ਸਰਕਾਰੀ ਪ੍ਰਾਇਮਰੀ ਸਕੂਲ ਢਡਿਆਲਾ ਨੱਤ ਵਿਖੇ ਮਾਪੇ-ਅਧਿਆਪਕ ਮਿਲਣੀ ਹੋਈ
ਵੱਡੀ ਗਿਣਤੀ ਵਿੱਚ ਮਾਪਿਆਂ ਵੱਲੋਂ ਸ਼ਮੂਲੀਅਤ ਕਰਕੇ ਵਿਦਿਆਰਥੀਆਂ ਦੇ ਭਵਿੱਖ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ
ਰੋਹਿਤ ਗੁਪਤਾ
ਬਟਾਲਾ 21 ਦਸੰਬਰ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਮਾਪਿਆਂ ਅਤੇ ਅਧਿਆਪਕਾਂ ਦਰਮਿਆਨ ਸੰਬੰਧਾਂ ਨੂੰ ਹੋਰ ਮਜ਼ਬੂਤੀ ਦੇਣ ਦੇ ਮੱਦੇਨਜ਼ਰ ਸਰਕਾਰੀ ਪ੍ਰਾਇਮਰੀ ਸਕੂਲ ਢਡਿਆਲਾ ਨੱਤ ਬਲਾਕ ਬਟਾਲਾ-1 ਵਿਖੇ ਚੌਥੀ ਮਾਪੇ-ਅਧਿਆਪਕ ਮਿਲਣੀ ਹੋਈ ਜਿਸ ਵਿੱਚ ਵੱਡੀ ਗਿਣਤੀ ਵਿੱਚ ਮਾਪਿਆਂ ਵੱਲੋਂ ਸ਼ਮੂਲੀਅਤ ਕਰਕੇ ਬੱਚਿਆਂ ਦੇ ਸਰਵਪੱਖੀ ਵਿਕਾਸ ਬਾਰੇ ਅਧਿਆਪਕਾਂ ਨਾਲ ਵਿਸਥਾਰ ਨਾਲ ਚਰਚਾ ਕੀਤੀ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਹੈੱਡ ਟੀਚਰ ਸ਼੍ਰੀ ਰਮੇਸ਼ ਚੰਦਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ਼੍ਰੀਮਤੀ ਪਰਮਜੀਤ ਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਡਾ. ਅਨਿਲ ਸ਼ਰਮਾ ਦੀ ਅਗਵਾਈ ਹੇਠ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਟਾਲਾ -1 ਸ. ਜਸਵਿੰਦਰ ਸਿੰਘ ਦੇ ਸਹਿਯੋਗ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਢਡਿਆਲਾ ਨੱਤ ਵਿਖੇ ਮੈਗਾ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ ਜਿਸ ਵਿੱਚ ਪ੍ਰੀ-ਪ੍ਰਾਇਮਰੀ ਤੋਂ ਪੰਜਵੀਂ ਤੱਕ ਦੇ ਪੜ੍ਹਦੇ ਵਿਦਿਆਰਥੀਆਂ ਦੇ ਮਾਪਿਆਂ ਵੱਲੋਂ ਹਿੱਸਾ ਲੈੰਦੇ ਹੋਏ ਜਿੱਥੇ ਬੱਚਿਆਂ ਦੀ ਕਾਰਗੁਜ਼ਾਰੀ ਬਾਰੇ ਜਾਣਕਾਰੀ ਹਾਸਲ ਕੀਤੀ ਉੱਥੇ ਸਕੂਲ ਵਿਖੇ ਵਿਦਿਆਰਥੀਆਂ ਦੇ ਭਵਿੱਖ ਨੂੰ ਉਜਵਲ ਬਣਾਉਣ ਲਈ ਸਟਾਫ਼ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਇਸ ਦੌਰਾਨ ਹਾਜਰ ਮਾਤਾ-ਪਿਤਾ ਨੂੰ ਪੰਜਾਬ ਸਰਕਾਰ ਵੱਲੋਂ ਸਿੱਖਿਆ ਨੂੰ ਪ੍ਰਫੁੱਲਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਅਧਿਆਪਕ ਸੁਰਿੰਦਰ ਸਿੰਘ, ਜੋਗਿੰਦਰਪਾਲ, ਗਗਨਦੀਪ ਸਿੰਘ, ਬਸੰਤ ਲਾਲ ਕੁੰਡਲ ਸਮੇਤ ਬੱਚਿਆਂ ਦੇ ਮਾਤਾ ਪਿਤਾ ਤੇ ਸਮਾਜਿਕ ਭਾਈਚਾਰੇ ਦੇ ਲੋਕ ਹਾਜ਼ਰ ਸਨ।