ਮੱਛਰਾਂ ਰਾਹੀਂ ਫੈਲਦੀਆਂ ਹਨ ਡੇਂਗੂ ਅਤੇ ਚਿਕਨਗੁਨੀਆ ਵਰਗੀਆਂ ਬੀਮਾਰੀਆਂ :ਡਾ. ਊਸ਼ਾ ਗੋਇਲ
 
 
ਬਠਿੰਡਾ, 31 ਅਕਤੂਬਰ2025: ਸਿਹਤ ਵਿਭਾਗ ਬਠਿੰਡਾ ਵੱਲੋਂ ਸਿਵਲ ਸਰਜਨ ਡਾ. ਤਪਿੰਦਰਜੋਤ ਬਠਿੰਡਾ ਅਤੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਊਸ਼ਾ ਗੋਇਲ ਦੀ ਅਗਵਾਈ ਹੇਠ ‘ਹਰ ਸ਼ੁੱਕਰਵਾਰ ਡੇਂਗੂ ਤੇ ਵਾਰ’ ਮੁਹਿੰਮ ਤਹਿਤ ਬਠਿੰਡਾ ਦੇ ਵੱਖ ਵੱਖ ਇਲਾਕਿਆਂ ਵਿੱਚ ਡੇਂਗੂ ਅਤੇ ਚਿਕਨਗੁਨੀਆ ਬਾਰੇ ਸਰਵੇ ਕੀਤਾ ਗਿਆ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ। 
ਇਸ ਮੌਕੇ ਜਿਲ੍ਹਾ ਸਿਹਤ ਅਫ਼ਸਰ ਡਾ. ਊਸ਼ਾ ਗੋਇਲ ਨੇ ਕਿਹਾ ਕਿ ਡੇਂਗੂ ਅਤੇ ਚਿਕਨਗੁਨੀਆ ਦੋਵੇਂ ਬੀਮਾਰੀਆਂ ਮੱਛਰਾਂ ਰਾਹੀਂ ਫੈਲਦੀਆਂ ਹਨ ਅਤੇ ਇਨ੍ਹਾਂ ਤੋਂ ਬਚਾਅ ਲਈ ਸਫ਼ਾਈ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਘਰਾਂ ਅਤੇ ਆਲੇ ਦੁਆਲੇ ਪਾਣੀ ਇਕੱਠਾ ਨਾ ਹੋਣ ਦੇਣ, ਪਾਣੀ ਵਾਲੀਆਂ ਟੈਂਕੀਆਂ, ਕੂਲਰਾਂ ਅਤੇ ਗਮਲਿਆਂ ਦੀ ਹਫ਼ਤੇ ਵਿੱਚ ਘੱਟੋ-ਘੱਟ ਇੱਕ ਵਾਰ ਸਫ਼ਾਈ ਕਰਨੀ ਚਾਹੀਦੀ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਡੇਂਗੂ ਵਿਰੋਧੀ ਇਸ ਮੁਹਿੰਮ ਵਿੱਚ ਸਿਹਤ ਵਿਭਾਗ ਦਾ ਵੱਧ ਤੋਂ ਵੱਧ ਸਹਿਯੋਗ ਦੇਣ ਲਈ ਅਪੀਲ ਕੀਤੀ ਤਾਂ ਕਿ ਡੇਂਗੂ ਨੂੰ ਫੈਲਣ ਤੋਂ ਰੋਕਿਆ ਜਾ ਸਕੇ।
ਜਿਲ੍ਹਾ ਐਪੀਡੀਮਾਲੋਜਿਸਟ ਡਾ. ਸੁਕਰੀਤੀ ਨੇ ਡੇਂਗੂ ਅਤੇ ਚਿਕਨਗੁਨੀਆ ਦੇ ਲੱਛਣਾਂ ਜਿਵੇਂ ਕਿ ਬੁਖ਼ਾਰ, ਸਰੀਰ ਦਰਦ, ਜੋੜਾਂ ਵਿੱਚ ਦਰਦ ਅਤੇ ਥਕਾਵਟ ਆਦਿ ਬਾਰੇ ਜਾਣਕਾਰੀ ਦਿੱਤੀ ਅਤੇ ਜ਼ੋਰ ਦਿੱਤਾ ਕਿ ਐਸੀ ਸਥਿਤੀ ਵਿੱਚ ਤੁਰੰਤ ਸਰਕਾਰੀ ਹਸਪਤਾਲ ਵਿੱਚ ਜਾਂਚ ਕਰਵਾਈ ਜਾਵੇ। ਉਨ੍ਹਾਂ ਨੇ ਦੱਸਿਆ ਕਿ ਸਿਵਲ ਹਸਪਤਾਲ ਅਤੇ ਸਾਰੇ ਪ੍ਰਾਇਮਰੀ ਸਿਹਤ ਕੇਂਦਰਾਂ ਵਿੱਚ ਡੇਂਗੂ ਦੀ ਜਾਂਚ ਅਤੇ ਇਲਾਜ ਮੁਫ਼ਤ ਉਪਲਬਧ ਹੈ। ਇਸ ਮੌਕੇ ਸਿਹਤ ਕਰਮਚਾਰੀਆਂ ਨੇ ਪੋਸਟਰਾਂ ਅਤੇ ਨਾਅਰਿਆਂ ਰਾਹੀਂ ਲੋਕਾਂ ਨੂੰ ਬਚਾਅ ਬਾਰੇ ਜਾਗਰੂਕ ਕੀਤਾ। ਸਮਾਗਮ ਵਿੱਚ ਬਹੁਤ ਸਾਰੇ ਨਿਵਾਸੀਆਂ, ਆਸ਼ਾ ਵਰਕਰਾਂ ਅਤੇ ਸਿਹਤ ਕਰਮਚਾਰੀਆਂ ਨੇ ਹਿੱਸਾ ਲਿਆ।
ੈ