76ਵਾਂ ਗਣਤੰਤਰ ਦਿਵਸ : ਪ੍ਰਸ਼ਾਸਨ ਵਲੋਂ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰਾਂ ਦਾ ਘਰਾਂ ਵਿਚ ਸਨਮਾਨ
ਹੁਸ਼ਿਆਰਪੁਰ, 25 ਜਨਵਰੀ 2025: 76ਵੇਂ ਗਣਤੰਤਰ ਦਿਵਸ ਦੀ ਪੂਰਬਲੀ ਸ਼ਾਮ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰਾਂ ਦਾ ਉਨ੍ਹਾਂ ਦੇ ਘਰਾਂ ਵਿਚ ਜਾ ਕੇ ਸਨਮਾਨ ਕੀਤਾ ਗਿਆ। ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਵਿਚ ਆਪਣਾ ਯੋਗਦਾਨ ਪਾਉਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨ ਚਿੰਨ੍ਹ ਅਤੇ ਮਠਿਆਈਆਂ ਭੇਟ ਕੀਤੀਆਂ ਗਈਆਂ।
ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਨਾਲ ਸਬੰਧਤ ਆਜ਼ਾਦੀ ਘੁਲਾਟੀਆਂ ਦੇ 38 ਪਰਿਵਾਰਾਂ ਨੂੰ ਜਿਲ੍ਹਾ ਪ੍ਰਸ਼ਾਸਨ ਵਲੋਂ ਘਰਾਂ ਵਿਚ ਸਨਮਾਨ ਚਿੰਨ੍ਹ ਭੇਟ ਕੀਤੇ ਗਏ। ਉਨ੍ਹਾਂ ਕਿਹਾ ਕਿ ਆਜ਼ਾਦੀ ਦੇ ਪਰਵਾਨਿਆਂ ਨੇ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਦਿਆਂ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਆਪਣੀਆਂ ਜਾਨਾਂ ਤੱਕ ਨਿਸ਼ਾਵਰ ਕਰ ਦਿੱਤੀਆਂ ਅਤੇ ਉਨ੍ਹਾਂ ਦੇ ਇਸ ਲਾਮਿਸਾਲ ਯੋਗਦਾਨ ਨੂੰ ਕਦੇ ਵੀ ਅੱਖੋਂ-ਪਰੋਖੇ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਇਨ੍ਹਾਂ ਮਹਾਨ ਦੇਸ਼ ਭਗਤਾਂ, ਆਜ਼ਾਦੀ ਘੁਲਾਟੀਆਂ ਨੂੰ ਸਿਜਦਾ ਕਰਦਾ ਹੋਇਆ ਉਨ੍ਹਾਂ ਦੇ ਪਰਿਵਾਰਾਂ ਦੀ ਹਰ ਸੰਭਵ ਮਦਦ ਲਈ ਹਮੇਸ਼ਾ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ 26 ਜਨਵਰੀ ਨੂੰ ਪੁਲਿਸ ਲਾਈਨ ਵਿਖੇ ਵੀ ਆਜ਼ਾਦੀ ਦੇ ਸੰਗਰਾਮ ਵਿਚ ਹਿੱਸਾ ਪਾਉਣ ਵਾਲੀਆਂ ਹਸਤੀਆਂ ਦੇ ਪਰਿਵਾਰਕ ਮੈਂਬਰਾਂ ਦਾ ਸਨਮਾਨ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਪ੍ਰਸ਼ਾਸਨ ਵਲੋਂ ਅੱਜ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਰਾਹੀਂ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿਚ ਇਨ੍ਹਾਂ ਪਰਿਵਾਰਾਂ ਨੂੰ ਸਨਮਾਨ ਚਿੰਨ੍ਹ ਦਿੱਤੇ ਗਏ।