← ਪਿਛੇ ਪਰਤੋ
ਡਿਪਟੀ ਕਮਿਸ਼ਨਰ ਨੇ ਮਾਹਿਲਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਸਮੇਂ ਸਿਰ ਰਾਹਤ ਦਾ ਦਿੱਤਾ ਭਰੋਸਾ ਹੁਸ਼ਿਆਰਪੁਰ, 31 ਅਗਸਤ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਮਾਹਿਲਪੁਰ ਖੇਤਰ ਦੇ ਪਿੰਡਾਂ ਹਕੁਮਤਪੁਰ, ਬੱਡੋਂ ਅਤੇ ਡੰਡੀਆ ਦਾ ਦੌਰਾ ਕੀਤਾ ਅਤੇ ਉੱਥੇ ਕੀਤੇ ਗਏ ਹੜ੍ਹ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਪ੍ਰਭਾਵਿਤ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਪ੍ਰਸ਼ਾਸਨ ਵੱਲੋਂ ਹਰ ਸੰਭਵ ਮੱਦਦ ਦਾ ਭਰੋਸਾ ਦਿੱਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹੜ੍ਹ ਤੋਂ ਪ੍ਰਭਾਵਿਤ ਲੋਕਾਂ ਦੇ ਨੁਕਸਾਨ ਦਾ ਮਾਲ ਵਿਭਾਗ ਵੱਲੋਂ ਮੁਲਾਂਕਣ ਕੀਤਾ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਪ੍ਰਭਾਵਿਤ ਵਿਅਕਤੀਆਂ ਨੂੰ ਉਨ੍ਹਾਂ ਦੇ ਨੁਕਸਾਨ ਦੀ ਭਰਪਾਈ ਲਈ ਸਮੇਂ ਸਿਰ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਰਵੇਖਣ ਦੇ ਕੰਮ ਵਿਚ ਕੋਈ ਦੇਰੀ ਜਾਂ ਲਾਪਰਵਾਹੀ ਨਹੀਂ ਹੋਣੀ ਚਾਹੀਦੀ ਅਤੇ ਸਾਰੇ ਪ੍ਰਭਾਵਿਤ ਪਰਿਵਾਰਾਂ ਨੂੰ ਜਲਦੀ ਰਾਹਤ ਅਤੇ ਸਹਾਇਤਾ ਪ੍ਰਦਾਨ ਕੀਤੀ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ ਅਤੇ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਟੀਮਾਂ ਅਲਰਟ 'ਤੇ ਹਨ। ਉਨ੍ਹਾਂ ਕਿਹਾ ਕਿ ਰਾਹਤ ਅਤੇ ਪੁਨਰਵਾਸ ਕਾਰਜਾਂ ਨੂੰ ਪਾਰਦਰਸ਼ੀ ਅਤੇ ਤੇਜ਼ੀ ਨਾਲ ਲਾਗੂ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ, ਤਾਂ ਜੋ ਪ੍ਰਭਾਵਿਤ ਪਿੰਡ ਵਾਸੀ ਜਲਦੀ ਹੀ ਆਮ ਜੀਵਨ ਬਤੀਤ ਕਰ ਸਕਣ। ਆਸ਼ਿਕਾ ਜੈਨ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਪ੍ਰਸ਼ਾਸਨ ਹਰ ਕਦਮ 'ਤੇ ਉਨ੍ਹਾਂ ਦੇ ਨਾਲ ਖੜ੍ਹਾ ਹੈ ਅਤੇ ਕਿਸੇ ਨੂੰ ਵੀ ਮੁਸ਼ਕਲ ਵਿਚ ਇਕੱਲਾ ਨਹੀਂ ਛੱਡਿਆ ਜਾਵੇਗਾ। ਇਸ ਮੌਕੇ ਸਹਾਇਕ ਕਮਿਸ਼ਨਰ ਓਇਸ਼ੀ ਮੰਡਲ ਅਤੇ ਐਸ.ਡੀ.ਐਮ ਗੜ੍ਹਸ਼ੰਕਰ ਸੰਜੀਵ ਕੁਮਾਰ ਵੀ ਮੌਜੂਦ ਸਨ।
Total Responses : 768