ਨਸ਼ਾ ਪੀੜਤਾਂ ਦੇ ਇਲਾਜ ਲਈ ਕਰਵਾਏ ਜਾ ਰਹੇ ਨੇ ਸਿਖਲਾਈ ਪ੍ਰੋਗਰਾਮ : ਡਾ. ਬਲਬੀਰ ਸਿੰਘ
-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਟਿਆਲਾ ਵਿਖੇ ਮੈਡੀਕਲ ਅਫ਼ਸਰਾਂ ਤੇ ਵਿਦਿਆਰਥੀਆਂ ਦੀ ਨਸ਼ਾ ਪੀੜਤਾਂ ਦੇ ਇਲਾਜ ਲਈ ਪੰਜ ਰੋਜ਼ਾ ਸਿਖਲਾਈ ਕਰਵਾਈ
-ਸਿਹਤ ਵਿਭਾਗ ਦੇ ਸਟਾਫ਼ ਨੂੰ ਨਸ਼ੇ ਦੇ ਕਾਰਨ, ਇਲਾਜ ਤੇ ਕਾਊਂਸਲਿੰਗ ਸਬੰਧੀ ਦਿੱਤੀ ਜਾ ਰਹੀ ਹੈ ਸਿਖਲਾਈ : ਡਾ. ਬਲਬੀਰ ਸਿੰਘ
-ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਸੂਬਾ ਸਰਕਾਰ ਵਚਨਬੱਧ : ਸਿਹਤ ਮੰਤਰੀ
ਪਟਿਆਲਾ, 29 ਅਗਸਤ:
ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਦੇ ਸਟਾਫ਼ ਨੂੰ ਨਸ਼ਾ ਪੀੜਤਾਂ ਦੇ ਇਲਾਜ ਲਈ ਇਕਸਾਰ ਵਿਧੀ ਅਪਣਾਉਣ ਲਈ ਸੂਬੇ ਭਰ ਵਿੱਚ ਸਿਖਲਾਈ ਪ੍ਰੋਗਰਾਮ ਕਰਵਾਏ ਜਾ ਰਹੇ ਹਨ ਤਾਂ ਜੋ ਨਸ਼ਾ ਛੱਡਣ ਵਾਲੇ ਵਿਅਕਤੀ ਨੂੰ ਭਾਵੇਂ ਉਹ ਸੂਬੇ ਦੇ ਕਿਸੇ ਵੀ ਕੋਨੇ ਵਿੱਚ ਰਹਿੰਦਾ ਹੋਵੇ, ਉਹ ਹੀ ਇਲਾਜ ਮਿਲੇ ਜੋ ਕਿਸੇ ਵੱਡੀ ਹਸਪਤਾਲ ਵਿੱਚ ਦਿੱਤਾ ਜਾ ਰਿਹਾ ਹੈ। ਇਹ ਪ੍ਰਗਟਾਵਾਂ ਡਾ. ਬਲਬੀਰ ਸਿੰਘ ਨੇ ਅੱਜ ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਮੈਡੀਕਲ ਅਫ਼ਸਰਾਂ ਦੀ ਸਮਰੱਥਾ ਨਿਰਮਾਣ ਸਿਖਲਾਈ (ਨਸ਼ਾ ਪੀੜਤਾਂ ਦੇ ਇਲਾਜ ਲਈ ਅਗਲੇ ਪੱਧਰ ਦੀ ਸਿਖਲਾਈ) ਦੇ ਸਮਾਪਤੀ ਸਮਾਰੋਹ ਮੌਕੇ ਕੀਤਾ।
ਡਾ. ਬਲਬੀਰ ਸਿੰਘ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ ਹੈ। ਵਿਗਿਆਨਕ ਸਿਖਲਾਈ, ਰੀਅਲ ਟਾਈਮ ਨਿਗਰਾਨੀ ਅਤੇ ਨਸ਼ਾ ਛੁਡਾਊ ਬੁਨਿਆਦੀ ਢਾਂਚੇ ਦੇ ਵਿਸਥਾਰ ਰਾਹੀਂ, ਅਸੀਂ ਇਲਾਜ ਸੇਵਾਵਾਂ ਨੂੰ ਵਧੇਰੇ ਪਹੁੰਚਯੋਗ ਅਤੇ ਮਰੀਜ਼-ਕੇਂਦ੍ਰਿਤ ਬਣਾਉਣ ਲਈ ਦ੍ਰਿੜ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੈਡੀਕਲ ਅਫ਼ਸਰ, ਕੌਂਸਲਰ, ਪੁਲਿਸ ਕਰਮਚਾਰੀ ਅਤੇ ਮਨੋਵਿਗਿਆਨੀਆਂ ਨੂੰ ਪ੍ਰਭਾਵਸ਼ਾਲੀ, ਹਮਦਰਦੀ ਅਤੇ ਪੇਸ਼ੇਵਰ ਦੇਖਭਾਲ ਪ੍ਰਦਾਨ ਕਰਨ ਲਈ ਨਵੀਨਤਮ ਸਿਖਲਾਈ ਨਾਲ ਲੈਸ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਤਹਿਤ ਏਮਜ਼ ਤੋਂ ਪੰਜਾਬ ਦੇ 26 ਸਿਖਲਾਈ ਪ੍ਰਾਪਤ ਮਨੋਰੋਗ ਮਾਹਿਰ ਸਿਧਾਂਤਕ ਗਿਆਨ, ਵਿਹਾਰਕ ਹੁਨਰ ਅਤੇ ਕਾਨੂੰਨੀ ਜਾਗਰੂਕਤਾ ਨੂੰ ਕਵਰ ਕਰਦੇ ਹੋਏ ਸੂਬੇ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਪੰਜ ਦਿਨਾਂ ਦਾ ਸਿਖਲਾਈ ਪ੍ਰੋਗਰਾਮ ਚਲਾ ਰਹੇ ਹਨ। ਇਸਦਾ ਉਦੇਸ਼ ਮੈਡੀਕਲ ਅਫ਼ਸਰਾਂ ਅਤੇ ਸਹਿਯੋਗੀ ਸਟਾਫ ਦੀ ਸਮਰੱਥਾ ਨੂੰ ਵਧਾਉਣਾ ਹੈ ਤਾਂ ਜੋ ਜ਼ਮੀਨੀ ਪੱਧਰ 'ਤੇ ਨਸ਼ੀਲੇ ਪਦਾਰਥਾਂ ਦੀ ਵਰਤੋਂ ਸੰਬੰਧੀ ਵਿਗਾੜਾਂ ਦਾ ਢੁਕਵਾਂ ਪ੍ਰਬੰਧਨ ਕੀਤਾ ਜਾ ਸਕੇ।
ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਅੰਮ੍ਰਿਤਸਰ ਤੇ ਕਪੂਰਥਲਾ ਵਿਖੇ ਦੋ ਮਾਡਲ ਸੈਂਟਰ ਸ਼ੁਰੂ ਕੀਤੇ ਹਨ। ਜਿਥੇ ਨਸ਼ਾ ਕਰਨ ਵਾਲਿਆਂ ਨੂੰ ਟੀਕੇ ਦੀ ਵਰਤੋਂ ਅਤੇ ਨੁਕਸਾਨ ਤੋਂ ਰੋਕਣ ਲਈ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਵਿਧੀ ਸੂਬੇ 'ਚ ਨਸ਼ਾ ਪੀੜਤਾਂ ਦੇ ਇਲਾਜ ਲਈ ਤਰਲ ਅਤੇ ਓਰਲ ਸਬਸਟੀਚਿਊਸ਼ਨ ਥੈਰੇਪੀ ਅਪਣਾਏ ਜਾਣ ਦਾ ਹਿੱਸਾ ਹੈ।
ਉਨ੍ਹਾਂ ਮੈਡੀਕਲ ਅਫ਼ਸਰਾਂ ਅਤੇ ਮਾਹਿਰਾਂ ਦੀ ਵਚਨਬੱਧਤਾ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਸਮੂਹਿਕ ਯਤਨ 'ਇੱਕ ਸਿਹਤਮੰਦ ਅਤੇ ਨਸ਼ਾ ਮੁਕਤ ਪੰਜਾਬ' ਨੂੰ ਯਕੀਨੀ ਬਣਾਉਣਗੇ। ਉਨ੍ਹਾਂ ਕਿਹਾ ਇਹ ਸਿਖਲਾਈ ਪ੍ਰੋਗਰਾਮ ਅਨੰਨਿਆ ਬਿਰਲਾ ਫਾਊਂਡੇਸ਼ਨ ਦੇ ਸਹਿਯੋਗ ਨਾਲ ਚਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਲ ਇੰਡੀਆ ਇੰਸਟਚਿਊਟ ਆਫ਼ ਮੈਡੀਕਲ ਸਾਇੰਸਜ਼, ਪੀ ਜੀ ਆਈ ਚੰਡੀਗੜ੍ਹ, ਆਈਆਈਟੀ ਰੋਪੜ ਅਤੇ ਟਾਟਾ ਇੰਸਟੀਚਿਊਟ ਆਫ਼ ਸੋਸ਼ਲ ਸਾਇੰਸਜ਼ ਮੁੰਬਈ ਜਿਹੀਆਂ ਪ੍ਰਮੁੱਖ ਰਾਸ਼ਟਰੀ ਸੰਸਥਾਵਾਂ ਦੁਆਰਾ ਸਮਰੱਥ, ਇਹ ਯੂਨਿਟ ਰਾਜ ਭਰ ਵਿੱਚ ਨਿਰਵਿਘਨ ਤਕਨੀਕੀ ਸਹਾਇਤਾ ਅਤੇ ਜ਼ਮੀਨੀ ਅਮਲ ਨੂੰ ਯਕੀਨੀ ਬਣਾਉਣ ਲਈ ਇੱਕ ਹੱਬ-ਐਂਡ-ਸਪੋਕ ਮਾਡਲ ਦੀ ਤਰ੍ਹਾਂ ਕੰਮ ਕਰਦਾ ਹੈ।
ਇਸ ਮੌਕੇ ਸਰਕਾਰੀ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਡਾ. ਆਰ.ਪੀ.ਐਸ ਸਿਬੀਆ, ਮੈਡੀਕਲ ਸੁਪਰਡੈਂਟ ਸਰਕਾਰੀ ਰਜਿੰਦਰਾ ਹਸਪਤਾਲ ਵਿਸ਼ਾਲ ਚੋਪੜਾ, ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ, ਮੈਡੀਕਲ ਕਮਿਸ਼ਨਰ ਡਾ. ਜਸਵਿੰਦਰ ਸਿੰਘ, ਡਾ. ਰਜਨੀਸ਼ ਸਮੇਤ ਸੰਗਰੂਰ, ਮਾਨਸਾ ਦੇ ਮੈਡੀਕਲ ਅਫ਼ਸਰ ਵੀ ਮੌਜੂਦ ਸਨ।