ਡੇਅਰੀ ਕਿੱਤੇ ਦੀ ਸਿਖਲਾਈ ਲਈ 20 ਜਨਵਰੀ ਤੱਕ ਦਿੱਤੀ ਜਾ ਸਕਦੀ ਹੈ ਅਰਜ਼ੀ
- ਸਿਖਲਾਈ ਉਪਰੰਤ ਡੇਅਰੀ ਵਿਭਾਗ ਵੱਲੋਂ ਨੌਜਵਾਨਾਂ ਨੂੰ ਡੇਅਰੀ ਫਾਰਮਿੰਗ ਦਾ ਕਿੱਤਾ ਸ਼ੁਰੂ ਕਰਨ ਲਈ ਸਬਸਿਡੀ ਉੱਪਰ ਦਿਵਾਏ ਜਾਣਗੇ ਕਰਜ਼ੇ
ਰੋਹਿਤ ਗੁਪਤਾ
ਗੁਰਦਾਸਪੁਰ, 17 ਜਨਵਰੀ 2025 - ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਸਹਾਇਕ ਕਿੱਤੇ ਸ਼ੁਰੂ ਕਰਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ, ਜਿਸ ਤਹਿਤ ਨੌਜਵਾਨਾਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ। ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਪੇਂਡੂ ਬੇਰੁਜ਼ਗਾਰ ਨੌਜਵਾਨ ਲੜਕੇ/ਲੜਕੀਆਂ, ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਕੋਰਸ ਵਾਸਤੇ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਲਾਕ-ਬੀ, ਚੌਥੀ ਮੰਜ਼ਿਲ, ਕਮਰਾ ਨੰਬਰ 508 ਵਿਖੇ ਮਿਤੀ 20 ਜਨਵਰੀ 2025 ਤੱਕ ਅਰਜ਼ੀਆਂ ਦੇ ਸਕਦੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ ਸ੍ਰੀ ਵਰਿਆਮ ਸਿੰਘ ਨੇ ਦੱਸਿਆ ਕਿ ਖੇਤੀ ਵਿੱਚ ਵਿਭਿੰਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਡੇਅਰੀ ਦੇ ਕਿੱਤੇ ਨੂੰ ਸਹਾਇਕ ਧੰਦੇ ਵਜੋਂ ਅਪਣਾਉਣ ਲਈ 2 ਹਫ਼ਤੇ ਦੀ ਡੇਅਰੀ ਸਿਖਲਾਈ ਮਿਤੀ 20 ਜਨਵਰੀ 2025 ਤੋਂ ਡੇਅਰੀ ਸਿਖਲਾਈ ਤੇ ਵਿਸਥਾਰ ਕੇਂਦਰ, ਵੇਰਕਾ (ਜ਼ਿਲ੍ਹਾ ਅੰਮ੍ਰਿਤਸਰ) ਵਿਖੇ ਕਰਵਾਈ ਜਾਣੀ ਹੈ। ਇਸ ਸਿਖਲਾਈ ਕੋਰਸ ਵਿੱਚ ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਬੇਰੁਜ਼ਗਾਰ ਨੌਜਵਾਨ ਲੜਕੇ/ਲੜਕੀਆਂ ਜੋ ਘੱਟੋ ਘੱਟ 5ਵੀਂ ਪਾਸ ਹੋਣ, ਉਨ੍ਹਾਂ ਦੀ ਉਮਰ 18 ਤੋਂ 55 ਸਾਲ ਦਰਮਿਆਨ ਹੋਵੇ ਅਤੇ ਪੇਂਡੂ ਖੇਤਰ ਨਾਲ ਸਬੰਧਿਤ ਹੋਣ, ਇਸ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ।
ਡਿਪਟੀ ਡਾਇਰੈਕਟਰ ਡੇਅਰੀ ਨੇ ਦੱਸਿਆ ਕਿ ਸਿਖਲਾਈ ਉਪਰੰਤ ਵਿਭਾਗ ਵੱਲੋਂ ਸਬੰਧਿਤ ਨੌਜਵਾਨਾਂ ਨੂੰ ਵੱਖ-ਵੱਖ ਬੈਂਕਾਂ ਤੋਂ ਡੇਅਰੀ ਕਰਜ਼ੇ ਦੀ ਸੁਵਿਧਾ ਰਾਹੀਂ 2 ਤੋਂ 20 ਪਸੂਆਂ ਦੇ ਡੇਅਰੀ ਯੂਨਿਟ ਸਥਾਪਤ ਕਰਵਾ ਕੇ 25 ਫ਼ੀਸਦੀ ਜਨਰਲ ਅਤੇ 33 ਫ਼ੀਸਦੀ ਅ.ਜਾਤੀ ਲਈ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਚਾਹਵਾਨ ਲੜਕੇ/ਲੜਕੀਆਂ ਇਸ ਸਬੰਧੀ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ, ਗੁਰਦਾਸਪੁਰ ਨਾਲ ਆਪਣੇ ਅਸਲ ਯੋਗਤਾ ਸਰਟੀਫਿਕੇਟ ਅਤੇ ਪਾਸਪੋਰਟ ਸਾਈਜ਼ ਫ਼ੋਟੋ ਅਤੇ ਆਧਾਰ ਕਾਰਡ ਲੈ ਕੇ ਫਾਰਮ ਭਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਫ਼ੋਨ ਨੰਬਰ 8054800880, 7508973471 ਅਤੇ 7888850893 'ਤੇ ਸੰਪਰਕ ਕੀਤਾ ਜਾ ਸਕਦਾ ਹੈ।