ਪੰਜਾਬ ਸਰਕਾਰ ਵੱਲੋਂ ਸਕੂਲਾਂ ’ਚ ਲਿਆਂਦੀਆਂ ਜਾ ਰਹੀਆਂ ਹਨ ਕ੍ਰਾਤੀਕਾਰੀ ਤਬਦੀਲੀਆਂ : ਪ੍ਰੋ. ਬਲਜਿੰਦਰ ਕੌਰ
ਅਸ਼ੋਕ ਵਰਮਾ
ਕਲਾਲਵਾਲਾ (ਬਠਿੰਡਾ), 17 ਅਪ੍ਰੈਲ 2025 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਕੂਲਾਂ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਲਿਆਉਂਦਿਆਂ ਵਿਦਿਆਰਥੀਆਂ ਨੂੰ ਪੜ੍ਹਾਈ ਅਤੇ ਖੇਡਾਂ ਵਿੱਚ ਸਮੇਂ ਦਾ ਹਾਣੀ ਬਣਾਇਆ ਜਾ ਰਿਹਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਚੀਫ ਵਿੱਪ ਅਤੇ ਤਲਵੰਡੀ ਸਾਬੋ ਦੇ ਵਿਧਾਇਕ ਪ੍ਰੋ: ਬਲਜਿੰਦਰ ਕੌਰ ਨੇ ਜ਼ਿਲ੍ਹੇ ਅਧੀਨ ਪੈਂਦੇ ਪਿੰਡ ਕਲਾਲਵਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਏ ਗਏ "ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ" ਸਮਾਗਮ ’ਚ ਸ਼ਿਰਕਤ ਕਰਨ ਮੌਕੇ ਕੀਤਾ।
ਇਸ ਦੌਰਾਨ ਵਿਧਾਇਕ ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਸਕੂਲਾਂ ਵਿੱਚ ਆਧੁਨਿਕ ਸਿੱਖਿਆ ਦੇਣ ਦੇ ਨਾਲ ਵਿਦਿਆਰਥੀਆਂ ਨੂੰ ਖੇਡਾਂ ਦੇ ਨਾਲ ਜੋੜਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਵਿਦਿਆਰਥੀ ਖੇਡਾਂ ਵਿੱਚ ਵੀ ਵਿਸ਼ੇਸ਼ ਉਪਲੱਬਧੀਆਂ ਹਾਸਲ ਕਰ ਸਕਣ।
ਉਨ੍ਹਾਂ ਅੱਗੇ ਦੱਸਿਆ ਕਿ ਸੂਬਾ ਸਰਕਾਰ ਦੀ ਨਿਵੇਕਲੀ ਪਹਿਲਕਦਮੀ ਸਦਕਾ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਵਿਦੇਸ਼ਾਂ ਵਿੱਚ ਸਿਖਲਾਈ ਲਈ ਭੇਜ ਕੇ ਚੰਗੀ ਮੁਹਾਰਤ ਹਾਸਲ ਕਰਵਾਈ ਜਾ ਰਹੀ ਹੈ ਤਾਂ ਜੋ ਵਿਦਿਆਰਥੀਆਂ ਨੂੰ ਵਧੀਆਂ ਸਿੱਖਿਆ ਮੁਹੱਈਆ ਕਰਵਾਈ ਜਾ ਸਕੇ।
ਚੀਫ ਵਿੱਪ ਅਤੇ ਤਲਵੰਡੀ ਸਾਬੋ ਦੇ ਵਿਧਾਇਕ ਪ੍ਰੋ: ਬਲਜਿੰਦਰ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਲਾਲਵਾਲਾ ਤੋਂ ਇਲਾਵਾ ਫਤਹਿਗੜ੍ਹ ਨੌਂਆਬਾਦ, ਫੱਤਾ ਬਾਲੂ, ਰਾਈਆ ਅਤੇ ਗੋਲੇਵਾਲਾ ਵਿਖੇ ਸਰਕਾਰੀ ਸਕੂਲਾਂ ਦੇ ਮੁਕੰਮਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਵੀ ਕੀਤਾ।
ਇਸ ਮੌਕੇ ਸਕੂਲਾਂ ਦਾ ਸਮੂਹ ਸਟਾਫ, ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ ਅਤੇ ਪਿੰਡਾਂ ਦੀ ਪੰਚਾਇਤਾਂ ਅਤੇ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਆਦਿ ਹਾਜ਼ਰ ਸਨ।