ਡਿਪਟੀ ਕਮਿਸ਼ਨਰ ਵੱਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ
- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ.ਕੁਲਤਾਰ ਸਿੰਘ ਸੰਧਵਾਂ ਹੋਣਗੇ ਸਮਾਗਮ ਦੇ ਮੁੱਖ ਮਹਿਮਾਨ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ 23 ਜਨਵਰੀ 2025 - ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਵੱਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਲਈ ਅੱਜ ਅਸ਼ੋਕ ਚੱਕਰ ਹਾਲ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਪੂਰੀ ਗੰਭੀਰਤਾ ਤੇ ਤਨਦੇਹੀ ਨਾਲ ਨਿਭਾਉਣ ਦੇ ਨਿਰਦੇਸ਼ ਦਿੱਤੇ, ਤਾਂ ਜੋ ਇਸ ਮਹੱਤਵਪੂਰਨ ਦਿਵਸ ਨੂੰ ਦੇਸ਼ ਭਗਤੀ ਦੀ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 26 ਜਨਵਰੀ ਨੂੰ ਗਣਤੰਤਰ ਦਿਵਸ ਸਬੰਧੀ ਇਥੋਂ ਦੇ ਨਹਿਰੂ ਸਟੇਡੀਅਮ ਵਿਖੇ ਮਨਾਇਆ ਜਾਵੇਗਾ। ਇਸ ਸਮਾਗਮ ਦੇ ਮੁੱਖ ਮਹਿਮਾਨ ਸ. ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਹੋਣਗੇ ।ਉਨ੍ਹਾਂ ਕਿਹਾ ਕਿ ਇਸ ਮਹੱਤਵਪੂਰਨ ਦਿਵਸ ’ਤੇ ਵਿਲੱਖਣ ਪ੍ਰਾਪਤੀ ਵਾਲੀਆਂ ਸ਼ਖਸੀਅਤਾਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ, ਜਿਸ ਲਈ ਵਿਭਾਗਾਂ ਦੇ ਮੁਖੀਆਂ ਨੂੰ ਆਪਣੇ ਅਧੀਨ ਵਧੀਆ ਸੇਵਾਵਾਂ ਨਿਭਾਅ ਰਹੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਸੂਚੀ ਸਮੇਂ ਸਿਰ ਸਬੰਧਤ ਦਫ਼ਤਰ ਵਿਚ ਪਹੁੰਚਾਉਣ ਲਈ ਕਿਹਾ।
ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਸਭਿਆਚਰਕ ਪ੍ਰੋਗਰਾਮ ਜਿਸ ਵਿਚ ਦੇਸ਼-ਭਗਤੀ ਨੂੰ ਦਰਸਾਉਂਦੀਆਂ ਆਈਟਮਾਂ, ਗਿੱਧਾ ਅਤੇ ਭੰਗੜਾ ਆਦਿ ਪੇਸ਼ ਕੀਤੇ ਜਾਣਗੇ ਅਤੇ ਵੱਖ ਵੱਖ ਵਿਭਾਗਾਂ ਵੱਲੋਂ ਭਲਾਈ ਅਤੇ ਵਿਕਾਸ ਦੇ ਕੰਮਾਂ ਨੂੰ ਦਰਸਾਉਂਦੀਆਂ ਝਾਕੀਆਂ ਵੀ ਕੱਢੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਦਿਹਾੜੇ ਨੂੰ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ।
