ਆਕਸਫੋਰਡ ਸਕੂਲ ਭਗਤਾ ਭਾਈ ਵਿਖੇ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ 
ਅਸ਼ੋਕ ਵਰਮਾ
 ਭਗਤਾ ਭਾਈ, 4 ਨਵੰਬਰ 2025 :       ‘ਦ ਆਕਸਫੋਰਡ ਸਕੂਲ ਆਫ਼ ਐਜ਼ੂਕੇਸ਼ਨ, ਭਗਤਾ ਭਾਈ ਇਲਾਕੇ ਦੀ ਇੱਕ ਅਜਿਹੀ ਮਾਣਮੱਤੀ ਸੰਸਥਾ ਹੈ, ਜਿਸ ਵਿੱਚ ਹਰ ਵਿਸ਼ੇਸ਼ ਦਿਵਸ ਨੂੰ ਬੜੇ ਵਿਲੱਖਣ ਢੰਗ ਨਾਲ ਮਨਾਇਆ ਜਾਂਦਾ ਹੈ।ਇਸ ਸੰਸਥਾ ਵਿੱਚ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਅਵਤਾਰ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ।ਪ੍ਰੋਗਰਾਮ ਦਾ ਆਗਮਨ ਸ਼ਬਦ ਗਾਇਨ ਨਾਲ ਹੋਇਆ। ਸਕੂਲ ਵਿੱਚ ਪ੍ਰਕਾਸ਼ ਉਤਸਵ ਨੂੰ ਸਮਰਪਿਤ ਇੰਟਰ-ਹਾਊਸ ਸ਼ਬਦ ਗਾਇਨ ਮੁਕਾਬਲੇ ਕਰਵਾਏ ਗਏ।ਨੰਨੇ-ਮੁੰਨੇ ਬੱਚਿਆ ਵੱਲੋਂ ‘ਸੁੱਖ ਤੇਰਾ ਦਿੱਤਾ ਲਹੀਐ’ ਸ਼ਬਦ ਗਾ ਕੇ ਗੁਰੂ ਸਾਹਿਬ  ਨੂੰ ਯਾਦ ਕੀਤਾ। ਵਿਦਿਆਰਥੀਆਂ ਵੱਲੋਂ ਪੇਸ਼ ਕੀਤੀ ਗਈ ਕਵੀਸ਼ਰੀ ਸਮੇਂ ਸਾਰੇ ਵਿਦਿਆਰਥੀ ਸਾਧ-ਸੰਗਤ ਦਾ ਰੂਪ ਨਜ਼ਰ ਆਏ।
     ਇਸ ਮੌਕੇ ਗੁਰੂ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਉੱਤੇ ਆਪਣੇ ਵਿਚਾਰ ਸਾਂਝੇ ਕੀਤੇ ਗਏ।ਇਸ ਤੋਂ ਬਾਅਦ ਦਸਵੀਂ ਜਮਾਤ ਦੇ ਵਿਦਿਆਰਥੀ ਰਾਜਵਿੰਦਰ ਸਿੰਘ ,ਪੰਜਵੀਂ ਜਮਾਤ ਦੀ ਵਿਦਿਆਰਥਣ ਨਿਮਰਤ ਅਤੇ ਪਹਿਲੀ ਜਮਾਤ ਦੀ ਵਿਦਿਆਰਥਣ ਸਿਮਰਤ ਨੇ ਆਪਣੀ ਕਵਿਤਾ “ਭੈਣ ਨਾਨਕੀ ਨੂੰ ਦੱਸੀਏ” ਪੇਸ਼ ਕੀਤੀ ।ਇਸ ਸਮੇਂ ਵਿਦਿਆਰਥੀਆਂ ਵੱਲੋਂ ਜੁਪਜੀ ਸਾਹਿਬ ਦੇ ਪਾਠ ਵੀ ਕੀਤੇ ਗਏ।   ਸਕੂਲ ਦੇ ਪ੍ਰਿੰਸੀਪਲ ਰੂਪ ਲਾਲ ਬਾਂਸਲ਼  ਨੇ ਵਿਦਿਆਰਥੀਆਂ ਦੇ ਸਨਮੁੱਖ ਹੁੰਦੇ ਹੋਏ ਉਨ੍ਹਾਂ ਨੂੰ ਗੁਰੂ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਧਾਰਨ ‘ਤੇ ਵਿਸ਼ੇਸ ਜ਼ੋਰ ਦਿੱਤਾ।
         ਉਨ੍ਹਾਂ ਨੇ ਗੁਰੂ ਜੀ ਨੂੰ ਸਾਂਝੀਵਾਲਤਾ ਦੇ ਪ੍ਰਤੀਕ ਦੱਸਦੇ ਹੋਏ ਵਿਦਿਆਰਥੀਆਂ ਨੂੰ ਉੱਚਾ ਅਤੇ ਸੁੱਚਾ ਜੀਵਨ ਬਤੀਤ ਕਰਨ ਦੀ ਪੇ੍ਰਰਨਾ ਦਿੱਤੀ। ਸਕੂਲ ਦੀ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਮੈਂਬਰ ਸ. ਹਰਦੇਵ ਸਿੰਘ ਬਰਾੜ (ਸਾਬਕਾ ਚੇਅਰਮੈਨ), ਹਰਗੁਰਪ੍ਰੀਤ ਸਿੰਘ ਗਗਨ ਬਰਾੜ (ਚੇਅਰਮੈਨ), ਗੁਰਮੀਤ ਸਿੰਘ ਗਿੱਲ (ਪ੍ਰਧਾਨ), ਪਰਮਪਾਲ ਸਿੰਘ ‘ਸ਼ੈਰੀ ਢਿੱਲੋਂ’ (ਵਾਈਸ ਚੇਅਰਮੈਨ), ਗੁਰਮੀਤ ਸਿੰਘ ਸਰਪੰਚ (ਵਿੱਤ-ਸਕੱਤਰ) ਅਤੇ ਕੁਆਰਡੀਨੇਟਰਜ਼ ਨੇ ਵੀ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਵਤਾਰ ਪੁਰਬ ਦੀ ਵਧਾਈ ਦਿੱਤੀ ।