ਕਿਰਸਾਣੀ ਨਾਲ ਸਬੰਧਤ ਮੰਗਾਂ ਨੂੰ ਲੈ ਕੇ ਪਿਛਲੇ ਲਗਭਗ ਡੇਢ ਮਹੀਨੇ ਤੋਂ ਮਰਨ ਵਰਤ ਕਰ ਰਹੇ ਡੱਲੇਵਾਲ ਦੀ ਹਾਲਤ 'ਤੇ ਹਰਕੇਸ਼ ਚੰਦ ਸ਼ਰਮਾ ਨੇ ਪ੍ਰਗਟਾਈ ਚਿੰਤਾ
ਚੰਡੀਗੜ੍ਹ, 6 ਜਨਵਰੀ 2025 - ਕਿਰਸਾਣੀ ਨਾਲ ਸਬੰਧਤ ਮੰਗਾਂ ਨੂੰ ਲੈ ਕੇ ਪਿਛਲੇ ਲਗਭਗ ਡੇਢ ਮਹੀਨੇ ਤੋਂ ਮਰਨ ਵਰਤ ਕਰ ਰਹੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ 'ਤੇ ਮਾਰਕੀਟ ਕਮੇਟੀ ਖਰੜ ਦੇ ਸਾਬਕਾ ਚੇਅਰਮੈਨ ਅਤੇ ਸੀਨੀਅਰ ਕਾਂਗਰਸੀ ਆਗੂ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕੇਂਦਰ ਤੇ ਪੰਜਾਬ ਸਰਕਾਰ ਨੂੰ ਤੁਰੰਤ ਕਿਸਾਨੀ ਮੰਗਾਂ ਮੰਨਣ ਦੀ ਅਪੀਲ ਕੀਤੀ ਹੈ।
ਅੱਜ ਇਥੇ ਗੱਲਬਾਤ ਕਰਦਿਆਂ ਸ੍ਰੀ ਸ਼ਰਮਾ ਨੇ ਕਿਹਾ ਕਿ ਸ੍ਰੀ ਡੱਲੇਵਾਲ ਰੋਜ਼ਾਨਾ ਮੌਤ ਦੇ ਮੂੰਹ ਵੱਲ ਵਧ ਰਹੇ ਹਨ ਪਰ ਕੇਂਦਰ ਅਤੇ ਪੰਜਾਬ ਦੋਵੇਂ ਹੀ ਸਰਕਾਰ ਕਿਸਾਨੀ ਮਸਲਿਆਂ ਵੱਲ ਉੱਕਾ ਹੀ ਧਿਆਨ ਨਹੀਂ ਦੇ ਰਹੀਆਂ । ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮਨ ਕੀ ਬਾਤ ਅੰਦਰ ਕਿਸਾਨਾਂ ਪ੍ਰਤੀ ਬਹੁਤ ਹਮਦਰਦੀ ਦੀ ਗੱਲ ਕਰਦੇ ਰਹਿੰਦੇ ਹਨ, ਪਰ ਹੁਣ ਠੰਡ ਅੰਦਰ ਧਰਨੇ 'ਤੇ ਬੈਠੇ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੇ ਹਨ। ਭਾਜਪਾ ਨੇ ਕਿਸਾਨਾਂ ਨੂੰ ਆਪਣੇ ਹੀ ਮੁਲਕ ਵਿਚ ਬੇਗਾਨਾ ਬਣਾ ਕੇ ਰੱਖ ਦਿੱਤਾ ਹੈ ਅਤੇ ਕਿਸਾਨਾਂ ਨਾਲ ਪਾਕਿਸਤਾਨੀਆਂ ਵਰਗਾ ਵਿਵਹਾਰ ਕਰਦੇ ਹੋਏ ਉਨ੍ਹਾਂ ਨੂੰ ਦਿੱਲੀ ਜਾਣ ਤੋਂ ਰੋਕਿਆ ਜਾ ਰਿਹਾ ਹੈ। ਉਨ੍ਹਾਂ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਵਾਲੀਆ ਨਿਸ਼ਾਨ ਲਗਾਉਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਕਿਸਾਨਾਂ ਨਾਲ ਕੀਤੇ ਵਾਅਦੇ ਯਾਦ ਦਿਵਾਏ ਅਤੇ ਕਿਹਾ ਕਿ ਸ੍ਰੀ ਮਾਨ ਬਿਨਾਂ ਦੇਰੀ ਕੀਤਿਆਂ ਆਪਣੇ ਕੀਤੇ ਵਾਅਦੇ ਅਨੁਸਾਰ ਪੰਜਾਬ ਸਰਕਾਰ ਦੇ ਪੱਧਰ 'ਤੇ ਕਿਸਾਨਾਂ ਨੂੰ ਫਸਲਾਂ ਦੀ ਖਰੀਦ 'ਤੇ ਘੱਟੋ ਘੱਟ ਸਮਰਥਨ ਮੁੱਲ ਦੇਣ |
ਉਨ੍ਹਾਂ ਕਿਹਾ ਕਿ ਸ੍ਰੀ ਡੱਲੇਵਾਲ ਇਕੱਲੇ ਆਪਣੇ ਲਈ ਨਹੀਂ ਸਗੋਂ ਦੇਸ਼ ਦੇ ਸਾਰੇ ਕਿਸਾਨਾਂ ਦੀ ਲੜਾਈ ਲੜ ਰਹੇ ਹਨ ਅਤੇ ਅਜਿਹੇ ਯੋਧੇ ਦਾ ਸਾਨੂੰ ਸਾਰਿਆਂ ਨੂੰ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਸਾਥ ਦੇਣਾ ਚਾਹੀਦਾ ਹੈ ਅਤੇ ਪਰਮਾਤਮਾ ਅੱਗੇ ਅਰਦਾਸ ਕਰਨੀ ਚਾਹੀਦੀ ਹੈ ਕਿ ਅਕਾਲ ਪੁਰਖ ਸ੍ਰੀ ਡੱਲੇਵਾਲ ਦੀ ਸਿਹਤ ਨੂੰ ਚੜ੍ਹਦੀ ਕਲਾ ਵਿਚ ਰੱਖੇ।