ਹਮਾਂਯੂਪੁਰ ਦੇ ਇਤਿਹਾਸਕ ਧਾਰਮਿਕ ਸਮਾਗਮ 'ਚ ਵੱਡੀ ਗਿਣਤੀ ਸੰਗਤ ਨਤਮਸਤਕ
- ਨਿਰਮੈਲ ਸਿੰਘ ਜੌਲਾ ਵੱਲੋਂ ਨੌਜਵਾਨੀ ਨੂੰ ਸਿੱਖੀ ਨਾਲ ਜੁੜਨ ਦੀ ਅਪੀਲ
ਮਲਕੀਤ ਸਿੰਘ ਮਲਕਪੁਰ
ਲਾਲੜੂ 23 ਫਰਵਰੀ 2025: ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਪਿੰਡ ਹਮਾਂਯੂਪੁਰ ਵਿਖੇ ਹੋਈ ਆਮਦ ਨੂੰ ਲੈ ਕੇ ਪਿੰਡ ਵਿਖੇ ਕਰਵਾਏ ਜਾ ਰਹੇ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਦੇ ਦੂਜੇ ਦਿਨ ਵੱਡੀ ਗਿਣਤੀ ਸੰਗਤਾਂ ਨੇ ਸ਼ਮੂਲੀਅਤ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸੁਰਜੀਤ ਸਿੰਘ ਹਮਾਂਯੂਪੁਰ ਨੇ ਦੱਸਿਆ ਕਿ ਪਿੰਡ ਹਮਾਂਯੂਪੁਰ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਚਰਨ ਪਾਏ ਸਨ, ਜਿਨ੍ਹਾਂ ਦੀ ਯਾਦ ਵਿੱਚ ਪਿੰਡ ਵਿੱਚ ਹਰ ਵਰ੍ਹੇ ਤਿੰਨ ਰੋਜਾ ਧਾਰਮਿਕ ਸਮਾਗਮ ਕਰਵਾਇਆ ਜਾਂਦਾ ਹੈ ।
ਉਨ੍ਹਾਂ ਦੱਸਿਆ ਕਿ ਅੱਜ ਦੂਜੇ ਦਿਨ ਢਾਡੀ ਜੱਥਿਆਂ ਵੱਲੋਂ ਸਵੇਰੇ 11 ਵਜੇ ਤੋਂ ਲੈ ਕੇ ਦੁਪਹਿਰ 4 ਵਜੇ ਤੱਕ ਵੀਰ ਰਸ ਭਰੀਆਂ ਵਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਇਤਿਹਾਸ ਦੱਸ ਕੇ ਸਿੱਖ ਧਰਮ ਨਾਲ ਜੁੜਨ ਦਾ ਸੱਦਾ ਦਿੱਤਾ। ਇਸ ਮੌਕੇ ਸ੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਨਿਰਮੈਲ ਸਿੰਘ ਜੌਲਾ ਨੇ ਵਿਸ਼ੇਸ ਤੌਰ ਉੱਤੇ ਸ਼ਿਰਕਤ ਕਰਦਿਆਂ ਸੰਗਤਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਚਰਨ ਛੋਅ ਧਰਤੇ ਉੱਤੇ ਕਰਵਾਏ ਜਾ ਰਹੇ ਸਮਾਗਮ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਦੁਨੀਆ ਦੇ ਇਤਿਹਾਸ ਵਿੱਚ ਮਨੁੱਖਤਾ ਲਈ ਦਿੱਤੇ ਸ੍ਰੀ ਗੁਰੂ ਤੇਗਬਹਾਦਰ ਜੀ ਦੇ ਬਲਿਦਾਨ ਦੀ ਵੱਡੀ ਮਹੱਤਤਾ ਹੈ।
ਉਨ੍ਹਾਂ ਦੱਸਿਆ ਕਿ ਗੁਰੂ ਸਾਹਿਬ ਨੇ ਬਲਿਦਾਨ ਦੇ ਕੇ ਜੁਲਮ ਨੂੰ ਠੱਲ ਪਾਈ ਸੀ। ਉਨ੍ਹਾਂ ਕਿਹਾ ਕਿ ਸਿੱਖ ਧਰਮ ਸ਼ਹੀਦੀਆਂ ਨਾਲ ਭਰੇ ਇਤਿਹਾਸ ਵਾਲਾ ਹੈ, ਜਿਨ੍ਹਾਂ ਦੀ ਬਦੋਲਤ ਅੱਜ ਅਸੀਂ ਅਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਸ. ਜੌਲਾ ਨੇ ਕਿਹਾ ਕਿ 24 ਫਰਵਰੀ ਨੂੰ ਸਵੇਰੇ 11 ਵਜੇ ਤੋਂ ਲੈ ਕੇ 5 ਵਜੇ ਤੱਕ ਦੀਵਾਨ ਸੱਜਣਗੇ ਅਤੇ ਸ੍ਰੀ ਅਕਾਲ ਤਖਤ ਸਾਹਿਬ ਅੰਮ੍ਰਿਤਸਰ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਪੁੱਜ ਕੇ ਨਤਮਸਤਕ ਹੋਣਗੇ ਅਤੇ ਸੰਗਤਾਂ ਨੂੰ ਸੰਬੋਧਨ ਕਰਨਗੇ। ਉਨ੍ਹਾਂ ਨੌਜਵਾਨੀ ਨੂੰ ਸਿੱਖੀ ਨਾਲ ਜੁੜਨ ਦੇ ਨਾਲ -ਨਾਲ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ 24 ਫਰਵਰੀ ਨੂੰ ਇਸ ਸਮਾਗਮ ਵਿੱਚ ਆਪਣੀ ਹਾਜ਼ਰੀ ਜ਼ਰੂਰ ਲਗਵਾਉਣ ਤੇ ਗੁਰੁ ਸਾਹਿਬ ਦੀਆਂ ਬਖਸ਼ਿਸ਼ਾਂ ਹਾਸਿਲ ਕਰਨ। ਇਸ ਮੌਕੇ ਵੱਡੀ ਗਿਣਤੀ ਸੰਗਤ ਹਾਜ਼ਰ ਸੀ।
ਪਿੰਡ ਹਮਾਂਯੂਪੁਰ ਵਿਖੇ ਵਾਰਾਂ ਰਾਹੀਂ ਸੰਗਤ ਨੂੰ ਇਤਿਹਾਸ ਨਾਲ ਜੋੜਦਾ ਹੋਇਆ ਢਾਡੀ ਜਥਾ।