DC ਬਠਿੰਡਾ ਵੱਲੋਂ ਅਧਿਕਾਰੀਆਂ ਨਾਲ ਗਣਤੰਤਰ ਦਿਵਸ ਸਮਾਗਮ ਸ਼ਾਨੋ-ਸ਼ੌਕਤ ਨਾਲ ਕਰਵਾਉਣ ਲਈ ਮੀਟਿੰਗ
ਅਸ਼ੋਕ ਵਰਮਾ
ਬਠਿੰਡਾ, 6 ਜਨਵਰੀ 2026 : ਸਥਾਨਕ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਵਿਖੇ ਗਣਤੰਤਰਤਾ ਦਿਵਸ 26 ਜਨਵਰੀ 2026 ਪੂਰੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਜ਼ਿਲ੍ਹਾ ਪੱਧਰੀ ਕਰਵਾਏ ਜਾਣ ਵਾਲੇ ਇਸ ਸਮਾਗਮ ਦੇ ਮੱਦੇਨਜ਼ਰ ਅਗਾਊਂ ਪ੍ਰਬੰਧਾਂ ਦੀਆਂ ਤਿਆਰੀਆਂ ਹਿੱਤ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹਾ ਪੱਧਰੀ ‘ਤੇ ਹੋਣ ਵਾਲੇ ਗਣਤੰਤਰਤਾ ਦਿਵਸ ਸਬੰਧੀ 22 ਜਨਵਰੀ 2026 ਨੂੰ ਸੱਭਿਆਚਾਰਕ ਪ੍ਰੋਗਰਾਮ ਦੀ ਰਿਹਰਸਲ ਅਤੇ 24 ਜਨਵਰੀ 2026 ਨੂੰ ਫੁੱਲ ਡਰੈਸ ਰਿਹਰਸਲ ਹੋਵੇਗੀ।ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜਾਉਣ ਲਈ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੌਂਪੀਆਂ ਗਈਆਂ ਡਿਊਟੀਆਂ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਇਆ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨਾ ਵਰਤੀ ਜਾਵੇ।
ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਕਰਦਿਆਂ ਕਿਹਾ ਕਿ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨੇ ਲਾਜ਼ਮੀ ਬਣਾਏ ਜਾਣ।ਡਿਪਟੀ ਕਮਿਸ਼ਨਰ ਨੇ ਦਫ਼ਤਰ ਕਮਿਸ਼ਨਰ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਖੇਡ ਸਟੇਡੀਅਮ ਤੋਂ ਇਲਾਵਾ ਪਖ਼ਾਨਿਆਂ ਦੀ ਸਾਫ਼-ਸਫ਼ਾਈ ਦਾ ਪ੍ਰਬੰਧ ਕਰਨਾ ਯਕੀਨੀ ਬਣਾਉਣ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਪੀਣ ਵਾਲੇ ਸਾਫ਼ ਪਾਣੀ, ਮੈਡੀਕਲ ਟੀਮਾਂ, ਬੈਰੀਕੇਡਿੰਗ, ਸਟੇਜ, ਸਟੇਡੀਅਮ ਅਤੇ ਸਜਾਵਟੀ ਗੇਟਾਂ ਦੇ ਨਾਲ-ਨਾਲ ਸ਼ਹਿਰ ਅੰਦਰਲੇ ਚੌਂਕਾਂ ਦੀ ਸਜਾਵਟ ਅਤੇ ਨਿਰਵਿਘਨ ਬਿਜਲੀ ਸਪਲਾਈ ਤੋਂ ਇਲਾਵਾ ਸਿਲਾਈ ਮਸ਼ੀਨਾਂ ਤੇ ਟਰਾਈ ਸਾਈਕਲਾਂ ਦੀ ਵੰਡ, ਸਕੂਲੀ ਬੱਚਿਆਂ ਵੱਲੋਂ ਪੇਸ਼ ਕੀਤੇ ਜਾਣ ਵਾਲੇ ਸੱਭਿਆਚਾਰਕ ਪ੍ਰੋਗਰਾਮਾਂ, ਪਰੇਡ ਅਤੇ ਝਾਕੀਆਂ ਆਦਿ ਦੀ ਤਿਆਰੀ ਦੇ ਸਾਰੇ ਪ੍ਰਬੰਧ ਸਮੇਂ-ਸਿਰ ਮੁਕੰਮਲ ਕਰਨੇ ਲਾਜ਼ਮੀ ਬਣਾਏ ਜਾਣ। ਇਸ ਦੌਰਾਨ ਉਨ੍ਹਾਂ ਜ਼ਿਲ੍ਹਾ ਖੇਡ ਅਫਸਰ ਨੂੰ ਕਿਹਾ ਕਿ ਗਣਤੰਤਰਤਾ ਦਿਵਸ ਵਾਲੇ ਦਿਨ ਸ਼ਾਮ ਨੂੰ ਸਟੇਡੀਅਮ ਅੰਦਰ ਖੇਡ ਮੁਕਾਬਲੇ ਕਰਵਾਉਣੇ ਲਾਜ਼ਮੀ ਬਣਾਏ ਜਾਣ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ਼੍ਰੀ ਨਰਿੰਦਰ ਸਿੰਘ ਧਾਲੀਵਾਲ, ਸਹਾਇਕ ਕਮਿਸ਼ਨਰ (ਜ) ਸ੍ਰੀ ਗਗਨਦੀਪ ਸਿੰਘ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।