ਸਿਵਲ ਸਰਜਨ ਬਠਿੰਡਾ ਵੱਲੋਂ ਇਲਾਜ ਲਈ ਨਮੂਨੀਆ ਦੀ ਜਲਦੀ ਪਛਾਣ ਕਰਨ ਦੀ ਸਲਾਹ
ਅਸ਼ੋਕ ਵਰਮਾ
ਬਠਿੰਡਾ, 6 ਜਨਵਰੀ 2026 : ਸਿਵਲ ਸਰਜਨ ਬਠਿੰਡਾ ਡਾ ਤਪਿੰਦਰਜੋਤ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਰਦੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਤਾਪਮਾਨ ਵਿੱਚ ਆ ਰਹੀ ਗਿਰਾਵਟ ਕਾਰਨ ਲੋਕਾਂ ਨੂੰ ਸਿਹਤ ਸਬੰਧੀ ਆ ਸਕਣ ਵਾਲੀਆਂ ਸਿਹਤ ਸਮੱਸਿਆਂਵਾਂ ਨੂੰ ਧਿਆਨ ਵਿੱਚ ਰੱਖਦਿਆਂ ਸਿਵਲ ਸਰਜਨ ਬਠਿੰਡਾ ਡਾ ਤਪਿੰਦਰਜੋਤ ਨੇ ਨਮੂਨੀਆ ਬਾਰੇ ਜਾਣਕਾਰੀ ਸਾਂਝੀ ਕੀਤੀ । ਉਹਨਾਂ ਜਾਣਕਾਰੀ ਦਿੰਦਿਆ ਦੱਸਿਆ ਕਿ ਜੇਕਰ ਨਮੂਨੀਆ ਦੀ ਜਲਦੀ ਪਛਾਣ ਕਰਕੇ ਇਲਾਜ ਨਾ ਕੀਤਾ ਜਾਵੇ ਤਾਂ ਇਹ ਘਾਤਕ ਸਿੱਧ ਹੋ ਸਕਦਾ ਹੈ । ਪੰਜ ਸਾਲ ਤੱਕ ਦੇ ਬੱਚਿਆਂ ਵਿਚ ਹੋਣ ਵਾਲੀਆਂ ਮੌਤਾਂ ਦਾ ਨਮੂਨੀਆ ਮੁੱਖ ਕਾਰਨ ਹੈ ਜੋ ਕਿ ਫੇਫੜਿਆਂ ਵਿਚ ਰੋਗਾਣੂਆਂ ਦੀ ਲਾਗ ਨਾਲ ਹੁੰਦਾ ਹੈ।
ਉਨ੍ਹਾਂ ਕਿਹਾ ਕਿ ਨਮੂਨੀਆਂ ਇਕ ਗੰਭੀਰ ਬਿਮਾਰੀ ਹੈ, ਇਸ ਲਈ ਘਰੇਲੂ ਇਲਾਜ ਵਿਚ ਸਮਾਂ ਨਾ ਗਵਾਇਆ ਜਾਵੇ ਅਤੇ ਇਸ ਦੇ ਲੱਛਣਾਂ ਦੀ ਜਲਦੀ ਪਛਾਣ ਕਰਕੇ ਮਰੀਜ਼ ਨੂੰ ਤੁਰੰਤ ਮਾਹਿਰ ਡਾਕਟਰ ਤੋਂ ਇਲਾਜ ਕਰਵਾਇਆ ਜਾਵੇ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਮੂਨੀਆਂ ਤੋਂ ਬਚਾਅ ਅਤੇ ਇਸਦੇ ਇਲਾਜ ਸਬੰਧੀ “ਸੋਸ਼ਲ ਅਵੇਅਰਨੈਸ ਐਂਡ ਐਕਸ਼ਨ ਟੂ ਨਿਊਟਰੀਲਾਇਜ਼ ਨਮੂਨੀਆ ਸਕਸੈਸਫੁੱਲੀ” (ਸਾਂਸ) ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਜਿਸ ਤਹਿਤ ਲੋਕਾਂ ਨੂੰ ਨਮੂਨੀਆ ਤੋਂ ਬਚਾਅ ਸਬੰਧੀ ਜਾਗਰੂਕ ਕਰਨਾ, ਨਮੂਨੀਆ ਦੀ ਜਲਦੀ ਪਛਾਣ ਕਰਕੇ ਇਸਦਾ ਇਲਾਜ ਕਰਨਾ ਅਤੇ ਗੰਭੀਰ ਨਮੂਨੀਆ ਵਾਲੇ ਕੇਸਾਂ ਨੂੰ ਜਲਦੀ ਹਸਪਤਾਲਾਂ ਵਿੱਚ ਲੈਕੇ ਜਾਣ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਜਿਲ੍ਹੇ ਵਿੱਚ ਕੰਮ ਕਰਦੇ ਮੈਡੀਕਲ ਅਫ਼ਸਰਾਂ, ਕਮਿਊਨਿਟੀ ਹੈਲਥ ਅਫਸਰਾਂ ਅਤੇ ਐਮ.ਪੀ.ਐਚ.ਡਬਲਯੂ ਨੂੰ ਟ੍ਰੇਨਿੰਗ ਦਿੱਤੀ ਜਾ ਰਹੀ ਹੈ ਤਾਂ ਜੋ ਉਹ ਲੋਕਾਂ ਨੂੰ ਇਸ ਬਿਮਾਰੀ ਸਬੰਧੀ ਜਾਗਰੂਕ ਕਰ ਸਕਣ । ਉਨ੍ਹਾਂ ਕਿਹਾ ਕਿ ਨਮੂਨੀਆ ਤੋਂ ਬਚਣ ਲਈ ਸਾਨੂੰ ਆਪਣੇ ਹੱਥਾਂ ਨੂੰ ਵਾਰ ਵਾਰ ਥੋਣਾ ਚਾਹੀਦਾ ਹੈ ਤਾਂ ਜੋ ਬੈਕਟੀਰੀਆ ਨੂੰ ਰੋਕਣ ਵਿਚ ਮਦਦ ਮਿਲ ਸਕੇ। ਬੱਚਿਆਂ ਨੂੰ ਨਮੂਨੀਆ ਤੋਂ ਬਚਾਉਣ ਲਈ ਮਾਂ ਦਾ ਪਹਿਲਾ ਗਾੜ੍ਹਾ ਦੁੱਧ ਜਰੂਰ ਪਿਲਾਉਣਾ ਚਾਹੀਦਾ ਹੈ ਅਤੇ 6 ਮਹੀਨੇ ਤੱਕ ਸਿਰਫ ਮਾਂ ਦਾ ਦੁੱਧ ਪਿਲਾਉਣਾ ਚਾਹੀਦਾ ਹੈ, ਸਰਦੀਆਂ ਵਿਚ ਬੱਚਿਆਂ ਨੂੰ ਗਰਮ ਕੱਪੜੇ ਪਾ ਕੇ ਰੱਖਣੇ ਚਾਹੀਦੇ ਹਨ ਅਤੇ ਬੱਚਿਆਂ ਨੂੰ ਜ਼ਮੀਨ 'ਤੇ ਨੰਗੇ ਪੈਰ ਨਾ ਤੁਰਨ ਦਿਉ । ਉਨ੍ਹਾਂ ਕਿਹਾ ਕਿ ਬੱਚਿਆਂ ਦਾ ਸਮੇਂ ਸਿਰ ਅਤੇ ਸੰਪੂਰਣ ਟੀਕਾਕਰਨ ਜਰੂਰ ਕਰਵਾਇਆ ਜਾਵੇ । ਬੱਚਿਆਂ ਦੇ ਨੇੜੇ ਧੂੰਆਂ ਨਾ ਹੋਣ ਦਿਉ । ਇਨ੍ਹਾਂ ਸਾਵਧਾਨੀਆਂ ਨਾਲ ਅਸੀਂ ਨਮੂਨੀਆਂ ਦੀ ਬੀਮਾਰੀ ਤੋਂ ਆਪਣੇ ਆਪ ਨੂੰ ਅਤੇ ਆਪਣੇ ਬੱਚਿਆਂ ਨੂੰ ਬਚਾ ਸਕਦੇ ਹਾਂ।