ਮੀਟਿੰਗ ਦੇ ਦ੍ਰਿਸ਼
ਦੀਦਾਰ ਗੁਰਨਾ
ਫ਼ਤਹਿਗੜ੍ਹ ਸਾਹਿਬ 06 ਅਕਤੂਬਰ 2025 :ਜ਼ਿਲ੍ਹੇ ਵਿੱਚੋਂ ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਦਾ ਖਾਤਮਾ ਕਰਨ ਲਈ ਹਰੇਕ ਵਰਗ ਦੇ ਲੋਕਾਂ ਦਾ ਸਹਿਯੋਗ ਬਹੁਤ ਜਰੂਰੀ ਹੈ ਕਿਉਂਕਿ ਦਿਨੋਂ ਦਿਨ ਵੱਧ ਰਹੇ ਵਾਤਾਵਰਣ ਪ੍ਰਦੂਸ਼ਣ ਨੂੰ ਠੱਲ ਪਾਉਣਾ ਅੱਜ ਦੇ ਸਮੇਂ ਦੀ ਮੁੱਖ ਲੋੜ ਬਣ ਗਈ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ ਬੱਚਤ ਭਵਨ ਵਿਖੇ ਸਬ ਡਵੀਜ਼ਨ ਫ਼ਤਹਿਗੜ੍ਹ ਸਾਹਿਬ ਦੇ ਪਿੰਡਾਂ ਵਿੱਚ ਨਿਯੁਕਤ ਕੀਤੇ ਨੋਡਲ ਅਫਸਰਾਂ ਤੇ ਕਲਸਟਰ ਅਫਸਰਾਂ ਨਾਲ ਕੀਤੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਰੋਕਣ ਲਈ ਜੀਰੋ ਟਾਲਰੈਂਸ ਨੀਤੀ ਅਪਣਾਈ ਜਾਵੇਗੀ ਤਾਂ ਜੋ ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਨੂੰ ਪ੍ਰਦੂਸ਼ਣ ਮੁਕਤ ਕੀਤਾ ਜਾ ਸਕੇ
ਡਾ: ਸੋਨਾ ਥਿੰਦ ਨੇ ਨੋਡਲ ਅਫਸਰਾਂ ਤੇ ਕਲਸਟਰ ਅਫਸਰਾਂ ਨੂੰ ਹਦਾਇਤ ਕੀਤੀ ਕਿ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਤੇ ਤਿੱਖੀ ਨਜ਼ਰ ਰੱਖਣ ਲਈ ਸਮੂਹ ਅਧਿਕਾਰੀ ਆਪੋ ਆਪਣੇ ਪਿੰਡਾਂ ਵਿੱਚ ਰਹਿਣਾ ਯਕੀਨੀ ਬਣਾਉਣ ਅਤੇ ਜੇਕਰ ਕਿਸੇ ਨੋਡਲ ਅਫਸਰ ਜਾਂ ਕਲਸਟਰ ਅਫਸਰ ਨੇ ਆਪਣੀ ਡਿਊਟੀ ਵਿੱਚ ਅਣਗਹਿਲੀ ਵਿਖਾਈ ਤਾਂ ਉਸ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਪਿੰਡਾਂ ਵਿੱਚ ਨਿਰੰਤਰ ਪੈਟਰੋਲਿੰਗ ਟੀਮਾਂ ਵੱਲੋਂ ਗਸ਼ਤ਼ ਕਰਨੀ ਯਕੀਨੀ ਬਣਾਈ ਜਾਵੇ ਤਾਂ ਜੋ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਵਿੱਚ ਸ਼ਲਾਘਾਯੋਗ ਕੰਮ ਕਰਨ ਵਾਲੇ ਅਧਿਕਾਰੀਆਂ ਨੂੰ ਸਨਮਾਨਤ ਵੀ ਕੀਤਾ ਜਾਵੇਗਾ
ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਪਿੰਡਾਂ ਦੇ ਕਿਸਾਨਾਂ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਨਿਰੰਤਰ ਜਾਗਰੂਕ ਕੀਤਾ ਜਾਵੇ ਅਤੇ ਪਰਾਲੀ ਪ੍ਰਬੰਧਨ ਲਈ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਗਈ ਮੋਬਾਇਲ ਐਪ ਉੱਤਮ ਕਿਸਾਨ 2.0 ਬਾਰੇ ਵੱਧ ਤੋਂ ਵੱਧ ਦੱਸਿਆ ਜਾਵੇ। ਉਨ੍ਹਾਂ ਦੱਸਿਆ ਕਿ ਇਸ ਮੋਬਾਇਲ ਐਪ ਰਾਹੀਂ ਜਿਹੜੇ ਕਿਸਾਨਾਂ ਕੋਲ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਨਹੀਂ ਹੈ ਅਤੇ ਜਿਹੜੇ ਕਿਸਾਨ ਆਪਣੀ ਮਸ਼ੀਨਰੀ ਕਿਰਾਏ ਤੇ ਦੇਣਾ ਚਾਹੁੰਦੇ ਹੋਣ, ਉਹ ਆਪਣੀ ਰਜਿਸਟਰੇਸ਼ਨ ਕਰਵਾ ਕੇ ਮਸ਼ੀਨਰੀ ਹਾਸਲ ਕਰ ਸਕਦੇ ਹਨ
ਡਾ: ਸੋਨਾ ਥਿੰਦ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹੇ ਵਿੱਚ ਜੀਰੋ ਬਰਨਿੰਗ ਦੇ ਟੀਚੇ ਨੂੰ ਯਕੀਨੀ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ ਅਤੇ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਉਸ ਨੂੰ ਖੇਤ ਵਿੱਚ ਹੀ ਵਾਹਿਆ ਜਾਵੇ। ਇਸ ਨਾਲ ਜਿਥੇ ਵਾਤਾਵਰਣ ਪ੍ਰਦੂਸ਼ਣ ਨੂੰ ਠੱਲ ਪਾਈ ਜਾ ਸਕੇਗੀ ਉਥੇ ਹੀ ਪਰਾਲੀ ਨੂੰ ਖੇਤ ਵਿੱਚ ਹੀ ਵਾਹੁਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵੀ ਵਾਧਾ ਹੋਵੇਗਾ ਤੇ ਕਿਸਾਨਾਂ ਨੂੰ ਬੇਲੋੜੀਆਂ ਖਾਦਾਂ ਦੀ ਵਰਤੋਂ ਨਹੀਂ ਕਰਨੀ ਪਵੇਗੀ
ਇਸ ਮੌਕੇ ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਅਰਵਿੰਦ ਕੁਮਾਰ ਗੁਪਤਾ ਨੇ ਮੋਬਾਇਲ ਐਪ ਉੱਤਮ ਕਿਸਾਨ 2.0 ਬਾਰੇ ਨੋਡਲ ਅਫਸਰਾਂ ਤੇ ਕਲਸਟਰ ਅਫਸਰਾਂ ਨੂੰ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਅਤੇ ਸਮੂਹ ਅਧਿਕਾਰੀਆਂ ਨੂੰ ਜ਼ਿਲ੍ਹੇ ਵਿੱਚੋਂ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਰੋਕਣ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ , ਇਸ ਮੌਕੇ ਖੇਤੀ ਵਿਸਥਾਰ ਅਫਸਰ ਦਮਨ ਝਾਂਜੀ, ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮਾਹਰ ਨੀਰਜ ਕਟਿਆਲ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਐਸ.ਡੀ.ਓ. ਅਕਾਂਸ਼ਾ ਗੁਪਤਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