ਚੇਅਰਮੈਨ ਰਮਨ ਬਹਿਲ ਨੇ ਗੁਰਦਾਸਪੁਰ ਦੇ ਵਿਕਾਸ ਵਿੱਚ ਲਿਖੀ ਇੱਕ ਹੋਰ ਨਵੀਂ ਇਬਾਰਤ
- ਉਦਯੋਗਿਕ ਇਸਟੇਟ ਗੁਰਦਾਸਪੁਰ 'ਚ ਬੁਨਿਆਦੀ ਢਾਂਚੇ ਦੇ ਵਿਕਾਸ ਲਈ 3.5 ਕਰੋੜ ਰੁਪਏ ਮਨਜ਼ੂਰ ਕਰਵਾਏ,13 ਮਾਰਚ ਨੂੰ ਬੁਨਿਆਦੀ ਢਾਂਚੇ ਦੇ ਵਿਕਾਸ ਕਾਰਜਾਂ ਦਾ ਕਰਨਗੇ ਸ਼ੁੱਭ ਆਰੰਭ
ਰੋਹਿਤ ਗੁਪਤਾ
ਗੁਰਦਾਸਪੁਰ, 12 ਮਾਰਚ 2025 - ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਗੁਰਦਾਸਪੁਰ ਸ਼ਹਿਰ ਦੇ ਵਿਕਾਸ ਵਿੱਚ ਇੱਕ ਹੋਰ ਨਵੀਂ ਇਬਾਰਤ ਲਿਖੀ ਗਈ ਹੈ। ਸ੍ਰੀ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਪੰਜਾਬ ਸਰਕਾਰ ਨੇ ਉਦਯੋਗਿਕ ਇਸਟੇਟ ਗੁਰਦਾਸਪੁਰ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਲਈ 3.5 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਦੱਸਿਆ ਕਿ ਸਾਲ 1976 ਵਿੱਚ ਗੁਰਦਾਸਪੁਰ ਵਿਖੇ ਉਦਯੋਗਿਕ ਇਸਟੇਟ ਬਣਾਈ ਗਈ ਸੀ ਜਿਸ ਵਿੱਚ ਪਿਛਲੇ ਕਾਫ਼ੀ ਸਮੇਂ ਤੋਂ ਬੁਨਿਆਦੀ ਸਹੂਲਤਾਂ ਜਿਵੇਂ ਕਿ ਸੜਕਾਂ, ਵਾਟਰ ਸਪਲਾਈ, ਸੀਵਰੇਜ ਸਿਸਟਮ ਅਤੇ ਸਟਰੀਟ ਲਾਈਟਾਂ ਦੀ ਹਾਲਤ ਠੀਕ ਨਹੀਂ ਸੀ। ਉਨ੍ਹਾਂ ਕਿਹਾ ਕਿ ਉਦਯੋਗਿਕ ਇਸਟੇਟ ਵਿੱਚ ਬੁਨਿਆਦੀ ਸਹੂਲਤਾਂ ਨਾ ਹੋਣ ਕਾਰਨ ਸਨਅਤਕਾਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਅਤੇ ਸਨਅਤਕਾਰਾਂ ਨੇ ਉਨ੍ਹਾਂ ਕੋਲ ਇਸ ਸਮੱਸਿਆ ਨੂੰ ਹੱਲ ਕਰਨ ਦਾ ਮੁੱਦਾ ਉਠਾਇਆ ਸੀ।
ਸ੍ਰੀ ਰਮਨ ਬਹਿਲ ਨੇ ਕਿਹਾ ਸਨਅਤਕਾਰਾਂ ਦੀ ਇਸ ਜਾਇਜ਼ ਮੰਗ ਨੂੰ ਪੂਰਾ ਕਰਵਾਉਣ ਲਈ ਉਨ੍ਹਾਂ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਉਦਯੋਗ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੋਂਧ ਨਾਲ ਮੁਲਾਕਾਤ ਕਰਕੇ ਇਸ ਮਸਲੇ ਦੀ ਪੈਰਵੀ ਕੀਤੀ। ਸ੍ਰੀ ਬਹਿਲ ਨੇ ਕਿਹਾ ਕਿ ਉਨ੍ਹਾਂ ਨੂੰ ਦੱਸਦੇ ਹੋਏ ਖ਼ੁਸ਼ੀ ਹੋ ਰਹੀ ਹੈ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਮੰਗ ਨਾਲ ਸਹਿਮਤ ਹੁੰਦੇ ਹੋਏ ਗੁਰਦਾਸਪੁਰ ਦੀ ਉਦਯੋਗਿਕ ਇਸਟੇਟ ਲਈ 3.5 ਕਰੋੜ ਰੁਪਏ ਮਨਜ਼ੂਰ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ 3.5 ਕਰੋੜ ਰੁਪਏ ਦੀ ਰਾਸ਼ੀ ਵਿੱਚੋਂ 120.69 ਲੱਖ ਰੁਪਏ ਦੀ ਲਾਗਤ ਨਾਲ ਸਿਵਲ ਵਰਕ ਸੜਕਾਂ ਤੇ ਚਾਰਦੀਵਾਰੀ ਕੀਤੀ ਜਾਵੇਗੀ ਜਦਕਿ 54.64 ਲੱਖ ਰੁਪਏ ਵਾਟਰ ਸਪਲਾਈ ਅਤੇ ਸੀਵਰੇਜ ਸਿਸਟਮ ਦੀ ਦਰੁਸਤੀ ਲਈ ਖ਼ਰਚੇ ਜਾਣਗੇ। ਇਸ ਤੋਂ ਇਲਾਵਾ ਐੱਚ.ਟੀ/ਐੱਲ.ਟੀ. ਬਿਜਲੀ ਸਿਸਟਮ ਲਈ 1 ਕਰੋੜ ਰੁਪਏ, ਸਟਰੀਟ ਲਾਈਟਾਂ ਲਈ 16.22 ਲੱਖ ਰੁਪਏ, ਬਾਗ਼ਬਾਨੀ ਵਰਕ ਲਈ 9.78 ਲੱਖ ਰੁਪਏ ਅਤੇ ਓਵਰਹੈੱਡ ਚਾਰਜਿਸ ਉੱਪਰ 3.80 ਲੱਖ ਰੁਪਏ ਖ਼ਰਚ ਕੀਤੇ ਜਾਣਗੇ।
ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਉਦਯੋਗਿਕ ਇਸਟੇਟ ਗੁਰਦਾਸਪੁਰ ਦੇ ਇਸ ਨਵੀਨੀਕਰਨ ਪ੍ਰੋਜੈਕਟ ਦਾ ਸ਼ੁੱਭ ਆਰੰਭ ਮਿਤੀ 13 ਮਾਰਚ 2025 ਨੂੰ ਦੁਪਹਿਰ 2:00 ਵਜੇ ਕੀਤਾ ਜਾਵੇਗਾ। ਉਨ੍ਹਾਂ ਗੁਰਦਾਸਪੁਰ ਦੇ ਸਮੂਹ ਸਨਅਤਕਾਰਾਂ ਅਤੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਪ੍ਰੋਜੈਕਟ ਦੀ ਸ਼ੁਰੂਆਤ ਮੌਕੇ ਉਦਯੋਗਿਕ ਇਸਟੇਟ ਗੁਰਦਾਸਪੁਰ ਵਿਖੇ ਜ਼ਰੂਰ ਪਹੁੰਚਣ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਦੇ ਸਰਬਪੱਖੀ ਵਿਕਾਸ ਲਈ ਉਹ ਹਮੇਸ਼ਾਂ ਵਚਨਬੱਧ ਹਨ।