ਗੱਜਣਮਾਜਰਾ ਨੇ ਹਲਕੇ ਦੇ ਵੱਖ-ਵੱਖ ਸਕੂਲਾਂ 'ਚ ਕਰੀਬ 17 ਲੱਖ ਦੇ ਵਿਕਾਸ ਕਾਰਜਾਂ ਨੂੰ ਵਿਦਿਆਰਥੀਆ ਦੇ ਸਪੁਰਦ ਕੀਤਾ
ਅਮਰਗੜ੍ਹ/ ਮਾਲੇਰਕੋਟਲਾ 07 ਮਈ 2025 - "ਪੰਜਾਬ ਸਿੱਖਿਆ ਕ੍ਰਾਂਤੀ" ਮੁਹਿੰਮ ਤਹਿਤ ਵਿਧਾਇਕ ਅਮਰਗੜ੍ਹ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਨੇ ਹਲਕੇ ਦੇ ਦੋ ਸਰਕਾਰੀ ਸਕੂਲਾਂ ਵਿੱਚ ਕਰੀਬ 16 ਲੱਖ 91 ਹਜ਼ਾਰ ਦੇ ਵਿਕਾਸ ਕਾਰਜਾਂ ਨੂੰ ਵਿਦਿਆਰਥੀਆ ਦੇ ਸਪੁਰਦ ਕੀਤਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ “ਪੰਜਾਬ ਸਿੱਖਿਆ ਕ੍ਰਾਂਤੀ” ਦੇ ਸਲੋਗਨ ਹੇਠ ਸੂਬੇ ਭਰ ਵਿੱਚ ਸਰਕਾਰੀ ਸਕੂਲਾਂ ਦੇ ਨਵੀਨੀਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਅਹਿਮ ਪਹਲ ਦਾ ਮਕਸਦ ਸਿੱਖਿਆ ਦੇ ਖੇਤਰ ਵਿੱਚ ਧਾਰੂ ਪਰਿਵਰਤਨ ਲਿਆਉਣਾ ਅਤੇ ਸਰਕਾਰੀ ਸਕੂਲਾਂ ਨੂੰ ਆਧੁਨਿਕ ਸੁਵਿਧਾਵਾਂ ਨਾਲ ਲੈਸ ਕਰਨਾ ਹੈ।
ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਨੇ ਸਰਕਾਰੀ ਮਿਡਲ ਸਕੂਲ ਮੋਹਾਲੀ ਵਿਖੇ ਕਰੀਬ 9 ਲੱਖ 41 ਹਜਾਰ ਰੁਪਏ ਦੀ ਲਾਗਤ ਨਾਲ ਨਵੇਂ ਕਮਰੇ ਅਤੇ ਚਾਰਦੀਵਾਰੀ ਅਤੇ ਸਰਕਾਰੀ ਹਾਈ ਸਕੂਲ ਛੰਨਾ ਵਿਖੇ ਕਰੀਬ 7 ਲੱਖ 50 ਹਜਾਰ ਦੀ ਲਾਗਤ ਨਾਲ ਚਾਰਦੀਵਾਰੀ ਦਾ ਉਦਘਾਟਨ ਕਰਨ ਉਪਰੰਤ ਵਿਦਿਆਰਥੀਆਂ ਨੂੰ ਅਰਪਣ ਕੀਤੇ ।
ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਹਰ ਬੱਚੇ ਨੂੰ ਮਿਆਰੀ ਅਤੇ ਸਮਕਾਲੀ ਸਿੱਖਿਆ ਮੁਹੱਈਆ ਕਰਵਾਉਣਾ ਹੈ। ਇਸ ਮੌਕੇ ਇਲਾਕਾ ਨਿਵਾਸੀਆਂ ਨੇ ਵੀ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਜਿੱਥੇ ਸਰਕਾਰੀ ਸਕੂਲਾਂ ਨੂੰ ਨਜ਼ਰਅੰਦਾਜ਼ ਕੀਤਾ, ਉੱਥੇ ਅੱਜ ਦੇ ਸਰਕਾਰੀ ਸਕੂਲ ਮਿਆਰੀ ਸੁਵਿਧਾਵਾਂ ਦੇ ਨਾਤੇ ਪ੍ਰਾਈਵੇਟ ਸਕੂਲਾਂ ਨਾਲ ਮੁਕਾਬਲਾ ਕਰ ਰਹੇ ਹਨ।
ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਸੱਭਿਆਚਾਰਕ ਗਤੀਵਿਧੀਆਂ ਪੇਸ਼ ਕੀਤੀਆਂ, ਸਕੂਲਾਂ ਵਿੱਚ ਆਏ ਵਿਦਿਆਰਥੀਆ ਦੇ ਮਾਪਿਆਂ ਨੇ ਹਲਕਾ ਵਿਧਾਇਕ ਨਾਲ ਗੱਲਬਾਤ ਕੀਤੀ ਅਤੇ ਨਾਲ ਹੀ ਪੰਜਾਬ ਸਰਕਾਰ ਦਾ ਧੰਨਵਾਦ ਵੀ ਕੀਤਾ।