← ਪਿਛੇ ਪਰਤੋ
ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਬਕਾਇਆ ਮਾਣ ਭੱਤੇ ਨੂੰ ਲੈ ਕੇ ਘੇਰੀ ਸਰਕਾਰ
ਅਸ਼ੋਕ ਵਰਮਾ
ਬਠਿੰਡਾ, 11 ਮਾਰਚ 2025:ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਕਿਹਾ ਹੈ ਕਿ ਪੰਜਾਬ ਦੀਆਂ ਲਗਭਗ 54 ਹਜ਼ਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਪਿਛਲੇਂ ਤਿੰਨ ਮਹੀਨਿਆਂ ਤੋਂ ਸਟੇਟ ਸ਼ੇਅਰ ਦਾ ਮਾਣ ਭੱਤਾ ਨਹੀਂ ਮਿਲਿਆ ਜਿਸ ਕਰਕੇ ਵਰਕਰਾਂ ਤੇ ਹੈਲਪਰਾਂ ਵਿੱਚ ਨਿਰਾਸ਼ਤਾ ਪਾਈ ਜਾ ਰਹੀ ਹੈ । ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਗੁਰਮੀਤ ਕੌਰ ਗੋਨੇਆਣਾ ਨੇ ਕਿਹਾ ਹੈ ਕਿ ਪੰਜਾਬ ਦੇ ਕਈ ਬਲਾਕਾਂ ਵਿਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਦਸੰਬਰ 2024 ਅਤੇ ਜਨਵਰੀ ਤੇ ਫ਼ਰਵਰੀ 2025 ਦਾ ਮਾਣ ਭੱਤਾ ਪੰਜਾਬ ਸਰਕਾਰ ਨੇ ਨਹੀਂ ਦਿੱਤਾ ਅਤੇ ਸਿਰਫ ਕੇਦਰ ਵੱਲੋ ਭੇਜੇ ਜਾ ਰਹੇ ਪੈਸੇ ਹੀ ਵਰਕਰਾਂ ਤੇ ਹੈਲਪਰਾਂ ਦੇ ਖਾਤਿਆਂ ਵਿੱਚ ਆ ਰਹੇ ਹਨ । ਉਹਨਾਂ ਕਿਹਾ ਕਿ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਉਦੋਂ ਤੋਂ ਹੀ ਵਰਕਰਾਂ ਤੇ ਹੈਲਪਰਾਂ ਨੂੰ ਸਮੇਂ ਸਿਰ ਮਾਣ ਭੱਤਾ ਨਹੀਂ ਮਿਲਿਆ ਹੈ। ਉਹਨਾਂ ਕਿਹਾ ਕਿ ਸਰਕਾਰ ਬਨਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਇਹ ਵਾਅਦਾ ਕੀਤਾ ਸੀ ਕਿ ਜੇਕਰ ਉਹਨਾਂ ਦੀ ਸਰਕਾਰ ਆਈ ਤਾਂ ਵਰਕਰਾਂ ਤੇ ਹੈਲਪਰਾਂ ਦਾ ਮਾਣ ਭੱਤਾ ਦੁੱਗਣਾ ਕੀਤਾ ਜਾਵੇਗਾ । ਆਗੂਆਂ ਨੇ ਮੰਗ ਕੀਤੀ ਕਿ ਵਰਕਰਾਂ ਤੇ ਹੈਲਪਰਾਂ ਨੂੰ ਮਾਣ ਭੱਤਾ ਹਰ ਮਹੀਨੇ ਦੀ 3 ਤਰੀਕ ਨੂੰ ਮਿਲਣਾ ਯਕੀਨੀ ਬਣਾਇਆ ਜਾਵੇ । ਆਗੂਆਂ ਨੇ ਇਹ ਵੀ ਦੋਸ਼ ਲਗਾਇਆ ਕਿ ਉਹਨਾਂ ਨੂੰ ਮਾਣ ਭੱਤਾ ਲੈਣ ਲਈ ਵੀ ਸੰਘਰਸ਼ ਕਰਨਾ ਪੈਂਦਾ ਹੈ । ਨਾ ਤਾਂ ਮਹਿਕਮੇ ਦੇ ਮੰਤਰੀ ਇਸ ਪਾਸੇ ਧਿਆਨ ਦੇ ਰਹੇ ਹਨ ਅਤੇ ਨਾ ਹੀ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਉੱਚ ਅਧਿਕਾਰੀ ਇਸ ਪਾਸੇ ਗੌਰ ਕਰਦੇ ਹਨ । ਉਹਨਾਂ ਕਿਹਾ ਕਿ ਜੇਕਰ ਮਾਣ ਭੱਤਾ ਨਾ ਮਿਲਿਆ ਤਾਂ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਸੰਘਰਸ਼ ਕੀਤਾ ਜਾਵੇਗਾ ।
Total Responses : 62