂ। ਉਨ੍ਹਾਂ ਦੱਸਿਆ ਡਾ. ਧੀਰ ਜੀ ਨੂੰ ਕਈ ਮਾਣ ਸਨਮਾਨ ਮਿਲੇ ਜਿਨ੍ਹਾਂ ਵਿਚ ਭਾਈ ਸੰਤੋਖ ਸਿੰਘ ਪੁਰਸਕਾਰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੁਆਰਾ 1998, ਸਾਈਂ ਮੀਆਮੀਰ ਟਰੱਸਟ ਐਵਾਰਡ 2000, ਪੰਜਾਬ ਸਰਕਾਰ ਦਾ ਇੱਕ ਲੱਖ ਦਾ ਨਕਦ ਇਨਾਮ ਸ਼੍ਰੋਮਣੀ ਪੰਜਾਬੀ ਲੇਖਕ 1999, ਐਮ ਐਸ ਰੰਧਾਵਾ ਭਾਸ਼ਾ ਵਿਭਾਗ ਇਨਾਮ 2003, ਐਮ. ਐਸ. ਰੰਧਾਵਾ ਗਿਆਨ ਵਿਗਿਆਨ ਇਨਾਮ ਪੰਜਾਬ ਖੇਤੀਬਾੜੀ ਯੂਨੀਵਰਸਿਟੀ 'ਚ 2004 ਵੇਲੇ ਹੋਈ ਪੰਜਾਬ ਵਿਗਿਆਨ ਕਾਂਗਰਸ 'ਚ ਮਿਲਿਆ।
ਉਨ੍ਹਾਂ ਕਿਹਾ ਡਾ. ਕੁਲਦੀਪ ਸਿੰਘ ਧੀਰ ਦੇ ਵਿਛੋੜੇ ਨਾਲ ਪੰਜਾਬੀ ਸਾਹਿਤ ਜਗਤ ਅਤੇ ਪਰਿਵਾਰ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਇਸ ਦੁੱਖ ਦੀ ਘੜੀ ਵਿਚ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦੀ।
ਅਫ਼ਸੋਸ ਦਾ ਪ੍ਰਗਟਾਵਾ ਕਰਨ ਵਾਲਿਆਂ ਵਿਚ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਸਾਬਕਾ ਪ੍ਰਧਾਨ ਡਾ. ਸੁਰਜੀਤ ਪਾਤਰ, ਪ੍ਰੋ. ਗੁਰਭਜਨ ਸਿੰਘ ਗਿੱਲ, ਡਾ. ਸੁਖਦੇਵ ਸਿੰਘ ਸਿਰਸਾ, ਡਾ. ਸ. ਪ. ਸਿੰਘ, ਸੁਰਿੰਦਰ ਕੈਲੇ, ਸਹਿਜਪ੍ਰੀਤ ਸਿੰਘ ਮਾਂਗਟ, ਡਾ. ਗੁਲਜ਼ਾਰ ਸਿੰਘ ਪੰਧੇਰ, ਮਨਜੀਤ ਕੌਰ ਅੰਬਾਲਵੀ, ਖੁਸ਼ਵੰਤ ਸਿੰਘ ਬਰਗਾੜੀ, ਭੁਪਿੰਦਰ ਸਿੰਘ ਸੰਧੂ, ਡਾ. ਗੁਰਇਕਬਾਲ ਸਿੰਘ, ਮਨਜਿੰਦਰ ਸਿੰਘ ਧਨੋਆ, ਡਾ. ਜਗਵਿੰਦਰ ਜੋਧਾ, ਤ੍ਰੈਲੋਚਨ ਲੋਚੀ, ਸ੍ਰੀ ਰਾਮ ਅਰਸ਼, ਭਗਵੰਤ ਰਸੂਲਪੁਰੀ, ਕਮਲਜੀਤ ਨੀਲੋਂ, ਜਸਵੀਰ ਝੱਜ, ਡਾ. ਸੁਦਰਸ਼ਨ ਗਾਸੋ, ਸੁਦਰਸ਼ਨ ਗਰਗ, ਤਰਸੇਮ, ਅਮਰਜੀਤ ਕੌਰ ਹਿਰਦੇ, ਸੁਰਿੰਦਰ ਨੀਰ, ਡਾ. ਵਨੀਤਾ, ਗੁਲਜ਼ਾਰ ਸਿੰਘ ਸ਼ੌਂਕੀ, ਪ੍ਰੇਮ ਸਾਹਿਲ, ਮੇਜਰ ਸਿੰਘ ਗਿੱਲ ਅਤੇ ਅਕਾਡਮੀ ਦੇ ਹੋਰ ਮੈਂਬਰ ਸ਼ਾਮਲ ਹਨ।