ਗੁਰਦੀਪ ਸਿੰਘ ਰੰਧਾਵਾ ਨੇ ਦਾਣਾ ਮੰਡੀ ਕਲਾਨੌਰ ਵਿੱਚ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ
- ਜ਼ਿਲ੍ਹੇ ਵਿੱਚ 92 ਮੰਡੀਆਂ ਤੋਂ ਇਲਾਵਾ 2 ਆਰਜ਼ੀ ਖ਼ਰੀਦ ਕੇਂਦਰ ਕੀਤੇ ਸਥਾਪਿਤ
ਰੋਹਿਤ ਗੁਪਤਾ
ਗੁਰਦਾਸਪੁਰ, 20 ਅਪ੍ਰੈਲ 2025 - ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਵੱਲੋਂ ਅੱਜ ਦਾਣਾ ਮੰਡੀ ਕਲਾਨੌਰ ਵਿਖੇ ਕਣਕ ਦੀ ਖ਼ਰੀਦ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਉਨ੍ਹਾਂ ਨਾਲ ਮਾਰਕੀਟ ਕਮੇਟੀ ਕਲਾਨੌਰ ਦੇ ਚੇਅਰਮੈਨ ਰਣਜੇਤ ਸਿੰਘ, ਫੂਡ ਸਪਲਾਈ ਵਿਭਾਗ ਦੇ ਅਧਿਕਾਰੀ ਅਤੇ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਵੀ ਮੌਜੂਦ ਸਨ।
ਇਸ ਮੌਕੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਦਾਣਾ ਮੰਡੀ ਕਲਾਨੌਰ ਵਿੱਚ ਕਣਕ ਦੀ ਖ਼ਰੀਦ ਸਬੰਧੀ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਨੇ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਅਤੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀ ਵਿੱਚ ਕਣਕ ਵੇਚਣ ਆਉਣ ਵਾਲੇ ਕਿਸੇ ਵੀ ਕਿਸਾਨ ਨੂੰ ਕੋਈ ਮੁਸ਼ਕਲ ਨਹੀਂ ਆਉਣੀ ਚਾਹੀਦੀ ਅਤੇ ਕਿਸਾਨਾਂ ਦੀ ਫ਼ਸਲ ਬਿਨਾਂ ਕਿਸੇ ਦੇਰੀ ਖ਼ਰੀਦ ਕੇ 24 ਘੰਟੇ ਦੇ ਅੰਦਰ ਉਨ੍ਹਾਂ ਨੂੰ ਅਦਾਇਗੀ ਕੀਤੀ ਜਾਵੇ।
ਵਿਧਾਇਕ ਰੰਧਾਵਾ ਨੇ ਕਿਹਾ ਕਿ ਇਸ ਵਾਰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 6.68 ਲੱਖ ਐੱਮ.ਟੀ. ਕਣਕ ਦੀ ਫ਼ਸਲ ਆਉਣ ਦੀ ਸੰਭਾਵਨਾ ਹੈ ਅਤੇ ਜ਼ਿਲ੍ਹੇ ਵਿੱਚ ਕਣਕ ਦੀ ਖ਼ਰੀਦ ਲਈ 92 ਮੰਡੀਆਂ ਬਣਾਈਆਂ ਗਈਆਂ ਹਨ, ਜਦਕਿ 2 ਆਰਜ਼ੀ ਖ਼ਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਬਾਰਦਾਨੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਖ਼ਰੀਦ ਸਬੰਧੀ ਹੋਰ ਪ੍ਰਬੰਧ ਵੀ ਮੁਕੰਮਲ ਕਰ ਲਏ ਗਏ ਹਨ। ਇਸ ਤੋਂ ਇਲਾਵਾ ਮੰਡੀਆਂ ਵਿੱਚ ਸਫ਼ਾਈ. ਬਿਜਲੀ, ਪਾਣੀ, ਛਾਂ, ਬਾਥਰੂਮ ਆਦਿ ਦੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ।
ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਫ਼ਸਲ ਦੀ ਪੂਰੀ ਤਰ੍ਹਾਂ ਪੱਕਣ 'ਤੇ ਹੀ ਕਟਾਈ ਕਰਨ ਤਾਂ ਜੋ ਮੰਡੀ ਵਿੱਚ ਉਨ੍ਹਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਕਣਕ ਦੀ ਫ਼ਸਲ ਦਾ ਇੱਕ-ਇੱਕ ਦਾਣਾ ਪੂਰੇ ਭਾਅ `ਤੇ ਖ਼ਰੀਦਣ ਲਈ ਵਚਨਬੱਧ ਹੈ।