ਤੰਬਾਕੂ ਦੀ ਵਰਤੋਂ ਕੈਂਸਰ ਹੋਂਣ ਦਾ ਪ੍ਰਮੁੱਖ ਕਾਰਨ : ਸਿਵਲ ਸਰਜਨ ਬਠਿੰਡਾ
ਅਸ਼ੋਕ ਵਰਮਾ
ਬਠਿੰਡਾ, 23 ਅਕਤੂਬਰ 2025 : ਸਿਵਲ ਸਰਜਨ ਡਾ ਤਪਿੰਦਰਜੋਤ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਸਿਹਤ ਅਫ਼ਸਰ-ਕਮ-ਕੋਟਪਾ ਨੋਡਲ ਅਫ਼ਸਰ ਡਾ ਊਸ਼ਾ ਗੋਇਲ ਦੀ ਅਗਵਾਈ ਹੇਠ ਸਥਾਨਕ ਪੁਲਿਸ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਨੂੰ ਤੰਬਾਕੂ ਨਾ ਖਾਣ ਦੀ ਸਹੁੰ ਚੁਕਵਾਈ ਗਈ ਅਤੇ ਤੰਬਾਕੂ ਦੇ ਮਾੜੇ ਪ੍ਰਭਾਵਾ ਬਾਰੇ ਜਾਗਰੂਕ ਕੀਤਾ।
ਇਸ ਸਬੰਧੀ ਜਾਣਕਾਰੀ ਦਿੰਦਿਆ ਸਿਵਲ ਸਰਜਨ ਨੇ ਦੱਸਿਆ ਕਿ ਨੈਸ਼ਨਲ ਤੰਬਾਕੂ ਕੰਟਰੋਲ ਪ੍ਰੋਗਰਾਮ ਅਧੀਨ ਤੰਬਾਕੂ ਫਰੀ ਯੂਥ ਮੁਹਿੰਮ ਚਲਾਈ ਗਈ ਹੈ, ਜੋ ਦਸੰਬਰ ਤੱਕ ਹੈ, ਜਿਸ ਦਾ ਮੁੱਖ ਉਦੇਸ਼ ਤੰਬਾਕੂ ਤੋਂ ਹੋਂਣ ਵਾਲੀਆਂ ਬਿਮਾਰੀਆਂ ਸਬੰਧੀ ਜਾਗਰੂਕਤਾ, ਲੋਕਾਂ ਨੂੰ ਤੰਬਾਕੂ ਛੱਡਣ ਲਈ ਪ੍ਰੇਰਿਤ ਕਰਨਾ ਅਤੇ ਤੰਬਾਕੂ ਦੇ ਖ਼ਿਲਾਫ ਨੀਤੀਆਂ ਨੂੰ ਵਧਾਵਾ ਦੇਣਾ ਹੈ।
ਬੀ.ਈ.ਈ ਪਵਨਜੀਤ ਕੌਰ ਅਤੇ ਹਰਜਿੰਦਰ ਕੌਰ ਨੇ ਦੱਸਿਆ ਕਿ ਤੰਬਾਕੂ ਸਿਰਫ਼ ਨਸ਼ੀਲਾ ਪਦਾਰਥ ਹੀ ਨਹੀਂ, ਸਗੋਂ ਇਹ ਕਈ ਖ਼ਤਰਨਾਕ ਬਿਮਾਰੀਆਂ ਜਿਵੇਂ ਕਿ ਫੇਫੜਿਆਂ ਦਾ ਕੈਂਸਰ, ਦਿਲ ਦੀਆਂ ਬਿਮਾਰੀਆਂ, ਸਾਂਸ ਦੀ ਬਿਮਾਰੀ ਅਤੇ ਮੌਤ ਦਾ ਕਾਰਨ ਵੀ ਬਣਦਾ ਹੈ। ਵਿਸ਼ਵ ਭਰ ਵਿੱਚ ਲੱਖਾਂ ਲੋਕ ਹਰ ਸਾਲ ਤੰਬਾਕੂ ਕਾਰਨ ਆਪਣੀ ਜਾਨ ਗਵਾ ਬੈਠਦੇ ਹਨ। ਇਸ ਮੁਹਿੰਮ ਰਾਹੀਂ ਵਿਦਿਆਰਥੀਆਂ, ਨੌਜਵਾਨਾਂ ਅਤੇ ਆਮ ਲੋਕਾਂ ਨੂੰ ਤੰਬਾਕੂ ਤੋਂ ਦੂਰ ਰਹਿਣ ਦੀ ਪ੍ਰੇਰਣਾ ਦਿੱਤੀ ਜਾਂਦੀ ਹੈ।
ਸਿਹਤਮੰਦ ਸਮਾਜ ਦੀ ਨਿਰਮਾਣ ਲਈ ਇਹ ਜ਼ਰੂਰੀ ਹੈ ਕਿ ਅਸੀਂ ਤੰਬਾਕੂ ਦੀ ਵਰਤੋਂ ਖ਼ਤਮ ਕਰੀਏ ਅਤੇ ਹੋਰਨਾਂ ਨੂੰ ਵੀ ਇਸ ਤੋਂ ਬਚਾਵਣ ਦੀ ਕੋਸ਼ਿਸ਼ ਕਰੀਏ । ਦੁਨੀਆਂ ਭਰ ਵਿੱਚ ਹੋਣ ਵਾਲੀਆਂ ਮੌਤਾਂ ਅਤੇ ਬਿਮਾਰੀਆਂ ਦਾ ਇੱਕ ਸਭ ਤੋਂ ਵੱਡਾ ਕਾਰਨ ਤੰਬਾਕੂ ਹੈ । ਤੰਬਾਕੂ ਚਬਾਉਣ ਨਾਲ ਮੂੰਹ ਦਾ ਕੈਂਸਰ ਹੋਣ ਦਾ ਖਤਰਾ ਕਈ ਗੁਣਾ ਵਧ ਜਾਂਦਾ ਹੈ। ਉਹਨਾਂ ਕਿਹਾ ਕਿ ਜੋ ਵਿਅਕਤੀ ਸਿਗਰਟਨੋਸ਼ੀ ਕਰਦਾ ਹੈ ਉਸ ਲਈ ਤਾਂ ਉਸਦਾ ਧੂੰਆਂ ਖਤਰਨਾਕ ਹੈ ਹੀ ਪਰੰਤੂ ਜੋ ਸਿਗਰਟਨੋਸ਼ੀ ਨਾ ਕਰਨ ਵਾਲਾ ਵਿਅਕਤੀ ਕੋਲ ਬੈਠਾ ਹੈ ਉਸ ਦੇ ਲਈ ਵੀ ਉਹ ਉਨਾਂ ਹੀ ਖਤਰਨਾਕ ਹੈ । ਗਰਭਵਤੀ ਔਰਤਾਂ ਅਤੇ ਬੱਚਿਆਂ ਲਈ ਸਿਗਰਟ ਦਾ ਧੂੰਆਂ ਬੇਹੱਦ ਖਤਰਨਾਕ ਹੈ, ਇਸ ਨਾਲ ਮਾਂ ਦੇ ਗਰਭ ਦਾ ਬੱਚਾ ਵਿਕਲਾਂਗ ਜਾਂ ਮਰਿਆ ਹੋਇਆ ਪੈਦਾ ਹੋ ਸਕਦਾ ਹੈ । ਜਿਸ ਲਈ ਕੋਟਪਾ ਐਕਟ ਤਹਿਤ ਜਨਤਕ ਥਾਵਾਂ ਤੇ ਸਿਗਰਟਨੋਸ਼ੀ ਕਰਨ ਵਾਲੇ ਵਿਅਕਤੀ ਲਈ ਜੁਰਮਾਨਾ ਕੀਤਾ ਜਾਂਦਾ ਹੈ।
ਕਿਸੇ ਵੀ ਵਿਦਿਅਕ ਸੰਸਥਾ ਦੇ ਸੌ ਮੀਟਰ ਦੇ ਘੇਰੇ ਵਿੱਚ ਤੰਬਾਕੂ ਉਤਪਾਦ ਵੇਚਣ, 18 ਸਾਲ ਤੋਂ ਘੱਟ ਉਮਰ ਦੇ ਬੱਚੇ ਨੂੰ ਤੰਬਾਕੂ ਉਤਪਾਦ ਵੇਚਣ, ਤੰਬਾਕੂ ਉਤਪਾਦਾਂ ਦੀ ਮਸ਼ਹੂਰੀ ਅਤੇ ਡਿਸਪਲੇ ਕਰਨ, ਲੂਜ ਸਿਗਰਟ ਵੇਚਣ ਆਦਿ ਤੇ ਵੀ ਜੁਰਮਾਨਾ ਅਤੇ ਸਜਾ ਹੋ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸਿਗਰਟ ਵਿੱਚ ਚਾਰ ਹਜਾਰ ਰਸਾਇਣਿਕ ਤੱਤ ਹੁੰਦੇ ਹਨ ਜਿਸ ਵਿੱਚ 200 ਜਹਿਰ ਵਾਲੇ ਤੇ 60 ਕੈਂਸਰ ਪੈਦਾ ਕਰਨ ਵਾਲੇ ਤੱਤ ਹੁੰਦੇ ਹਨ, ਜਿਸ ਨਾਲ ਕੈਂਸਰ, ਫੇਫੜਿਆਂ ਦਾ ਕੈਂਸਰ, ਦਿਲ ਦੇ ਰੋਗ, ਨਿਮੋਨੀਆ, ਦਮਾ ਰੋਗ, ਨਿਪੁੰਨਸੁਕਤਾ ਆਦਿ ਹੋ ਸਕਦੇ ਹਨ।
ਇਸ ਮੌਕੇ ਸਕੂਲ ਪ੍ਰਿੰਸੀਪਲ ਮੋਨਿਕਾ ਸਿੰਘ, ਸਕੂਲ ਦਾ ਸਟਾਫ ਅਤੇ ਬੱਚੇ ਹਾਜਰ ਸਨ ।