ਸਰਕਾਰੀ ਸਿਹਤ ਸੰਸਥਾਵਾਂ ਵਿਚ ਕਰਵਾਇਆ ਜਾਵੇ ਜਣੇਪਾ : ਸਿਵਲ ਸਰਜਨ ਮੋਹਾਲੀ
- ਸੁਰੱਖਿਅਤ ਜਣੇਪੇ ਲਈ ਗਰਭਵਤੀ ਔਰਤਾਂ ਦੀ ਕੀਤੀ ਗਈ ਵਿਸ਼ੇਸ਼ ਜਾਂਚ
ਹਰਜਿੰਦਰ ਸਿੰਘ ਭੱਟੀ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਜਨਵਰੀ, 2025: ਜ਼ਿਲ੍ਹੇ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿਚ ਅੱਜ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ (ਪੀ.ਐਮ.ਐਸ.ਐਮ.ਏ.) ਦਿਵਸ ਮਨਾਇਆ ਗਿਆ, ਜਿਸ ਤਹਿਤ ਮਾਹਰ ਡਾਕਟਰਾਂ ਵਲੋਂ ਗਰਭਵਤੀ ਔਰਤਾਂ ਦੀ ਮੁਫ਼ਤ ਜਾਂਚ ਕੀਤੀ ਗਈ, ਉਨ੍ਹਾਂ ਨੂੰ ਸੁਰੱਖਿਅਤ ਜਣੇਪੇ ਸਬੰਧੀ ਜਾਣਕਾਰੀ ਦਿਤੀ ਗਈ ਅਤੇ ਰਿਫਰੈਸ਼ਮੈਂਟ ਵੀ ਦਿੱਤੀ ਗਈ। ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਹਰ ਮਹੀਨੇ ਦੀ 9 ਤੇ 23 ਤਰੀਕ ਨੂੰ ਗਰਭਵਤੀ ਔਰਤਾਂ ਖ਼ਾਸਕਰ ਉੱਚ ਜੋਖਮ ਵਾਲੀਆਂ ਗਰਭਵਤੀ ਔਰਤਾਂ ਦੀ ਮੁਫ਼ਤ ਜਾਂਚ ਕੀਤੀ ਜਾਂਦੀ ਹੈ।
ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਦੂਜੀ ਅਤੇ ਤੀਜੀ ਤਿਮਾਹੀ ਵਾਲੀਆਂ ਗਰਭਵਤੀ ਔਰਤਾਂ ਦੀ ਜਾਂਚ ਕਰਨਾ ਅਤੇ ਹਾਈਰਿਸਕ ਗਰਭਵਤੀ ਔਰਤਾਂ ਦੀ ਪਛਾਣ ਕਰ ਕੇ ਉਨ੍ਹਾਂ ਨੂੰ ਸਹੀ ਇਲਾਜ ਪ੍ਰਦਾਨ ਕਰਨਾ ਹੈ। ਸੀਨੀਅਰ ਸਿਹਤ ਅਧਿਕਾਰੀ ਨੇ ਆਮ ਲੋਕਾਂ ਖ਼ਾਸਕਰ ਗਰਭਵਤੀ ਔਰਤਾਂ ਨੂੰ ਸਰਕਾਰੀ ਸਿਹਤ ਸੰਸਥਾਵਾਂ ਵਿਖੇ ਪਹੁੰਚ ਕੇ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਮੁਫਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਗਰਭਵਤੀ ਔਰਤਾਂ ਦੀ ਸਲਾਮਤੀ ਲਈ ਕਦੇ ਵੀ ਗੈਰ-ਸਿੱਖਿਅਤ ਵਿਅਕਤੀ ਤੋਂ ਜਣੇਪਾ ਨਹੀਂ ਕਰਾਉਣਾ ਚਾਹੀਦਾ, ਕਿਉਂਕਿ ਅਜਿਹਾ ਕਰਨ ਨਾਲ ਔਰਤ ਅਤੇ ਬੱਚੇ ਦੋਹਾਂ ਦੀ ਜਾਨ ਨੂੰ ਖ਼ਤਰਾ ਹੋ ਸਕਦਾ ਹੈ। ਜ਼ਿਕਰਯੋਗ ਹੈ ਕਿ ਹਰ ਗਰਭਵਤੀ ਔਰਤ ਦੇ ਚਾਰ ਏ.ਐੱਨ.ਸੀ. ਚੈਕਅੱਪ ਜ਼ਰੂਰੀ ਹਨ ਜਿਹੜੇ ਸਰਕਾਰੀ ਸਿਹਤ ਸੰਸਥਾਵਾਂ ਵਿਚ ਬਿਲਕੁਲ ਮੁਫ਼ਤ ਕੀਤੇ ਜਾਂਦੇ ਹਨ। ਡਾ. ਜੈਨ ਨੇ ਆਖਿਆ ਕਿ ਸਿਹਤ ਵਿਭਾਗ ਲੋਕਾਂ ਦੀ ਤੰਦਰੁਸਤੀ ਲਈ ਸੂਬਾਈ ਅਤੇ ਕੇਂਦਰੀ ਸਿਹਤ ਯੋਜਨਾਵਾਂ ਅਤੇ ਪ੍ਰੋਗਰਾਮਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰ ਰਿਹਾ ਹੈ ਅਤੇ ਲੋਕਾਂ ਨੂੰ ਬਿਹਤਰ ਜੱਚਾ-ਬੱਚਾ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ।