ਧਰਤੀ ਨੂੰ ਪ੍ਰਦੂਸ਼ਣ ਮੁਕਤ ਕਰਨਾ ਸਮੇਂ ਦੀ ਲੋੜ : ਡਾਕਟਰ ਸ਼ਰਮਾ
ਮਲਕੀਤ ਸਿੰਘ ਮਲਕਪੁਰ
ਲਾਲੜੂ 5 ਜੂਨ 2025: ਸੰਯੁਕਤ ਰਾਸ਼ਟਰ ਵੱਲੋਂ ਪ੍ਰਦੂਸ਼ਣ ਦੇ ਪੈ ਰਹੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ 5 ਜੂਨ 1974 ਨੂੰ ਵਿਸ਼ਵ ਵਾਤਾਵਰਨ ਦਿਵਸ ਮਨਾਉਣ ਦੀ ਸ਼ੁਰੂਆਤ ਕੀਤੀ ਗਈ ਸੀ।
ਵਾਤਾਵਰਣ ਵਿੱਚ ਵੱਧ ਰਹੇ ਪ੍ਰਦੂਸ਼ਣ,ਦਿਨੋਂ ਦਿਨ ਖ਼ਤਮ ਹੋ ਰਹੇ ਰੁੱਖ,ਘਟ ਰਹੀ ਆਕਸੀਜ਼ਨ ਅਤੇ ਵੱਧ ਰਹੀਆਂ ਬਿਮਾਰੀਆਂ ਦੀ ਰੋਕਥਾਮ ਲਈ ਸਾਨੂੰ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ। ਵਿਸ਼ਵ ਵਾਤਾਵਰਨ ਦਿਵਸ ਸਬੰਧੀ ਜਾਗਰੂਕ ਕਰਦਿਆਂ ਪ੍ਰਿੰਸੀਪਲ ਡਾਕਟਰ ਬਿਮਲ ਸ਼ਰਮਾ ਨੇ ਦੱਸਿਆ ਕਿ ਇਸ ਦਿਨ ਨੂੰ ਮਨਾਉਣ ਦਾ ਮੁੱਖ ਮਕਸਦ ਵਾਤਾਵਰਣ ਦੀ ਰੱਖਿਆ ਸਬੰਧੀ ਜਾਗਰੂਕ ਕਰਨਾ ਹੈ। ਅੱਜ ਤੋਂ ਬਹੁਤ ਸਾਲ ਪਹਿਲਾਂ ਗੁਰੂ ਨਾਨਕ ਦੇਵ ਜੀ ਨੇ ਵਾਤਾਵਰਨ ਨੂੰ ਮਹੱਤਤਾ ਦਿੰਦੇ ਹੋਏ ਆਪਣੀ ਬਾਣੀ ਵਿੱਚ ਪਵਨ ਅਰਥਾਤ ਹਵਾ ਨੂੰ ਗੁਰੂ ਦਾ ਦਰਜਾ ਦਿੱਤਾ ਅਤੇ ਪਾਣੀ ਨੂੰ ਪਿਤਾ ਅਤੇ ਧਰਤੀ ਨੂੰ ਮਾਤਾ ਆਖਿਆ।
ਪ੍ਰੰਤੂ ਅੱਜ ਕੱਲ ਇਨਸਾਨ ਨੇ ਹਵਾ ਨੂੰ ਬਹੁਤ ਜ਼ਿਆਦਾ ਪ੍ਰਦੂਸ਼ਿਤ ਕਰ ਦਿੱਤਾ ਹੈ ਅਤੇ ਉਸ ਨੂੰ ਆਪਣਾ ਤਾਂ ਕੀ ਜੀਵ ਜੰਤੂਆਂ ਨੂੰ ਸਾਹ ਲੈਣਾ ਵੀ ਔਖਾ ਹੋ ਗਿਆ ਹੈ। ਵਧਦੀ ਜਨਸੰਖਿਆ ਪ੍ਰਦੂਸ਼ਣ ਦਾ ਸਭ ਤੋਂ ਵੱਡਾ ਕਾਰਨ ਹੈ। ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਬਹਾਲੀ ਬਹੁਤ ਸਾਰੇ ਰੂਪ ਲੇ ਸਕਦੀ ਹੈ ਜਿਵੇਂ ਕਿ ਵਧਦੇ ਰੁੱਖ, ਬਾਗਾਂ ਨੂੰ ਮੁੜ ਬਨਾਉਣਾ ਅਤੇ ਦਰਿਆਵਾਂ ਦੀ ਸਫਾਈ।