ਇਸ ਦੌਰਾਨ ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮਾਗਮ ਸਬੰਧੀ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਸਾਫ਼-ਸਫਾਈ, ਪੀਣ ਵਾਲੇ ਪਾਣੀ, ਬਿਜਲੀ, ਮੈਡੀਕਲ ਟੀਮਾਂ ਆਦਿ ਸਮੇਤ ਟ੍ਰੈਫਿਕ ਵਿਵਸਥਾ, ਪਾਰਕਿੰਗ ਦੇ ਪੁਖ਼ਤਾ ਪ੍ਰਬੰਧ ਸਮੇਂ ਸਿਰ ਕਰ ਲਏ ਜਾਣ ਤਾਂ ਜੋ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਹਦਾਇਤ ਕੀਤੀ ਕਿ ਗਣਤੰਤਰਤਾ ਦਿਵਸ ਸਮਾਗਮ ਦੇ ਪ੍ਰਬੰਧਾਂ ਅਤੇ ਸੁਰੱਖਿਆ ਵਿੱਚ ਕਿਸੇ ਕਿਸਮ ਦੀ ਢਿੱਲ ਨਾ ਵਰਤੀ ਜਾਵੇ ਅਤੇ ਵਿਭਾਗਾਂ ਦੇ ਮੁਖੀ ਖੁਦ ਸਮੁੱਚੇ ਪ੍ਰਬੰਧਾਂ ਦੀ ਨਿਗਰਾਨੀ ਨੂੰ ਯਕੀਨੀ ਬਣਾਉਣ। ਇਸ ਉਪਰੰਤ ਡਿਪਟੀ ਕਮਿਸ਼ਨਰ ਨੇ ਨਹਿਰੂ ਸਟੇਡੀਅਮ ਵਿਖੇ ਰਿਹਰਸਲ ਦਾ ਜਾਇਜਾ ਵੀ ਲਿਆ । ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਓਜਸਵੀ ਅਲੰਕਾਰ, ਡਿਪਟੀ ਡੀ.ਈ.ਓ ਸ੍ਰੀ ਪ੍ਰਦੀਪ ਦਿਉੜਾ, ਜ਼ਿਲ੍ਹਾ ਗਾਈਡੈਂਸ ਕੌਂਸਲਰ ਸ੍ਰੀ ਜਸਬੀਰ ਜੱਸੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਕੌਮੀ ਦਿਹਾੜੇ ਮੌਕੇ ਬੀ.ਐਸ.ਐਫ. ਪੰਜਾਬ ਪੁਲਿਸ, ਹੋਮ ਗਾਰਡ, ਐਨ ਸੀ ਸੀ ਅਤੇ ਸਕਾਊਟ ਤੇ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਮਾਰਚਪਾਸਟ ਦਾ ਆਯੋਜਨ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਸਕੂਲੀ ਬੱਚਿਆਂ ਵੱਲੋਂ ਦੇਸ਼ ਭਗਤੀ ਅਤੇ ਸਭਿਆਚਾਰ ਨਾਲ ਸਬੰਧਿਤ ਪ੍ਰੋਗਰਾਮ ਸਬੰਧੀ ਰਿਹਰਸਲ ਸਮੇਂ ਸਿਰ ਮੁਕੰਮਲ ਕਰਵਾ ਲੈਣ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਤੋਂ ਉਨ੍ਹਾਂ ਨਾਲ ਸਬੰਧਤ ਕੰਮ ਦੀ ਵਿਸਥਾਰ ਸਾਹਿਤ ਜਾਣਕਾਰੀ ਪ੍ਰਾਪਤ ਕੀਤੀ ਅਤੇ ਕਿਹਾ ਕਿ ਉਹ ਰਹਿੰਦੇ ਬਾਕੀ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕਰ ਲੈਣ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਿਸੇ ਕਿਸਮ ਦੀ ਕੁਤਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਓਜਸਵੀ ਅਲੰਕਾਰ, ਵਧੀਕ ਡਿਪਟੀ ਕਮਿਸ਼ਨਰ (ਵਿ) ਸ.ਨਰਭਿੰਦਰ ਸਿੰਘ, ਐਸ.ਡੀ.ਐਮ ਮੇਜਰ ਵਰੁਣ ਕੁਮਾਰ, ਐਸ.ਡੀ.ਐਮ ਜੈਤੋ ਸੂਰਜ, ਡੀ.ਆਰ.ਓ ਲਵਪ੍ਰੀਤ ਕੌਰ, ਸਹਾਇਕ ਕਮਿਸ਼ਨਰ ਸ਼ਿਕਾਇਤਾਂ ਤੁਸ਼ਿਤਾ ਗੁਲਾਟੀ, ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ,ਡੀ.ਐਸ.ਐਸ.ਓ ਸ੍ਰੀ ਨਵੀਨ ਗੜਵਾਲ, ਸ. ਬਲਜਿੰਦਰ ਸਿੰਘ ਜ਼ਿਲ੍ਹਾ ਖੇਡ ਅਫ਼ਸਰ,ਸੈਕਟਰੀ ਰੈਡ ਕਰਾਸ ਸ੍ਰੀ ਮਨਦੀਪ ਮੌਂਗਾ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।