ਬਠਿੰਡਾ ਪ੍ਰਸ਼ਾਸਨ ਵੱਲੋਂ ਧੀਆਂ ਦੀ ਲੋਹੜੀ ਧੂਮ ਧਾਮ ਨਾਲ ਮਨਾਉਣ ਲਈ ਵਿਸ਼ੇਸ਼ ਮੀਟਿੰਗ
ਅਸ਼ੋਕ ਵਰਮਾ
ਬਠਿੰਡਾ, 7 ਜਨਵਰੀ 2026 : ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ ਵੱਲੋਂ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਅਧੀਨ “ਧੀਆਂ ਦੀ ਲੋਹੜੀ” ਨੂੰ ਧੂਮ-ਧਾਮ ਅਤੇ ਸੁਚੱਜੇ ਢੰਗ ਨਾਲ ਮਨਾਉਣ ਲਈ ਸਥਾਨਕ ਸ਼ਹੀਦ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਕੀਤੇ ਜਾਣ ਵਾਲੇ ਸਮਾਗਮ ਸਬੰਧੀ ਅਗਾਊ ਪ੍ਰਬੰਧਾਂ ਨੂੰ ਲੈ ਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਮਾਗਮ ਨੂੰ ਸਫਲਤਾਪੂਰਵਕ ਅਤੇ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਸਾਰੇ ਲੋੜੀਂਦੇ ਪ੍ਰਬੰਧ ਸਮੇਂ-ਸਿਰ ਯਕੀਨੀ ਬਣਾਏ ਜਾਣ। ਉਨ੍ਹਾਂ ਇਹ ਵੀ ਕਿਹਾ ਕਿ ਸਮਾਗਮ ਦੌਰਾਨ ਸੁਰੱਖਿਆ, ਸਾਫ਼-ਸਫ਼ਾਈ, ਮੰਚ ਪ੍ਰਬੰਧ, ਬੈਠਕ, ਪੀਣ ਵਾਲੇ ਪਾਣੀ ਅਤੇ ਹੋਰ ਬੁਨਿਆਦੀ ਸੁਵਿਧਾਵਾਂ ਦਾ ਖ਼ਾਸ ਧਿਆਨ ਰੱਖਿਆ ਜਾਵੇ।
ਉਨ੍ਹਾਂ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਲਈ ਕਿਹਾ ਤਾਂ ਜੋ “ਧੀਆਂ ਦੀ ਲੋਹੜੀ” ਸਮਾਗਮ ਨੂੰ ਯਾਦਗਾਰ ਅਤੇ ਪ੍ਰੇਰਣਾਦਾਇਕ ਬਣਾਇਆ ਜਾ ਸਕੇ।
ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ਼੍ਰੀ ਪੰਕਜ ਮੋਰੀਆ, ਜ਼ਿਲ੍ਹਾ ਖੇਡ ਅਫ਼ਸਰ ਸ਼੍ਰੀ ਰੁਪਿੰਦਰ ਸਿੰਘ, ਜ਼ਿਲ੍ਹਾ ਸੁਰੱਖਿਆ ਅਫ਼ਸਰ ਸ਼੍ਰੀਮਤੀ ਰਵਨੀਤ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।