ਡਾਕਟਰ ਸ਼ਰਮਾ ਨੇ ਕਿਹਾ ਕਿ ਹਰ ਇੱਕ ਮਨੁੱਖ ਨੂੰ ਇੱਕ ਬੂਟਾ ਜ਼ਰੂਰ ਲਗਾਉਣਾ ਚਾਹੀਦਾ ਹੈ ਅਤੇ ਉਸ ਦੀ ਪਰਿਵਾਰਕ ਮੈਂਬਰ ਵਾਂਗ ਦੇਖ ਭਾਲ ਕਰਨੀ ਚਾਹੀਦੀ ਹੈ। ਇਨਸਾਨ ਦੀਆਂ ਗਲਤੀਆਂ ਕਾਰਨ ਧਰਤੀ ਤੇ ਪ੍ਰਦੂਸ਼ਣ ਬੇਹੱਦ ਗੰਭੀਰ ਰੂਪ ਧਾਰਨ ਕਰ ਚੁੱਕਾ ਹੈ ਅਤੇ ਵਧ ਰਿਹਾ ਤਾਪਮਾਨ ਪੂਰੀ ਦੁਨੀਆ ਲਈ ਚਿੰਤਾ ਦਾ ਵਿਸ਼ਾ ਹੈ ਅਤੇ ਪਾਣੀ ਦਾ ਗੰਭੀਰ ਸੰਕਟ ਪੈਦਾ ਹੋ ਰਿਹਾ ਹੈ। ਧਰਤੀ ਅਤੇ ਪਾਣੀ ਨੂੰ ਅੱਜ ਕੱਲ ਦੂਹਰੀ ਮਾਰ ਪੈ ਰਹੀ ਹੈ ।
ਪਹਿਲਾਂ ਪਾਣੀ ਦੇ ਪੱਧਰ ਦਾ ਲਗਾਤਾਰ ਨੀਵਾਂ ਜਾਣਾ ਅਤੇ ਦੂਸਰਾ ਮੌਜੂਦਾ ਪਾਣੀ ਪ੍ਰਦੂਸ਼ਣ ਹੋਣਾ। ਵੱਧ ਦੇ ਸ਼ਹਿਰੀਕਰਨ ਕਾਰਨ ਫਾਲਤੂ ਕੂੜਾ ਕਰਕਟ, ਗੰਦਗੀ, ਪਲਾਸਟਿਕ ਪਦਾਰਥ ਅਤੇ ਵਿਸ਼ੇਸ਼ ਤੌਰ ਤੇ ਪੋਲੀਥੀਨ ਦੇ ਲਿਫਾਫਿਆਂ ਦੇ ਢੇਰ ਜੋ ਜਲਦ ਨਸ਼ਟ ਨਹੀਂ ਹੁੰਦੇ ਵਾਤਾਵਰਨ ਨੂੰ ਪ੍ਰਦੂਸ਼ਣ ਕਰਨ ਵਿੱਚ ਸਭ ਤੋਂ ਅੱਗੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਬਿਲਕੁਲ ਨਹੀਂ ਕਰਨੀ ਚਾਹੀਦੀ ਸਗੋ ਇਸ ਦੀ ਜਗ੍ਹਾ ਘਰੇਲੂ ਕੱਪੜੇ ਜਾਂ ਜੂਟ ਤੋਂ ਬਣੇ ਲਿਫ਼ਾਫ਼ਿਆਂ ਦੀ ਵਰਤੋਂ ਕਰਨੀ ਚਾਹੀਦੀ ਹੈ। ਰੁੱਖਾਂ ਦੀ ਲਗਾਤਾਰ ਕਟਾਈ ਹੋਣ ਕਾਰਨ ਆਕਸੀਜਨ ਦੀ ਕਮੀ ਹੈ ਰਹੀ ਹੈ ਇਸ ਲਈ ਹਰ ਇੱਕ ਇੰਨਸਾਨ ਨੂੰ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ।ਸਾਨੂੰ ਲੰਮੀ ਉਮਰ ਜਿਊਣ ਲਈ ਆਪਣੇ ਵਾਤਾਵਰਣ ਨੂੰ ਸ਼ੁੱਧ ਰੱਖਣਾ ਹੋਵੇਗਾ।।