ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਬਣਾਉਣ ਲਈ ਵਿਆਪਕ ਕਦਮ ਚੁੱਕ ਰਹੀ ਸਰਕਾਰ: ਜਗਸੀਰ ਸਿੰਘ
ਅਸ਼ੋਕ ਵਰਮਾ
ਨਥਾਣਾ (ਬਠਿੰਡਾ), 11 ਅਪ੍ਰੈਲ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿੱਖਿਆ ਦਾ ਨਵੀਨੀਕਰਨ ਕਰਨ ਲਈ ਵਚਨਬੱਧ ਹੈ ਅਤੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਖੇਤਰ ਨੂੰ ਬੁਲੰਦੀਆਂ ਉਤੇ ਪਹੁੰਚਾਉਣ ਲਈ ਕ੍ਰਾਂਤੀਕਾਰੀ ਕਦਮ ਚੁੱਕੇ ਜਾ ਰਹੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ ਨੇ ਜ਼ਿਲ੍ਹੇ ਦੇ ਪਿੰਡ ਨਥਾਣਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਨਥਾਣਾ ਵਿੱਚ ਕਰਵਾਏ ਗਏ "ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ" ਸਮਾਗਮ ’ਚ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਮੌਕੇ ਕੀਤਾ।
ਇਸ ਦੌਰਾਨ ਵਿਧਾਇਕ ਮਾਸਟਰ ਜਗਸੀਰ ਸਿੰਘ ਨੇ ਕਿਹਾ ਕਿ ਸਾਲ 2022 ਵਿੱਚ ਜਦੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਤਾਂ ਸਿੱਖਿਆ ਤੇ ਸਿਹਤ ਦੇ ਖੇਤਰਾਂ ਵਿੱਚ ਸੁਧਾਰ ਲਿਆਉਣ ਲਈ ਜ਼ਮੀਨੀ ਪੱਧਰ ਉੱਤੇ ਉਪਰਾਲੇ ਸ਼ੁਰੂ ਹੋਏ ਅਤੇ ਨਿਰੰਤਰ ਯਤਨਾਂ ਸਦਕਾ ਜਿੱਥੇ ਸਕੂਲਾਂ ਵਿੱਚ ਬੁਨਿਆਦੀ ਢਾਂਚਾ ਮਜ਼ਬੂਤ ਹੋਇਆ ਹੈ ਓਥੇ ਹੀ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੀ ਪੜਾਉਣ ਸ਼ੈਲੀ ਵਿੱਚ ਹੋਰ ਸੁਧਾਰ ਲਿਆਉਣ ਲਈ ਆਈ ਆਈ ਟੀ ਅਹਿਮਦਾਬਾਦ, ਸਿੰਘਾਪੁਰ, ਫਿਨਲੈਂਡ ਵਿੱਚ ਉੱਚ ਪੱਧਰੀ ਸਿਖਲਾਈ ਦਿਵਾਈ ਗਈ।
ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਪ੍ਰਦਾਨ ਕੀਤੇ ਉਸਾਰੂ ਮਾਹੌਲ ਸਦਕਾ 200 ਦੇ ਕਰੀਬ ਵਿਦਿਆਰਥੀਆਂ ਨੇ ਉੱਚ ਵੱਕਾਰੀ ਜੇਈਈ ਮੇਨਜ਼ ਦੀ ਪ੍ਰੀਖਿਆ ਪਾਸ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪਿਛਲੇ ਤਿੰਨ ਸਾਲਾਂ ਦੌਰਾਨ 20 ਹਜ਼ਾਰ ਅਧਿਆਪਕ ਪੱਕੇ ਕੀਤੇ ਜਾ ਚੁੱਕੇ ਹਨ ਅਤੇ ਇਹ ਪ੍ਰਕਿਰਿਆ ਹਲੇ ਵੀ ਲਗਾਤਾਰ ਜਾਰੀ ਹੈ। ਇਸ ਤੋਂ ਪਹਿਲਾ ਉਨ੍ਹਾਂ ਸਕੂਲ ਦੇ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਵੀ ਕੀਤਾ।
ਇਸ ਮੌਕੇ ਸਕੂਲ ਦਾ ਸਮੁੱਚਾ ਸਟਾਫ ਅਤੇ ਪਿੰਡ ਦੇ ਪਤਵੰਤੇ ਆਦਿ ਹਾਜ਼ਰ ਸਨ।