ਸਿਵਲ ਸਰਜਨ ਵੱਲੋਂ ਮਲਟੀਪਰਪਜ਼ ਹੈਲਥ ਸੁਪਰਵਾਇਜਰਾਂ (ਫੀਮੇਲ) ਨਾਲ ਲਿੰਗ ਅਨੁਪਾਤ ਸਬੰਧੀ ਮੀਟਿੰਗ
ਅਸ਼ੋਕ ਵਰਮਾ
ਬਠਿੰਡਾ, 6 ਜਨਵਰੀ 2026 : ਬਠਿੰਡਾ ਜ਼ਿਲ੍ਹੇ ਵਿੱਚ ਲਿੰਗ ਅਨੁਪਾਤ ਨੂੰ ਸੁਧਾਰਨ ਅਤੇ ਲੜਕੀਆਂ ਦੇ ਜਨਮ ਨੂੰ ਸੁਰੱਖਿਅਤ ਤੇ ਪ੍ਰੋਤਸਾਹਿਤ ਕਰਨ ਦੇ ਮਕਸਦ ਨਾਲ ਸਿਵਲ ਸਰਜਨ ਦੀ ਅਗਵਾਈ ਹੇਠ ਮਲਟੀਪਰਪਜ਼ ਹੈਲਥ ਸੁਪਰਵਾਇਜਰ(ਫੀਮੇਲ)ਦੀ ਇਕ ਮਹੱਤਵਪੂਰਣ ਮੀਟਿੰਗ ਕਰਵਾਈ ਗਈ। ਇਸ ਮੀਟਿੰਗ ਵਿੱਚ ਸਿਹਤ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਅਤੇ ਕਾਨੂੰਨੀ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ।
ਸਿਵਲ ਸਰਜਨ ਡਾ ਤਪਿੰਦਰਜੋਤ ਨੇ ਕਿਹਾ ਕਿ ਲਿੰਗ ਅਨੁਪਾਤ ਵਿੱਚ ਗਿਰਾਵਟ ਸਮਾਜ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ ਅਤੇ ਇਸਨੂੰ ਸੁਧਾਰਨ ਲਈ ਮੈਦਾਨੀ ਪੱਧਰ ’ਤੇ ਕੰਮ ਕਰ ਰਹੇ ਸਿਹਤ ਕਰਮਚਾਰੀਆਂ ਦੀ ਜ਼ਿੰਮੇਵਾਰੀ ਹੋਰ ਵਧ ਜਾਂਦੀ ਹੈ। ਉਨ੍ਹਾਂ ਨੇ ਮਲਟੀਪਰਪਜ਼ ਹੈਲਥ ਸੁਪਰਵਾਇਜਰ(ਫੀਮੇਲ)ਨੂੰ ਨਿਰਦੇਸ਼ ਦਿੱਤੇ ਕਿ ਉਹ ਗਰਭਵਤੀ ਮਹਿਲਾਵਾਂ ਦੀ ਨਿਯਮਿਤ ਫਾਲੋਅਪ ਕਰਨ, ਸੰਸਥਾਗਤ ਡਿਲਿਵਰੀ ਨੂੰ ਪ੍ਰੋਤਸਾਹਿਤ ਕਰਨ ਅਤੇ ਹਰ ਜਨਮ ਦੀ ਸਹੀ ਰਜਿਸਟ੍ਰੇਸ਼ਨ ਯਕੀਨੀ ਬਣਾਉਣ।
ਮੀਟਿੰਗ ਦੌਰਾਨ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ ਸੁਖਜਿੰਦਰ ਸਿੰਘ ਗਿੱਲ ਦੁਆਰਾ ਪੀ.ਸੀ.ਪੀ.ਐਨ.ਡੀ.ਟੀ ਐਕਟ ਤਹਿਤ ਹੋ ਰਹੀਆਂ ਕਾਰਵਾਈਆਂ ਬਾਰੇ ਵੀ ਚਰਚਾ ਕੀਤੀ ਗਈ ਅਤੇ ਜ਼ੋਰ ਦਿੱਤਾ ਗਿਆ ਕਿ ਲਿੰਗ ਜਾਂਚ ਨਾਲ ਸੰਬੰਧਿਤ ਕਿਸੇ ਵੀ ਗੈਰਕਾਨੂੰਨੀ ਗਤੀਵਿਧੀ ਬਾਰੇ ਤੁਰੰਤ ਉੱਚ ਅਧਿਕਾਰੀਆਂ ਨੂੰ ਸੂਚਿਤ ਕੀਤਾ ਜਾਵੇ। ਇਸਦੇ ਨਾਲ ਹੀ “ਬੇਟੀ ਬਚਾਓ, ਬੇਟੀ ਪੜ੍ਹਾਓ” ਮੁਹਿੰਮ ਅਧੀਨ ਕੀਤੀਆਂ ਜਾ ਰਹੀਆਂ ਜਾਗਰੂਕਤਾ ਗਤੀਵਿਧੀਆਂ ਨੂੰ ਪਿੰਡ ਅਤੇ ਸ਼ਹਿਰੀ ਖੇਤਰਾਂ ਵਿੱਚ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੀ ਹਦਾਇਤ ਦਿੱਤੀ ਗਈ।
ਡਿਪਟੀ ਮਾਸ ਮੀਡੀਆ ਅਫ਼ਸਰ ਰੋਹਿਤ ਜਿੰਦਲ ਨੇ ਕਿਹਾ ਕਿ ਸਮਾਜ ਵਿੱਚ ਲੜਕੀ ਦੇ ਜਨਮ ਪ੍ਰਤੀ ਸੋਚ ਬਦਲਣ ਲਈ ਆਸ਼ਾ ਵਰਕਰਾਂ, ਆਂਗਨਵਾੜੀ ਵਰਕਰਾਂ ਅਤੇ ਐਲ.ਐਚ.ਵੀਜ਼ ਦਾ ਆਪਸੀ ਤਾਲਮੇਲ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਅਪੀਲ ਕੀਤੀ ਕਿ ਸਕੂਲਾਂ, ਕਮਿਊਨਿਟੀ ਮੀਟਿੰਗਾਂ ਅਤੇ ਘਰ-ਘਰ ਸੰਪਰਕ ਰਾਹੀਂ ਲੋਕਾਂ ਨੂੰ ਲਿੰਗ ਸਮਾਨਤਾ ਦਾ ਸੁਨੇਹਾ ਦਿੱਤਾ ਜਾਵੇ। ਇਸ ਮੌਕੇ ਬੀ.ਈ.ਈ ਗਗਨਦੀਪ ਸਿੰਘ ਭੁੱਲਰ ਹਾਜ਼ਰ ਸਨ ।