ਜਲੰਧਰ: ਡਿਪਟੀ ਕਮਿਸ਼ਨਰ ਵਲੋਂ ਇਮੀਗ੍ਰੇਸ਼ਨ ਫ਼ਰਮਾਂ ਦੀ ਜਾਂਚ ਦੇ ਆਦੇਸ਼
- ਡਿਪੋਰਟ ਹੋਏ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਤੇ ਹੁਨਰ ਵਿਕਾਸ ਲਈ ਵਧਾਇਆ ਮਦਦ ਦਾ ਹੱਥ
ਜਲੰਧਰ, 14 ਫਰਵਰੀ 2025: ਇਮੀਗ੍ਰੇਸ਼ਨ ਕੰਸਲਟੈਂਸੀ ਸੇਵਾਵਾਂ ਨੂੰ ਨਿਯਮਤ ਕਰਨ ਵੱਲ ਇਕ ਮਹੱਤਵਪੂਰਣ ਕਦਮ ਚੁੱਕਦਿਆਂ ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਨੇ ਅਧਿਕਾਰੀਆਂ ਨੂੰ ਸਰਕਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਇਮੀਗ੍ਰੇਸ਼ਨ ਕੰਸਲਟੈਂਟਸ ਖਿਲਾਫ਼ ਵੱਡੇ ਪੱਧਰ ’ਤੇ ਜਾਂਚ ਮੁਹਿੰਮ ਸ਼ੁਰੂ ਕਰਨ ਦੀ ਹਦਾਇਤ ਕੀਤੀ। ਹਦਾਇਤਾਂ ਵਿੱਚ ਜ਼ਿਲ੍ਹੇ ਦੇ ਸਾਰੇ ਐਸ.ਡੀ.ਐਮਜ਼ ਨੂੰ ਆਪੋ-ਆਪਣੇ ਅਧਿਕਾਰ ਖੇਤਰ ਵਿੱਚ ਰਜਿਸਟਰਡ ਇੰਮੀਗ੍ਰੇਸ਼ਨ ਫ਼ਰਮਾਂ ਦੀ ਸਖ਼ਤ ਜਾਂਚ ਕਰਨ ਲਈ ਕਿਹਾ ਗਿਆ ਹੈ।
ਡਾ. ਅਗਰਵਾਲ ਨੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਕਦਮ ਦਾ ਉਦੇਸ਼ ਵਿਦੇਸ਼ ਜਾਣ ਦੇ ਚਾਹਵਾਨਾਂ ਨੂੰ ਧੋਖੇਬਾਜ਼ੀ ਤੋਂ ਬਚਾਉਣਾ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਇਮੀਗ੍ਰੇਸ਼ਨ ਫ਼ਰਮਾਂ ਕਾਨੂੰਨੀ ਢਾਂਚੇ ਦੇ ਅੰਦਰ ਕੰਮ ਕਰਨ। ਉਨ੍ਹਾਂ ਕਿਹਾ ਕਿ ਇਹ ਜ਼ਰੂਰੀ ਹੈ ਕਿ ਵਿਦੇਸ਼ਾਂ ਵਿੱਚ ਅਵਸਰਾਂ ਦੀ ਤਲਾਸ਼ ਕਰ ਰਹੇ ਵਿਅਕਤੀਆਂ ਨੂੰ ਧੋਖੇਬਾਜ਼ੀ ਤੋਂ ਬਚਾਉਣ ਲਈ ਇਮੀਗ੍ਰੇਸ਼ਨ ਕੰਸਲਟੈਂਟ ਨਿਰਧਾਰਿਤ ਮਾਪਦੰਡਾਂ ਦਾ ਪਾਲਣ ਕਰਨ।
ਡਿਪਟੀ ਕਮਿਸ਼ਨਰ ਨੇ ਹਾਲ ਹੀ ਵਿੱਚ ਸਯੁੰਕਤ ਰਾਜ ਅਮਰੀਕਾ ਤੋਂ ਡਿਪੋਰਟ ਹੋਏ ਨੌਜਵਾਨਾਂ ਵੱਲ ਮਦਦ ਦਾ ਹੱਥ ਵੀ ਵਧਾਇਆ । ਉਨ੍ਹਾਂ ਡਿਪੋਰਟ ਹੋਏ ਨੌਜਵਾਨਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਕਾਰੋਬਾਰ ਸ਼ੁਰੂ ਕਰਨ, ਰੋਜ਼ਗਾਰ ਪ੍ਰਾਪਤੀ ਵਿੱਚ ਸਹਾਇਤਾ ਅਤੇ ਹੁਨਰ ਵਿਕਾਸ ਰਾਹੀਂ ਉਨ੍ਹਾਂ ਦੇ ਕਰੀਅਰ ਦੇ ਮੁੜ ਨਿਰਮਾਣ ਵਿੱਚ ਵੱਧ ਤੋਂ ਵੱਧ ਮਦਦ ਕਰਨ ਦਾ ਭਰੋਸਾ ਦਿੱਤਾ।
ਡਾ. ਅਗਰਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਇਨ੍ਹਾਂ ਨੌਜਵਾਨਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨੌਜਵਾਨਾਂ ਨੂੰ ਹਰ ਸੰਭਵ ਸਹਾਇਤਾ ਪਹੁੰਚਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਰਾਜ ਦੇ ਹੁਨਰ ਵਿਕਾਸ ਮਿਸ਼ਨ ਅਧੀਨ ਵੱਖ-ਵੱਖ ਹੁਨਰ ਵਿਕਾਸ ਕੋਰਸਾਂ ਦੀ ਉਪਲਬੱਧਤਾ ਬਾਰੇ ਦੱਸਿਆ, ਜਿਨ੍ਹਾਂ ਸਦਕਾ ਉਨ੍ਹਾਂ ਲਈ ਰੋਜ਼ਗਾਰ ਪ੍ਰਾਪਤੀ ਦੀਆਂ ਸੰਭਾਵਨਾਵਾਂ ਵਧ ਸਕਦੀਆਂ ਹਨ। ਇਸ ਤੋਂ ਇਲਾਵਾ ਉਨ੍ਹਾਂ ਨੂੰ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਵਿੱਤੀ ਸਹਾਇਤਾ ਵੀ ਪ੍ਰਦਾਨ ਕੀਤੀ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਵਿਦੇਸ਼ ਜਾਣ ਦੇ ਚਾਹਵਾਨਾਂ ਨੂੰ ਵੱਡੇ ਵਿੱਤੀ ਅਤੇ ਵਿਅਕਤੀਗਤ ਨੁਕਸਾਨਾਂ ਤੋਂ ਬਚਣ ਲਈ ਇਮੀਗ੍ਰੇਸ਼ਨ ਲਈ ਹਮੇਸ਼ਾ ਕਾਨੂੰਨੀ ਰਸਤੇ ਚੁਣਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਵਿਦੇਸ਼ ਜਾਣ ਲਈ ਰਜਿਸਟਰਡ ਇਮੀਗ੍ਰੇਸ਼ਨ ਕੰਸਲਟੈਂਟਾਂ ਨਾਲ ਹੀ ਸੰਪਰਕ ਕੀਤਾ ਜਾਵੇ, ਜਿਨ੍ਹਾਂ ਸਬੰਧੀ ਸੂਚੀ ਵੈਬਸਾਈਟ www.jalandhar.nic.in ਅਤੇ www.emigrate.gov.in. ’ਤੇ ਉਪਲਬੱਧ ਹੈ। ਵਧੇਰੇ ਜਾਣਕਾਰੀ ਲਈ ਪ੍ਰੋਟੈਕਟਰ ਜਨਰਲ ਆਫ਼ ਇਮੀਗ੍ਰਾਂਟਸ ਹੈਲਪਲਾਈਨ ਨੰਬਰ 95306-41790 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਵਿਦੇਸ਼ਾਂ ਵਿੱਚ ਰੋਜ਼ਗਾਰ ਦੇ ਚਾਹਵਾਨਾਂ ਲਈ ਪ੍ਰੀ-ਡਿਪਾਰਚਰ ਓਰੀਐਂਟੇਸ਼ਨ ਟ੍ਰੇਨਿੰਗ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਚਾਹਵਾਨ ਉਮੀਦਵਾਰ ਰਜਿਸਟ੍ਰੇਸ਼ਨ ਲਈ ਬਿਊਰੋ ਦੇ ਹੈਲਪਲਾਈਨ ਨੰਬਰ 90569-20100 ’ਤੇ ਸੰਪਰਕ ਕਰ ਸਕਦੇ ਹਨ।
ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਮੇਜਰ ਡਾ. ਅਮਿਤ ਮਹਾਜਨ, ਡਿਪਟੀ ਡਾਇਰੈਕਟਰ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖ਼ਲਾਈ ਬਿਊਰੋ ਨੀਲਮ ਮਹੇ ਅਤੇ ਰੋਜ਼ਗਾਰ ਅਫ਼ਸਰ ਨਰੇਸ਼ ਕੁਮਾਰ ਵੀ ਮੌਜੂਦ ਸਨ। ਪ੍ਰਸ਼ਾਸਨ ਵਲੋਂ ਉਠਾਏ ਗਏ ਇਸ ਮਹੱਤਵਪੂਰਣ ਕਦਮ ਦਾ ਉਦੇਸ਼ ਡਿਪੋਰਟ ਹੋਏ ਨੌਜਵਾਨਾਂ ਨੂੰ ਸਹਾਇਤਾ ਮੁਹੱਈਆ ਕਰਵਾਉਂਦੇ ਹੋਏ ਪੰਜਾਬ ਸਰਕਾਰ ਵੱਲੋਂ ਆਪਣੇ ਨਾਗਰਿਕਾਂ ਦੇ ਹਿੱਤਾਂ ਦੀ ਰਾਖੀ ਕਰਨ ਦੀ ਵਚਨਬੱਧਤਾ ਨੂੰ ਮਜ਼ਬੂਤ ਕਰਨਾ ਅਤੇ ਇਮੀਗ੍ਰੇਸ਼ਨ ਸੇਵਾਵਾਂ ਵਿੱਚ ਪਾਰਦਰਸ਼ਤਾ ਨੂੰ ਯਕੀਨੀ ਬਣਾਉਣਾ ਹੈ।