ਕਲਾਨੌਰ ਵਿਖੇ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਤਹਿਤ ਵਿਸ਼ੇਸ਼ ਕੈਂਪ ਲਗਾਇਆ
ਰੋਹਿਤ ਗੁਪਤਾ
ਗੁਰਦਾਸਪੁਰ, 13 ਫਰਵਰੀ 2025 - ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਦੇ 10 ਸਾਲ ਪੂਰੇ ਹੋਣ 'ਤੇ ਡੇਹਰੀਵਾਲ ਕਿਰਨ, ਬਲਾਕ ਕਲਾਨੌਰ ਵਿਖੇ ਮਾਨਸਿਕ ਸਿਹਤ ਅਤੇ ਗਰਭ-ਅਵਸਥਾ ਤੋ ਪਹਿਲਾਂ ਪ੍ਰੀ ਨੈਟਲ ਡਾਇਗਨੌਸਟਿਕ ਤਕਨੀਕ ਐਕਟ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਜਸਮੀਤ ਕੌਰ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ।
ਇਸ ਕੈਂਪ ਵਿੱਚ ਸਿਵਲ ਹਸਪਤਾਲ ਕਲਾਨੌਰ ਦੇ ਡਾਕਟਰ ਰਮਨ ਭਾਰਦਵਾਜ ਨੇ ਔਰਤਾਂ ਦੀਆਂ ਸਿਹਤ ਸਬੰਧੀ ਸਮੱਸਿਆਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਕੈਂਪ ਦੌਰਾਨ ਦੌਰਾਨ ਸਾਰੀਆਂ ਆਂਗਨਵਾੜੀ ਵਰਕਰਾਂ ਨੂੰ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ, ਬੇਟੀ ਬਚਾਓ ਬੇਟੀ ਪੜ੍ਹਾਓ ਯੋਜਨਾ ਅਤੇ ਪੋਸ਼ਣ ਅਭਿਆਨ ਬਾਰੇ ਜਾਣੂ ਕਰਵਾਇਆ ਗਿਆ।
ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਜਸਮੀਤ ਕੌਰ ਨੇ ਸਰਕਾਰ ਵੱਲੋਂ ਚਲਾਈ ਜਾ ਰਹੀ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਬਾਰੇ ਵਿਸਥਾਰ ਵਿੱਚ ਦੱਸਿਆ। ਉਨ੍ਹਾਂ ਕਿਹਾ ਕਿ ਹਰ ਲੜਕੀ ਨੂੰ ਸਿੱਖਿਅਤ ਹੋਣਾ ਚਾਹੀਦਾ ਹੈ ਕਿਉਂਕਿ ਇਹ ਉਸਦਾ ਅਧਿਕਾਰ ਹੈ। ਉਨ੍ਹਾਂ ਸਮੂਹ ਆਂਗਨਵਾੜੀ ਵਰਕਰਾਂ ਨੂੰ ਹਦਾਇਤ ਕੀਤੀ ਕਿ ਉਹ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਨੂੰ ਹੋਰ ਤੇਜ਼ ਕਰਨ।
ਇਸ ਮੌਕੇ ਸੀ.ਡੀ.ਪੀ.ਓ. ਹਰਜੀਤ ਕੌਰ, ਜ਼ਿਲ੍ਹਾ ਕੋਆਰਡੀਨੇਟਰ ਅੰਕੁਸ਼ ਸ਼ਰਮਾ, ਸੁਪਰਵਾਈਜ਼ਰ ਪਰਮਜੀਤ ਕੌਰ, ਬਲਾਕ ਕੋਆਰਡੀਨੇਟਰ ਰਜਿੰਦਰ ਸਿੰਘ ਅਤੇ ਪਿੰਡ ਡੇਹਰੀਵਾਲ ਦੀ ਸਰਪੰਚ ਕਿਰਨ ਹਾਜ਼ਰ ਸਨ।