ਵਿਆਹ ਪੁਰਬ ਸਮਾਗਮ ਪੂਰੇ ਉਤਸ਼ਾਹ ਨਾਲ ਮਨਾਏ ਜਾਣਗੇ - ਵਿਧਾਇਕ ਸ਼ੈਰੀ ਕਲਸੀ
ਬਟਾਲਾ ਦੀ ਪਵਿੱਤਰ ਧਰਤੀ ’ਤੇ ਦੇਸ਼-ਵਿਦੇਸ਼ ਤੋਂ ਆਉਣ ਵਾਲੀ ਸੰਗਤ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ
ਰੋਹਿਤ ਗੁਪਤਾ
ਬਟਾਲਾ, 9 ਅਗਸਤ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਸਮਾਗਮ ਸੰਗਤਾਂ ਦੇ ਸਹਿਯੋਗ ਨਾਲ ਪੂਰੇ ਉਤਸ਼ਾਹ ਤੇ ਜਾਹੋ ਜਲਾਲ ਨਾਲ ਮਨਾਏ ਜਾਣਗੇ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਸਮੁੱਚੇ ਬਟਾਲਾ ਸ਼ਹਿਰ ਅੰਦਰ ਵਿਆਹ ਪੁਰਬ ਦੇ ਸਮਾਗਮਾਂ ਲਈ ਸੁਚੱਜੇ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਸੰਗਤਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।
ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ 29 ਅਗਸਤ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਬਟਾਲਾ ਵਿਖੇ ਪੁਹੰਚਣ ਵਾਲੇ ਨਗਰ ਕੀਰਤਨ ਅਤੇ 30 ਅਗਸਤ ਨੂੰ ਪਾਲਕੀ ਸਾਹਿਬ ਨਗਰ ਕੀਰਤਨ ਦੇ ਰੂਟਾਂ ਸਮੇਤ ਸਮੁੱਚੇ ਸ਼ਹਿਰ ਅੰਦਰ ਵੱਖ-ਵੱਖ ਵਿਭਾਗਾਂ ਵੱਲੋਂ ਵਿਕਾਸ ਕਾਰਜ ਕੀਤੇ ਜਾ ਰਹੇ ਹਨ।
ਉਨਾਂ ਅੱਗੇ ਕਿਹਾ ਕਿ ਅਸੀਂ ਸਾਰੇ ਵਡਭਾਗੇ ਹਾਂ ਕਿ ਸਾਨੂੰ ਵਿਆਹ ਪੁਰਬ ਸਮਾਗਮ ਮਨਾਉਣ ਦਾ ਸੁਭਾਗ ਮਿਲਿਆ ਹੈ ਅਤੇ ਹਰ ਸਾਲ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਤਦਾਦ ਵਿੱਚ ਆਉਣ ਵਾਲੀਆਂ ਸੰਗਤਾਂ ਦੀ ਸਹਲੂਤ ਲਈ ਪ੍ਰਸ਼ਾਸਨ ਵਲੋਂ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਸੰਗਤਾਂ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇ।